ਕੈਪਟਨ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵੈਬਸਾਈਟ, ਮੋਬਾਈਲ ਐਪ ਤੇ ਸੋਸ਼ਲ ਮੀਡੀਆ ਪਲੇਟਫਾਰਮ ਲਾਂਚ

ਨਵੀਂ ਦਿੱਲੀ, 5 ਸਤੰਬਰ, 2019:
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀਰਵਾਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਕ ਵੈਬਸਾਈਟ, ਇਕ ਮੋਬਾਈਲ ਐਪ ਅਤੇ ਸੋਸ਼ਲ ਮੀਡੀਆ ਦੇ ਪਲੇਟਫਾਰਮ ਲਾਂਚ ਕੀਤੇ।

ਸੂਚਨਾ ਤਕਨਾਲੋਜੀ ਦੇ ਇਨਾਂ ਪਲੇਟਫਾਰਮਾਂ ਨੂੰ ਲਾਂਚ ਕਰਨ ਦਾ ਮਕਸਦ ਚੱਲ ਰਹੀਆਂ ਗਤੀਵਿਧੀਆਂ ਅਤੇ ਇਸ ਸਾਲ ਨਵੰਬਰ ਮਹੀਨੇ ਹੋਣ ਵਾਲੇ ਸਮਾਗਮਾਂ ਨਾਲ ਸਰਧਾਲੂਆਂ ਨੂੰ ਦਿਲ ਖਿੱਚਵੇਂ ਢੰਗ ਨਾਲ ਜੋੜਨਾ ਹੈ ਅਤੇ ਸ਼ਰਧਾਲੂਆਂ ਨੂੰ ਹਰ ਗਤੀਵਿਧੀ/ਸਮਾਗਮ ਦੀ ਜਾਣਕਾਰੀ ਮਿਲਦੀ ਰਹੇ।

ਇਸ ਮੌਕੇ ਕੈਪਟਨ ਅਮਰਿੰਦਰ ਸਿੰਘ ਨੇ ਆਖਿਆ ਕਿ ਇਹ ਡਿਜੀਟਲ ਪਲੇਟਫਾਰਮ ਨਾ ਸਿਰਫ਼ ਮੁਲਕ ਵਿੱਚ ਸਗੋਂ ਪੂਰੇ ਵਿਸ਼ਵ ਵਿੱਚ ਲੋਕਾਂ ਨੂੰ ਖਾਸ ਤੌਰ ’ਤੇ ਸਾਡੇ ਨੌਜਵਾਨਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਫਲਸਫ਼ੇ ਜਿਸ ਦੀ ਅਜੋਕੇ ਸਮੇਂ ਵਿੱਚ ਵੀ ਪੂਰੀ ਸਾਰਥਿਕਤਾ ਹੈ, ਨਾਲ ਜੋੜਣ ਲਈ ਸਹਾਈ ਹੋਵੇਗਾ।

ਮੁੱਖ ਮੰਤਰੀ ਨੇ ਅੱਗੇ ਆਖਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਦਾ ਉਦੇਸ਼ ਸਹਿਣਸ਼ੀਲਤਾ, ਸ਼ਾਂਤੀ, ਔਰਤਾਂ ਦੇ ਵੱਧ ਅਧਿਕਾਰਾਂ ਅਤੇ ਕੁਦਰਤੀ ਵਸੀਲਿਆਂ ਦੀ ਸਾਂਭ-ਸੰਭਾਲ ਦੇ ਸਿਧਾਂਤ ’ਤੇ ਆਧਾਰਤ ਬਰਾਬਰੀ ਵਾਲੇ ਸਮਾਜ ਦੀ ਸਿਰਜਣਾ ਕਰਨਾ ਹੈ ਜਿਸ ਦਾ ਵਰਣਨ ਇਸ ਵੈਬਸਾਈਟ ’ਤੇ ਵੀ ਕੀਤਾ ਗਿਆ ਹੈ।

ਮੁੱਖ ਮੰਤਰੀ ਨੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ, ਉਦਯੋਗ ਮੰਤਰੀ ਸੁੰਦਰ ਸ਼ਾਮ ਅਰੋੜਾ ਅਤੇ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨਾਲ ਗੁਰੂ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਵੈਬਸਾਈਟ ੫੫੦. ਦੀ ਸ਼ੁਰੂਆਤ ਕੀਤੀ। ਇਸ ਤੋਂ ਇਲਾਵਾ ਸੋਸ਼ਲ ਮੀਡੀਆ ਪਲੇਟਫਾਰਮ ਵੀ ਲਾਂਚ ਕੀਤਾ ਗਿਆ ਜਿਨਾਂ ਵਿੱਚ ਫੇਸਬੁੱਕ ਪੇਜ਼ ੫੫੦74 , ਟਵਿੱਟਰ ਹੈਂਡਲ ੫੫੦7, ਇੰਸਟਾਗ੍ਰਾਮ ਅਕਾਊਂਟ 55074 ਅਤੇ ਇੱਕ ਯੂ.ਟਿਊਬ ਚੈਨਲ ਸ਼ਾਮਲ ਹਨ।

