35.1 C
Delhi
Thursday, March 28, 2024
spot_img
spot_img

ਆਗਾਮੀ ਜ਼ਿਮਨੀ ਚੋਣਾਂ ਵਿੱਚ ਕਾਂਗਰਸ ਪਾਰਟੀ ਸਾਰੀਆਂ ਸੀਟਾਂ ਜਿੱਤੇਗੀ: ਕੈਪਟਨ ਅਮਰਿੰਦਰ ਸਿੰਘ

ਲੁਧਿਆਣਾ, 21 ਸਤੰਬਰ, 2019:

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਕਾਂਗਰਸ ਪਾਰਟੀ ਆਗਾਮੀ 21 ਅਕਤੂਬਰ ਨੂੰ ਹੋਣ ਵਾਲੀਆਂ ਜ਼ਿਮਨੀ ਚੋਣਾਂ ਵਿੱਚ ਸਾਰੀਆਂ ਚਾਰ ਵਿਧਾਨ ਸਭਾ ਸੀਟਾਂ ’ਤੇ ਜਿੱਤ ਦਰਜ ਕਰੇਗੀ।

ਸਥਾਨਕ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਅਤੇ ਗੁਰੂ ਅੰਗਦ ਦੇਵ ਵੈਟਰਨਰੀ ਐਂਡ ਐਨੀਮਲ ਸਾਇੰਸਿਜ਼ ਯੂਨੀਵਰਸਿਟੀ ਵਿਖੇ ਸ਼ੁਰੂ ਹੋਏ ਕਰਮਵਾਰ ਦੋ ਰੋਜ਼ਾ ਕਿਸਾਨ ਮੇਲਾ ਅਤੇ ਪਸ਼ੂ ਪਾਲਣ ਮੇਲਾ ਦੇ ਉਦਘਾਟਨੀ ਸਮਾਰੋਹ ਦੌਰਾਨ ਪੱਤਰਕਾਰਾਂ ਨਾਲ ਗੈਰ ਰਸਮੀ ਗੱਲਬਾਤ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕਾਂਗਰਸ ਪਾਰਟੀ ਆਪਣੀਆਂ ਪ੍ਰਗਤੀਸ਼ੀਲ ਅਤੇ ਭਲਾਈ ਯੋਜਨਾਵਾਂ ਦੇ ਸਿਰ ’ਤੇ ਆਗਾਮੀ ਜ਼ਿਮਨੀ ਚੋਣਾਂ ਲੜਨ ਅਤੇ ਜਿੱਤਣ ਲਈ ਪੂਰੀ ਤਰਾਂ ਤਿਆਰ ਹੈ।

ਉਨਾਂ ਕਿਹਾ ਕਿ ਸੂਬੇ ਦੇ ਲੋਕ ਪੰਜਾਬ ਸਰਕਾਰ ਵੱਲੋਂ ਪਿਛਲੇ ਢਾਈ ਸਾਲਾਂ ਦੌਰਾਨ ਸੂਬੇ ਦੇ ਵਿਕਾਸ ਲਈ ਕੀਤੇ ਗਏ ਉਪਰਾਲਿਆਂ ਨੂੰ ਧਿਆਨ ਵਿੱਚ ਰੱਖ ਕੇ ਆਪਣੀ ਵੋਟ ਦਾ ਇਸਤੇਮਾਲ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਦੇ ਹੱਕ ਵਿੱਚ ਕਰਨਗੇ। ਉਨਾਂ ਕਿਹਾ ਪਿਛੇ ਜਿਹੇ ਹੋਈਆਂ ਆਮ ਚੋਣਾਂ ਦੀ ਤਰਾਂ ਸੂਬੇ ਦੇ ਲੋਕ ਵਿਰੋਧੀ ਪਾਰਟੀਆਂ ਦੇ ਪਿਛਾਂਹਖਿੱਚੂ ਅਤੇ ਵੰਡਣ ਵਾਲੀ ਰਾਜਨੀਤੀ ਨੂੰ ਨਕਾਰ ਦੇਣਗੇ।

