31.7 C
Delhi
Saturday, April 20, 2024
spot_img
spot_img

ਗੁਰੂ ਨਾਨਕ ਦੇਵ ਜੀ ਨੇ ਮਨੁੱਖ ਨੂੰ ਗ੍ਰਹਿਸਤ ’ਚ ਰਹਿ ਕੇ ਧਰਮ ਕਮਾਉਣ ਦਾ ਰਾਹ ਦਿਖਾਇਆ: ਕੋਵਿੰਦ

ਸੁਲਤਾਨਪੁਰ ਲੋਧੀ, 12 ਨਵੰਬਰ, 2019:
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਦਿਹਾੜੇ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਪ੍ਰਸਤੀ ਹੇਠ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਨਜ਼ਦੀਕ ਗੁਰੂ ਨਾਨਕ ਸਟੇਡੀਅਮ ਵਿਖੇ ਕਰਵਾਏ ਮੁੱਖ ਸਮਾਗਮ ਦੌਰਾਨ ਅੱਜ ਭਾਰਤ ਦੇ ਰਾਸ਼ਟਰਪਤੀ ਸ੍ਰੀ ਰਾਮ ਨਾਥ ਕੋਵਿੰਦ ਨੇ ਸਮੂਲੀਅਤ ਕਰਕੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਫ਼ਲਸਫੇ ਨੂੰ ਅਜੋਕੇ ਵਿਸ਼ਵ ਪ੍ਰਸੰਗ ਵਿਚ ਮਨੁੱਖਤਾ ਦੇ ਜੀਵਨ ਲਈ ਸਭ ਤੋਂ ਸਟੀਕ ਤੇ ਉੱਤਮ ਮਾਰਗ ਕਰਾਰ ਦਿੱਤਾ।

ਇਸ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਵੀ ਕੌਮ ਦੇ ਨਾਂ ਸੰਦੇਸ਼ ਦਿੱਤਾ, ਜਦਕਿ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਨੇ ਵੀ ਸੰਬੋਧਨ ਕੀਤਾ।

ਸਮਾਗਮ ਦੌਰਾਨ ਪੰਜਾਬ ਦੇ ਰਾਜਪਾਲ ਸ੍ਰੀ ਵੀ.ਪੀ. ਸਿੰਘ ਬਦਨੌਰ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਕੇਂਦਰੀ ਮੰਤਰੀ ਸ੍ਰੀ ਸੋਮ ਪ੍ਰਕਾਸ਼, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਸਮੇਤ ਕਈ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਮੌਜੂਦ ਸਨ।

ਇਸ ਦੌਰਾਨ ਦੇਸ਼ ਭਰ ਵਿੱਚੋਂ ਪੁੱਜੀਆਂ ਪੰਥਕ ਤੇ ਧਾਰਮਿਕ ਸ਼ਖ਼ਸੀਅਤਾਂ ਨੇ ਵੀ ਗੁਰੂ ਸਾਹਿਬ ਪ੍ਰਤੀ ਸ਼ਰਧਾ ਤੇ ਸਤਿਕਾਰ ਦਾ ਪ੍ਰਗਟਾਵਾ ਕੀਤਾ।

ਸਮਾਗਮ ਦੌਰਾਨ ਸੰਗਤ ਦੇ ਵਿਸ਼ਾਲ ਇਕੱੱਠ ਨੂੰ ਸੰਬੋਧਨ ਕਰਦਿਆਂ ਦੇਸ਼ ਦੇ ਰਾਸ਼ਟਰਪਤੀ ਸ੍ਰੀ ਰਾਮ ਨਾਥ ਕੋਵਿੰਦ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਮਨੁੱਖ ਨੂੰ ਗ੍ਰਹਿਸਤ ’ਚ ਰਹਿ ਕੇ ਧਰਮ ਕਮਾਉਣ ਦਾ ਰਾਹ ਦਿਖਾਇਆ। ਗੁਰੂ ਸਾਹਿਬ ਨੇ ਧਰਮ ਪ੍ਰੰਪਰਾ ਵਿਚ ਬਣੀ ਇਸ ਮਿੱਥ ਨੂੰ ਤੋੜਿਆ ਕਿ ਮੁਕਤੀ ਹਾਸਲ ਕਰਨ ਤੇ ਧਰਮ ਕਮਾਉਣ ਲਈ ਗ੍ਰਹਿਸਤ ਛੱਡਣਾ ਜ਼ਰੂਰੀ ਹੈ।

