ਯੈੱਸ ਪੰਜਾਬ
ਨਵਾਂਸ਼ਹਿਰ, 9 ਮਈ, 2022:
ਨੌਜਵਾਨ ਆਗੂ ਅਤੇ ਨਵਾਂਸ਼ਹਿਰ ਤੋਂ ਸਾਬਕਾ ਵਿਧਾਇਕ ਅੰਗਦ ਸਿੰਘ ਸੈਣੀ ਅੱਜ ਕਾਂਗਰਸ ਵਿੱਚ ਵਾਪਸ ਆ ਗਏ ਹਨ। ਉਨ੍ਹਾਂ ਨੂੰ ਇੱਥੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਾਰਟੀ ਵਿੱਚ ਸ਼ਾਮਲ ਕੀਤਾ। ਇਸ ਮੌਕੇ ਸੂਬਾ ਕਾਂਗਰਸ ਦੇ ਕਾਰਜਕਾਰੀ ਪ੍ਰਧਾਨ ਭਾਰਤ ਭੂਸ਼ਣ ਆਸ਼ੂ ਵੀ ਹਾਜ਼ਰ ਸਨ।
ਪਾਰਟੀ ‘ਚ ਵਾਪਸੀ ‘ਤੇ ਉਨ੍ਹਾਂ ਦਾ ਸਵਾਗਤ ਕਰਦੇ ਹੋਏ, ਵੜਿੰਗ ਨੇ ਕਿਹਾ ਕਿ ਅੰਗਦ ਪਾਰਟੀ ਦਾ ਮਜ਼ਬੂਤ ਥੰਮ ਹਨ, ਜੋ ਛੋਟੀ ਉਮਰ ‘ਚ ਹੀ ਹਰਮਨ ਪਿਆਰੇ ਨੇਤਾ ਬਣ ਕੇ ਉਭਰੇ ਹਨ।
ਉਨ੍ਹਾਂ ਖੁਲਾਸਾ ਕੀਤਾ ਕਿ ਅੰਗਦ ਦੀ ਪਾਰਟੀ ਵਿੱਚ ਵਾਪਸੀ ਕਾਂਗਰਸ ਪ੍ਰਧਾਨ ਸ੍ਰੀਮਤੀ ਸੋਨੀਆ ਗਾਂਧੀ ਦੇ ਆਸ਼ੀਰਵਾਦ ਨਾਲ ਹੋਈ ਹੈ।
ਸੂਬਾ ਕਾਂਗਰਸ ਪ੍ਰਧਾਨ ਨੇ ਕਿਹਾ ਕਿ ਉਹ ਹਰ ਉਸ ਕਾਂਗਰਸੀ ਤੱਕ ਪਹੁੰਚ ਕਰ ਰਹੇ ਹਨ, ਜਿਨ੍ਹਾਂ ਨੂੰ ਹਾਲਾਤ ਨੇ ਪਾਰਟੀ ਛੱਡਣ ਲਈ ਮਜਬੂਰ ਕੀਤਾ ਸੀ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਹਰ ਇੱਕ ਵਿਅਕਤੀ ਨੂੰ ਨਾਲ ਲੈ ਕੇ ਚੱਲੇਗੀ ਅਤੇ ਸਾਰੇ ਵਰਕਰਾਂ ਤੇ ਆਗੂਆਂ ਨੂੰ ਨਾਲ ਲੈ ਕੇ ਹੁਣ ਤੱਕ ਦੀ ਸਭ ਤੋਂ ਮਜ਼ਬੂਤ ਪਾਰਟੀ ਬਣਾਈ ਜਾਵੇਗੀ।
ਇਸ ਮੌਕੇ ‘ਤੇ ਅੰਗਦ ਨੇ ਕਿਹਾ ਕਿ ਉਹ ਘਰ ਵਾਪਸ ਆ ਕੇ ਖੁਸ਼ੀ ਮਹਿਸੂਸ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਉਹ ਇੱਕ ਵਚਨਬੱਧ ਕਾਂਗਰਸੀ ਹਨ ਅਤੇ ਇਹੀ ਕਾਰਨ ਹੈ ਕਿ ਕਾਂਗਰਸ ਪਾਰਟੀ ਵੱਲੋਂ ਉਨ੍ਹਾਂ ਨੂੰ ਟਿਕਟ ਨਾ ਦੇਣ ਤੋਂ ਬਾਅਦ ਕਈ ਸਿਆਸੀ ਪਾਰਟੀਆਂ ਵੱਲੋਂ ਉਨ੍ਹਾਂ ਨੂੰ ਵਿਧਾਨ ਸਭਾ ਟਿਕਟ ਦੇਣ ਦੀ ਪੇਸ਼ਕਸ਼ ਕਰਨ ਦੇ ਬਾਵਜੂਦ ਉਨ੍ਹਾਂ ਦੇ ਪ੍ਰਸਤਾਵਾਂ ਨੂੰ ਠੁਕਰਾ ਦਿੱਤਾ ਸੀ। ਅੰਗਦ ਨੇ ਕਿਹਾ ਕਿ ਉਨ੍ਹਾਂ ਦੀ ਕਾਂਗਰਸ ਵਿੱਚ ਵਾਪਸੀ ਨਾਲ, ਜਿਨ੍ਹਾਂ ਨੇ ਉਨ੍ਹਾਂ ਨੂੰ ਸਮਰਥਨ ਦਿੱਤਾ ਅਤੇ ਉਨ੍ਹਾਂ ਨੂੰ ਵੋਟ ਦਿੱਤੀ, ਉਹ ਆਪਣੇ ਆਪ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ।
ਪਾਰਟੀ ਵਿੱਚ ਵਾਪਸੀ ਕਰਨ ਵਾਲਿਆਂ ਵਿੱਚ ਰਾਣਾ ਕੁਲਦੀਪ ਸਿੰਘ, ਜੋਗਿੰਦਰ ਸਿੰਘ, ਡਾ: ਕਮਲਜੀਤ, ਜੈਦੀਪ ਜੰਘੇੜਾ, ਅਮਰਜੀਤ ਸਿੰਘ ਬਿੱਟਾ, ਸਚਿਨ ਦੀਵਾਨ, ਲਖਵੀਰ ਸਿੰਘ, ਜੋਗਿੰਦਰ ਸਿੰਘ, ਕੇਵਲ ਸਿੰਘ, ਡਾ: ਗੁਰਨਾਮ ਸੈਣੀ, ਰਵੀ ਚੋਪੜਾ, ਗੁਰਬਚਨ ਸਿੰਘ ਅਤੇ ਰੋਮੀ ਖਾਲਸਾ ਵੀ ਸ਼ਾਮਲ ਸਨ।
ਇਸ ਦੌਰਾਨ ਪਾਰਟੀ ਦੇ ਸਮੂਹ ਸਾਬਕਾ ਬਲਾਕ ਪ੍ਰਧਾਨ, ਨਵਾਂਸ਼ਹਿਰ ਅਤੇ ਰਾਹੋ ਮਿਉਂਸਪਲ ਕਮੇਟੀ ਦੇ ਚੇਅਰਮੈਨ, ਮਾਰਕੀਟ ਕਮੇਟੀ ਦੇ ਚੇਅਰਮੈਨ ਚਮਨ ਸਿੰਘ ਵੀ ਸ਼ਾਮਿਲ ਹੋਏ।
ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