ਪੱਤਰਕਾਰਾਂ ਵੱਲੋਂ ਪੁੱਛੇ ਸਵਾਲ ਦੇ ਜਵਾਬ ਵਿੱਚ ਉਨਾਂ ਕਿਹਾ ਕਿ ਕਰਤਾਰਪੁਰ ਸਾਹਿਬ ਵਿਖੇ ਦਰਸ਼ਨਾਂ ਨੂੰ ਜਾਣ ਵਾਲੇ ਸ਼ਰਧਾਲੂਆਂ ’ਤੇ ਪਾਕਿਸਤਾਨ ਵੱਲੋਂ ਲਗਾਏ ਜਾਣ ਵਾਲੇ 20 ਅਮਰੀਕੀ ਡਾਲਰ ਜਜ਼ੀਆ ਕਰ ਬਾਰੇ ਉਨਾਂ ਨੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਹੈ ਕਿ ਇਸ ਕਰ ਨੂੰ ਖ਼ਤਮ ਕਰਵਾਇਆ ਜਾਵੇ ਤਾਂ ਜੋ ਸਿੱਖ ਸੰਗਤ ਨੂੰ ਇਸ ਪਵਿੱਤਰ ਧਾਰਮਿਕ ਸਥਾਨ ਦੇ ਖੁੱਲੇ ਦਰਸ਼ਨ ਦੀਦਾਰ ਹੋ ਸਕਣ।

ਉਨਾਂ ਕਿਹਾ ਕਿ ਭਾਰਤ ਵਾਲੇ ਪਾਸੇ ਬੜੀ ਤੇਜੀ ਨਾਲ ਬਣ ਰਹੇ ਕਰਤਾਰਪੁਰ ਕੋਰੀਡੋਰ ਨਾਲ ਸੰਗਤ ਨੂੰ ਇਸ ਪਵਿੱਤਰ ਸਥਾਨ ਦੇ ਆਸਾਨੀ ਨਾਲ ਦਰਸ਼ਨ ਹੋ ਸਕਣਗੇ, ਜਿਸਦਾ ਪਾਕਿਸਤਾਨ ਨੂੰ ਸਤਿਕਾਰ ਕਰਨਾ ਚਾਹੀਦਾ ਹੈ।

ਇਸ ਤੋਂ ਪਹਿਲਾਂ ਕਿਸਾਨ ਮੇਲੇ ਵਿੱਚ ਇਕੱਤਰ ਹੋਏ ਵੱਡੀ ਗਿਣਤੀ ਵਿੱਚ ਕਿਸਾਨਾਂ ਨੂੰ ਮੁੱਖ ਮੰਤਰੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਇਤਿਹਾਸਕ 550ਵੇਂ ਪ੍ਰਕਾਸ਼ ਪੁਰਬ ਦੇ ਸਤਿਕਾਰ ਵਜੋਂ ਪਰਾਲੀ ਨੂੰ ਨਾ ਸਾੜਨ ਦੀ ਅਪੀਲ ਕੀਤੀ।

ਉਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਫ਼ਸਲਾਂ ਦੀ ਰਹਿੰਦ-ਖੂੰਹਦ ਦਾ ਪ੍ਰਬੰਧਨ ਕਰਨ ਲਈ ਕਿਸਾਨਾਂ ਨੂੰ ਮੁਹੱਈਆ ਕਰਵਾਈ ਜਾ ਰਹੀ ਮਸ਼ੀਨਰੀ ਨਾਲ ਨਾ ਕੇਵਲ ਪਰਾਲੀ ਨੂੰ ਸਾੜਨ ਤੋਂ ਰੋਕਣ ਵਿੱਚ ਮਦਦ ਮਿਲੇਗੀ ਉਥੇ ਹੀ ਉਤਪਾਦਨ ਅਤੇ ਕਿਸਾਨਾਂ ਦੀ ਖੁਸ਼ਹਾਲੀ ਵਿੱਚ ਵੀ ਵਾਧਾ ਹੋਵੇਗਾ।

ਦੱਸਣਯੋਗ ਹੈ ਕਿ ਇਸ ਵਾਰ ਦੇ ਕਿਸਾਨ ਮੇਲੇ ਦਾ ਥੀਮ ਵੀ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਬਾਣੀ ਦੀ ਤੁੱਕ ‘ਪਵਣ ਗੁਰੂ ਪਾਣੀ ਪਿਤਾ ਮਾਤਾ ਧਰਤ ਮਹੱਤ’ ਰੱਖਿਆ ਹੈ, ਜੋ ਕਿ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹੈ।

