25.1 C
Delhi
Tuesday, April 23, 2024
spot_img
spot_img

ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਮੌਕੇ ਅੰਮ੍ਰਿਤਸਰ ’ਚ ਸਜਾਇਆ ਗਿਆ ਅਲੌਕਿਕ ਨਗਰ ਕੀਰਤਨ – ਵੇਖ਼ੋ ਤਸਵੀਰਾਂ

Guru Granth Sahib Nagar Kirtan 2 Amritsarਅੰਮ੍ਰਿਤਸਰ, 31 ਅਗਸਤ, 2019 –
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸੰਪਾਦਨਾ ਅਸਥਾਨ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਤੋਂ ਪੁਰਾਤਨ ਚੱਲਦੀ ਆ ਰਹੀ ਰਵਾਇਤ ਅਨੁਸਾਰ ਅਲੌਕਿਕ ਨਗਰ ਕੀਰਤਨ ਸਜਾਇਆ ਗਿਆ, ਜਿਸ ਵਿਚ ਵੱਡੀ ਗਿਣਤੀ ’ਚ ਸੰਗਤਾਂ ਨੇ ਗੁਰਬਾਣੀ ਦਾ ਜਾਪ ਕਰਦਿਆਂ ਸ਼ਮੂਲੀਅਤ ਕੀਤੀ।

ਨਗਰ ਕੀਰਤਨ ਦੀ ਆਰੰਭਤਾ ਸਮੇਂ ਭਾਈ ਸੁਲਤਾਨ ਸਿੰਘ ਨੇ ਅਰਦਾਸ ਕੀਤੀ ਅਤੇ ਹੁਕਮਨਾਮੇ ਮਗਰੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਜਗਤਾਰ ਸਿੰਘ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਪਾਵਨ ਸਰੂਪ ਪਾਲਕੀ ਸਾਹਿਬ ਵਿਚ ’ਚ ਸੁਸ਼ੋਭਿਤ ਕੀਤਾ। ਇਸ ਦੌਰਾਨ ਨਗਾਰਿਆਂ, ਜੈਕਾਰਿਆਂ ਅਤੇ ਨਰਸਿੰਙਿਆਂ ਦੀ ਗੂੰਜ ਮਾਹੌਲ ਨੂੰ ਖੂਬਸੂਰਤ ਬਣਾ ਰਹੀ ਸੀ।

ਦੂਰੋਂ-ਨੇੜਿਓਂ ਵੱਡੀ ਗਿਣਤੀ ਵਿਚ ਪੁੱਜੀਆਂ ਸੰਗਤਾਂ, ਗੱਤਕਾ ਅਖਾੜਿਆਂ, ਸਭ-ਸੁਸਾਇਟੀਆਂ, ਸਕੂਲੀ ਬੱਚਿਆਂ ਦੀਆਂ ਬੈਂਡ ਤੇ ਗੱਤਕਾ ਟੀਮਾਂ ਨੇ ਨਗਰ ਕੀਰਤਨ ਵਿਚ ਸ਼ਮੂਲੀਅਤ ਕੀਤੀ। ਸੰਗਤਾਂ ਵੱਲੋਂ ਥਾਂ-ਥਾਂ ਛਬੀਲਾਂ ਅਤੇ ਲੰਗਰ ਵੀ ਲਗਾਏ ਗਏ। ਨਗਰ ਕੀਰਤਨ ਦੇ ਸਾਰੇ ਰਸਤੇ ਵਿਚ ਵਿਸ਼ੇਸ਼ ਤੌਰ ’ਤੇ ਸਜਾਵਟ ਕੀਤੀ ਗਈ ਸੀ ਅਤੇ ਥਾਂ-ਥਾਂ ’ਤੇ ਸੰਗਤਾਂ ਵੱਲੋਂ ਨਗਰ ਕੀਰਤਨ ਦਾ ਭਰਵਾਂ ਸਵਾਗਤ ਕੀਤਾ ਗਿਆ। ਪਰੰਪਰਾ ਅਨੁਸਾਰ ਨਗਰ ਕੀਰਤਨ ਕਰੋੜੀ ਚੌਂਕ ਅਤੇ ਬਾਬਾ ਸਾਹਿਬ ਚੌਂਕ ਤੋਂ ਹੁੰਦਾ ਹੋਇਆ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੰਪੰਨ ਹੋਇਆ।

