ਕੈਨੇਡਾ ਦੀ ਮੈਂਬਰ ਪਾਰਲੀਮੈਂਟ ਸੋਨੀਆ ਸਿੱਧੂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪ੍ਰਗਟਾਈ ਸ਼ਰਧਾ

ਅੰਮ੍ਰਿਤਸਰ, 8 ਜਨਵਰੀ, 2019 –
ਕੈਨੇਡਾ ਦੇ ਬਰੈਂਪਟਨ ਸਾਊਥ ਤੋਂ ਮੈਂਬਰ ਪਾਰਲੀਮੈਂਟ ਸੋਨੀਆ ਸਿੱਧੂ ਨੇ ਅੱਜ ਮਨੁੱਖਤਾ ਦੇ ਅਧਿਆਤਮਿਕ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ। ਅੰਮ੍ਰਿਤਸਰ ਦੀ ਜਮਪਲ ਸੋਨੀਆ ਸਿੱਧੂ ਕੈਨੇਡਾ ਵਿਚ ਲਗਾਤਾਰ ਦੂਜੀ ਵਾਰ ਮੈਂਬਰ ਪਾਰਲੀਮੈਂਟ ਬਣੇ ਹਨ।

ਇਸ ਮੌਕੇ ਉਨ੍ਹਾਂ ਕਿਹਾ ਕਿ ਉਹ ਆਪਣੀ ਜਿੱਤ ਲਈ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਗੁਰੂ ਸਾਹਿਬ ਦਾ ਸ਼ੁਕਰਾਨਾ ਕਰਨ ਲਈ ਆਏ ਹਨ। ਉਨ੍ਹਾਂ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਵਡਿਆਈ ਬਹੁਤ ਵੱਡੀ ਹੈ ਅਤੇ ਇਥੇ ਮੱਥਾ ਟੇਕ ਕੇ ਮਾਨਸਿਕ ਸਕੂਨ ਦਾ ਅਹਿਸਾਸ ਹੋਇਆ ਹੈ। ਉਨ੍ਹਾਂ ਗੁਰੂ ਸਾਹਿਬ ਦਾ ਸ਼ੁਕਰਾਨਾ ਕਰਦਿਆਂ ਕਿਹਾ ਕਿ ਕੈਨੇਡਾ ਵਰਗੇ ਵਿਕਸਤ ਦੇਸ਼ ਅੰਦਰ ਪਾਰਲੀਮੈਂਟ ਮੈਂਬਰ ਵਜੋਂ ਸੇਵਾ ਮਿਲਣੀ ਗੁਰੂਆਂ ਦੀ ਬਖਸ਼ਿਸ਼ ਹੀ ਹੈ।

ਇਥੇ ਕੀਤੀ ਅਰਦਾਸ ਬਿਰਥੀ ਨਹੀਂ ਜਾਂਦੀ ਅਤੇ ਇਸ ਪਾਵਨ ਅਸਥਾਨ ਤੋਂ ਮਿਲੀ ਆਤਮਿਕ ਸ਼ਕਤੀ ਹਰ ਰਾਹ ਨੂੰ ਸੁਖਾਲਾ ਬਣਾਉਂਦੀ ਹੈ। ਇਸ ਮੌਕੇ ਉਨ੍ਹਾਂ ਨੁੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਗੁਰੂ ਬਖਸ਼ਿਸ਼ ਸਿਰੋਪਾਓ, ਸਨਮਾਨ ਚਿੰਨ੍ਹ ਅਤੇ ਧਾਰਮਿਕ ਪੁਸਤਕਾਂ ਦੇ ਕੇ ਸਨਮਾਨਿਤ ਕੀਤਾ। ਇਸ ਦੌਰਾਨ ਡਾ. ਰੂਪ ਸਿੰਘ ਨੇ ਕਿਹਾ ਕਿ ਪੰਜਾਬੀਆਂ ਨੇ ਪੂਰੀ ਦੁਨੀਆ ਅੰਦਰ ਜੋ ਪ੍ਰਾਪਤੀਆਂ ਕੀਤੀਆਂ ਹਨ, ਉਸ ਵਿਚ ਵਿਰਸੇ ਦੀ ਅਮੀਰੀ ਦਾ ਅਹਿਮ ਯੋਗਦਾਨ ਹੈ।

ਉਨ੍ਹਾਂ ਆਸ ਪ੍ਰਗਟਾਈ ਕਿ ਕੈਨੇਡਾ ਐਮਪੀ ਸੋਨੀਆ ਸਿੱਧੂ ਲੋਕ ਸੇਵਾ ਵਿਚ ਇਸੇ ਤਰ੍ਹਾਂ ਸਰਗਰਮ ਰਹਿਣਗੇ ਅਤੇ ਪੰਜਾਬ ਤੋਂ ਕੈਨੇਡਾ ਗਏ ਲੋਕਾਂ ਦੀਆਂ ਮੁਸ਼ਕਿਲਾਂ ਦੇ ਹੱਲ ਲਈ ਵੀ ਯਤਨਸ਼ੀਲ ਰਹਿਣਗੇ। ਇਸ ਮੌਕੇ ਐਮਪੀ ਸੋਨੀਆ ਸਿੱਧੂ ਦੇ ਪਰਿਵਾਰਕ ਮੈਂਬਰਾਂ ਤੋਂ ਇਲਾਵਾ ਸ. ਹਰਿੰਦਰ ਸਿੰਘ, ਸ. ਜਤਿੰਦਰਪਾਲ ਸਿੰਘ ਵੀ ਮੌਜੂਦ ਸਨ।

Share News / Article

YP Headlines

Loading...