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪਰਾਲੀ ਸਾੜਨਾਂ ਜਿੱਥੇ ਵਾਤਾਵਰਣ ਲਈ ਸਭ ਤੋਂ ਵੱਡਾ ਖ਼ਤਰਾ ਹੈ ਉਥੇ ਹੀ ਧਰਤ ਅਤੇ ਮਨੁੱਖੀ ਸਿਹਤ ਲਈ ਵੀ ਨੁਕਸਾਨਦੇਹ ਹੈ। ਉਨਾਂ ਕਿਸਾਨਾਂ ਨੂੰ ਸੱਦਾ ਦਿੱਤਾ ਕਿ ਉਹ ਪਰਾਲੀ ਪ੍ਰਬੰਧਨ ਮਸ਼ੀਨਰੀ ’ਤੇ ਦਿੱਤੀ ਜਾ ਰਹੀ 50-80 ਫੀਸਦੀ ਸਬਸਿਡੀ ਦਾ ਭਰਪੂਰ ਲਾਭ ਲੈਣ।

ਉਨਾਂ ਕਿਹਾ ਕਿ ਪੰਜਾਬ ਸਰਕਾਰ ਨੇ ਸਾਲ 2018-19 ਦੌਰਾਨ ਕਿਸਾਨਾਂ ਨੂੰ 269.38 ਕਰੋੜ ਰੁਪਏ ਦੀ ਲਾਗਤ ਨਾਲ 28600 ਖੇਤੀ ਸੰਦ ਉਪਦਾਨ ’ਤੇ ਮੁਹੱਈਆ ਕਰਵਾਏ ਜਦਕਿ ਸਾਲ 2019-20 ਦੌਰਾਨ ਵੀ ਕਿਸਾਨਾਂ ਨੂੰ 28000 ਸੰਦ ਮੁਹੱਈਆ ਕਰਾਉਣ ਲਈ 273.80 ਕਰੋੜ ਰੁਪਏ ਖਰਚੇ ਜਾ ਰਹੇ ਹਨ।

ਉਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਗੁਰਦਾਸਪੁਰ ਵਿਖੇ ਸੂਗਰਕੇਨ ਰਿਸਰਚ ਐਂਡ ਟਰੇਨਿੰਗ ਇੰਸਟੀਚਿੳੂਟ ਵਿਕਸਤ ਕਰਨ ਦੇ ਨਾਲ-ਨਾਲ ਮੋਹਾਲੀ ਵਿਖੇ ਐਗਰੀਕਲਚਰਲ ਮਾਰਕੀਟ ਇਨੋਵੇਸ਼ਨ ਰਿਸਰਚ ਐਂਡ ਇੰਟੈਲੀਜੈਂਸ ਸੈਂਟਰ ਸਥਾਪਤ ਕੀਤਾ ਜਾ ਰਿਹਾ ਹੈ।

ਉਨਾਂ ਕਿਹਾ ਕਿ ਮੋਹਾਲੀ ਸੈਂਟਰ ਕਿਸਾਨਾਂ ਨੂੰ ਫਸਲੀ ਵਿੰਭਿੰਨਤਾ ਤਹਿਤ ਉਤਪਾਦਨ ਕੀਤੀਆਂ ਫ਼ਸਲਾਂ ਦੇ ਮੰਡੀਕਰਨ ਵਿੱਚ ਸਹਾਇਕ ਸਿੱਧ ਹੋਵੇਗਾ। ਉਨਾਂ ਕਿਸਾਨਾਂ ਨੂੰ ਧਰਤੀ ਹੇਠਲੇ ਪਾਣੀ ਦੇ ਦਿਨੋਂ ਦਿਨ ਹੋ ਰਹੇ ਨਿਘਾਰ ਨੂੰ ਰੋਕਣ ਲਈ ਫਸਲੀ ਵਿੰਭਿੰਨਤਾ ਨੂੰ ਅਪਨਾਉਣ ’ਤੇ ਜ਼ੋਰ ਦਿੱਤਾ।

ਉਨਾਂ ਕਿਹਾ ਕਿ ਪੰਜਾਬ ਸਰਕਾਰ ਨੇ ਪਹਿਲਾਂ ਹੀ 10 ਲੱਖ ਹੈੱਕਟੇਅਰ ਰਕਬੇ ਨੂੰ ਝੋਨੇ ਹੇਠੋਂ ਕੱਢ ਕੇ ਘੱਟ ਪਾਣੀ ਦੀ ਖਪਤ ਵਾਲੀਆਂ ਫਸਲਾਂ ਹੇਠ ਲਿਆਉਣ ਦਾ ਖਾਕਾ ਤਿਆਰ ਕੀਤਾ ਹੋਇਆ ਹੈ।

