ਕੇਂਦਰ ਸਰਕਾਰ ਵੱਲੋਂ ਸੁਲਤਾਨਪੁਰ ਲੋਧੀ ਸਮਾਰਟ ਸਿਟੀ ਪ੍ਰੋਜੈਕਟ ਲਈ ਪਹਿਲੀ ਕਿਸ਼ਤ ਵਜੋਂ 27.11 ਕਰੋੜ ਰੁਪਏ ਜਾਰੀ

ਚੰਡੀਗੜ੍ਹ, 28 ਸਤੰਬਰ, 2019:

ਕੇਂਦਰੀ ਫੂਡ ਪ੍ਰੋਸੈਸਿੰਗ ਇੰਡਸਟਰੀਜ਼ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਨੇ ਅੱਜ ਦੱਸਿਆ ਕਿ ਕੇਂਦਰ ਸਰਕਾਰ ਨੇ ਸਮਾਰਟ ਸਿਟੀਜ਼ ਮਿਸ਼ਨ ਦੇ ਸਿਧਾਂਤਾਂ ਅਨੁਸਾਰ ਪਵਿੱਤਰ ਸ਼ਹਿਰ ਸੁਲਤਾਨਪੁਰ ਲੋਧੀ ਨੂੰ ਸਮਾਰਟ ਸਿਟੀ ਵਜੋਂ ਵਿਕਸਤ ਕਰਨ ਲਈ ਪੰਜਾਬ ਸਰਕਾਰ ਨੂੰ 27.11 ਕਰੋੜ ਰੁਪਏ ਦੀ ਪਹਿਲੀ ਕਿਸ਼ਤ ਜਾਰੀ ਕਰ ਦਿੱਤੀ ਹੈ।

ਇਸ ਦਾ ਖੁਲਾਸਾ ਕਰਦਿਆਂ ਬੀਬਾ ਬਾਦਲ ਨੇ ਕਿਹਾ ਕਿ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪਰਕਾਸ਼ ਪੁਰਬ ਉੱਤੇ ਉਹਨਾਂ ਨੂੰ ਸ਼ਾਨਦਾਰ ਸ਼ਰਧਾਂਜ਼ਲੀ ਦੇਣ ਲਈ ਇਸ ਪ੍ਰਾਜੈਕਟ ਵਾਸਤੇ 135.5 ਕਰੋੜ ਰੁਪਏ ਦੀ ਮਨਜ਼ੂਰੀ ਦਿੱਤੀ ਜਾ ਚੁੱਕੀ ਹੈ।

ਬੀਬਾ ਬਾਦਲ ਨੇ ਦੱਸਿਆ ਕਿ ਉਹਨਾਂ ਨੂੰ ਕੇਂਦਰ ਸਰਕਾਰ ਵੱਲੋਂ ਜਾਣਕਾਰੀ ਦਿੱਤੀ ਗਈ ਹੈ ਕਿ ਪਵਿੱਤਰ ਸ਼ਹਿਰ ਸੁਲਤਾਨਪੁਰ ਲੋਧੀ ਨੂੰ ਇੱਕ ਸਮਾਰਟ ਸਿਟੀ ਬਣਾਉਣ ਵਾਸਤੇ 27.11 ਕਰੋੜ ਰੁਪਏ ਦੀ ਪਹਿਲੀ ਕਿਸ਼ਤ ਪੰਜਾਬ ਸਰਕਾਰ ਨੂੰ ਜਾਰੀ ਕਰ ਦਿੱਤੀ ਗਈ ਹੈ। ਉਹਨਾਂ ਕਿਹਾ ਕਿ ਗੁਰੂ ਸਾਹਿਬ ਦੇ 550ਵੇਂ ਪਰਕਾਸ਼ ਪੁਰਬ ਉੱਤੇ ਇਸ ਪਵਿੱਤਰ ਸ਼ਹਿਰ ਨੂੰ ਸਮਾਰਟ ਸਿਟੀ ਦਾ ਰੂਪ ਦੇਣਾ ਸਮੁੱਚੀ ਸਿੱਖ ਸੰਗਤ ਵਾਸਤੇ ਇੱਕ ਅਭੁੱਲ ਤੋਹਫਾ ਹੋਵੇਗਾ।

ਇਸ ਬਾਰੇ ਹੋਰ ਜਾਣਕਾਰੀ ਦਿੰਦਿਆਂ ਕੇਂਦਰੀ ਮੰਤਰੀ ਨੇ ਕਿਹਾ ਕਿ ਪਵਿੱਤਰ ਸਿਟੀ ਦੇ ਵਿਕਾਸ ਉੱਤੇ ਕੁੱਲ ਖਰਚਾ 271 ਕਰੋੜ ਰੁਪਏ ਆਉਣ ਦਾ ਅਨੁਮਾਨ ਹੈ, ਜੋ ਕਿ ਕੇਂਦਰ ਅਤੇ ਸੂਬਾ ਸਰਕਾਰ ਦੋਵਾਂ ਵੱਲੋਂ ਬਰਾਬਰ ਉਠਾਇਆ ਜਾਵੇਗਾ।