Guru Granth Sahib Nagar Kirtan 3 Amritsarਨਗਰ ਕੀਰਤਨ ਦੀ ਆਰੰਭਤਾ ਤੋਂ ਪਹਿਲਾਂ ਗੁਰਮਤਿ ਵਿਚਾਰਾਂ ਸਾਂਝੀਆਂ ਕਰਦਿਆਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਜਿਥੇ ਪਹਿਲੇ ਪ੍ਰਕਾਸ਼ ਪੁਰਬ ਦੀ ਸਮੂਹ ਸੰਗਤਾਂ ਨੂੰ ਵਧਾਈ ਦਿੱਤੀ, ਉਥੇ ਹੀ ਇਤਿਹਾਸ ਵਿਚੋਂ ਇਸ ਮਹਾਨ ਨਗਰ ਕੀਰਤਨ ਦੀ ਪਰੰਪਰਾ ਸਬੰਧੀ ਵੀ ਵਿਚਾਰ ਸਾਂਝੇ ਕੀਤੇ।

ਉਨ੍ਹਾਂ ਕਿਹਾ ਕਿ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਵੱਲੋਂ 1604 ਈ: ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਸੰਪਾਦਨਾ ਉਪਰੰਤ ਬਾਬਾ ਬੁੱਢਾ ਜੀ ਅਤੇ ਸਿੱਖ ਸੰਗਤਾਂ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਸਰੂਪ ਇਸ ਅਸਥਾਨ ਤੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪ੍ਰਕਾਸ਼ ਕਰਨ ਲਈ ਲਿਜਾਇਆ ਗਿਆ ਸੀ ਅਤੇ ਇਸੇ ਪਰੰਪਰਾ ਤਹਿਤ ਹਰ ਸਾਲ ਪ੍ਰਕਾਸ਼ ਪੁਰਬ ’ਤੇ ਨਗਰ ਕੀਰਤਨ ਸਜਾਇਆ ਜਾਂਦਾ ਹੈ।

ਉਨ੍ਹਾਂ ਸੰਗਤਾਂ ਨੂੰ ਗੁਰਬਾਣੀ ਦਾ ਅੰਮ੍ਰਿਤਮਈ ਉਪਦੇਸ਼ ਜੀਵਨ ਵਿਚ ਕਮਾਉਣ ਦੀ ਅਪੀਲ ਵੀ ਕੀਤੀ। ਇਸ ਸਮੇਂ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਪੰਜ ਪਿਆਰੇ, ਨਿਸ਼ਾਨਚੀ ਸਿੰਘਾਂ ਅਤੇ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸਿਰੋਪਾਓ ਦੇ ਕੇ ਸਨਮਾਨ ਦਿੱਤਾ।

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਸ. ਭਗਵੰਤ ਸਿੰਘ ਸਿਆਲਕਾ, ਸ. ਬਲਦੇਵ ਸਿੰਘ ਚੂੰਘਾ, ਭਾਈ ਅਜਾਇਬ ਸਿੰਘ ਅਭਿਆਸੀ, ਸ. ਸੁਰਜੀਤ ਸਿੰਘ ਭਿੱਟੇਵਡ, ਸਕੱਤਰ ਸ. ਮਨਜੀਤ ਸਿੰਘ ਬਾਠ ਤੇ ਸ. ਮਹਿੰਦਰ ਸਿੰਘ ਆਹਲੀ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਜਸਵਿੰਦਰ ਸਿੰਘ ਦੀਨਪੁਰ, ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ, ਅਕਾਲੀ ਆਗੂ ਸ. ਗੁਰਪ੍ਰਤਾਪ ਸਿੰਘ ਟਿੱਕਾ, ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਸ. ਸਕੱਤਰ ਸਿੰਘ ਤੇ ਸ. ਨਿਸ਼ਾਨ ਸਿੰਘ, ਮੈਨੇਜਰ ਸ. ਗੁਰਿੰਦਰ ਸਿੰਘ ਮਥਰੇਵਾਲ, ਸ. ਸਤਨਾਮ ਸਿੰਘ ਸੁਪ੍ਰਿੰਟੈਂਡੈਂਟ, ਸਾਬਕਾ ਸਕੱਤਰ ਸ. ਜੋਗਿੰਦਰ ਸਿੰਘ ਅਦਲੀਵਾਲ, ਸ. ਮਲਕੀਤ ਸਿੰਘ ਬਹਿੜਵਾਲ ਸਹਾਇਕ ਸੁਪ੍ਰਿੰਟੈਂਡੈਂਟ, ਵਧੀਕ ਮੈਨੇਜਰ ਸ. ਰਾਜਿੰਦਰ ਸਿੰਘ ਰੂਬੀ, ਸ. ਲਖਬੀਰ ਸਿੰਘ, ਸ. ਬਘੇਲ ਸਿੰਘ, ਸ. ਹਰਪ੍ਰੀਤ ਸਿੰਘ, ਸ. ਅਮਰਬੀਰ ਸਿੰਘ ਢੋਟ ਅਤੇ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।