ਫਸਲੀ ਵਿੰਭਿੰਨਤਾ ਲਈ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਦਾ ਜ਼ਿਕਰ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਲਾਡੋਵਾਲ ਵਿਖੇ ਇੰਡੀਅਨ ਇੰਸਟੀਚਿੳੂਟ ਆਫ਼ ਮੇਜ਼ ਰਿਸਰਚ ਸਥਾਪਤ ਕੀਤਾ ਜਾ ਰਿਹਾ ਹੈ, ਜਦਕਿ ਸ੍ਰੀ ਅੰਮਿ੍ਰਤਸਰ ਸਾਹਿਬ ਵਿਖੇ ਪੋਸਟ ਗ੍ਰੇਜੂਏਟ ਇੰਸਟੀਚਿੳੂਟ ਆਫ਼ ਹਾਰਟੀਕਲਚਰ ਰਿਸਰਚ ਐਂਡ ਐਜੂਕੇਸ਼ਨ ਬਣਾਇਆ ਜਾ ਰਿਹਾ ਹੈ।

ਉਨਾਂ ਕਿਹਾ ਕਿ ਕਿਸਾਨਾਂ ਨੂੰ ਫਸਲੀ ਵਿਭਿੰਨਤਾ ਲਈ ਕੀਤੇ ਜਾ ਰਹੇ ਉਪਰਾਲਿਆਂ ਦੇ ਸਦਕਾ ਸੂਬੇ ਵਿੱਚ ਮੱਕੀ, ਬਾਸਮਤੀ ਅਤੇ ਕਪਾਹ ਹੇਠ ਰਕਬੇ ਵਿੱਚ ਉਤਸ਼ਾਹਜਨਕ ਵਾਧਾ ਦਰਜ ਕੀਤਾ ਗਿਆ ਹੈ।

ਉਨਾਂ ਕਿਹਾ ਕਿ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਤੁਪਕਾ ਸਿੰਚਾਈ ਪ੍ਰਣਾਲੀ ’ਤੇ 80-90 ਫੀਸਦੀ ਸਬਸਿਡੀ ਦਿੱਤੀ ਜਾ ਰਹੀ ਹੈ। ਇਸ ਤੋਂ ਇਲਾਵਾ ਪਾਣੀ ਬਚਾਓ ਪੈਸਾ ਕਮਾਓ ਯੋਜਨਾ ਤਹਿਤ ਕਿਸਾਨਾਂ ਨੂੰ ਬਿਜਲੀ ਅਤੇ ਪਾਣੀ ਬਚਾਉਣ ਲਈ ਆਰਥਿਕ ਸਹਾਇਤਾ ਮੁਹੱਈਆ ਕਰਵਾਈ ਜਾ ਰਹੀ ਹੈ।

ਉਨਾਂ ਕਿਹਾ ਕਿ ਕਿਸਾਨਾਂ ਨੂੰ ਆਰਥਿਕ ਤੌਰ ’ਤੇ ਮਜ਼ਬੂਤ ਕਰਨ ਲਈ ਕਿਸਾਨ ਉਤਪਾਦਨ ਸੰਸਥਾ ਨੂੰ ਉਤਸ਼ਾਹਿਤ ਕਰਨ ਅਤੇ ਬਜ਼ਾਰੀਕਰਨ ਦੀਆਂ ਸਹੂਲਤਾਂ ਮੁਹੱਈਆ ਕਰਾਉਣ ਲਈ ਨੀਤੀਆਂ ਲਾਗੂ ਕੀਤੀਆਂ ਜਾ ਰਹੀਆਂ ਹਨ।

