ਫਾਜ਼ਿਲਕਾ, 19 ਫਰਵਰੀ, 2020:
ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਚੰਗੀਆਂ ਸਿਹਤ ਸੇਵਾਵਾਂ ਦੇਣ ਅਤੇ ਲੋਕ ਭਲਾਈ ਦੇ ਕਾਰਜ਼ਾਂ ਨੂੰ ਪਹਿਲਕਦਮੀ ਨਾਲ ਹਲ ਕਰਨ ਲਈ ਵਚਨਬੱਧ ਹੈ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਸ੍ਰ. ਬਲਬੀਰ ਸਿੰਘ ਸਿੱਧੂ ਨੇ ਅੱਜ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ਼ ਵਿਖੇ ਸ਼ਿਕਾਇਤ ਨਿਵਾਰਨ ਕਮੇਟੀ ਦੀ ਮੀਟਿੰਗ ਕਰਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ।
ਸ. ਸਿੱਧੂ ਨੇ ਕਿਹਾ ਕਿ ਰਾਜ ਅੰਦਰ ਕੋਰੋਨਾ ਵਾਈਰਸ ਨੂੰ ਫੈਲਣ ਤੋਂ ਰੋਕਣ ਲਈ ਪੰਜਾਬ ਸਰਕਾਰ ਵੱਲੋਂ ਪੁਖਤਾ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਮੋਹਾਲੀ ਅਤੇ ਅੰਮਿ੍ਰਤਸਰ ਹਵਾਈ ਅੱਡੇ ’ਤੇ ਬਾਹਰੋ ਆਉਣ ਵਾਲੇ ਯਾਤਰੀਆਂ ਦੀ ਜਾਂਚ ਲਈ ਟੀਮਾਂ ਨਿਯੁਕਤ ਕੀਤੀਆ ਗਈਆਂ ਹਨ, ਜਿਨ੍ਹਾਂ ਦਾ ਤੁਰੰਤ ਬਲੱਡ ਸੈਂਪਲ ਲੈ ਕੇ ਜਾਂਚ ਕਰਵਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਕੋਰੋਨਾਂ ਵਾਈਰਸ ਦੀ ਬਿਮਾਰੀ ਦੇ ਢੁੱਕਵੇਂ ਇਲਾਜ ਲਈ ਰਾਜ ਦੇ ਸਰਕਾਰੀ ਹਸਤਪਾਲਾਂ ਅੰਦਰ ਸਪੈਸ਼ਲ ਵਾਰਡ ਬਣਾਏ ਗਏ ਹਨ।
ਇਕ ਸਵਾਲ ਦੇ ਜਵਾਬ ਦਿੰਦਿਆਂ ਸ. ਸਿੱਧੂ ਨੇ ਕਿਹਾ ਕਿ ਰਾਜ ਅੰਦਰ ਗੈਰ ਕਾਨੰੂਨੀ ਢੰਗ ਨਾਲ ਮਾਈਨਿੰਗ ਕਰਨ ਵਾਲਿਆਂ ਨੂੰ ਕਿਸੇ ਕੀਮਤ ’ਤੇ ਬਖਸ਼ਿਆਂ ਨਹੀ ਜਾਵੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਨਸ਼ਿਆਂ ਦੇ ਕਾਰੋਬਾਰ ਕਰਨ ਵਾਲੇ ਅਤੇ ਗੈਰ ਕਾਨੂੰਨੀ ਕੰਮਾਂ ਅੰਦਰ ਸ਼ਾਮਿਲ ਵਿਅਕਤੀਆਂ ਦੇ ਖਿਲਾਫ਼ ਸਖ਼ਤ ਕਾਰਵਾਈ ਕਰਨ ਦੇ ਪਹਿਲਾ ਹੀ ਸਖ਼ਤ ਆਦੇਸ਼ ਜਾਰੀ ਕੀਤੇ ਗਏ ਹਨ।
ਉਨ੍ਹਾਂ ਕਿਹਾ ਕਿ ਸਰਕਾਰੀ ਹਸਤਪਾਲਾਂ ਅੰਦਰ 58 ਡਾਕਟਰਾਂ ਦੀ ਭਰਤੀ ਪ੍ਰਕਿਰਿਆਂ ਦਾ ਕੰਮ ਚਲ ਰਿਹਾ ਹੈ ਜਿਸਦੇ ਵਿੱਚ ਹੋਰ ਇਜ਼ਾਫਾ ਕਰਨ ਲਈ ਉਪਰਾਲੇ ਕੀਤੇ ਜਾਣਗੇ। ਇਕ ਹੋਰ ਸਵਾਲ ਦੇ ਜਵਾਬ ਦਿੰਦਿਆਂ ਸ. ਸਿੱਧੂ ਨੇ ਕਿਹਾ ਕਿ ਮੁੱਖ ਮੰਤਰੀ ਕੈਂਸਰ ਰਾਹਤ ਕੌਸ਼ ਯੋਜਨਾ ਤਹਿਤ ਲੋੜਵੰਦ ਕੈਂਸਰ ਪੀੜ੍ਹਤ ਮਰੀਜ਼ਾਂ ਨੂੰ ਡੇਢ ਲੱਖ ਰੁਪਏ ਤੱਕ ਇਲਾਜ ਦੀ ਸੁਵਿਧਾ ਉਪਲੱਬਧ ਹੈ।
ਉਨ੍ਹਾਂ ਕਿਹਾ ਕਿ ਸੰਗਰੂਰ ਦੇ ਹੌਮੀ ਭਾਭਾ ਕੈਂਸਰ ਹਸਪਤਾਲ ਵਿਖੇ ਕੈਂਸਰ ਦੇ ਇਲਾਜ ਕਰਵਾ ਰਹੇ ਮਰੀਜ਼ਾਂ ਨੂੰ 2 ਕਰੋੜ ਰੁਪਏ ਤੋਂ ਵਧੇਰੇ ਦੀ ਰਾਸ਼ੀ ਮੁਹੱਈਆ ਕਰਵਾਈ ਗਈ ਹੈ।
ਸ. ਸਿੱਧੂ ਨੇ ਡਿਪਟੀ ਕਮਿਸ਼ਨਰ ਸ੍ਰ. ਸੰਧੂ ਨੂੰ ਜ਼ਿਲ੍ਹਾ ਫਾਜ਼ਿਲਕਾ ਦੇ ਸਮੂਹ ਸਕੂਲ ਪ੍ਰਬੰਧਕਾਂ ਨੂੰ ਸਕੂਲੀ ਵਿਦਿਆਰਥੀਆਂ ਦੀ ਸੁਰੱਖਿਆ ਦੇ ਮੱਦੇਨਜ਼ਰ ਸੇਫ਼ ਸਕੂਲ ਵਾਹਨ ਪਾਲਿਸੀ ਦੇ ਨਿਯਮਾਂ ਦੀ ਪਾਲਣਾ ਕਰਨ ਲਈ ਲਿਖਤੀ ਹਦਾਇਤਾਂ ਜਾਰੀ ਕਰਨ ਲਈ ਆਖਿਆ। ਉਨ੍ਹਾਂ ਕਿਹਾ ਕਿ ਓਵਰਲੋਡਿੰਗ ਕਰਨ ਵਾਲੀਆਂ ਗੱਡੀਆਂ ਅਤੇ ਟਿੱਪਰ ਟਰਾਲਿਆਂ ਤੇ ਸਖ਼ਤ ਕਾਰਵਾਈ ਕੀਤੀ ਜਾਵੇ।
ਇਸ ਮੌਕੇ ਐਮ.ਐਲ.ਏ ਫਾਜ਼ਿਲਕਾ ਦਵਿੰਦਰ ਸਿੰਘ ਘੁਬਾਇਆ, ਐਮ.ਐਲ.ਏ ਜਲਾਲਾਬਾਦ ਰਮਿੰਦਰ ਆਂਵਲਾ, ਸੀਨੀਅਰ ਕਾਂਗਰਸੀ ਆਗੂ ਸੰਦੀਪ ਜਾਖੜ , ਸੁਖਵਿੰਦਰ ਸਿੰਘ ਕਾਕਾ ਕੰਬੋਜ਼, ਕਾਂਗਰਸੀ ਆਗੂ ਬੀ.ਡੀ. ਕਾਲੜਾ, ਐਸ.ਐਸ.ਪੀ ਫਾਜ਼ਿਲਕਾ ਹਰਜੀਤ ਸਿੰਘ ਅਤੇ ਹੋਰ ਅਧਿਕਾਰੀ ਹਾਜ਼ਰ ਸਨ।