ਅਕਾਲੀ ਦਲ ਜ਼ਿਮਨੀ ਚੋਣਾਂ ਲਈ ਤਿਆਰ, ਚੋਣ ਕਮਿਸ਼ਨ ਪੰਜਾਬ ਅੰਦਰ ਸੁਤੰਤਰ ਅਤੇ ਨਿਰਪੱਖ ਚੋਣ ਕਰਾਵੇ: ਸੁਖ਼ਬੀਰ ਬਾਦਲ

ਚੰਡੀਗੜ੍ਹ, 21 ਸਤੰਬਰ, 2019:

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਪੰਜਾਬ ਵਿਧਾਨ ਸਭਾ ਦੀਆਂ ਖਾਲੀ ਸੀਟਾਂ ਲਈ ਜ਼ਿਮਨੀ ਚੋਣਾਂ ਕਰਵਾਏ ਜਾਣ ਦੇ ਐਲਾਨ ਦਾ ਸਵਾਗਤ ਕੀਤਾ ਹੈ ਅਤੇ ਕਿਹਾ ਹੈ ਕਿ ਉਹਨਾਂ ਦੀ ਪਾਰਟੀ ਚੋਣਾਂ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ ਸੱਤਾਧਾਰੀ ਪਾਰਟੀ ਨੂੰ ਇਹਨਾਂ ਚੋਣਾਂ ਵਿਚ ਜ਼ਿੰਦਗੀ ਦਾ ਸਭ ਤੋਂ ਵੱਡਾ ਸਬਕ ਸਿਖਾਵੇਗੀ।

ਸਰਦਾਰ ਬਾਦਲ ਨੇ ਭਾਰਤੀ ਚੋਣ ਕਮਿਸ਼ਨ ਨੂੰ ਸੁਤੰਤਰ ਅਤੇ ਨਿਰਪੱਖ ਚੋਣਾਂ ਕਰਵਾਉਣ ਲਈ ਪੰਜਾਬ ਉੱਤੇ ਵਿਸ਼ੇਸ਼ ਨਜ਼ਰ ਰੱਖਣ ਦੀ ਅਪੀਲ ਕੀਤੀ। ਉਹਨਾਂ ਕਿਹਾ ਕਿ ਲੋਕਾਂ ਦਾ ਭਰੋਸਾ ਗੁਆ ਚੁੱਕੀ ਸੱਤਾਧਾਰੀ ਪਾਰਟੀ ਸ਼ਰਮਨਾਕ ਹਾਰ ਤੋਂ ਬਚਣ ਲਈ ਗਲਤ ਹਥਕੰਡੇ ਅਪਣਾਏਗੀ। ਉਹਨਾਂ ਕਿਹਾ ਕਿ ਪੰਜਾਬ ਅੰਦਰ ਸਰਕਾਰ ਨਾਂ ਦੀ ਕੋਈ ਚੀਜ਼ ਨਹੀਂ ਹੈ।

ਇੱਥੋਂ ਤਕ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੀ ਗਾਇਬ ਹੀ ਰਹਿੰਦਾ ਹੈ, ਕਿਉਂਕਿ ਉਹ ਜਿਸ ਢੰਗ ਨਾਲ ਸੂਬੇ ਤੋਂ ਦੂਰ ਰਿਹਾ ਹੈ, ਹੁਣ ਉਹ ਲੋਕਾਂ ਦਾ ਸਾਹਮਣਾ ਨਹੀਂ ਕਰ ਸਕਦਾ। ਉਹਨਾਂ ਕਿਹਾ ਕਿ ਪ੍ਰਸਾਸ਼ਨ ਦਾ ਮਾੜਾ ਹਾਲ ਹੈ ਅਤੇ ਲੋਕ ਬੁਨਿਆਦੀ ਸਹੂਲਤਾਂ ਲਈ ਤਰਸ ਰਹੇ ਹਨ।

ਕਾਂਗਰਸ ਪਾਰਟੀ ਦਾ ਇਹਨਾਂ ਚੋਣਾਂ ‘ਚ ਸਫਾਇਆ ਹੋਣ ਜਾ ਰਿਹਾ ਹੈ ਅਤੇ ਇਹ ਖੁਦ ਨੂੰ ਨਮੋਸ਼ੀਜਨਕ ਹਾਰ ਤੋਂ ਬਚਾਉਣ ਲਈ ਸਰਕਾਰੀ ਮਸ਼ੀਨਰੀ ਦੀ ਦੁਰਵਰਤੋਂ ਕਰੇਗੀ। ਅਜਿਹੇ ਹਾਲਾਤਾਂ ਅੰਦਰ ਚੋਣ ਕਮਿਸ਼ਨ ਦੀ ਜ਼ਿੰਮੇਵਾਰੀ ਸਭ ਤੋਂ ਵੱਡੀ ਹੋ ਜਾਂਦੀ ਹੈ।

ਸਰਦਾਰ ਬਾਦਲ ਨੇ ਕਿਹਾ ਕਿ ਉਹਨਾਂ ਦੀ ਪਾਰਟੀ ਦਾ ਕੇਡਰ ਬਹੁਤ ਹੀ ਜ਼ਿਅਦਾ ਜੋਸ਼ ਅਤੇ ਉਤਸ਼ਾਹ ਨਾਲ ਭਰਿਆ ਹੈ ਅਤੇ ਉਹ ਬੇਸਬਰੀ ਨਾਲ ਜ਼ਿਮਨੀ ਚੋਣਾਂ ਦੇ ਐਲਾਨ ਦਾ ਇੰਤਜ਼ਾਰ ਕਰ ਰਹੇ ਸਨ।

ਉਹ ਸੱਤਾਧਾਰੀ ਪਾਰਟੀ ਨੂੰ ਕਰਾਰੀ ਹਾਰ ਦੇਣ ਵਾਸਤੇ ਪੂਰੀ ਤਰ੍ਹਾਂ ਤਿਆਰ ਹਨ। ਸਰਦਾਰ ਬਾਦਲ ਨੇ ਕਿਹਾ ਕਿ ਉਹ ਉਮੀਦਵਾਰਾਂ ਦੀ ਚੋਣ ਕਰਨ ਅਤੇ ਚੋਣ ਡਿਊਟੀਆਂ ਲਾਉਣ ਵਾਸਤੇ ਜਲਦੀ ਹੀ ਪਾਰਟੀ ਦੀ ਇੱਕ ਉੱਚ-ਪੱਧਰੀ ਮੀਟਿੰਗ ਬੁਲਾਉਣਗੇ।

Share News / Article

YP Headlines