ਆਉਣ ਵਾਲੇ ਦਿਨਾਂ ਵਿੱਚ ਪਾਰਦਰਸ਼ਤਾ ਆਡਿਟ ਕਰਵਾਇਆ ਜਾਵੇਗਾ: ਰਾਜ ਸੂਚਨਾ ਕਮਿਸ਼ਨਰ ਖੁਸ਼ਵੰਤ ਸਿੰਘ

ਯੈੱਸ ਪੰਜਾਬ
ਨਵਾਂਸ਼ਹਿਰ, 13 ਮਈ, 2022:
ਰਾਜ ਸੂਚਨਾ ਕਮਿਸ਼ਨਰ ਖੁਸ਼ਵੰਤ ਸਿੰਘ ਨੇ ਸ਼ੁੱਕਰਵਾਰ ਨੂੰ ਜ਼ਿਲ੍ਹੇ ਦੇ ਦੌਰੇ ਮੌਕੇ ਸਾਰੇ ਸਰਕਾਰੀ ਵਿਭਾਗਾਂ ਦੇ ਅਧਿਕਾਰੀਆਂ ਨੂੰ ਸੂਚਨਾ ਦੇ ਅਧਿਕਾਰ ਐਕਟ 2005 ਦੀ ਧਾਰਾ-4 ਤਹਿਤ ਸਵੈ ਇੱਛਾ ਨਾਲ ਆਪਣੇ ਵਿਭਾਗ ਨਾਲ ਸਬੰਧਤ ਜਾਣਕਾਰੀ ਦਾ ਖੁਲਾਸਾ ਕਰਨ ਲਈ ਕਿਹਾ।

ਇਸ ਮੌਕੇ ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਦੀ ਮੌਜੂਦਗੀ ਵਿੱਚ ਰਾਜ ਸੂਚਨਾ ਕਮਿਸ਼ਨਰ ਨੇ ਦੱਸਿਆ ਕਿ ਸੂਚਨਾ ਅਧਿਕਾਰ ਐਕਟ 2005 ਦੀ ਧਾਰਾ 4 ਤਹਿਤ ਪਬਲਿਕ ਅਥਾਰਟੀਆਂ ਨੇ ਲੋਕਾਂ ਦੀ ਮੰਗ ‘ਤੇ ਨਹੀਂ ਸਗੋਂ ਸਵੈ ਇੱਛਾ ਨਾਲ ਸਮੇਂ-ਸਮੇਂ ‘ਤੇ ਲੋਕਾਂ ਨੂੰ ਆਪਣੇ ਵਿਭਾਗ ਨਾਲ ਸਬੰਧਤ ਸੂਚਨਾ ਪ੍ਰਕਾਸ਼ਿਤ ਕਰਨੀ ਹੁੰਦੀ ਹੈ। ਉਨ੍ਹਾਂ ਦੱਸਿਆ ਕਿ ਵਿਭਾਗਾਂ ਦੀਆਂ ਆਪਣੀਆਂ ਵੈੱਬਸਾਈਟਾਂ ‘ਤੇ ਸਾਲਾਨਾ ਰਿਪੋਰਟਾਂ, ਲੋਕ ਸੂਚਨਾ ਅਫ਼ਸਰਾਂ ਦੀ ਡਾਇਰੈਕਟਰੀ, ਵਿਭਾਗੀ ਸਕੀਮਾਂ ਦੀ ਜਾਣਕਾਰੀ, ਲਾਭਪਾਤਰੀਆਂ ਦੀ ਸੂਚੀ ਅਤੇ ਹੋਰ ਜਾਣਕਾਰੀ ਇਸ ਵਿੱਚ ਸ਼ਾਮਲ ਹੈ।

ਉਨ੍ਹਾਂ ਵੱਖ-ਵੱਖ ਵਿਭਾਗਾਂ ਦੇ ਮੁਖੀਆਂ ਨੂੰ ਪਾਰਦਰਸ਼ੀ ਕੰਮਕਾਜ ਨੂੰ ਯਕੀਨੀ ਬਣਾਉਣ ਲਈ ਅਜਿਹੇ ਵੇਰਵਿਆਂ ਦਾ ਖੁਲਾਸਾ ਕਰਨ ਲਈ ਇੱਕ ਨਿਸ਼ਚਿਤ ਵਿਧੀ ਵਿਕਸਤ ਕਰਨ ਅਤੇ ਉਸ ਅਨੁਸਾਰ ਜਾਣਕਾਰੀ ਨੂੰ ਜਨਤਕ ਕਰਨ ਲਈ ਕਿਹਾ।

ਖੁਸ਼ਵੰਤ ਸਿੰਘ ਨੇ ਕਿਹਾ ਕਿ ਕਮਿਸ਼ਨ ਆਉਣ ਵਾਲੇ ਦਿਨਾਂ ਵਿੱਚ ਸੂਚਨਾ ਅਧਿਕਾਰ ਐਕਟ ਦੇ ਸੈਕਸ਼ਨ 4 ਤਹਿਤ ਪਾਰਦਰਸ਼ਤਾ ਰਿਕਾਰਡ ਦੀ ਜਾਂਚ (ਆਡਿਟ) ਕਰੇਗਾ ਤਾਂ ਜੋ ਜਨਤਕ ਅਥਾਰਟੀਆਂ ਦੁਆਰਾ ਨਸ਼ਰ ਕੀਤੀਆਂ ਜਾਣਕਾਰੀਆਂ/ਸੂਚਨਾਵਾਂ ਦੀ ਸਮੀਖਿਆ ਕੀਤੀ ਜਾ ਸਕੇ।

ਰਾਜ ਸੂਚਨਾ ਕਮਿਸ਼ਨਰ ਨੇ ਇਹ ਵੀ ਕਿਹਾ ਕਿ ਸਾਰੀਆਂ ਦਰਖਾਸਤਾਂ ਦਾ ਨਿਪਟਾਰਾ 30 ਦਿਨਾਂ ਦੀ ਨਿਰਧਾਰਿਤ ਸਮਾਂ ਸੀਮਾ ਦੇ ਅੰਦਰ ਕੀਤਾ ਜਾਵੇ ਅਤੇ ਜੇਕਰ ਸਹੀ ਆਧਾਰ ‘ਤੇ ਸੂਚਨਾ ਦੇਣ ਵਿੱਚ ਕੋਈ ਦੇਰੀ ਹੁੰਦੀ ਹੈ ਤਾਂ ਬਿਨੈਕਾਰ ਨੂੰ ਵਿਭਾਗ ਵੱਲੋਂ ਸਮੇਂ ਸਿਰ ਸੂਚਿਤ ਕੀਤਾ ਜਾਣਾ ਚਾਹੀਦਾ ਹੈ।

ਉਨ੍ਹਾਂ ਵੱਖ-ਵੱਖ ਵਿਭਾਗਾਂ ਵੱਲੋਂ ਆਰ.ਟੀ.ਆਈ ਐਕਟ ਤਹਿਤ ਪ੍ਰਾਪਤ ਹੋਈਆਂ ਦਰਖਾਸਤਾਂ ਦੀ ਸਥਿਤੀ ਦਾ ਜਾਇਜ਼ਾ ਵੀ ਲਿਆ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਜਸਬੀਰ ਸਿੰਘ, ਸਹਾਇਕ ਕਮਿਸ਼ਨਰ ਦੀਪਾਂਕਰ ਗਰਗ, ਡੀ ਆਰ ਓ ਅਜੀਤਪਾਲ ਸਿੰਘ ਆਦਿ ਹਾਜ਼ਰ ਸਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