ਕੈਪਟਨ ਅਮਰਿੰਦਰ ਲੋਕਾਂ ‘ਚ ਜਾਂਦੇ ਨਹੀਂ ਅਤੇ ਕਾਂਗਰਸੀ ਵਿਧਾਇਕ ਲੋਕਾਂ ਨਾਲ ਧੱਕੇਸ਼ਾਹੀਆਂ ਕਰ ਰਹੇ: ਸੁਖਬੀਰ ਬਾਦਲ

 •  
 •  
 •  
 •  
 •  
 •  
 •  
 •  
 •  
 •  
 •  
 •  
 •  
 •  
 •  
 •  

ਪਟਿਆਲਾ, 21 ਦਸੰਬਰ, 2019:

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਲੋਕਾਂ ‘ਚ ਜਾਂਦਾ ਨਹੀਂ ਹੈ ਅਤੇ ਕਾਂਗਰਸੀ ਵਿਧਾਇਕਾਂ ਦੀਆਂ ਧੱਕੇਸ਼ਾਹੀਆਂ ਨੇ ਲੋਕਾਂ ਦਾ ਜੀਉਣਾ ਦੁੱਭਰ ਕਰ ਰੱਖਿਆ ਹੈ।

ਉਹਨਾਂ ਪੁਲਿਸ ਅਧਿਕਾਰੀਆਂ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਉਹਨਾਂ ਨੇ ਪੀੜਤ ਲੋਕਾਂ ਨੂੰ ਇਨਸਾਫ ਨਾ ਦਿੱਤਾ ਤਾਂ ਸੂਬੇ ਅੰਦਰ ਅਕਾਲੀ-ਭਾਜਪਾ ਸਰਕਾਰ ਬਣਨ ਉੱਤੇ ਉਹਨਾਂ ਖ਼ਿਲਾਫ ਕਾਰਵਾਈ ਕੀਤੀ ਜਾਵੇਗੀ।

ਇੱਥੇ ਮਿੰਨੀ ਸਕੱਤਰੇਤ ਦੇ ਸਾਹਮਣੇ ਇੱਕ ਵੱਡੇ ਧਰਨੇ ਨੂੰ ਸੰਬੋਧਨ ਕਰਦਿਆਂ ਅਕਾਲੀ ਦਲ ਪ੍ਰਧਾਨ ਨੇ ਕਿਹਾ ਕਿ ਪੰਜਾਬ ਵਿਚ ਪਹਿਲਾਂ ਕਦੇ ਵੀ ਅਜਿਹੇ ਹਾਲਾਤ ਨਹੀਂ ਬਣੇ ਜਦੋਂ ਸਾਰੇ ਹੀ ਗੈਰਕਾਨੂੰਨੀ ਕੰਮ ਸੱਤਾਧਾਰੀ ਪਾਰਟੀ ਦੇ ਵਿਧਾਇਕਾਂ ਵੱਲੋਂ ਕੀਤੇ ਜਾ ਰਹੇ ਹਨ।

ਉਹਨਾਂ ਕਿਹਾ ਕਿ ਸਥਿਤੀ ਇਹ ਹੋਈ ਪਈ ਹੈ ਕਿ ਕਾਂਗਰਸੀ ਵਿਧਾਇਕ ਮਦਨ ਲਾਲ ਜਲਾਲਪੁਰ ਨੇ ਪੁਲਿਸ ਨੂੰ ਪਿੰਡ ਤਖਤੂਪੁਰਾ ਦੀ ਇੱਕ ਔਰਤ ਨੂੰ ਚੁੱਕ ਕੇ ਲਿਆਉਣ ਦਾ ਹੁਕਮ ਦੇ ਦਿੱਤਾ ਹੈ ਅਤੇ 42 ਪਿੰਡ ਵਾਸੀਆਂ ਖ਼ਿਲਾਫ ਝੂਠਾ ਪਰਚਾ ਦਰਜ ਕਰਵਾ ਦਿੱਤਾ ਹੈ।

ਪਟਿਆਲਾ ਦੇ ਐਸਐਸਪੀ ਨੂੰ ਇਸ ਮਾਮਲੇ ਵਿਚ ਤੁਰੰਤ ਕਾਰਵਾਈ ਕਰਨ ਅਤੇ ਝੂਠਾ ਕੇਸ ਵਾਪਸ ਲੈਣ ਲਈ ਆਖਦਿਆਂ ਸਰਦਾਰ ਬਾਦਲ ਨੇ ਕਿਹਾ ਕਿ ਜਦੋਂ ਸੂਬੇ ਵਿਚ ਅਕਾਲੀ-ਭਾਜਪਾ ਸਰਕਾਰ ਬਣ ਗਈ ਤਾਂ ਲੋਕਾਂ ਖ਼ਿਲਾਫ ਝੂਠੇ ਪਰਚੇ ਦਰਜ ਕਰਨ ਲਈ ਜ਼ਿੰਮੇਵਾਰ ਸਾਰੇ ਪੁਲਿਸ ਅਧਿਕਾਰੀਆਂ ਖ਼ਿਲਾਫ ਕਾਰਵਾਈ ਕੀਤੀ ਜਾਵੇਗੀ।

