ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਦਿਹਾੜੇ ਕਰਕੇ ਇਸ ਵਾਰ ਪਰਾਲੀ ਨਾ ਸਾੜਨ ਕਿਸਾਨ: ਤ੍ਰਿਪਤ ਬਾਜਵਾ

ਪਟਿਆਲਾ, 4 ਅਕਤੂਬਰ, 2019:
ਪਰਾਲੀ ਨੂੰ ਅੱਗ ਨਾ ਲਾਉਣ ਬਾਰੇ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਕੌਮੀ ਸੇਵਾ ਯੋਜਨਾ (ਐਨ.ਐਸ.ਐਸ.) ਦੇ ਸਵਾ ਲੱਖ ਵਲੰਟੀਅਰ ਪੰਜਾਬ ਦੇ ਸਾਰੇ 12984 ਪਿੰਡਾਂ ‘ਚ ਜਾਣਗੇ।

ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤਾਂ, ਪਸ਼ੂ ਪਾਲਣ, ਮੱਛੀ ਪਾਲਣ, ਡੇਅਰੀ ਵਿਕਾਸ, ਭਾਸ਼ਾ ਅਤੇ ਉਚੇਰੀ ਸਿੱਖਿਆ ਮੰਤਰੀ ਸ. ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਅੱਜ ਪਟਿਆਲਾ ਦੇ ਪ੍ਰੋ. ਗੁਰਸੇਵਕ ਸਿੰਘ ਸਰਕਾਰੀ ਸਰੀਰਕ ਸਿੱਖਿਆ ਕਾਲਜ ਵਿਖੇ ‘ਪਰਾਲੀ ਨੂੰ ਅੱਗ ਲਾਉਣ ਨੂੰ ਨਾ ਕਹੋ’ ਦੀ ਇਸ ਰਾਜ ਪੱਧਰੀ ਜਾਗਰੂਕਤਾ ਮੁਹਿੰਮ ਦਾ ਰਸਮੀ ਤੌਰ ‘ਤੇ ਆਗ਼ਾਜ਼ ਕੀਤਾ। ਸ. ਬਾਜਵਾ ਨੇ ਜ਼ਿਲ੍ਹੇ ਦੇ 11 ਕਾਲਜਾਂ ਦੇ ਐਨ.ਐਸ.ਐਸ. ਵਲੰਟੀਅਰਾਂ ਨੂੰ ਰਸਮੀ ਤੌਰ ‘ਤੇ ਰਵਾਨਾ ਕੀਤਾ।

ਇਸ ਮੌਕੇ ਸ. ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਪੰਜਾਬ ਦੇ ਕਿਸਾਨਾਂ ਨੂੰ ਇੱਕ ਭਾਵੁਕ ਅਪੀਲ ਕੀਤੀ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਦਿਹਾੜੇ ਮੌਕੇ ਸ੍ਰੀ ਕਰਤਾਰਪੁਰ ਦੇ ਦਰਸ਼ਨਾਂ ਲਈ ਲਾਂਘਾ ਖੁੱਲ੍ਹਣਾ ਹੈ, ਜਿਸ ਲਈ ਦੇਸ਼ ਵਿਦੇਸ਼ ‘ਚੋਂ ਸ਼ਰਧਾਲੂ ਪੰਜਾਬ ਆਉਣਗੇ, ਇਸ ਕਰਕੇ ਕਿਸਾਨ ਵਾਤਾਰਵਰਣ ਨੂੰ ਗੰਧਲਾ ਹੋਣ ਤੋਂ ਰੋਕਣ ਲਈ ਝੋਨੇ ਦੀ ਪਰਾਲੀ ਨਾ ਸਾੜਨ।

ਉਨ੍ਹਾਂ ਦੱਸਿਆ ਕਿ ਸਰਕਾਰ ਪੁਲਿਸ ਦੇ ਜ਼ੋਰ ਨਾਲ ਪਰਾਲੀ ਨੂੰ ਅੱਗ ਲਾਉਣਾ ਬੰਦ ਨਹੀਂ ਕਰਵਾਉਣਾ ਚਾਹੁੰਦੀ, ਇਸ ਲਈ ਪਰਾਲੀ ਨੂੰ ਸਾੜਨ ਦੇ ਨੁਕਸਾਨ ਤੋਂ ਜਾਗਰੂਕਤਾ ਪੈਦਾ ਕਰਕੇ ਪਰਾਲੀ ਨੂੰ ਖੇਤਾਂ ਵਿੱਚ ਹੀ ਮਿਲਾਉਣ ਦੇ ਉਪਰਾਲੇ ਕਰ ਰਹੀ ਹੈ।

