ਕੈਪਟਨ ਵੱਲੋਂ ਦਲਿਤ ਵਿਅਕਤੀ ਦੇ ਕਤਲ ਕੇਸ ’ਚ ਤਿੰਨ ਮਹੀਨਿਆਂ ਵਿੱਚ ਇਨਸਾਫ ਨੂੰ ਯਕੀਨੀ ਬਣਾਉਣ ਦੇ ਹੁਕਮ

ਚੰਡੀਗੜ੍ਹ, 17 ਨਵੰਬਰ 2019:

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸੂਬੇ ਦੇ ਮੁੱਖ ਸਕੱਤਰ ਅਤੇ ਡੀ.ਜੀ.ਪੀ. ਨੂੰ ਹੁਕਮ ਦਿੱਤੇ ਕਿ ਸੰਗਰੂਰ ਦੇ ਦਲਿਤ ਵਿਅਕਤੀ ਨੂੰ ਕਥਿਤ ਤੌਰ ਅਗਵਾ ਕਰਕੇ ਮਾਰਕੁੱਟ ਕਰਨ ਲਈ ਜ਼ਿੰਮੇਵਾਰ ਲੋਕਾਂ ਵਿਰੁੱਧ ਸਮਾਂਬੱਧ ਜਾਂਚ ਅਤੇ ਅਦਾਲਤੀ ਕਾਰਵਾਈ ਨੂੰ ਤੇਜ਼ੀ ਨਾਲ ਯਕੀਨੀ ਬਣਾਇਆ ਜਾਵੇ।

ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਪੁਲੀਸ ਨੇ ਸਾਰੇ ਚਾਰ ਮੁਲਜ਼ਮਾਂ ਨੂੰ ਗਿ੍ਰਫਤਾਰ ਕਰ ਲਿਆ ਹੈ। ਉਨਾਂ ਦੱਸਿਆ ਕਿ ਮੁੱਖ ਮੰਤਰੀ ਜੋ ਇਸ ਸਮੇਂ ਦੇਸ਼ ਤੋਂ ਬਾਹਰ ਹਨ, ਨੇ ਮੁੱਖ ਸਕੱਤਰ ਕਰਨ ਅਵਤਾਰ ਸਿੰਘ ਅਤੇ ਡੀ.ਜੀ.ਪੀ. ਦਿਨਕਰ ਗੁਪਤਾ ਪਾਸੋਂ ਕੇਸ ਨਾਲ ਸਬੰਧਤ ਜਾਣਕਾਰੀ ਹਾਸਲ ਕੀਤੀ ਅਤੇ ਜਗਮੇਲ ਸਿੰਘ ਦੀ ਮੰਦਭਾਗੀ ਮੌਤ ਦੇ ਮੱਦੇਨਜ਼ਰ ਸਥਿਤੀ ਦਾ ਜਾਇਜ਼ਾ ਲਿਆ।

ਉਨਾਂ ਨੇ ਦੋਵਾਂ ਸੀਨੀਅਰ ਅਧਿਕਾਰੀਆਂ ਨੂੰ ਹੁਕਮ ਦਿੱਤੇ ਹਨ ਕਿ ਇਸ ਘਿਨਾਉਣੇ ਜੁਰਮ ਦੇ ਦੋਸ਼ੀਆਂ ਨੂੰ ਤਿੰਨ ਮਹੀਨਿਆਂ ਵਿੱਚ ਮਿਸਾਲੀ ਤੇ ਸਖ਼ਤ ਸਜ਼ਾ ਦਿਵਾਉਣ ਨੂੰ ਯਕੀਨੀ ਬਣਾਉਣ ਵਿੱਚ ਕੋਈ ਕਸਰ ਬਾਕੀ ਨਾ ਛੱਡੀ ਜਾਵੇ।

ਮਿ੍ਰਤਕ ਜਗਮੇਲ ਸਿੰਘ ਦੇ ਪਰਿਵਾਰ ਨੂੰ ਪ੍ਰਦਰਸ਼ਨ ਖਤਮ ਕਰਨ ਦੀ ਅਪੀਲ ਕਰਦਿਆਂ ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਸੂਬਾ ਸਰਕਾਰ ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਉਣ ਅਤੇ ਮੁੜ ਵਸੇਬੇ ਨੂੰ ਯਕੀਨੀ ਬਣਾਏਗੀ। ਉਨਾਂ ਨੇ ਸਮੂਹ ਰਾਜਨੀਤਿਕ ਲੀਡਰਾਂ ਨੂੰ ਵੀ ਇਸ ਮੁੱਦੇ ਨੂੰ ਸਿਆਸੀ ਰੰਗਤ ਨਾ ਦੇਣ ਦਾ ਸੱਦਾ ਦਿੱਤਾ।

ਉਨਾਂ ਕਿਹਾ ਕਿ ਇਹ ਮਾਨਵਤਾਵਾਦੀ ਮੁੱਦਾ ਅਤੇ ਗੰਭੀਰ ਅਪਰਾਧ ਹੈ ਜਿਸ ਨੂੰ ਮੁਆਫ ਨਹੀਂ ਕੀਤਾ ਜਾਵੇਗਾ। ਉਨਾਂ ਕਿਹਾ ਕਿ ਕਿਸੇ ਸਿਆਸੀ ਪਾਰਟੀ ਜਾਂ ਲੀਡਰ ਨੂੰ ਇਸ ਦਰਦਨਾਕ ਘਟਨਾ ਤੋਂ ਸਿਆਸੀ ਲਾਹਾ ਖੱਟਣ ਦੀ ਕੋਸ਼ਿਸ਼ ਨਹੀਂ ਕਰਨੀ ਚਾਹੀਦੀ।

ਮੁੱਖ ਮੰਤਰੀ ਨੇ ਕਿਹਾ ਕਿ ਉਨਾਂ ਦੀ ਸਰਕਾਰ ਦਲਿਤਾਂ ਦੀ ਰਾਖੀ ਲਈ ਵਚਨਬੱਧ ਹੈ ਅਤੇ ਉਨਾਂ ਵਿਰੁੱਧ ਅੱਤਿਆਚਾਰ ਨੂੰ ਸਹਿਣ ਨਹੀਂ ਕੀਤਾ ਜਾਵੇਗਾ।

ਮੁਲਜ਼ਮਾਂ ਵਿਰੁੱਧ ਲਹਿਰਾ ਪੁਲੀਸ ਥਾਣੇ ਵਿੱਚ ਆਈ.ਪੀ.ਸੀ. ਦੀ ਧਾਰਾ 302 ਤਹਿਤ ਕੇਸ ਦਰਜ ਕੀਤਾ ਜਾ ਚੁੱਕਾ ਹੈ। ਦੋਸ਼ੀਆਂ ਵਿਰੁੱਧ ਅਗਵਾ, ਗਲਤ ਢੰਗ ਨਾਲ ਹਿਰਾਸਤ ’ਚ ਰੱਖਣ ਅਤੇ ਅਨੁਸੂਚਿਤ ਜਾਤੀਆਂ ਅਤੇ ਅਨੁਸੂਚਿਤ ਕਬੀਲਿਆਂ (ਅੱਤਿਆਚਾਰ ਰੋਕਣ) ਐਕਟ ਦੀਆਂ ਧਾਰਾਵਾਂ ਹੇਠ ਵੀ ਮਾਮਲਾ ਦਰਜ ਕੀਤਾ ਗਿਆ ਹੈ।

ਬੁਲਾਰੇ ਨੇ ਦੱਸਿਆ ਕਿ ਕੈਪਟਨ ਅਮਰਿੰਦਰ ਸਿੰਘ ਨੇ ਮੁਲਜ਼ਮਾਂ ਵੱਲੋਂ ਜਗਮੇਲ ਸਿੰਘ ’ਤੇ ਤਸ਼ੱਦਦ ਢਾਹੁਣ ਅਤੇ ਗਲੀ ਵਿੱਚ ਸੁੱਟ ਦੇਣ ਦੀਆਂ ਰਿਪੋਰਟਾਂ ਸਬੰਧੀ ਘਟਨਾ ਦਾ ਗੰਭੀਰ ਨੋਟਿਸ ਲਿਆ ਹੈ। ਵੱਖ-ਵੱਖ ਤਿੰਨ ਹਸਪਤਾਲਾਂ ਵਿਖੇ ਮੁਢਲੇ ਇਲਾਜ ਤੋਂ ਬਾਅਦ ਉਸ ਨੂੰ ਇਲਾਜ ਲਈ ਪੀ.ਜੀ.ਆਈ., ਚੰਡੀਗੜ ਵਿਖੇ ਰੈਫਰ ਕੀਤਾ ਗਿਆ ਜਿੱਥੇ ਉਸ ਦੀਆਂ ਦੋਵਾਂ ਕੱਟ ਦਿੱਤੀਆਂ ਸਨ।

Share News / Article

YP Headlines

Loading...