ਅਕਾਲੀ ਦਲ ਪ੍ਰਧਾਨ ਨੇ ਕਿਹਾ ਕਿ ਕਾਂਗਰਸੀ ਆਗੂ ਮੁੱਖ ਮੰਤਰੀ ਦੇ ਜ਼ੱਦੀ ਜ਼ਿਲ੍ਹੇ ਅੰਦਰ ਸਿਰਫ ਗੈਰਕਾਨੂੰਨੀ ਰੇਤ ਮਾਇਨਿੰਗ ਅਤੇ ਗੈਰਕਾਨੂੰਨੀ ਸ਼ਰਾਬ ਦਾ ਹੀ ਧੰਦਾ ਨਹੀਂ ਕਰ ਰਹੇ, ਸਗੋਂ ਨਸ਼ਾ ਤਸਕਰਾਂ ਕੋਲੋਂ ਮਹੀਨਾਵਾਰ ਪੈਸੇ ਵੀ ਲੈ ਰਹੇ ਹਨ। ਉਹਨਾਂ ਕਿਹਾ ਕਿ ਕਾਂਗਰਸੀ ਵਿਧਾਇਕਾਂ ਸਮੇਤ ਇਹਨਾਂ ਸਾਰੇ ਆਗੂਆਂ ਦੀ ਇਹਨਾਂ ਦੇ ਗੈਰਕਾਨੂੰਨੀ ਧੰਦਿਆਂ ਲਈ ਜੁਆਬਦੇਹੀ ਹੋਵੇਗੀ।

ਸਰਦਾਰ ਬਾਦਲ ਨੇ ਇਹ ਵੀ ਐਲਾਨ ਕੀਤਾ ਕਿ ਅਕਾਲੀ ਦਲ ਕਾਂਗਰਸ ਸਰਕਾਰ ਨੂੰ ਸ਼ਾਮਲਾਟ ਜ਼ਮੀਨਾਂ ਆਪਣੇ ਚਹੇਤਿਆਂ ਨੂੰ ਕੌਡੀਆਂ ਦੇ ਮੁੱਲ ਨਹੀਂ ਵੇਚਣ ਦੇਵੇਗਾ। ਮੁਸਲਿਮ ਭਾਈਚਾਰੇ ਦੇ ਇੱਕ ਵਫ਼ਦ ਵੱਲੋਂ ਅਕਾਲੀ ਦਲ ਪ੍ਰਧਾਨ ਨੂੰ ਇੱਕ ਮੰਗ-ਪੱਤਰ ਵੀ ਦਿੱਤਾ ਗਿਆ, ਜਿਸ ਵਿਚ ਭਾਈਚਾਰੇ ਵੱਲੋਂ ਨਾਗਰਿਕਤਾ ਸੋਧ ਐਕਟ (ਸੀਸੀਏ) ਵਿਚ ਮੁਸਲਿਮ ਲੋਕਾਂ ਨੂੰ ਸ਼ਾਮਿਲ ਕਰਨ ਸੰਬੰਧੀ ਸਰਦਾਰ ਬਾਦਲ ਵੱਲੋਂ ਲਏ ਸਟੈਂਡ ਦੀ ਸ਼ਲਾਘਾ ਕੀਤੀ।

ਸਰਦਾਰ ਬਾਦਲ ਨੇ ਕਿਹਾ ਕਿ ਉਹ ਸੰਸਦ ਵਿਚ ਇਹ ਗੱਲ ਸਪੱਸ਼ਟ ਕਰ ਚੁੱਕੇ ਹਨ ਅਤੇ ਲਗਾਤਾਰ ਇਸ ਮੱਤ ਦੇ ਧਾਰਨੀ ਹਨ ਕਿ ਲੋਕਤੰਤਰੀ ਅਤੇ ਧਰਮਨਿਰਪੱਖਤਾ ਦੇ ਸਿਧਾਂਤਾਂ ਅਤੇ ਗੁਰੂ ਸਾਹਿਬਾਨ ਦੇ ‘ਸਰਬਤ ਦਾ ਭਲਾ’ ਦੇ ਸੁਨੇਹੇ ਨੂੰ ਧਿਆਨ ਵਿਚ ਰੱਖਦਿਆਂ ਮੁਸਲਿਮ ਭਾਈਚਾਰੇ ਦੇ ਲੋਕਾਂ ਨੂੰ ਸੀਏਏ ਤੋਂ ਬਾਹਰ ਨਹੀਂ ਰੱਖਿਆ ਜਾਣਾ ਚਾਹੀਦਾ।