ਰਾਸ਼ਟਰਪਤੀ ਸ੍ਰੀ ਕੋਵਿੰਦ ਨੇ ਠੇਠ ਪੰਜਾਬੀ ਵਿਚ ਆਪਣੇ ਸੰਬੋਧਨ ਦੌਰਾਨ ਸਿੱਖ ਕੌਮ ਦੀ ਰੱਜਵੀਂ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਸਿੱਖਾਂ ਨੇ ਗੁਰੂ ਸਾਹਿਬਾਨ ਦੇ ਦਰਸਾਏ ਮਾਰਗ ’ਤੇ ਚੱੱਲ ਕੇ ਮਿਹਨਤ ਅਤੇ ਇਮਾਨਦਾਰੀ ਸਦਕਾ ਦੁਨੀਆਂ ਭਰ ਵਿਚ ਨਾਮਣਾ ਖੱਟਿਆ ਹੈ ਅਤੇ ਇਹ ਜਿਥੇ ਜਿਥੇ ਵੀ ਵੱਸਦੇ ਹਨ ਸਭ ਨਾਲ ਭਾਈਚਾਰਾ ਰੱੱਖਦੇ ਹਨ।

ਉਨ੍ਹਾਂ ਕਿਹਾ ਕਿ ਸਿੱਖ ਗੁਰਬਾਣੀ ’ਤੇ ਅਮਲ ਕਰਦਿਆਂ ਨਿਰਸਵਾਰਥ ਭਾਵਨਾ ਨਾਲ ਸੇਵਾ ਕਰਨ ਵਜੋਂ ਜਾਣੇ ਜਾਂਦੇ ਹਨ। ਗੁਰੂ ਸਾਹਿਬ ਵੱਲੋਂ ਦਿੱਤਾ ਗਿਆ ਕਿਰਤ ਕਰੋ, ਨਾਮ ਜਪੋ ਤੇ ਵੰਡ ਕੇ ਛਕੋ ਦਾ ਉਪਦੇਸ਼ ਸਿੱਖਾਂ ਦੇ ਜੀਵਨ ਦਾ ਆਧਾਰ ਹੈ। ਉਨ੍ਹਾਂ ਸਿੱਖ ਧਰਮ ਵਿਚ ਮੀਰੀ ਪੀਰੀ ਦੇ ਸਿਧਾਂਤ ਦੀ ਗੱਲ ਕਰਦਿਆਂ ਕਿਹਾ ਕਿ ਇਨ੍ਹਾਂ ਦੋਹਾਂ ਦਾ ਸੁਮੇਲ ਸਿੱਖ ਧਰਮ ਦੀ ਵਿਲੱਖਣਤਾ ਹੈ।

ਉਨ੍ਹਾਂ ਸਿੱਖ ਸੰਗਤ ਦੇ ਨਾਲ-ਨਾਲ ਸਮੁੱਚੇ ਰਾਸ਼ਟਰ ਨੂੰ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦਿਆਂ ਗੁਰੂ ਸਾਹਿਬ ਦੀ ਵਿਚਾਰਧਾਰਾ ਨਾਲ ਜੁੜ ਕੇ ਸਮਾਜ ਨੂੰ ਬਿਹਤਰ ਬਣਾਉਣ ਲਈ ਯੋਗਦਾਨ ਪਾਉਣ ਦੀ ਅਪੀਲ ਵੀ ਕੀਤੀ।

ਇਸ ਸਮੇਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਤੇ ਸ਼੍ਰੋਮਣੀ ਅਕਾਲੀ ਦੇ ਸਰਪ੍ਰਸਤ ਸ. ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਮਨੁੱਖ ਦੇ ਨਿੱਜੀ ਜੀਵਨ ਨੂੰ ਬਿਹਤਰ ਬਣਾਉਣ ਮਾਰਗ ਦਰਸ਼ਨ ਦਿੱਤਾ ਅਤੇ ਮਨੁੱਖ ਨੂੰ ਸਮਾਜਿਕ ਜ਼ੁੰਮੇਵਾਰੀਆਂ ਪ੍ਰਤੀ ਵੀ ਸੁਚੇਤ ਕੀਤਾ। ਗੁਰੂ ਸਾਹਿਬ ਨੇ ਊਚ-ਨੀਚ, ਜਾਤ-ਪਾਤ ਅਤੇ ਜਬਰ-ਜ਼ੁਲਮ ਦਾ ਵਿਰੋਧ ਕਰਦਿਆਂ ਨਿਮਾਣਿਆਂ ਅਤੇ ਲਿਤਾੜਿਆਂ ਦੇ ਹੱਕ ਵਿਚ ਅਵਾਜ਼ ਉਠਾਈ।