ਉਨਾਂ ਕਿਹਾ ਕਿ ਖੇਤੀਬਾੜੀ ਨਾਲ ਸੰਬੰਧਤ ਸਿੱਖਿਆ ਵਿੱਚ ਸੁਧਾਰ ਲਿਆਉਣ ਲਈ ਪੰਜਾਬ ਸਟੇਟ ਕੌਂਸਲ ਫਾਰ ਐਗਰੀਕਲਚਰਲ ਐਜੂਕੇਸ਼ਨ ਐਕਟ, 2017 ਲਿਆਂਦਾ ਜਾ ਰਿਹਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਕੁਆਲਿਟੀ ਇਨਪੁੱਟਸ ਅਤੇ ਚਿੱਟੀ ਮੱਖੀ ’ਤੇ ਤਿੱਖੀ ਨਿਗਰਾਨੀ ਦੇ ਚੱਲਦਿਆਂ ਸੂਬੇ ਵਿੱਚ ਕਪਾਹ ਦੀ ਖੇਤੀ ਦੀ ਵਾਪਸੀ ਹੋਈ ਹੈ, ਨਤੀਜਤਨ ਪਿਛਲੇ ਤਿੰਨ ਸਾਲਾਂ ਦੌਰਾਨ ਇਸ ਦੇ ਉਤਪਾਦਨ ਵਿੱਚ ਰਿਕਾਰਡ ਵਾਧਾ ਦਰਜ ਕੀਤਾ ਗਿਆ ਹੈ।

ਕੈਪਟਨ ਅਮਰਿੰਦਰ ਸਿੰਘ ਨੇ ਖੋਜ ਅਤੇ ਪਸਾਰ ਗਤੀਵਿਧੀਆਂ ਵਿੱਚ ਦੂਜੀ ਵਾਰ ਮਾਰਚ 2019 ਵਿੱਚ ਆਈ. ਸੀ. ਏ. ਆਰ. ਬੈੱਸਟ ਇੰਸਟੀਚਿੳੂਸ਼ਨ ਅਵਾਰਡ ਜਿੱਤਣ ਵਾਲੀ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਖੇਤੀ ਦੇ ਖੇਤਰ ਵਿੱਚ ਕੀਤੇ ਜਾ ਰਹੇ ਉਪਰਾਲਿਆਂ ਦੀ ਪ੍ਰਸੰਸ਼ਾ ਕੀਤੀ। ਇਸ ਮੌਕੇ ਉਨਾਂ ਪੀ. ਏ. ਯੂ. ਅਤੇ ਗਡਵਾਸੂ ਵੱਲੋਂ ਲਗਾਈਆਂ ਗਈਆਂ ਪ੍ਰਦਰਸ਼ਨੀਆਂ ਦਾ ਵੀ ਦੌਰਾ ਕੀਤਾ।

ਇਸ ਦੌਰਾਨ ਉਨਾਂ ਨੇ ਅਗਾਂਹਵਧੂ ਕਿਸਾਨਾਂ ਦਲੀਪ ਸਿੰਘ ਨੂੰ ‘ਉਜਾਗਰ ਸਿੰਘ ਧਾਲੀਵਾਲ’ ਸਨਮਾਨ ਨਾਲ, ਜਗਤਾਰ ਸਿੰਘ ਨੂੰ ‘ਪ੍ਰਵਾਸੀ ਭਾਰਤੀ’ ਪੁਰਸਕਾਰ ਨਾਲ, ਰੁਬਾਸ਼ ਸਿੰਘ ਜਾਖ਼ੜ ਨੂੰ ‘ਦਲੀਪ ਸਿੰਘ ਧਾਲੀਵਾਲ’ ਪੁਰਸਕਾਰ, ਪਰਮਜੀਤ ਕੌਰ ਨੂੰ ‘ਜਗਬੀਰ ਕੌਰ ਯਾਦਗਾਰੀ’ ਪੁਰਸਕਾਰ ਨਾਲ ਅਤੇ ਜ਼ਿਲਾ ਜਲੰਧਰ ਦੇ ਪਿੰਡ ਹਰੀਪੁਰਾ ਦੀ ਪੰਚਾਇਤ ਨੂੰ ਭਾਈ ਬਾਬੂ ਸਿੰਘ ਬਰਾੜ ‘ਸਰਬੋਤਮ ਛੱਪੜ’ ਪੁਰਸਕਾਰ ਨਾਲ ਸਨਮਾਨਿਤ ਕੀਤਾ।

ਇਸ ਦੌਰਾਨ ਪੰਜਾਬ ਦੇ ਸਹਿਕਾਰਤਾ ਅਤੇ ਜੇਲਾਂ ਬਾਰੇ ਵਿਭਾਗ ਦੇ ਕੈਬਨਿਟ ਮੰਤਰੀ ਸ੍ਰ. ਸੁਖਜਿੰਦਰ ਸਿੰਘ ਰੰਧਾਵਾ ਨੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਕਿਸਾਨਾਂ ਨੂੰ ਨਵੀਂਆਂ ਖੇਤੀ ਤਕਨੀਕਾਂ, ਖੋਜਾਂ ਅਤੇ ਉਤਪਾਦਨ ਵਧਾਉਣ ਲਈ ਕਿਸਾਨਾਂ ਨੂੰ ਕੀਤੇ ਜਾ ਰਹੇ ਜਾਗਰੂਕਤਾ ਉਪਰਾਲਿਆਂ ਦੀ ਸ਼ਲਾਘਾ ਕੀਤੀ।

ਉਨਾਂ ਮੁੱਖ ਮੰਤਰੀ ਨੂੰ ਅਪੀਲ ਕੀਤੀ ਕਿ ਉਹ ਦੇਸ਼ ਦੇ 10 ਕਰੋੜ ਦੁੱਧ ਉਤਪਾਦਕ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਕੇਂਦਰ ਸਰਕਾਰ ’ਤੇ ਦਬਾਅ ਬਣਾ ਕੇ ਰੀਜ਼ਨਲ ਕੰਪ੍ਰਹੈਂਸਿਵ ਇਕਨਾਮਿਕ ਪਾਰਟਨਰਸ਼ਿਪ ਸਮਝੌਤੇ ਨੂੰ ਰੱਦ ਕਰਨ ਬਾਰੇ ਕਹਿਣ।

ਉਨਾਂ ਮੁੱਖ ਮੰਤਰੀ ਨੂੰ 550ਵੇਂ ਪ੍ਰਕਾਸ਼ ਪੁਰਬ ਦੇ ਸੰਦਰਭ ਵਿੱਚ ਕਲਾਨੌਰ ਵਿਖੇ ਸਥਾਪਤ ਹੋਣ ਵਾਲੇ ਸੂਗਰਕੇਨ ਰਿਸਰਚ ਐਂਡ ਟਰੇਨਿੰਗ ਸੈਂਟਰ ਅਤੇ ਖੇਤੀਬਾੜੀ ਕਾਲਜ ਨੂੰ ਸਮਾਂਬੱਧ ਤਰੀਕੇ ਨਾਲ ਨੇਪਰੇ ਚਾੜਨ ਲਈ ਵੀ ਹਦਾਇਤਾਂ ਜਾਰੀ ਕਰਨ ਦੀ ਅਪੀਲ ਕੀਤੀ।

ਉਨਾਂ ਮੁੱਖ ਮੰਤਰੀ ਨੂੰ ਅਪੀਲ ਕੀਤੀ ਕਿ ਪੰਜਾਬ ਸਰਕਾਰ ਪੀ. ਏ. ਯੂ. ਨੂੰ ਖੋਜ ਕਾਰਜਾਂ ਵਿੱਚ ਤੇਜ਼ੀ ਲਿਆਉਣ ਲਈ ਲੋੜੀਂਦੀ ਮਾਤਰਾ ਵਿੱਚ ਫੰਡ ਮੁਹੱਈਆ ਕਰਾਉਣ।

ਇਸ ਤੋਂ ਪਹਿਲਾਂ ਸਵਾਗਤੀ ਭਾਸ਼ਣ ਦਿੰਦਿਆਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਉੱਪ ਕੁਲਪਤੀ ਡਾ. ਬਲਦੇਵ ਸਿੰਘ ਢਿੱਲੋਂ ਨੇ ਕਿਸਾਨਾਂ ਨੂੰ ਸੱਦਾ ਦਿੱਤਾ ਕਿ ਉਹ ਆਪਣੀ ਆਮਦਨੀ ਵਿੱਚ ਵਾਧਾ ਕਰਨ ਲਈ ਸਹਾਇਕ ਧੰਦਿਆਂ ਨੂੰ ਅਪਨਾਉਣ।