ਸ. ਬਾਜਵਾ ਨੇ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਪਰਾਲੀ ਨੂੰ ਖੇਤਾਂ ‘ਚ ਹੀ ਵਾਹੁਣ ਵਾਸਤੇ ਮਸ਼ੀਨਰੀ ਸਬਸਿਡੀ ‘ਤੇ ਮੁਹੱਈਆ ਕਰਵਾਉਣ ਲਈ ਪਿਛਲੇ ਸਾਲ 270 ਕਰੋੜ ਰੁਪਏ ਖਰਚੇ ਤੇ ਇਸ ਵਾਰ 260 ਕਰੋੜ ਰੁਪਏ ਖਰਚੇ ਜਾ ਰਹੇ ਹਨ।

ਉਨ੍ਹਾਂ ਕਿਹਾ ਕਿ ਰਾਜ ‘ਚ 65 ਲੱਖ ਏਕੜ ਰਕਬੇ ‘ਚ ਬੀਜੇ ਜਾਂਦੇ ਝੋਨੇ ਤੋਂ 200 ਲੱਖ ਟਨ ਪਰਾਲੀ ਪੈਦਾ ਹੁੰਦੀ ਹੈ, ਇਸ ‘ਚੋਂ 70 ਲੱਖ ਟਨ ਵਾਹੀ ਜਾਂਦੀ ਹੈ ਤੇ 50 ਲੱਖ ਟਨ ਬਾਇਓਮਾਸ ਪਲਾਂਟ ਆਦਿ ‘ਚ ਵਰਤੀ ਜਾਂਦੀ ਹੈ ਪਰ ਬਾਕੀ ਬਚਦੀ 80 ਲੱਖ ਟਨ ਹੀ ਸਾੜੀ ਜਾਂਦੀ ਹੈ, ਜਿਸ ਕਰਕੇ ਵਾਤਾਵਰਣ ਬਹੁਤ ਗੰਧਲਾ ਹੋ ਰਿਹਾ ਹੈ, ਇਸ ਨੂੰ ਬਚਾਉਣ ਲਈ ਹੁਣ ਸਾਨੂੰ ਜਾਗਣਾ ਹੀ ਪਵੇਗਾ।

ਸ. ਬਾਜਵਾ ਨੇ ਕਿਹਾ ਕਿ ਗੁਰੂ ਸਾਹਿਬ ਦੇ ‘ਪਵਨ ਗੁਰੂ ਪਾਣੀ ਪਿਤਾ, ਮਾਤਾ ਧਰਤਿ ਮਹਤੁ’ ਉਪਦੇਸ਼ ਮੁਤਾਬਕ ਸਾਨੂੰ ਵਾਤਾਵਰਣ ਬਚਾਉਣ ਲਈ ਫ਼ਸਲਾਂ ਦੀ ਰਹਿੰਦ ਖ਼ੂੰਹਦ ਨੂੰ ਅੱਗ ਲਾਉਣ ਤੋਂ ਤੌਬਾ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਕਿਸਾਨ ਪਰਾਲੀ ਨੂੰ ਅੱਗ ਅਨਜਾਣਤਾ ‘ਚ ਹੀ ਲਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਧਰਤੀ ਸਾਨੂੰ ਖਾਣ ਨੂੰ ਦਿੰਦੀ ਹੈ ਪਰ ਅਸੀਂ ਇਸ ਨੂੰ ਸਾੜ ਕੇ ਅਕ੍ਰਿਤਘਣਤਾ ਦਿਖਾ ਰਹੇ ਹਾਂ, ਜਿਸ ਤੋਂ ਬਚਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਉਮੀਦ ਹੈ ਕਿ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ, ਯੂਨੀਵਰਸਿਟੀਆਂ ਤੇ ਵਿਦਿਆਰਥੀਆਂ ਵੱਲੋਂ ਅਰੰਭੀ ਜਾਗਰੂਕਤਾ ਮੁਹਿੰਮ ਰੰਗ ਲਿਆਵੇਗੀ ਤੇ ਇਸ ਵਾਰ ਕਿਸਾਨ ਪਰਾਲੀ ਨਹੀਂ ਸਾੜਨਗੇ।

