ਕਰੋਨਾ ਵੈਕਸੀਨ ਦੀਆਂ ਦੋਵੇਂ ਖੁਰਾਕਾਂ ਨਾ ਲੈਣ ਵਾਲੇ ਲੋਕਾਂ ਦੇ ਜਨਤਕ ਥਾਵਾਂ ਤੇ ਜਾਣ ਤੇ ਰੋਕ ਲੱਗੇਗੀ: ਡਿਪਟੀ ਕਮਿਸ਼ਨਰ ਵਿਮਲ ਕੁਮਾਰ ਸੇਤੀਆ

ਯੈੱਸ ਪੰਜਾਬ
ਫਰੀਦਕੋਟ, 30 ਦਸੰਬਰ, 2021 –
ਡਿਪਟੀ ਕਮਿਸ਼ਨਰ ਸ੍ਰੀ ਵਿਮਲ ਕੁਮਾਰ ਸੇਤੀਆ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਓਮੀਕਰੋਨ ਦੇ ਵੱਧ ਰਹੇ ਮਾਮਲਿਆਂ ਦੇ ਮੱਦੇਨਜਰ ਕਰੋਨਾ ਵੈਕਸੀਨ ਦੀਆਂ ਦੋਵੇਂ ਖੁਰਾਕਾਂ ਨਾ ਲੈਣ ਵਾਲੇ ਵਿਅਕਤੀਆਂ ਨੂੰ ਜਨਤਕ ਥਾਵਾਂ ਤੇ ਨਾ ਜਾਣ ਦੀਆਂ ਹਦਾਇਤਾਂ ਜਾਰੀ ਕੀਤੀਆਂ ਹਨ।

ਉਨ੍ਹਾਂ ਕਿਹਾ ਕਿ ਵੈਕਸੀਨ ਦੀਆਂ ਦੋਵੇਂ ਖੁਰਾਕਾਂ ਨਾ ਲੈਣ ਵਾਲੇ ਵਿਅਕਤੀਆਂ ਦੇ ਜਨਤਕ ਥਾਵਾਂ ਤੇ ਜਾਣ ਤੇ ਰੋਕ ਲਗਾਈ ਜਾਵੇਗੀ। ਇਹ ਹੁਕਮ 15 ਜਨਵਰੀ ਤੋਂ ਲਾਗੂ ਹੋਣਗੇ। ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਹੁਕਮਾਂ ਅਨੁਸਾਰ ਜਨਤਕ ਥਾਵਾਂ ਜਿਵੇਂ ਕਿ ਸਬਜੀ ਮੰਡੀ, ਮਾਲ, ਅਨਾਜ ਮੰਡੀ, ਟਰਾਂਸਪੋਰਟ, ਧਾਰਮਿਕ ਅਸਥਾਨ, ਮਾਰਕੀਟ, ਸ਼ਪਿੰਗ ਕੰਪਲੈਕਸ ਸਮੇਤ ਭੀੜ ਵਾਲੀਆਂ ਥਾਵਾਂ ਤੇ ਉਹੀ ਲੋਕ ਜਾ ਸਕਣਗੇ ਜਿਨ੍ਹਾਂ ਨੇ ਕੋਵਿਡ 19 ਦੀਆਂ ਦੋਵੇਂ ਖੁਰਾਕਾਂ ਲਈਆ ਹੋਣ।

ਉਨ੍ਹਾਂ ਕਿਹਾ ਕਿ ਸਰਕਾਰੀ ਅਧਿਕਾਰੀ ਤੇ ਮੁਲਾਜਮ ਵੀ ਤਾਂ ਹੀ ਦਫਤਰਾਂ ਵਿੱਚ ਜਾ ਸਕਣਗੇ ਜੇਕਰ ਉਨ੍ਹਾਂ ਦੋਵੇਂ ਟੀਕੇ ਲਗਵਾਏ ਹੋਣ। ਹੋਟਲ, ਰੇਸਤਰਾਂ, ਮਾਲ, ਸ਼ਾਪਿੰਗ ਕੰਪਲੈਕਸ, ਸਿਨੇਮਾ ਹਾਲ ਤੇ ਜਿੰਮ ਵਿੱਚ ਵੀ ਵੈਕਸੀਨ ਲੈਣ ਵਾਲੇ ਵਿਅਕਤੀ ਹੀ ਜਾ ਸਕਣਗੇ।

ਡਿਪਟੀ ਕਮਿਸ਼ਨਰ ਸ੍ਰੀ ਵਿਮਲ ਕੁਮਾਰ ਸੇਤੀਆ ਨੇ ਪ੍ਰਸ਼ਾਸ਼ਨਿਕ ਅਧਿਕਾਰੀਆਂ, ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਕਰੋਨਾ ਦੀ ਰੋਕਥਾਮ ਲਈ ਜਿਲੇ ਵਿੱਚ ਟੀਕਾਕਰਨ ਦੇ ਕੰਮ ਵਿਚ ਹੋਰ ਤੇਜ਼ੀ ਲਿਆਉਣ । ਸ੍ਰੀ ਸੇਤੀਆ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਦੋ ਲੱਖ ਦੇ ਕਰੀਬ ਅਜਿਹੇ ਲੋਕ ਵੀ ਹਨ ਜਿਨ੍ਹਾਂ ਨੇ ਅਜੇ ਤੱਕ ਕਰੋਨਾ ਦੀ ਦੂਜੀ ਡੋਜ ਨਹੀਂ ਲਵਾਈ।

ਉਨ੍ਹਾਂ ਕਿਹਾ ਕਿ ਇਸ ਵਿਚ ਜ਼ਿਆਦਾਤਰ ਲੋਕ ਪੇਂਡੂ ਖੇਤਰਾਂ ਨਾਲ ਸਬੰਧਤ ਹਨ। ਉਨ੍ਹਾਂ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ, ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਇਸ ਕੰਮ ਵਿੱਚ ਪਿੰਡਾਂ ਦੀਆਂ ਪੰਚਾਇਤਾਂ, ਸਵੈ-ਸੇਵੀ ਸੰਸਥਾਵਾਂ ਅਤੇ ਹੋਰ ਜਨਤਕ ਨੁਮਾਇੰਦਿਆਂ ਦਾ ਵਿਸ਼ੇਸ਼ ਸਹਿਯੋਗ ਲਿਆ ਜਾਵੇ ਅਤੇ ਪਿੰਡਾਂ ਦੀਆਂ ਧਾਰਮਿਕ ਸੰਸਥਾਵਾਂ ਤੋਂ ਸਵੇਰੇ-ਸ਼ਾਮ ਲੋਕਾਂ ਨੂੰ ਕਰੋਨਾ ਤੋਂ ਬਚਾਅ ਲਈ ਟੀਕਾ ਕਰਨ ਕਰਵਾਉਣ ਲਈ ਅਪੀਲ ਕੀਤੀ ਜਾਵੇ ।

ਉਨ੍ਹਾਂ ਕਿਹਾ ਕਿ 3 ਜਨਵਰੀ 2022 ਤੋਂ 15 ਸਾਲ ਦੇ ਬੱਚਿਆਂ ਨੂੰ ਵੀ ਕਰੋਨਾ ਵੈਕਸੀਨੇਸ਼ਨ ਲਗਾਉਣ ਦੀ ਯੋਜਨਾ ਹੈ। ਉਨ੍ਹਾਂ ਸਮੂਹ ਜਿਲਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਕੰਮ ਵਿੱਚ ਜਿਲਾ ਪ੍ਰਸ਼ਾਸ਼ਨ, ਸਿਹਤ ਵਿਭਾਗ ਦੀਆਂ ਟੀਮਾਂ ਦਾ ਪੂਰਨ ਸਹਿਯੋਗ ਕਰਨ ਤਾਂ ਜੋ ਫਰੀਦਕੋਟ ਜਿਲੇ ਵਿੱਚ 100 ਪ੍ਰਤੀਸ਼ਤ ਟੀਕਾਕਰਨ ਕਰਕੇ ਕਰੋਨਾ ਦੇ ਨਵੇਂ ਵੈਰੀਏਂਟ ਓਮੀਕਰੋਨ ਤੋਂ ਬਚਾਅ ਲਈ ਸਰਕਾਰ ਅਤੇ ਸਿਹਤ ਵਿਭਾਗ ਵੱਲੋਂ ਸਮੇਂ ਸਮੇਂ ਤੇ ਜਾਰੀ ਸਾਵਧਾਨੀਆਂ ਦੀ ਪਾਲਣਾ ਕੀਤੀ ਜਾ ਸਕੇ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