ਧਰਨੇ ਉੱਤੇ ਸੰਬੋਧਨ ਕਰਦਿਆਂ ਸੀਨੀਅਰ ਅਕਾਲੀ ਆਗੂ ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਕਿੰਨੇ ਅਫਸੋਸ ਦੀ ਗੱਲ ਹੈ ਕਿ ਪਟਿਆਲਾ ਦੀ ਸਾਂਸਦ ਪਰੀਨੀਤ ਕੌਰ ਨੇ ਤਖ਼ਤੂਪੁਰਾ ਧੱਕੇਸ਼ਾਹੀ ਮਾਮਲੇ ‘ਚ ਪੀੜਤ ਲੋਕਾਂ ਦੇ ਹੱਕ ਵਿਚ ਆਵਾਜ਼ ਨਹੀਂ ਉਠਾਈ ਹੈ, ਸਗੋਂ ਉਲਟਾ ਵਿਧਾਇਕ ਜਲਾਲਪੁਰ ਨੂੰ ਸਹੀ ਠਹਿਰਾਇਆ ਹੈ।

ਇਸ ਮੌਕੇ ਉੱਤੇ ਸੰਬੋਧਨ ਕਰਦਿਆਂ ਸੀਨੀਅਰ ਆਗੂ ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਸੂਬੇ ਅੰਦਰ ਅਮਨ-ਕਾਨੂੰਨ ਤਹਿਸ ਨਹਿਸ ਹੋ ਚੁੱਕਿਆ ਹੈ, ਕਿਉਂਕਿ ਸੁਖਜਿੰਦਰ ਰੰਧਾਵਾ ਵਰਗੇ ਮੰਤਰੀਆਂ ਸਣੇ ਕਾਂਗਰਸੀ ਆਗੂਆਂ ਵੱਲੋਂ ਜੱਗੂ ਭਗਵਾਨਪੁਰੀਆ ਵਰਗੇ ਗੈਂਗਸਟਰਾਂ ਦੀ ਪੁਸ਼ਤਪਨਾਹੀ ਕੀਤੀ ਜਾ ਰਹੀ ਹੈ।

ਉਹਨਾਂ ਵਿੱਤ ਮੰਤਰੀ ਮਨਪ੍ਰੀਤ ਬਾਦਲ ਦੇ ‘ਖਾਲੀ ਖਜ਼ਾਨੇ’ ਸੰਬੰਧੀ ਦਾਅਵਿਆਂ ਉੱਤੇ ਕਿੰਤੂ ਕਰਦਿਆਂ ਕਿਹਾ ਕਿ ਵਿੱਤ ਮੰਤਰੀ ਵੱਲੋਂ ਆਪਣੀ ਸਰਕਾਰੀ ਰਿਹਾਇਸ਼ ਵਿਖੇ 27 ਏਅਰਕੰਡੀਸ਼ਨਰਾਂ ਅਤੇ17 ਗੀਜ਼ਰਾਂ ਦਾ ਇਸਤੇਮਾਲ ਕੀਤਾ ਜਾ ਰਿਹਾ ਹੈ।

ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ ਨੇ ਐਲਾਨ ਕੀਤਾ ਕਿ ਜੇਕਰ ਲੋਕਾਂ ਖ਼ਿਲਾਫ ਦਰਜ ਕੀਤੇ ਸਾਰੇ ਝੂਠੇ ਕੇਸ ਵਾਪਸ ਨਾ ਲਏ ਗਏ ਤਾਂ ਅਕਾਲੀ ਦਲ ਆਪਣਾ ਅੰਦੋਲਨ ਤਿੱਖਾ ਕਰ ਦੇਵੇਗਾ।

ਇਸ ਧਰਨੇ ਵਿਚ ਹੋਰਨਾਂ ਤੋਂ ਇਲਾਵਾ ਬਲਦੇਵ ਸਿੰਘ ਮਾਨ, ਐਨਕੇ ਸ਼ਰਮਾ, ਹਰਮੇਲ ਸਿੰਘ ਟੌਹੜਾ, ਹਰਿੰਦਰਪਾਲ ਸਿੰਘ ਚੰਦੂਮਾਜਰਾ, ਹਰਪ੍ਰੀਤ ਕੌਰ ਮੁਖਮੈਲਪੁਰ, ਵਨਿੰਦਰ ਕੌਰ ਲੂੰਬਾ, ਹਰਪਾਲ ਜੁਨੇਜਾ, ਸਤਬੀਰ ਸਿੰਘ ਖੱਟੜਾ, ਚਰਨਜੀਤ ਸਿੰਘ ਬਰਾੜ ਅਤੇ ਹਰਵਿੰਦਰ ਸਿੰਘ ਹਰਪਾਲਪੁਰ ਵੀ ਹਾਜ਼ਿਰ ਸਨ।


 •  
 •  
 •  
 •  
 •  
 •  
 •  
 •  
 •  
 •  
 •  
 •  
 •  
 •  
 •  
 •