ਕੋਰੋਨਾ ਦਾ ਸ਼ਿਕਾਰ ਹੋਏ ਲੁਧਿਆਣਾ ਦੇ ਏ.ਸੀ.ਪੀ. ਅਨਿਲ ਕੋਹਲੀ ਦਾ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ

ਲੁਧਿਆਣਾ, 18 ਅਪ੍ਰੈਲ, 2020 –

ਨੋਵੇਲ ਕੋਰੋਨਾ ਵਾਇਰਸ (ਕੋਵਿਡ 19) ਕਾਰਨ ਸਦੀਵੀ ਵਿਛੋੜਾ ਦੇ ਗਏ ਪੁਲਿਸ ਅਧਿਕਾਰੀ ਸ੍ਰੀ ਅਨਿਲ ਕੋਹਲੀ ਦੀ ਆਤਮਿਕ ਸ਼ਾਂਤੀ ਦੀ ਕਾਮਨਾ ਕਰਦਿਆਂ ਲੁਧਿਆਣਾ ਪੁਲਿਸ ਦੇ ਕਮਿਸ਼ਨਰ ਸ੍ਰੀ ਰਾਕੇਸ਼ ਕੁਮਾਰ ਅਗਰਵਾਲ ਨੇ ਇਸ ਘਾਟੇ ਨੂੰ ਪੰਜਾਬ ਪੁਲਿਸ ਲਈ ਨਾ ਪੂਰਾ ਹੋਣ ਵਾਲਾ ਘਾਟਾ ਕਰਾਰ ਦਿੱਤਾ ਹੈ। ਇਸ ਦੌਰਾਨ ਸਵਰਗੀ ਅਨਿਲ ਕੋਹਲੀ ਦੀ ਮਿ੍ਰਤਕ ਦੇਹ ਦਾ ਪੂਰੇ ਸਰਕਾਰੀ ਸਨਮਾਨ ਨਾਲ ਅੰਤਿਮ ਸਸਕਾਰ ਕਰ ਦਿੱਤਾ ਗਿਆ।

ਅੰਤਿਮ ਸਸਕਾਰ ਮੌਕੇ ਲੋਕ ਸਭਾ ਮੈਂਬਰ ਸ੍ਰ. ਰਵਨੀਤ ਸਿੰਘ ਬਿੱਟੂ, ਲੁਧਿਆਣਾ (ਪੂਰਬੀ) ਦੇ ਵਿਧਾਇਕ ਸ੍ਰੀ ਸੰਜੇ ਤਲਵਾੜ, ਡਿਪਟੀ ਕਮਿਸ਼ਨਰ ਸ੍ਰੀ ਪ੍ਰਦੀਪ ਕੁਮਾਰ ਅਗਰਵਾਲ ਅਤੇ ਹੋਰ ਕਈ ਅਧਿਕਾਰੀ ਅਤੇ ਮੁਲਾਜ਼ਮ ਹਾਜ਼ਰ ਸਨ। ਸ੍ਰ. ਰਵਨੀਤ ਸਿੰਘ ਬਿੱਟੂ, ਸ੍ਰੀ ਤਲਵਾੜ ਅਤੇ ਹੋਰਾਂ ਨੇ ਸ੍ਰੀ ਕੋਹਲੀ ਦੇ ਦੇਹਾਂਤ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਕਰਾਰ ਦਿੱਤਾ।

ਸ੍ਰੀ ਕੋਹਲੀ ਦੇ ਅਕਾਲ ਚਲਾਣੇ ਦੀ ਖ਼ਬਰ ਮੀਡੀਆ ਨਾਲ ਸਾਂਝੀ ਕਰਦਿਆਂ ਸ੍ਰੀ ਅਗਰਵਾਲ ਨੇ ਕਿਹਾ ਕਿ ਸ੍ਰੀ ਕੋਹਲੀ ਇੱਕ ਇਮਾਨਦਾਰ ਅਤੇ ਦ੍ਰਿੜਤਾ ਨਾਲ ਆਪਣੀ ਡਿਊਟੀ ਨਿਭਾਉਣ ਵਾਲੇ ਅਧਿਕਾਰੀ ਵਜੋਂ ਜਾਣੇ ਜਾਂਦੇ ਸਨ। ਇਸ ਬਿਮਾਰੀ ਦੇ ਚੱਲਦਿਆਂ ਉਨ੍ਹਾਂ ਨੂੰ ਜੋ ਵੀ ਡਿਊਟੀ ਸੌਂਪੀ ਗਈ, ਉਹ ਉਨ੍ਹਾਂ ਪੂਰੀ ਸ਼ਿੱਦਤ ਨਾਲ ਪੂਰੀ ਕੀਤੀ।