ਕੈਬਨਿਟ ਮੰਤਰੀ ਨੇ ਐਲਾਨ ਕੀਤਾ ਕਿ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਦੇ ਮੱਦੇਨਜ਼ਰ ਪੰਜਾਬੀ ਯੂਨੀਵਰਸਿਟੀ ਵਿਖੇ ਮਾਤਾ ਤ੍ਰਿਪਤਾ ਦੇ ਨਾਮ ‘ਤੇ ਲੜਕੀਆਂ ਲਈ 21 ਕਰੋੜ ਰੁਪਏ ਦੀ ਲਾਗਤ ਨਾਲ 500 ਕਮਰਿਆਂ ਦਾ ਹੋਸਟਲ ਬਣਾਇਆ ਜਾ ਰਿਹਾ ਹੈ, ਇਸ ਲਈ 2 ਕਰੋੜ ਰੁਪਏ ਜਾਰੀ ਕਰ ਦਿੱਤੇ ਗਏ ਹਨ।

ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਇਕ ਸਵਾਲ ਦੇ ਜਵਾਬ ‘ਚ ਕਿਹਾ ਕਿ ਸ. ਬਾਜਵਾ ਨੇ ਕਿਹਾ ਕਿ ਸਰਕਾਰ 550 ਸਾਲਾ ਪ੍ਰਕਾਸ਼ ਪੁਰਬ ਦੇ ਸਮਾਗਮ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨਾਲ ਰਲਕੇ ਕਰਵਾਉਣਾ ਚਾਹੁੰਦੀ ਹੈ ਪਰੰਤੂ ਸ਼੍ਰੋਮਣੀ ਕਮੇਟੀ ਅਕਾਲੀ ਦਲ ਤੇ ਬਾਦਲ ਪਰਿਵਾਰ ਦਾ ਏਜੰਡਾ ਲੈ ਕੇ ਚੱਲ ਰਹੀ ਹੈ।

ਇਸ ਮੌਕੇ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਦੇ ਚੇਅਰਮੈਨ ਪ੍ਰੋ. ਐਸ.ਐਸ. ਮਰਵਾਹਾ ਨੇ ਪਰਾਲੀ ਨੂੰ ਅੱਗ ਲਾਉਣ ਕਰਕੇ ਰੇਤਾ ਬਣੀ ਧਰਤੀ ਦੇ ਨੁਕਸਾਨ ਤੇ ਪਰਾਲੀ ਨਾ ਸਾੜਨ ਦੇ ਫਾਇਦਿਆਂ ਤੋਂ ਜਾਣੂ ਕਰਵਾਉਂਦਿਆਂ ਦੱਸਿਆ ਕਿ ਪਿਛਲੀ ਵਾਰ ਵੀ ਵਿਦਿਆਰਥੀ ਪਿੰਡਾਂ ‘ਚ ਗਏ ਸਨ ਜਿਸ ਕਰਕੇ ਪਰਾਲੀ ਘੱਟ ਸੜੀ ਸੀ। ਉਨ੍ਹਾਂ ਕਿਹਾ ਕਿ ਇਸ ਵਾਰ ਸਾਰੀਆਂ ਯੂਨੀਵਰਸਿਟੀਆਂ ਨੇ ਇਸ ਨੂੰ ਇੱਕ ਮਿਸ਼ਨ ਵਜੋਂ ਲਿਆ ਹੈ, ਜਿਸ ਕਰਕੇ ਸਾਰੇ ਉਪਕੁਲਪਤੀ ਤੇ ਉਹ ਖ਼ੁਦ ਵੀ ਪਿੰਡਾਂ ‘ਚ ਜਾਣਗੇ।