ਇਸੇ ਦੌਰਾਨ ਪ੍ਰਸ਼ਾਸਕੀ ਸੁਧਾਰਾਂ ਬਾਰੇ ਵਿਭਾਗ ਦੇ ਵਧੀਕ ਮੁੱਖ ਸਕੱਤਰ ਵਿਨੀ ਮਹਾਜਨ ਨੇ ਮੁੱਖ ਮੰਤਰੀ ਨੂੰ ਦੱਸਿਆ ਕਿ ਇਹ ਡਿਜੀਟਲ ਮੀਡੀਆ ਪਲੇਟਫਾਰਮ ਸੱਭਿਆਚਾਰਕ ਮਾਮਲਿਆਂ, ਸੂਚਨਾ ਤੇ ਲੋਕ ਸੰਪਰਕ ਅਤੇ ਪ੍ਰਸ਼ਾਸਕੀ ਸੁਧਾਰਾਂ ਬਾਰੇ ਵਿਭਾਗਾਂ ਵੱਲੋਂ ਸਾਂਝੇ ਤੌਰ ’ਤੇ ਡਿਜ਼ਾਈਨ ਕੀਤਾ ਗਿਆ ਹੈ ਤਾਂ ਕਿ ਮਹਾਨ ਸਮਾਗਮਾਂ ਦੀ ਲੜੀ ਵਜੋਂ ਕਰਵਾਏ ਜਾਣ ਵਾਲੇ ਪ੍ਰੋਗਰਾਮਾਂ ਬਾਰੇ ਲੋਕਾਂ ਨੂੰ ਲੋੜੀਂਦੀ ਜਾਣਕਾਰੀ ਮੁਹੱਈਆ ਕਰਵਾਈ ਜਾ ਸਕੇ।

ਉਨਾਂ ਅੱਗੇ ਦੱਸਿਆ ਕਿ ਇਨਾਂ ਡਿਜੀਟਲ ਪਲੇਟਫਾਰਮਾਂ ’ਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਤੇ ਸਿੱਖਿਆਵਾਂ ਬਾਰੇ ਜਾਣਕਾਰੀ ਮੁਹੱਈਆ ਕਰਵਾਉਣ ਤੋਂ ਇਲਾਵਾ ਗੁਰੂ ਸਾਹਿਬ ਜੀ ਦੀਆਂ ਜਨਮ ਸਾਖੀਆਂ ਤੇ ਉਦਾਸੀਆਂ ਵੀ ਸ਼ਾਮਲ ਹਨ।

ਇਸ ਮੌਕੇ ਵਧੀਕ ਮੁੱਖ ਸਕੱਤਰ ਵਿਕਾਸ ਵਿਸਵਾਜੀਤ ਖੰਨਾ, ਵਧੀਕ ਮੁੱਖ ਸਕੱਤਰ ਸਹਿਕਾਰਤਾ ਕਲਪਨਾ ਮਿੱਤਲ ਬਰੂਹਾ, ਪ੍ਰਮੁੱਖ ਸਕੱਤਰ ਸੈਰ-ਸਪਾਟਾ ਤੇ ਸੱਭਿਆਚਾਰਕ ਮਾਮਲੇ ਵਿਕਾਸ ਪ੍ਰਤਾਪ ਸਿੰਘ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਤੇਜਵੀਰ ਸਿੰਘ, ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਗੁਰਕਿਰਤ ਿਪਾਲ ਸਿੰਘ, ਰੈਜ਼ੀਡੈਂਟ ਕਮਿਸ਼ਨਰ ਪੰਜਾਬ ਭਵਨ ਰਾਖੀ ਗੁਪਤਾ ਭੰਡਾਰੀ, ਇਨਵੈਸਟ ਪੰਜਾਬ ਦੇ ਸੀ.ਈ.ਓ. ਰਜਤ ਅਗਰਵਾਲ, ਉਦਯੋਗ ਵਿਭਾਗ ਦੇ ਡਾਇਰੈਕਟਰ ਸੀ. ਸਿਬਨ ਅਤੇ ਪੀ.ਐਸ.ਆਈ.ਡੀ.ਸੀ. ਦੇ ਐਮ.ਡੀ. ਦੀਪਤੀ ਉੱਪਲ ਹਾਜ਼ਰ ਸਨ।

Share News / Article

Yes Punjab - TOP STORIES