Guru Granth Sahib Nagar Kirtan 4 Amritsarਸੁੰਦਰ ਜਲੌ, ਦੀਪਮਾਲਾ ਤੇ ਫੁੱਲਾਂ ਦੀ ਸਜਾਵਟ
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖਤ ਸਾਹਿਬ ਅਤੇ ਗੁਰਦੁਆਰਾ ਬਾਬਾ ਅਟੱਲ ਰਾਇ ਸਾਹਿਬ ਵਿਖੇ ਸਜਾਏ ਗਏ ਅਲੌਕਿਕ ਜਲੌ ਸੰਗਤ ਲਈ ਖਿੱਚ ਦਾ ਕੇਂਦਰ ਬਣੇ। ਜਲੌ ਵਿਚ ਸ੍ਰੀ ਦਰਬਾਰ ਸਾਹਿਬ ਦੇ ਤੋਸ਼ੇ ਖਾਨੇ ’ਚ ਸੁਰੱਖਿਅਤ ਬੇਸ਼ਕੀਮਤੀ ਵਸਤੂਆਂ ਦੇ ਸੰਗਤ ਨੇ ਦਰਸ਼ਨ ਕੀਤੇ। ਇਸ ਤੋਂ ਇਲਾਵਾ ਬੀਤੇ ਦਿਨ ਤੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਇਥੇ ਸਥਿਤ ਹੋਰ ਅਸਥਾਨਾਂ ਅਤੇ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਵਿਖੇ ਸੁੰਦਰ ਦੀਪਮਾਲਾ ਵੀ ਕੀਤੀ ਗਈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਗੁਰੂ ਘਰ ਦੇ ਸ਼ਰਧਾਲੂਆਂ ਵੱਲੋਂ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਰੰਗ-ਬਿਰੰਗੇ ਦੇਸੀ ਅਤੇ ਵਿਦੇਸ਼ੀ ਫੁੱਲਾਂ ਦੀ ਸ਼ਾਨਦਾਰ ਸਜਾਵਟ ਦਾ ਵੀ ਸੰਗਤ ਨੇ ਭਰਪੂਰ ਅਨੰਦ ਮਾਣਿਆ।

ਭਾਈ ਲੌਂਗੋਵਾਲ ਵੱਲੋਂ ਪਹਿਲੇ ਪ੍ਰਕਾਸ਼ ਪੁਰਬ ਦੀ ਸੰਗਤ ਨੂੰ ਵਧਾਈ
ਇਸੇ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸਮੁੱਚੇ ਵਿਸ਼ਵ ਵਿਚ ਵਸਦੀਆਂ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ ਹੈ। ਆਪਣੇ ਵਧਾਈ ਸੰਦੇਸ਼ ਵਿਚ ਭਾਈ ਲੌਂਗੋਵਾਲ ਨੇ ਆਖਿਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿਸ਼ਵ ਦੇ ਉਹ ਪਾਵਨ ਧਾਰਮਿਕ ਗ੍ਰੰਥ ਹਨ, ਜੋ ਮਨੁੱਖ ਦੀ ਹਰ ਪੱਖ ਤੋਂ ਅਗਵਾਈ ਕਰਦੇ ਹਨ। ਸ੍ਰੀ ਗੁਰੂ ਗ੍ਰੰਥ ਸਾਹਿਬ ਅੰਦਰ ਦਰਜ਼ ਪਾਵਨ ਗੁਰਬਾਣੀ ਵਿਚ ਮਨੁੱਖ ਦੀਆਂ ਹਰ ਤਰ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਮੌਜੂਦ ਹੈ। ਉਨ੍ਹਾਂ ਸੰਗਤ ਨੂੰ ਅਪੀਲ ਕੀਤੀ ਕਿ ਪਾਵਨ ਗੁਰਬਾਣੀ ਦੇ ਮੁੱਲਵਾਨ ਬਚਨਾਂ ਦੇ ਧਾਰਨੀ ਬਣ ਕੇ ਜੀਵਨ ਜਿਊਣ।Guru Granth Sahib Nagar Kirtan 5 Amritsar

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION