ਐਸ.ਐਸ.ਪੀ. ਡਾ: ਰਵਜੋਤ ਕੌਰ ਵੱਲੋਂ ਪੀਸ ਕਮੇਟੀ ਦੀ ਮੀਟਿੰਗ ਦੌਰਾਨ ਮਲੇਰਕੋਟਲਾ ਅੰਦਰ ਅਮਨ-ਸ਼ਾਂਤੀ ਬਰਕਰਾਰ ਰੱਖਣ ਲਈ ਲੋਕਾਂ ਨੂੰ ਸਹਿਯੋਗ ਕਰਨ ਦੀ ਅਪੀਲ

ਯੈੱਸ ਪੰਜਾਬ
ਮਲੇਰਕੋਟਲਾ, 22 ਦਸੰਬਰ, 2021 –
ਜ਼ਿਲ੍ਹੇ ਵਿੱਚ ਅਮਨ-ਸ਼ਾਂਤੀ ਦੇ ਮਾਹੌਲ ਅਤੇ ਭਾਈਚਾਰਕ ਸਾਂਝ ਨੂੰ ਬਰਕਰਾਰ ਰੱਖਣ ਲਈ ਜ਼ਿਲ੍ਹਾ ਪੁਲਿਸ ਮੁੱਖੀ ਡਾਕਟਰ ਰਵਜੋਤ ਕੌਰ ਦੀ ਪ੍ਰਧਾਨਗੀ ਹੇਠ ਪੰਜਾਬ ਭਰ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਸਬੰਧੀ ਵਾਪਰ ਰਹੀਆ ਘਟਨਾਵਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਉਰਦੂ ਅਕੈਡਮੀ ਮਲੇਰਕੋਟਲਾ ਵਿਖੇ ਪੁਲਿਸ ਪਬਲਿਕ ਮੀਟਿੰਗ ਕੀਤੀ ਗਈ । ਉਨ੍ਹਾ ਕਿਹਾ ਕਿ ਜ਼ਿਲ੍ਹੇ ਵਿੱਚ ਲੋਕਾਂ ਦੇ ਸਹਿਯੋਗ ਸਦਕਾ ਹਮੇਸ਼ਾਂ ਸ਼ਾਂਤੀ ਦਾ ਮਾਹੌਲ ਰਿਹਾ ਹੈ।

ਉਨ੍ਹਾਂ ਮੀਟਿੰਗ ਦੌਰਾਨ ਜ਼ਿਲ੍ਹੇ ਅੰਦਰ ਅਮਨ-ਸ਼ਾਂਤੀ ਬਰਕਰਾਰ ਰੱਖਣ ਲਈ ਲੋਕਾਂ ਨੂੰ ਸਹਿਯੋਗ ਕਰਨ ਦੀ ਅਪੀਲ ਕੀਤੀ।

ਜ਼ਿਲ੍ਹਾ ਪੁਲਿਸ ਮੁੱਖੀ ਨੇ ਕਿਹਾ ਕਿ ਜ਼ਿਲ੍ਹਾ ਪੁਲਿਸ ਪ੍ਰਸਾਸ਼ਨ ਵੱਲੋਂ ਜ਼ਿਲ੍ਹੇ ਦੇ ਲੋਕਾਂ ਨੂੰ ਹਰ ਤਰ੍ਹਾਂ ਦਾ ਸਹਿਯੋਗ ਦਿੱਤਾ ਜਾਵੇਗਾ ਅਤੇ ਜੇਕਰ ਕਿਸੇ ਨੂੰ ਕੋਈ ਦਿੱਕਤ ਦਰਪੇਸ਼ ਆਉਂਦੀ ਹੈ ਜਾਂ ਕੋਈ ਸ਼ਰਾਰਤੀ ਅਨਸਰ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਕਰਦਾ ਹੈ, ਤਾਂ ਤੁਰੰਤ ਪੁਲਿਸ ਪ੍ਰਸ਼ਾਸਨ ਦੇ ਧਿਆਨ ਵਿੱਚ ਲਿਆਂਦਾ ਜਾਵੇ।

ਐਸ.ਐਸ.ਪੀ. ਨੇ ਮੀਟਿੰਗ ਦੌਰਾਨ ਕਿਹਾ ਕਿ ਸੂਬੇ ਅੰਦਰ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਅਮਨ ਕਾਨੂੰਨ ਦੀ ਸਥਿਤੀ ਨੂੰ ਖ਼ਰਾਬ ਕਰਨ ਲਈ ਮੰਦਭਾਗੀ ਘਟਨਾਵਾਂ ਨੂੰ ਅੰਜਾਮ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸਾਨੂੰ ਅਜਿਹੇ ਲੋਕਾਂ ਤੋਂ ਸੁਚੇਤ ਰਹਿਣ ਦੀ ਲੋੜ ਹੈ। ਇਸ ਜ਼ਿਲ੍ਹਾ ਪੀਸ ਕਮੇਟੀ ਵਿੱਚ ਹਰ ਧਰਮ ਅਤੇ ਹਰ ਵਰਗ ਦੇ ਲੋਕਾਂ ਨੂੰ ਲਿਆ ਗਿਆ ਹੈ, ਤਾਂ ਜੋ ਉਨ੍ਹਾਂ ਦੇ ਮਹੱਤਵਪੂਰਨ ਸੁਝਾਅ ਲਏ ਜਾ ਸਕਣ।

ਉਨ੍ਹਾਂ ਇਸ ਮੌਕੇ ਵਿਸ਼ੇਸ ਤੌਰ ਤੇ ਧਾਰਮਿਕ ਸਥਾਨਾਂ ਦੀ ਨਿਗਰਾਨੀ ਰੱਖਣ ਲਈ ਪੁਲਿਸ ਦਾ ਸਹਿਯੋਗ ਕਰਨ ਦੀ ਅਪੀਲ ਕਰਦਿਆ ਕਿਹਾ ਕਿਸੇ ਕਿਸਮ ਦੀ ਲੋੜ ਪੈਣ ਤੇ ਪੁਲਿਸ ਪ੍ਰਸ਼ਾਸਨ ਲੋਕਾਂ ਦੀ ਹਰ ਸੰਭਵ ਮਦਦ ਕਰਨ ਲਈ ਤਤਪਰ ਹੈ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