ਕਰਤਾਰਪੁਰ ਸਾਹਿਬ ਲਾਂਘੇ ਦੇ ਖਿਲਾਫ ਨਫਰਤੀ ਭਰੀ ਬਿਆਨਬਾਜ਼ੀ ਤੁਰੰਤ ਬੰਦ ਕਰਵਾਉਣ ਇਮਰਾਨ ਖਾਨ: ਸਿਰਸਾ

ਨਵੀਂ ਦਿੱਲੀ, 2 ਦਸੰਬਰ, 2019:

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ੍ਰ ਮਨਜਿੰਦਰ ਸਿੰਘ ਸਿਰਸਾ ਨੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਅਪੀਲ ਕੀਤੀ ਹੈ ਕਿ ਕਰਤਾਰਪੁਰ ਸਾਹਿਬ ਲਾਂਘੇ ਦੇ ਖਿਲਾਫ ਪਾਕਿਸਤਾਨ ਵਿਚ ਚਲ ਰਹੀ ਨਫਰਤਭਰੀ ਬਿਆਨਬਾਜ਼ੀ ਤੁਰੰਤ ਬੰਦ ਕਰਵਾਈ ਜਾਵੇ ਅਤੇ ਉਹ ਆਪਣੇ ਰੇਲ ਮੰਤਰੀ ਤੇ ਦੋਵੇਂ ਮੌਲਵੀਆਂ ਖਿਲਾਫ ਵੀ ਤੁਰੰਤ ਕਾਰਵਾਈ ਕਰਨ।

ਇਥੇ ਇਕ ਬਿਆਨ ਵਿਚ ਸ੍ਰੀ ਸਿਰਸਾ ਨੇ ਕਿਹਾ ਕਿ ਪਿਛਲੇ ਕੁਝ ਦਿਨਾਂ ਤੋਂ ਪਾਕਿਸਤਾਨ ਵਿਚ ਲਗਾਤਾਰ ਕਰਤਾਰਪੁਰ ਸਾਹਿਬ ਲਾਂਘੇ ਦੇ ਖਿਲਾਫ ਕੁੜਤਣ ਭਰੀ ਬਿਆਨਬਾਜ਼ੀ ਹੋ ਰਹੀ ਹੈ। ਉਹਨਾਂ ਕਿਹਾ ਕਿ ਪਹਿਲਾਂ ਇਕ ਮੌਲਵੀ ਖਾਦਿਮ ਹੁਸੈਨ ਰਿਜ਼ਵੀ ਨੇ ਕਰਤਾਰਪੁਰ ਸਾਹਿਬ, ਗੁਰੂ ਨਾਨਕ ਦੇਵ ਜੀ ਅਤੇ ਮਹਾਰਾਜਾ ਰਣਜੀਤ ਸਿੰਘ ਦੇ ਖਿਲਾਫ ਬਿਆਨਬਾਜ਼ੀ ਕੀਤੀ ਸੀ|

ਜਿਸ ਮਗਰੋਂ ਉਹਨਾਂ ਦੇ ਰੇਲ ਮੰਤਰੀ ਨੇ ਕਰਤਾਰਪੁਰ ਸਾਹਿਬ ਨੂੰ ਜਨਰਲ ਬਾਜਵਾ ਦੀ ਸਾਜ਼ਿਸ਼ ਦੱਸਿਆ ਤੇ ਹੁਣ ਇਕ ਹੋਰ ਮੌਲਵੀ ਨਫਰਤ ਭਰੀ ਬਿਆਨਬਾਜ਼ੀ ਕਰਦਿਆਂ ਇਹ ਦਾਅਵਾ ਕਰ ਰਿਹਾ ਹੈ ਕਿ ਅਸੀਂ ਸਿੱਖਾਂ ਤੇ ਭਾਰਤ ਦੇ ਮੁਸਲਮਾਨਾਂ ਨੂੰ ਨਾਲ ਲੈ ਕੇ ਹਿੰਦੁਸਤਾਨ ‘ਤੇ ਹਮਲਾ ਕਰਾਂਗੇ ਅਤੇ ਹਿੰਦੂਆਂ ਨੂੰ ਖਤਮ ਕਰ ਦਿਆਂਗੇ।

ਸ੍ਰੀ ਸਿਰਸਾ ਨੇ ਕਿਹਾ ਕਿ ਇਮਰਾਨ ਖਾਨ ਨੂੰ ਤੁਰੰਤ ਆਪਣੇ ਰੇਲ ਮੰਤਰੀ ਨੂੰ ਬਰਖ਼ਾਸਤ ਕਰ ਦੇਣਾ ਚਾਹੀਦਾ ਹੈ ਅਤੇ ਦੋਵੇਂ ਮੌਲਵੀਂਆਂ ਖਿਲਾਫ ਕੇਸ ਦਰਜ ਕਰ ਕੇ ਉਹਨਾਂ ਨੂੰ ਜੇਲ ਵਿਚ ਡੱਕਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਸਿੱਖਾਂ ਅਤੇ ਹਿੰਦੂਆਂ ਖਿਲਾਫ ਨਫਰਤ ਭਰੀ ਬਿਆਨਬਾਜ਼ੀ ਤੁਰੰਤ ਬੰਦ ਹੋਣੀ ਚਾਹੀਦੀ ਹੈ।

ਦਿੱਲੀ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਨੇ ਕਿਹਾ ਕਿ ਅਜਿਹਾ ਜਾਪਦਾ ਹੈ ਕਿ ਵਾਰ ਵਾਰ ਕਰਤਾਰਪੁਰ ਸਾਹਿਬ ਲਾਂਘੇ ਦੇ ਮਾਮਲੇ ‘ਤੇ ਹਮਲਾ ਲਾਂਘੇ ਨੂੰ ਬੰਦ ਕਰਨ ਦੀ ਸਾਜ਼ਿਸ਼ ਹੈ। ਉਹਨਾਂ ਕਿਹਾ ਕਿ ਕਰਤਾਰਪੁਰ ਸਾਹਿਬ ਸਾਡੇ ਲਈ ਪਵਿੱਤਰ ਧਰਤੀ ਹੈ ਤੇ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਦੇ ਰਾਹ ਵਿਚ ਕੋਈ ਰੁਕਾਵਟ ਨਹੀਂ ਆਉਣੀ ਚਾਹੀਦੀ।

ਉਹਨਾਂ ਕਿਹਾ ਕਿ 72 ਸਾਲਾਂ ਬਾਅਦ ਸਿੱਖਾਂ ਨੂੰ ਆਪਣੇ ਗੁਰੂ ਸਾਹਿਬ ਦੇ ਸਥਾਨ ਦੇ ਦਰਸ਼ਨ ਕਰਨ ਦਾ ਸੁਭਾਗ ਪ੍ਰਾਪਤ ਹੋਇਆ ਹੈ ਤੇ ਇਸ ਖਿਲਾਫ ਕਿਸੇ ਵੀ ਤਰ•ਾਂ ਦੀ ਸਾਜ਼ਿਸ਼ ਰਚਣ ਵਾਲਿਆਂ ਦੇ ਖਿਲਾਫ ਕਾਰਵਾਈ ਹੋਣੀ ਚਾਹੀਦੀ ਹੈ।