ਅਕਾਲੀ ਦਲ ਦੇ 101 ਸਾਲਾ ਸਥਾਪਨਾ ਦਿਹਾੜੇ `ਤੇ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਵੱਲੋਂ ਕਰਵਾਏ ਜਾ ਰਹੇ ਸੈਮੀਨਾਰ ਸਬੰਧੀ ਕਮੇਟੀ ਦੀ ਮੀਟਿੰਗ ਹੋਈ

ਯੈੱਸ ਪੰਜਾਬ
ਪਟਿਆਲਾ, 09 ਦਸੰਬਰ, 2021:
ਸ਼੍ਰੋਮਣੀ ਅਕਾਲੀ ਦਲ ਦੇ 101 ਸਾਲਾ ਸਥਾਪਨਾ ਦਿਹਾੜੇ `ਤੇ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਵੱਲੋਂ ਨਾਭਾ ਰੋਡ ਪਟਿਆਲਾ ਸਥਿਤ ਹਰਪਾਲ ਟਿਵਾਣਾ ਆਡੀਟੋਰੀਅਮ ਵਿਖੇ ਆਉਣ ਵਾਲੀ 13 ਦਸੰਬਰ ਨੂੰ ਸਵੇਰੇ 11 ਵਜੇ ਤੋਂ 2 ਵਜੇ ਤੱਕ ਕਰਵਾਏ ਜਾ ਰਹੇ ਸੈਮੀਨਾਰ ਦੀਆਂ ਤਿਆਰੀਆਂ ਸਬੰਧੀ ਪਾਰਟੀ ਦੇ ਜਨਰਲ ਸਕੱਤਰ ਸ: ਸੁਖਵੰਤ ਸਿੰਘ ਸਰਾਓ ਦੀ ਅਗਵਾਈ ਹੇਠ ਗਠਤ ਕੀਤੀ ਗਈ ਕਮੇਟੀ ਦੇ ਮੈਂਬਰਾਂ ਦੀ ਅੱਜ ਮੀਟਿੰਗ ਹੋਈ।

ਜਿਸ ਵਿੱਚ ਸੈਮੀਨਾਰ ਨੂੰ ਕਾਮਯਾਬ ਕਰਨ ਲਈ ਰੂਪ-ਰੇਖਾ ਤਿਆਰ ਕੀਤੀ ਗਈ। ਮੀਟਿੰਗ ਵਿੱਚ ਪਾਰਟੀ ਦੇ ਸੀਨੀਅਰ ਆਗੂ ਸ: ਰਣਧੀਰ ਸਿੰਘ ਰੱਖੜਾ, ਸ: ਤੇਜਿੰਦਰਪਾਲ ਸਿੰਘ ਸੰਧੂ, ਸ: ਗੁਰਬਚਨ ਸਿੰਘ ਬਚੀ, ਸ: ਅਮਰਿੰਦਰ ਸਿੰਘ ਚੰਡੀਗੜ੍ਹ, ਸ: ਮਨਪ੍ਰੀਤ ਸਿੰਘ ਤਲਵੰਡੀ, ਸ: ਰਣਧੀਰ ਸਿੰਘ ਨਲੀਨਾ ਅਤੇ ਬਾਬਾ ਸੋਹਣ ਸਿੰਘ ਤਾਜਪੁਰ ਸ਼ਾਮਲ ਸਨ।

ਇਸ ਸਬੰਧ ਵਿੱਚ ਜਾਣਕਾਰੀ ਦਿੰਦਿਆਂ ਸ:ਸੁਖਵੰਤ ਸਿੰਘ ਸਰਾਓ ਨੇ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਦੇ 101 ਸਾਲਾ ਸਥਾਪਨਾ ਦਿਹਾੜੇ `ਤੇ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਵੱਲੋਂ ਇੱਕ ਸੈਮੀਨਾਰ ਕਰਵਾਇਆ ਜਾ ਰਿਹਾ ਹੈ। ਜਿਸ ਵਿੱਚ ਉਘੇ ਸਿੱਖ ਵਿਦਵਾਨ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਉਪ ਕੁਲਪਤੀ ਡਾ. ਐੱਸ.ਪੀ ਸਿੰਘ, ਪੰਜਾਬੀ ਯੂਨੀਵਰਸਿਟੀ ਪਟਿਆਲਾ ਤੋਂ ਡਾ. ਬਲਕਾਰ ਸਿੰਘ, ਡਾ. ਅਮਰਜੀਤ ਸਿੰਘ ਗਰੇਵਾਲ ਅਤੇ ਸ: ਹਰਵਿੰਦਰ ਸਿੰਘ ਖਾਲਸਾ ਉਚੇਚੇ ਤੌਰ `ਤੇ ਸਿ਼ਰਕਤ ਕਰਨਗੇ।

ਸ: ਸੁਖਵੰਤ ਸਿੰਘ ਸਰਾਓ ਨੇ ਕਿਹਾ ਕਿ 101 ਸਾਲ ਪੁਰਾਣੀ ਸ਼ਹੀਦਾਂ ਦੀ ਜਥੇਬੰਦੀ ਸ਼੍ਰੋਮਣੀ ਅਕਾਲੀ ਦਲ ਦਾ ਬੜਾ ਸ਼ਨਾਂਮੱਤਾ ਇਤਿਹਾਸ ਹੈ।ਇਸ ਤੋਂ ਇਲਾਵਾ ਦੇਸ਼ ਦੀ ਆਜ਼ਾਦੀ ਵਿੱਚ ਵੀ ਸ਼੍ਰੋਮਣੀ ਅਕਾਲੀ ਦਲ ਦਾ ਬਹੁਤ ਵੱਡਾ ਯੋਗਦਾਨ ਹੈ।

ਇਸ ਇਤਿਹਾਸਕ ਦਿਹਾੜੇ ਦੀ ਮਹਤੱਤਾ ਨੂੰ ਵੇਖਦੇ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਵੱਲੋਂ “ਸ਼੍ਰੋਮਣੀ ਅਕਾਲੀ ਦਲ ਅਤੀਤ, ਵਰਤਮਾਨ ਅਤੇ ਭਵਿੱਖ” ਵਿਸ਼ੇ `ਤੇ ਸੈਮੀਨਾਰ ਦਾ ਆਯੋਜਨ ਕੀਤਾ ਜਾ ਰਿਹਾ ਹੈ। ਜਿਸ ਵਿੱਚ ਸਿੱਖ ਵਿਦਵਾਨ ਸ਼੍ਰੋਮਣੀ ਅਕਾਲੀ ਦਲ ਦੇ ਸ਼ਾਨਾਂਮੱਤੇ ਇਤਿਹਾਸ ਬਾਰੇ ਵੱਖ- ਵੱਖ ਪੱਖਾਂ `ਤੇ ਚਰਚਾ ਕਰਨਗੇ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