ਪੰਜਾਬੀ ਯੂਨੀਵਰਸਿਟੀ ਦੇ ਉਪ ਕੁਲਪਤੀ ਡਾ. ਬੀ.ਐਸ. ਘੁੰਮਣ ਨੇ ਕਿਹਾ ਕਿ ਗੁਰੂ ਨਾਨਕ ਦੇਵ ਜੀ ਦੇ ਸੁਨੇਹੇ ਨੂੰ ਅਪਨਾਉਣਦਿਆਂ ਪਰਾਲੀ ਨੂੰ ਅੱਗ ਨਹੀਂ ਲਾਉਣੀ ਚਾਹੀਦੀ। ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਖੇਡ ਯੂਨੀਵਰਸਿਟੀ ਦੇ ਉਪ ਕੁਲਪਤੀ ਲੈਫਟੀਨੈਂਟ ਜਨਰਲ (ਸੇਵਾ ਮੁਕਤ) ਜੇ.ਐਸ. ਚੀਮਾ ਕਿਹਾ ਕਿ ਉਨ੍ਹਾਂ ਨੂੰ ਉਮੀਦ ਹੈ ਕਿ ਕਿਸਾਨ ਹੁਣ ਜਾਗਰੂਕ ਹੋ ਗਏ ਹਨ ਤੇ ਇਸ ਵਾਰ ਪਰਾਲੀ ਨੂੰ ਅੱਗ ਨਹੀਂ ਲਾਉਣਗੇ।

ਇਸ ਮੌਕੇ ਕੈਬਨਿਟ ਮੰਤਰੀ ਦੇ ਓ.ਐਸ.ਡੀ. ਸ. ਗੁਰਦਰਸ਼ਨ ਸਿੰਘ ਬਾਹੀਆ, ਵਧੀਕ ਡਿਪਟੀ ਕਮਿਸ਼ਨਰ (ਡੀ) ਡਾ. ਪ੍ਰੀਤੀ ਯਾਦਵ, ਡਾ. ਬਲਕਾਰ ਸਿੰਘ, ਭਾਸ਼ਾ ਵਿਭਾਗ ਦੇ ਡਾਇਰੈਕਟਰ ਡਾ. ਕਰਮਜੀਤ ਕੌਰ, ਪੰਜਾਬੀ ਯੂਨੀਵਰਸਿਟੀ ਦੇ ਐਨ.ਐਸ.ਐਸ ਕੋਆਰਡੀਨੇਟਰ ਡਾ. ਪਰਮਵੀਰ ਸਿੰਘ, ਯੁਵਕ ਸੇਵਾਵਾ ਵਿਭਾਗ ਦੇ ਡਿਪਟੀ ਡਾਇਰੈਕਟਰ ਸ. ਚਰਨਜੀਤ ਸਿੰਘ, ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਦੇ ਮੈਂਬਰ ਸਕੱਤਰ ਸ੍ਰੀ ਕਰੁਣੇਸ਼ ਗਰਗ, ਸਰੀਰਕ ਸਿੱਖਿਆ ਕਾਲਜ ਦੇ ਪ੍ਰਿੰਸੀਪਲ ਡਾ. ਸਿਮਰਤ ਕੌਰ, ਡਾ. ਮਲਕੀਤ ਸਿੰਘ ਮਾਨ, ਐਸੋਚੈਮ ਦੇ ਪ੍ਰਾਜੈਕਟ ਮੈਨੇਜਰ ਸ੍ਰੀ ਰਣਜੀਤ ਕੁਮਾਰ, ਕਾਲਜਾਂ ਦੇ ਪ੍ਰਿੰਸੀਪਲ, ਅਧਿਆਪਕ, ਐਨ.ਐਸ.ਐਸ. ਪ੍ਰੋਗਰਾਮ ਅਫ਼ਸਰ, ਵਲੰਟੀਅਰ ਤੇ ਹੋਰ ਪਤਵੰਤੇ ਮੌਜੂਦ ਸਨ। ਇਸ ਮੁਹਿੰਮ ‘ਚ ਹਰ ਸਾਂਸ ਸਵੱਛ ਤਹਿਤ ਡਿਟੋਲ ਸਿਟੀ ਅਤੇ ਐਸੋਚੈਮ ਵੱਲੋਂ ਵੀ ਸਹਿਯੋਗ ਦਿੱਤਾ ਗਿਆ।

Share News / Article

Yes Punjab - TOP STORIES