ਐਨ.ਐਚ.ਐਮ. ਮੁਲਾਜ਼ਮਾਂ ਦੀ ਕੋਰ ਕਮੇਟੀ ਉਪ ਮੁੱਖ ਮੰਤਰੀ ਸੋਨੀ ਨੂੰ ਮਿਲੀ, ਮੰਗਾਂ ਵੱਲ ਦਿਵਾਇਆ ਧਿਆਨ

ਯੈੱਸ ਪੰਜਾਬ
ਅੰਮ੍ਰਿਤਸਰ, 11 ਦਸੰਬਰ, 2021 –
ਉਪ ਮੁੱਖ ਮੰਤਰੀ ਸ੍ਰੀ ਓ.ਪੀ.ਸੋਨੀ ਦੇ ਗ੍ਰਹਿ ਸ਼ਹਿਰ ਅੰਮ੍ਰਿਤਸਰ ਵਿਖੇ ਬੀਤੇ ਸ਼ੁੱਕਰਵਾਰ ਨੂੰ ਨੈਸ਼ਨਲ ਹੈਲਥ ਮਿਸ਼ਨ ਪੰਜਾਬ ਦੇ ਮੁਲਾਜ਼ਮਾਂ ਵੱਲੋਂ ਕੀਤੀ ਗਈ ਵਿਸ਼ਾਲ ਰੈਲੀ ਤੋਂ ਬਾਅਦ ਅੱਜ ਸਵੇਰੇ 11:00 ਵਜੇ ਨੈਸ਼ਨਲ ਹੈਲਥ ਮਿਸ਼ਨ ਦੀ ਕੋਰ ਕਮੇਟੀ ਮੈਂਬਰ ਡਾ: ਇੰਦਰਜੀਤ ਸਿੰਘ ਰਾਣਾ ਅਤੇ ਗੁਰਪ੍ਰੀਤ ਭੁੱਲਰ ਦੀ ਅਗਵਾਈ ਹੇਠ ਕੋਰ ਕਮੇਟੀ ਦੇ ਮੈਂਬਰ ਜਸਵਿੰਦਰ ਕੌਰ, ਅਰੁਣ ਦੱਤ, ਮਨਿੰਦਰ ਸਿੰਘ ਅਤੇ ਹੋਰਨਾਂ ਨਾਲ ਉਪ ਮੁੱਖ ਮੰਤਰੀ ਨੇ ਆਪਣੀ ਰਿਹਾਇਸ਼ ‘ਤੇ ਮੁਲਾਕਾਤ ਕੀਤੀ। ਇਸ ਮੀਟਿੰਗ ਵਿੱਚ ਉਪ ਮੁੱਖ ਮੰਤਰੀ ਤੋਂ ਇਲਾਵਾ ਉਨ੍ਹਾਂ ਦਾ ਹੋਰ ਸਟਾਫ਼ ਵੀ ਹਾਜ਼ਰ ਸੀ।

ਮੀਟਿੰਗ ਦੀ ਅਗਵਾਈ ਕਰ ਰਹੇ ਮੈਂਬਰਾਂ ਨੇ ਉਪ ਮੁੱਖ ਮੰਤਰੀ ਨੂੰ ਪ੍ਰਸਤਾਵ ਦਿੱਤਾ ਕਿ ਨੈਸ਼ਨਲ ਹੈਲਥ ਮਿਸ਼ਨ ਪੰਜਾਬ ਦੇ ਮੁਲਾਜ਼ਮਾਂ ਦੀਆਂ ਮੰਗਾਂ ਦਾ ਹੱਲ ਸੰਭਵ ਹੈ ਅਤੇ ਇਸ ਲਈ ਉਨ੍ਹਾਂ ਨੇ ਕੁਝ ਉਪਾਅ ਸੁਝਾਏ। ਉਨ੍ਹਾਂ ਕਿਹਾ ਕਿ ਹਾਲ ਹੀ ਵਿੱਚ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਲਈ ਜੋ ਬਿੱਲ ਬਣਾਇਆ ਗਿਆ ਹੈ, ਉਸ ਬਿੱਲ ਵਿੱਚ ਨੈਸ਼ਨਲ ਹੈਲਥ ਮਿਸ਼ਨ ਦੇ ਮੁਲਾਜ਼ਮਾਂ ਨੂੰ ਸ਼ਾਮਲ ਕਰਕੇ ਰੈਗੂਲਰ ਕੀਤਾ ਜਾ ਸਕਦਾ ਹੈ।

ਇਸ ਤੋਂ ਇਲਾਵਾ ਜੇਕਰ ਸਰਕਾਰ ਚਾਹੇ ਤਾਂ ਹਰਿਆਣਾ ਸਰਕਾਰ ਦੀ ਤਰਜ਼ ‘ਤੇ ਨੈਸ਼ਨਲ ਹੈਲਥ ਮਿਸ਼ਨ ਦੇ ਕਰਮਚਾਰੀਆਂ ਨੂੰ ਪੱਕੇ ਕਰਮਚਾਰੀਆਂ ਦੇ ਬਰਾਬਰ ਤਨਖ਼ਾਹ ਦੇ ਸਕਦੀ ਹੈ ਜਾਂ ਸੁਸਾਇਟੀ ਅਧੀਨ ਨਵੀਆਂ ਅਸਾਮੀਆਂ ਬਣਾ ਕੇ ਇਨ੍ਹਾਂ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾ ਸਕਦਾ ਹੈ। ਕਮੇਟੀ ਮੈਂਬਰਾਂ ਨੇ ਉਪ ਮੁੱਖ ਮੰਤਰੀ ਨੂੰ ਇਹ ਵੀ ਕਿਹਾ ਕਿ ਇਸ ਨਾਲ ਸਰਕਾਰ ‘ਤੇ ਕੋਈ ਵੱਡਾ ਵਿੱਤੀ ਬੋਝ ਨਹੀਂ ਪਵੇਗਾ।

ਕੋਰ ਕਮੇਟੀ ਮੈਂਬਰਾਂ ਦੀ ਗੱਲ ਸੁਣਨ ਤੋਂ ਬਾਅਦ ਮਾਨਯੋਗ ਉਪ ਮੁੱਖ ਮੰਤਰੀ/ਸਿਹਤ ਮੰਤਰੀ ਨੇ ਐਸੋਸੀਏਸ਼ਨ ਦੇ ਮੈਂਬਰਾਂ ਨੂੰ ਭਰੋਸਾ ਦਿੱਤਾ ਕਿ ਉਹ ਖੁਦ ਨੈਸ਼ਨਲ ਹੈਲਥ ਮਿਸ਼ਨ ਦੇ ਸਮੂਹ ਕਰਮਚਾਰੀਆਂ ਦੀ ਅਗਵਾਈ ਕਰਦੇ ਹੋਏ ਇਸ ਮੁੱਦੇ ਨੂੰ 14 ਦਸੰਬਰ ਨੂੰ ਹੋਣ ਵਾਲੀ ਕੈਬਨਿਟ ਮੀਟਿੰਗ ਵਿੱਚ ਉਠਾਉਣਗੇ। ਉਪ ਮੁੱਖ ਮੰਤਰੀ ਨੇ ਇਸ ਵਿਸ਼ੇ ‘ਤੇ ਕੈਬਨਿਟ ਮੀਟਿੰਗ ਤੋਂ ਪਹਿਲਾਂ 14 ਦਸੰਬਰ ਨੂੰ ਬਾਅਦ ਦੁਪਹਿਰ 3:00 ਵਜੇ ਚੰਡੀਗੜ੍ਹ ਵਿਖੇ ਨੈਸ਼ਨਲ ਹੈਲਥ ਮਿਸ਼ਨ ਕਰਮਚਾਰੀਆਂ ਦੀ ਕੋਰ ਕਮੇਟੀ ਦੇ ਮੈਂਬਰਾਂ ਨਾਲ ਵਿਸ਼ੇਸ਼ ਮੀਟਿੰਗ ਤੈਅ ਕੀਤੀ ਹੈ।

ਮੰਤਰੀ ਨੇ ਭਰੋਸਾ ਦਿਵਾਇਆ ਹੈ ਕਿ ਉਹ ਆਉਣ ਵਾਲੇ 3 ਦਿਨਾਂ ਵਿੱਚ ਸਾਰੀ ਕਾਰਵਾਈ ਮੁਕੰਮਲ ਕਰਕੇ ਮੁਲਾਜ਼ਮਾਂ ਦੀਆਂ ਮੰਗਾਂ ਦਾ ਹੱਲ ਕਰਨਗੇ ਅਤੇ ਮੁਲਾਜ਼ਮਾਂ ਨੂੰ ਸੂਬੇ ਵਿੱਚ ਹੋਰ ਵੀ ਬਿਹਤਰ ਢੰਗ ਨਾਲ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਦੀ ਅਪੀਲ ਕੀਤੀ ਹੈ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