ਉਨਾਂ ਕਿਹਾ ਕਿ ਪੀ. ਏ. ਯੂ. ਸੂਬੇ ਵਿੱਚ ਸਬਜ਼ੀਆਂ ਦੇ ਉਤਪਾਦਨ ਨੂੰ ਵਧਾਉਣ ਲਈ ਢੁੱਕਵੀਂ ਮਸ਼ੀਨਰੀ ਨੂੰ ਲਿਆਉਣ ਲਈ ਤਰਜੀਹ ਦੇ ਰਿਹਾ ਹੈ, ਜਿਸ ਨਾਲ ਖੇਤੀ ਖੇਤਰ ਨੂੰ ਮਜ਼ਬੂਤੀ ਮਿਲੇਗੀ। ਉਨਾਂ ਕਿਸਾਨਾਂ ਨੂੰ ਸੱਦਾ ਦਿੱਤਾ ਕਿ ਉਹ ਯੂਨੀਵਰਸਿਟੀ ਵੱਲੋਂ ਇਸ ਦਿਸ਼ਾ ਵਿੱਚ ਕੀਤੇ ਜਾ ਰਹੇ ਪ੍ਰਚਾਰ ਪ੍ਰਸਾਰ ਦਾ ਭਰਪੂਰ ਲਾਭ ਲੈਣ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਲੋਕ ਸਭਾ ਮੈਂਬਰ ਸ੍ਰ. ਰਵਨੀਤ ਸਿੰਘ ਬਿੱਟੂ, ਸ੍ਰ. ਅਮਰੀਕ ਸਿੰਘ ਢਿੱਲੋਂ, ਸ੍ਰ. ਕੁਲਦੀਪ ਸਿੰਘ ਵੈਦ, ਸ੍ਰੀ ਸੰਜੀਵ ਤਲਵਾੜ, ਸ੍ਰ. ਲਖਬੀਰ ਸਿੰਘ ਲੱਖਾ (ਸਾਰੇ ਵਿਧਾਇਕ), ਪੰਜਾਬ ਲਘੂ ਉਦਯੋਗ ਵਿਕਾਸ ਨਿਗਮ ਦੇ ਚੇਅਰਮੈਨ ਸ੍ਰੀ ਕੇ. ਕੇ. ਬਾਵਾ, ਪੰਜਾਬ ਮੱਧਮ ਉਦਯੋਗ ਵਿਕਾਸ ਨਿਗਮ ਦੇ ਚੇਅਰਮੈਨ ਸ੍ਰ. ਅਮਰਜੀਤ ਸਿੰਘ ਟਿੱਕਾ, ਪੰਜਾਬ ਯੂਥ ਵਿਕਾਸ ਬੋਰਡ ਦੇ ਚੇਅਰਮੈਨ ਸ੍ਰ. ਸੁਖਵਿੰਦਰ ਸਿੰਘ ਬਿੰਦਰਾ, ਮੁੱਖ ਮੰਤਰੀ ਦੇ ਮੁੱਖ ਪ੍ਰਮੁੱਖ ਸਕੱਤਰ ਸ੍ਰੀ ਸੁਰੇਸ਼ ਕੁਮਾਰ, ਮੁੱਖ ਸਕੱਤਰ ਸ੍ਰ. ਕਰਨ ਅਵਤਾਰ ਸਿੰਘ, ਵਧੀਕ ਮੁੱਖ ਸਕੱਤਰ (ਵਿਕਾਸ) ਸ੍ਰੀ ਵਿਸ਼ਵਜੀਤ ਖੰਨਾ, ਮੁੱਖ ਮੰਤਰੀ ਦੇ ਓ. ਐੱਸ. ਡੀ. ਸ੍ਰ. ਦਮਨਜੀਤ ਸਿੰਘ ਮੋਹੀ, ਨਗਰ ਨਿਗਮ ਦੇ ਸੀਨੀਅਰ ਡਿਪਟੀ ਮੇਅਰ ਸ੍ਰੀ ਸ਼ਾਮ ਸੁੰਦਰ ਮਲਹੋਤਰਾ, ਡਿਪਟੀ ਮੇਅਰ ਸ੍ਰੀਮਤੀ ਸਰਬਜੀਤ ਕੌਰ, ਡਿਪਟੀ ਕਮਿਸ਼ਨਰ ਸ੍ਰੀ ਪ੍ਰਦੀਪ ਕੁਮਾਰ ਅਗਰਵਾਲ, ਪੁਲਿਸ ਕਮਿਸ਼ਨਰ ਸ੍ਰੀ ਰਾਕੇਸ਼ ਕੁਮਾਰ ਅਗਰਵਾਲ ਅਤੇ ਹੋਰ ਹਾਜ਼ਰ ਸਨ।

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION