ਕੈਪਟਨ ਵੱਲੋਂ ਸਰਕਾਰ ਦੇ ਬਾਕੀ ਰਹਿੰਦੇ ਕਾਰਜਕਾਲ ਲਈ ਮੰਤਰੀਆਂ ਨੂੰ ਕਾਰਜ ਯੋਜਨਾ ਉਲੀਕਣ ਦੇ ਨਿਰਦੇਸ਼

ਚੰਡੀਗੜ, 16 ਸਤੰਬਰ, 2019 –

ਆਪਣੀ ਸਰਕਾਰ ਦਾ ਅੱਧਾ ਕਾਰਜਕਾਲ ਪੂਰਾ ਹੋਣ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕੈਬਨਿਟ ਮੰਤਰੀਆਂ ਨੂੰ ਆਪਣੇ ਸਬੰਧਤ ਵਿਭਾਗਾਂ ਲਈ ਵਿਆਪਕ ਕਾਰਜ ਯੋਜਨਾ ਉਲੀਕਣ ਅਤੇ ਵਿਧਾਇਕਾਂ ਨਾਲ ਨੇੜਿਓ ਤਾਲਮੇਲ ਰਾਹੀਂ ਵਿਕਾਸ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ ਹਨ।

ਮੁੱਖ ਮੰਤਰੀ ਅਤੇ ਮੰਤਰੀ ਪ੍ਰੀਸ਼ਦ ਨੇ ਪਿਛਲੇ 30 ਮਹੀਨਿਆਂ ਦੌਰਾਨ ਸਰਕਾਰ ਦੁਆਰਾ ਕੀਤੀ ਪ੍ਰਗਤੀ ਅਤੇ ਸੂਬੇ ਦੀਆਂ ਵਿਕਾਸ ਯੋਜਨਾਵਾਂ ਨੂੰ ਅੱਗੇ ਲਿਜਾਣ ਸਬੰਧੀ ਵਿਚਾਰ-ਚਰਚਾ ਕੀਤੀ।

ਮੁੱਖ ਮੰਤਰੀ ਨੇ ਅਕਾਲੀ-ਭਾਜਪਾ ਸਰਕਾਰ ਦੀਆਂ ਮਾੜੀਆਂ ਨੀਤੀਆਂ ਦੇ ਨਤੀਜੇ ਵਜੋਂ ਸੂਬੇ ਵਿੱਚ ਪੈਦਾ ਹੋਏ ਵਿੱਤੀ ਸੰਕਟ ਦੇ ਬਾਵਜੂਦ ਆਪਣੀ ਸਰਕਾਰ ਦੁਆਰਾ ਹੁਣ ਤੱਕ ਕੀਤੇ ਕੰਮਾਂ ’ਤੇ ਤਸੱਲੀ ਪ੍ਰਗਟਾਈ।

ਆਪਣੀ ਸਰਕਾਰ ਦਾ ਅੱਧਾ ਕਾਰਜਕਾਲ ਪੂਰਾ ਹੋਣ ਨੂੰ ‘‘ ਪਿਛਲੇ ਸਮੇਂ ਦੇ ਕੰਮਾਂ ਦਾ ਜਾਇਜ਼ਾ ਲੈਣ ਅਤੇ ਬਾਕੀ ਰਹਿੰਦੇ ਕਾਰਜਕਾਲ ਲਈ ਵਿਸਥਾਰਤ ਰਣਨੀਤੀ ਤਿਆਰ ਕਰਨ’’ ਦਾ ਸਮਾਂ ਦੱਸਦਿਆਂ ਮੁੱਖ ਮੰਤਰੀ ਨੇ ਠੋਸ ਕਾਰਜ ਯੋਜਨਾਵਾਂ ਨਾਲ ਅੱਗੇ ਵਧਣ ਦੀ ਲੋੜ ’ਤੇ ਜ਼ੋਰ ਦਿੱਤਾ। ਉਨਾਂ ਮੰਤਰੀਆਂ ਨੂੰ ਨਿਯਮਤ ਅਧਾਰ ’ਤੇ ਜਾਣਕਾਰੀ ਅਤੇ ਫੀਡਬੈਕ ਹਾਸਲ ਕਰਨ ਲਈ ਆਪਣੇ ਸਬੰਧਤ ਖੇਤਰਾਂ ਵਿਚਲੇ ਵਿਧਾਇਕਾਂ ਨਾਲ ਨੇੜਿਓ ਤਾਲਮੇਲ ਜ਼ਰੀਏ ਕੰਮ ਕਰਨ ਲਈ ਕਿਹਾ।

ਮੁੱਖ ਮੰਤਰੀ ਨੇ ਕਿਹਾ ਕਿ ਰਾਜਨੀਤਿਕ ਅਤੇ ਪ੍ਰਸ਼ਾਸਕੀ ਦਿ੍ਰਸ਼ਟੀਕੋਣ ਤੋਂ ਭਵਿੱਖ ਦੀ ਰਣਨੀਤੀ ਨੂੰ ਵੇਖਣਾ ਬੇਹੱਦ ਜ਼ਰੂਰੀ ਹੈ। ਮੁੱਖ ਮੰਤਰੀ ਨੇ ਕਿਹਾ ‘‘ਰਾਜਨੀਤਿਕ ਤੌਰ ’ਤੇ ਸਾਨੂੰ ਇਹ ਪਤਾ ਲਗਾਉਣ ਦੀ ਜ਼ਰੂਰਤ ਹੈ ਕਿ ਅਸੀਂ ਲੋਕਾਂ ਨਾਲ ਵਧੀਆ ਤਾਲਮੇਲ ਕਿਵੇਂ ਕਰਨਾ ਹੈ, ਸਾਡੀਆਂ ਪ੍ਰਾਪਤੀਆਂ ਨੂੰ ਉਨਾਂ ਤੱਕ ਕਿ ਕਿਵੇਂ ਲਿਜਾਣਾ ਹੈ ਅਤੇ ਤੁਰੰਤ ਧਿਆਨ ਦੇਣ ਦੀ ਲੋੜ ਵਾਲੇ ਉਨਾਂ ਦੇ ਮੁੱਦਿਆਂ ਨੂੰ ਕਿਵੇਂ ਤਰਜੀਹ ਦੇਣੀ ਹੈ।

ਸਰਕਾਰ ਦੀ ਭੂਮਿਕਾ ਦੇ ਪ੍ਰਸ਼ਾਸਕੀ ਪੱਖ ਨੂੰ ਉਜਾਗਰ ਕਰਦਿਆਂ ਮੁੱਖ ਮੰਤਰੀ ਨੇ ਮੰਤਰੀਆਂ ਨੂੰ ਅਪੀਲ ਕੀਤੀ ਕਿ ਉਹ ਚੋਣ ਵਾਅਦਿਆਂ ਅਤੇ ਮੈਨੀਫੈਸਟੋ ਦੇ ਐਲਾਨਾਂ ਨੂੰ ਲਾਗੂ ਕਰਨ ਦੇ ਸਬੰਧ ਵਿੱਚ ਹੋਈ ਪ੍ਰਗਤੀ ਦੇ ਨਜ਼ਰੀਏ ਤੋਂ ਪਿਛਲੇ 30 ਮਹੀਨਿਆਂ ਦੇ ਆਪਣੇ ਕੰਮਾਂ ਦੀ ਸਮੀਖਿਆ ਕਰਨ। ਇਸ ਸੰਦਰਭ ਵਿੱਚ, ਉਨਾਂ ਮੰਤਰੀਆਂ ਨੂੰ ਭਾਰਤ ਸਰਕਾਰ ਦੇ ਪ੍ਰਮੁੱਖ ਪ੍ਰੋਗਰਾਮਾਂ ਅਤੇ ਸਰਕਾਰ ਦੇ ਨਵੇਂ ਕਾਨੂੰਨਾਂ / ਨੀਤੀਆਂ ਦੀ ਕਾਰਗੁਜ਼ਾਰੀ ਵੱਲ ਵਿਸ਼ੇਸ਼ ਧਿਆਨ ਦੇਣ ਲਈ ਕਿਹਾ।

ਮੁੱਖ ਮੰਤਰੀ ਨੇ ਸਮੂਹ ਮੰਤਰੀਆਂ ਨੂੰ ਵਿਭਾਗਾਂ ਦੇ ਪੁਨਰਗਠਨ ਅਤੇ ਨੀਤੀਆਂ ਤੇ ਪ੍ਰਾਜੈਕਟਾਂ ਨੂੰ ਨਿਰਵਿਘਨ ਅਤੇ ਸਮੇਂ ਸਿਰ ਲਾਗੂ ਕਰਨ ਲਈ ਕਰਮਚਾਰੀਆਂ ਦੀ ਭਰਤੀ ਵੱਲ ਧਿਆਨ ਕੇਂਦਰਿਤ ਕਰਨ ਲਈ ਕਿਹਾ ਕਿਉਂਕਿ ਸਰਕਾਰ ਸੂਬੇ ਦੇ ਵਿਕਾਸ ਲਈ ਵਧੇਰੇ ਸਰਗਰਮ ਹੈ।

ਮੁੱਖ ਮੰਤਰੀ ਦਾ ਵਿਚਾਰ ਸੀ ਕਿ ਹਰ ਵਿਭਾਗ ਨੂੰ ਆਪਣੀਆਂ ਪ੍ਰਾਪਤੀਆਂ ਨੂੰ ਸੰਪੂਰਨ ਤੌਰ ’ਤੇ ਜਾਂਚਣਾ ਚਾਹੀਦਾ ਹੈ ਅਤੇ ਉਨਾਂ ਮੁੱਦਿਆਂ ‘ਤੇ ਧਿਆਨ ਕੇਂਦਰਤ ਕਰਨਾ ਚਾਹੀਦਾ ਹੈ ਜਿਨਾਂ ਦਾ ਅਜੇ ਤੱਕ ਪ੍ਰਭਾਵਸ਼ਾਲੀ ਢੰਗ ਨਾਲ ਹੱਲ ਨਹੀਂ ਕੀਤਾ ਗਿਆ ਸੀ ਜਾਂ ਅਜੇ ਸਰਕਾਰ ਦੁਆਰਾ ਚੁੱਕੇ ਜਾਣੇ ਸਨ। ਉਨਾਂ ਸਰਕਾਰ ਦੀਆਂ ਨੀਤੀਆਂ ਵਿੱਚ ਭਰੋਸਾ ਰੱਖਣ ਵਾਲੇ ਲੋਕਾਂ ਦੀਆਂ ਉਮੀਦਾਂ ਨੂੰ ਜਲਦ ਪੂਰਾ ਕੀਤੇ ਜਾਣ ਨੂੰ ਯਕੀਨੀ ਬਣਾਉਣ ’ਤੇ ਜ਼ੋਰ ਦਿੱਤਾ।

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਜਦੋਂ ਸਰਕਾਰ ਦੇ ਹਰੇਕ ਮੈਂਬਰ ਨੇ ਇਨਾਂ 30 ਮਹੀਨਿਆਂ ਵਿੱਚ ਮਿਸਾਲਯੋਗ ਕਾਰਗੁਜ਼ਾਰੀ ਵਿਖਾਈ ਹੈ, ਹੁਣ ਸਮਾਂ ਆ ਗਿਆ ਹੈ ਕਿ ਇਸਨੂੰ ਹੋਰ ਅੱਗੇ ਵਧਾਇਆ ਜਾਵੇ ਅਤੇ ਉਨਾਂ ਸਾਰੇ ਮੰਤਰੀਆਂ ਨੂੰ ਆਪਣੇ ਸਬੰਧਤ ਖੇਤਰਾਂ ਵਿੱਚ ਸਖ਼ਤ ਮਿਹਨਤ, ਵਚਨਬੱਧਤਾ ਅਤੇ ਠੋਸ ਯਤਨਾਂ ਨਾਲ ਕੰਮ ਕਰਨ ਲਈ ਕਿਹਾ।

ਮੁੱਖ ਮੰਤਰੀ ਨੇ ਉਨਾਂ ਦੀ ਸਰਕਾਰ ਦੁਆਰਾ ਕੀਤੇ ਹਰ ਵਾਅਦੇ ਨੂੰ ਸਹੀ ਅਰਥਾਂ ਵਿੱਚ ਯਕੀਨੀ ਬਣਾਉਣ ਦੀ ਆਪਣੀ ਨਿੱਜੀ ਵਚਨਬੱਧਤਾ ਨੂੰ ਦੁਹਰਾਇਆ। ਉਨਾਂ ਕਿਹਾ ਕਿ ਉਨਾਂ ਦੀ ਸਰਕਾਰ ਵੱਲੋਂ ਕੀਤੇ 161 ਐਲਾਨਾਂ ਵਿੱਚੋਂ 140 ਲਾਗੂ ਕਰ ਦਿੱਤੇ ਗਏ ਹਨ ਅਤੇ ਬਾਕੀ ਕਾਰਜ ਅਧੀਨ ਹਨ।

ਕੈਪਟਨ ਅਮਰਿੰਦਰ ਸਿੰਘ ਨੇ ਸਮੁੱਚੇ ਵਿਕਾਸ ਦੇ ਨਾਲ-ਨਾਲ ਸਿਹਤ, ਸਿੱਖਿਆ, ਉਦਯੋਗੀਕਰਨ, ਖੇਤੀਬਾੜੀ ਅਤੇ ਕਾਨੂੰਨ ਤੇ ਵਿਵਸਥਾ ਦੇ ਖੇਤਰ ਵਿੱਚ ਪੰਜਾਬ ਨੂੰ ਦੇਸ਼ ਦੇ ਮੋਹਰੀ ਸੂਬੇ ਵਜੋਂ ਮੁੜ ਲੀਹ ‘ਤੇ ਲਿਆਉਣ ਲਈ ਠੋਸ ਉਪਰਾਲਿਆਂ ਦੀ ਮੰਗ ਕੀਤੀ। ਮੁੱਖ ਮੰਤਰੀ ਨੇ ਕਿਹਾ ਹਰੇਕ ਖੇਤਰ ਵਿੱਚ ਕਾਫ਼ੀ ਪ੍ਰਗਤੀ ਹੋਈ ਹੈ ਅਤੇ ਉਨਾਂ ਦੀ ਸਰਕਾਰ ਸੂਬੇ ਅਤੇ ਇਸ ਦੇ ਹਰੇਕ ਵਰਗ ਦੇ ਸਰਬ-ਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ।

Share News / Article

Yes Punjab - TOP STORIES