ਉਨ੍ਹਾਂ ਲੁਧਿਆਣਾ ਪੁਲਿਸ ਦੇ ਸਮੂਹ ਅਧਿਕਾਰੀਆਂ ਅਤੇ ਮੁਲਾਜ਼ਮਾਂ ਨੂੰ ਅਪੀਲ ਕੀਤੀ ਕਿ ਉਹ ਸ੍ਰੀ ਕੋਹਲੀ ਦੀ ਇਸ ਸ਼ਹੀਦੀ ਨੂੰ ਆਪਣੇ ਜ਼ਿਹਨ ਵਿੱਚ ਰੱਖਣ ਅਤੇ ਇਸ ਲੜਾਈ ਨੂੰ ਜਿੱਤਣ ਲਈ ਹੋਰ ਤਕੜੇ ਹੋ ਕੇ ਕੰਮ ਕਰਨ। ਉਨ੍ਹਾਂ ਕਿਹਾ ਪੰਜਾਬ ਪੁਲਿਸ ਆਪਣੀ ਬਹਾਦਰੀ ਲਈ ਜਾਣੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਲੁਧਿਆਣਾ ਪੁਲਿਸ ’ਤੇ ਪੂਰਾ ਮਾਣ ਹੈ।

ਉਨ੍ਹਾਂ ਇਹ ਵੀ ਅਪੀਲ ਕੀਤੀ ਕਿ ਇਸ ਸਥਿਤੀ ਵਿੱਚ ਡਿਊਟੀ ਕਰਦਿਆਂ ਅਧਿਕਾਰੀ ਅਤੇ ਮੁਲਾਜ਼ਮ ਨਿੱਜੀ ਸਿਹਤ ਸੰਭਾਲ ਲਈ ਸਿਹਤ ਵਿਭਾਗ ਵੱਲੋਂ ਜਾਰੀ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਕਰਨੀ ਯਕੀਨੀ ਬਣਾਉਣ। ਡਿਊਟੀ ਦੌਰਾਨ ਸਮਾਜਿਕ ਦੂਰੀ, ਹੱਥਾਂ ਨੂੰ ਵਾਰ-ਵਾਰ ਧੋਣਾ, ਸੈਨੀਟਾਈਜ਼ਰ ਅਤੇ ਮਾਸਕ ਦੀ ਵਰਤੋਂ ਆਦਿ ਯਕੀਨੀ ਤੌਰ ’ਤੇ ਕੀਤੀ ਜਾਵੇ।

ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਆਪਣੀ ਦੇਖ-ਰੇਖ ਵਿੱਚ ਕਰਵਾਏ ਪ੍ਰਬੰਧ
ਭਿਆਨਕ ਬਿਮਾਰੀ ਨੋਵੇਲ ਕੋਰੋਨਾ ਵਾਇਰਸ (ਕੋਵਿਡ 19) ਦੇ ਚੱਲਦਿਆਂ ਸਮਾਜ ਵਿੱਚ ਨਵÄ ਮਿਸਾਲ ਕਾਇਮ ਕਰਦਿਆਂ ਅੱਜ ਸਵਰਗੀ ਸ੍ਰੀ ਅਨਿਲ ਕੋਹਲੀ ਦੇ ਅੰਤਿਮ ਸਸਕਾਰ ਦੀਆਂ ਸਾਰੀਆਂ ਤਿਆਰੀਆਂ ਲੋਕ ਸਭਾ ਮੈਂਬਰ ਸ੍ਰ. ਰਵਨੀਤ ਸਿੰਘ ਬਿੱਟੂ ਅਤੇ ਮੇਅਰ ਸ੍ਰ. ਬਲਕਾਰ ਸਿੰਘ ਸੰਧੂ ਨੇ ਆਪਣੀ ਨਿਗਰਾਨੀ ਵਿੱਚ ਕਰਵਾਈਆਂ।

ਦੱਸਣਯੋਗ ਹੈ ਕਿ ਇਸ ਬਿਮਾਰੀ ਦੇ ਚੱਲਦਿਆਂ ਅੰਤਿਮ ਸਸਕਾਰ ਬਾਰੇ ਕਈ ਲੋਕਾਂ ਦੇ ਭੁਲੇਖਿਆਂ ਨੂੰ ਦੂਰ ਕਰਦਿਆਂ ਸ੍ਰ. ਬਿੱਟੂ ਨੇ ਅੱਗੇ ਹੋ ਕੇ ਇਹ ਕਾਰਜ ਕੀਤਾ। ਉਹ ਸਸਕਾਰ ਤੋਂ ਕਰੀਬ ਇੱਕ ਘੰਟਾ ਸਮਸ਼ਾਨ ਘਾਟ ਪਹੁੰਚ ਗਏ ਸਨ। ਉਨ੍ਹਾਂ ਦੱਸਿਆ ਕਿ ਸ੍ਰੀ ਕੋਹਲੀ ਦੇ ਪਰਿਵਾਰਕ ਮੈਂਬਰਾਂ ਦੀ ਨਜ਼ਰਸਾਨੀ ਵਿੱਚ ਨਗਰ ਨਿਗਮ ਦੇ ਨਿਸ਼ਕਾਮ ਯੋਧਿਆਂ ਵੱਲੋਂ ਇਹ ਸੇਵਾ ਨਿਭਾਈ ਗਈ।


ਯੈੱਸ ਪੰਜਾਬ ਦੀਆਂਅਪਡੇਟਸ’ TELEGRAM ਤੇ ਪ੍ਰਾਪਤ ਕਰਨ ਲਈ TELEGRAM ਐਪ ਡਾਊਨਲੋਡ ਕਰਕੇ ਇੱਥੇ ਕਲਿੱਕ ਕਰੋ


Share News / Article

Yes Punjab - TOP STORIES