ਉਹਨਾਂ ਅੱਗੇ ਦੱਸਿਆ ਕਿ ਆਵਾਸ ਅਤੇ ਸ਼ਹਿਰੀ ਮਾਮਲੇ ਮੰਤਰਾਲੇ ਦਾ ਹਿੱਸਾ ਤਿੰਨ ਕਿਸ਼ਤਾਂ ਵਿਚ 20:40:40 ਪ੍ਰਤੀਸ਼ਤ ਦੇ ਅਨੁਪਾਤ ਨਾਲ ਜਾਰੀ ਕੀਤਾ ਜਾਵੇਗਾ। ਉਹਨਾਂ ਅੱਗੇ ਦੱਸਿਆ ਕਿ ਇਸ ਪ੍ਰਾਜੈਕਟ ਨੂੰ ਸ਼ੁਰੂ ਕਰਨ ਵਾਸਤੇ ਕੇਂਦਰੀ ਮੰਤਰਾਲੇ ਵੱਲੋਂ 20 ਫੀਸਦੀ ਅਨੁਸਾਰ 27.11ਕਰੋੜ ਰੁਪਏ ਦੀ ਪਹਿਲੀ ਕਿਸ਼ਤ ਸੂਬਾ ਸਰਕਾਰ ਨੂੰ ਜਾਰੀ ਕਰ ਦਿੱਤੀ ਗਈ ਹੈ।

ਪਵਿੱਤਰ ਨਗਰੀ ਦੇ ਵਿਕਾਸ ਅਤੇ ਸੁਰੱਖਿਆ ਲਈ ਕੇਂਦਰ ਸਰਕਾਰ ਵੱਲੋਂ ਸ਼ੁਰੂ ਕੀਤੇ ਬਾਕੀ ਪ੍ਰਾਜੈਕਟਾਂ ਬਾਰੇ ਜਾਣਕਾਰੀ ਦਿੰਦਿਆਂ ਕੇਂਦਰੀ ਮੰਤਰੀ ਨੇ ਦੱਸਿਆ ਕਿ ਕੇਂਦਰ ਸਰਕਾਰ ਵੱਲੋਂ ਸੁਬਾਈ ਪੁਲਿਸ ਦਸਤਿਆਂ ਦੇ ਆਧੁਨਿਕੀਕਰਨ ਲਈ ਤਿਆਰ ਕੀਤੀ ਸਕੀਮ ਤਹਿਤ ਕਰਤਾਰਪੁਰ ਲਾਂਘੇ ਵਾਸਤੇ ਡੇਰਾ ਬਾਬਾ ਨਾਨਕ ਵਿਖੇ ਮਜ਼ਬੂਤ ਸੁਰੱਖਿਆ ਢਾਂਚੇ ਦੀ ਉਸਾਰੀ ਲਈ ਪੰਜਾਬ ਸਰਕਾਰ ਨੂੰ 15.78 ਕਰੋੜ ਰੁਪਏ ਦੀ ਸਹਾਇਤਾ ਲਈ ਪ੍ਰਵਾਨਗੀ ਦੇ ਦਿੱਤੀ ਹੈ।

ਉਹਨਾਂ ਦੱਸਿਆ ਕਿ ਇਸ ਸਕੀਮ ਤਹਿਤ 150 ਪੁਲਿਸ ਕਰਮਚਾਰੀਆਂ ਲਈ ਰਿਹਾਇਸ ਦੀ ਸਹੂਲਤ ਸਮੇਤ ਪੁਲਿਸ ਸਟੇਸ਼ਨਾਂ ਅਤੇ ਦਫਤਰਾਂ ਦੀ ਉਸਾਰੀ ਤੋਂ ਇਲਾਵਾ 50 ਰਿਹਾਇਸ਼ੀ ਫਲੈਟਾਂ ਦੀ ਉਸਾਰੀ ਕੀਤੀ ਜਾਵੇਗੀ।

ਬੀਬਾ ਬਾਦਲ ਨੇ ਇਹ ਵੀ ਦੱਸਿਆ ਕਿ ਕੇਂਦਰ ਸਰਕਾਰ ਨੇ ਕਰਤਾਰਪੁਰ ਸਾਹਿਬ ਲਾਂਘੇ ਵਾਸਤੇ ਅਨੁਮਾਨਿਤ ਸਿਵਲ ਖਰਚਿਆਂ ਅਤੇ ਜ਼ਮੀਨ ਐਕੁਆਇਰ ਕਰਨ ਵਰਗੀਆਂ ਉਸਾਰੀ ਤੋਂ ਪਹਿਲਾਂ ਦੀਆਂ ਗਤੀਵਿਧੀਆਂ ਲਈ ਕ੍ਰਮਵਾਰ 94 ਕਰੋੜ ਅਤੇ 26 ਕਰੋੜ ਰੁਪਏ ਦੀ ਮਨਜ਼ੂਰੀ ਦੇ ਦਿੱਤੀ ਹੈ।

ਇਸ ਨੂੰ ਵੀ ਪੜ੍ਹੋ:
ਚਿੱਠੀ ਲਿਖ਼ ਬਾਵੇ ਨੇ ਪਾਈ ਮਰਜਾਣੇ ਮਾਨ ਨੂੰ – ਐੱਚ.ਐੱਸ.ਬਾਵਾ – ਇੱਥੇ ਕਲਿੱਕ ਕਰੋ

Share News / Article

YP Headlines