ਨਿਮਰਤਾ ਅਤੇ ਇਸਤਰੀ ਦਾ ਸਤਿਕਾਰ ਗੁਰੂ ਸਾਹਿਬ ਜੀ ਦੀਆਂ ਸਿੱਖਿਆਵਾਂ ’ਚ ਅਹਿਮ ਹੈ। ਉਨ੍ਹਾਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਦਾ ਸਿੱਖਾਂ ਨੂੰ ਤੋਹਫਾ ਦੇਣ ’ਤੇ ਭਾਰਤ ਤੇ ਪਾਕਿਸਤਾਨ ਦੀਆਂ ਸਰਕਾਰਾਂ ਦਾ ਧੰਨਵਾਦ ਕੀਤਾ।

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਦੇਸ਼ ਦੇ ਰਾਸ਼ਟਰਪਤੀ ਸਮੇਤ ਹੋਰ ਪ੍ਰਮੁੱੱਖ ਸ਼ਖ਼ਸੀਅਤਾਂ ਸਵਾਗਤ ਕਰਦਿਆਂ 550ਵੇਂ ਪ੍ਰਕਾਸ਼ ਪੁਰਬ ਨੂੰ ਸਿੱਖ ਜਗਤ ਅਤੇ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਲਈ ਖ਼ਾਸ ਮੌਕਾ ਕਿਹਾ। ਉਨ੍ਹਾਂ ਕਿਹਾ ਕਿ ਅੱਜ ਜੀਵਨ ਵਿਚ ਤਬਦੀਲੀ ਲਈ ਪ੍ਰੇਰਣਾ ਦਾ ਦਿਹਾੜਾ ਹੈ ਅਤੇ ਅੱਜ ਦੇ ਦਿਨ ਸਭ ਨੂੰ ਗੁਰੂ ਸਾਹਿਬ ਜੀ ਦੀਆਂ ਸਿੱਖਿਆਵਾਂ ਜੀਵਨ ਵਿਚ ਧਾਰਨ ਕਰਨ ਲਈ ਪ੍ਰਣ ਕਰਨਾ ਚਾਹੀਦਾ ਹੈ।

ਭਾਈ ਲੌਂਗੋਵਾਲ ਨੇ ਐਲਾਨ ਕੀਤਾ ਕਿ ਅਗਲਾ ਸਾਰਾ ਸਾਲ ਗੁਰੂ ਸਾਹਿਬ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰਹੇਗਾ, ਜਿਸ ਵਿਚ ਗੁਰਮਤਿ ਸਮਾਗਮਾਂ ਦਾ ਸਿਲਸਿਲਾ ਜਾਰੀ ਰੱਖਿਆ ਜਾਵੇਗਾ। ਉਨ੍ਹਾਂ ਸਮੁੱਚੀਆਂ ਜਥੇਬੰਦੀਆਂ, ਸਭਾ-ਸੁਸਾਇਟੀਆਂ ਤੇ ਸੰਗਤਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਜਲਦ ਹੀ ਸ਼ੁਕਰਾਨਾ ਸਮਾਗਮ ਕਰਵਾ ਕੇ ਪ੍ਰਕਾਸ਼ ਪੁਰਬ ਮੌਕੇ ਸਹਿਯੋਗ ਦੇਣ ਵਾਲੇ ਮਹਾਂਪੁਰਖਾਂ, ਜਥੇਬੰਦੀਆਂ, ਟਕਸਾਲਾਂ, ਨਿਹੰਗ ਸਿੰਘ ਦਲਾਂ, ਲੰਗਰ ਤੇ ਹੋਰ ਸੇਵਾਵਾਂ ਕਰਨ ਵਾਲੀਆਂ ਸੁਸਾਇਟੀਆਂ ਨੂੰ ਸਨਮਾਨਿਤ ਕੀਤਾ ਜਾਵੇਗਾ।

ਸਮਾਗਮ ਦੌਰਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਰਾਸ਼ਟਰਪਤੀ ਸ੍ਰੀ ਕੋਵਿੰਦ, ਉਨ੍ਹਾਂ ਦੀ ਪਤਨੀ ਸ੍ਰੀਮਤੀ ਸੁਮਿਤਰਾ ਕੁਵਿੰਦ, ਰਾਜਪਾਲ ਸ੍ਰੀ ਵੀ.ਪੀ. ਸਿੰਘ ਬਦਨੌਰ, ਸਾਬਕਾ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਤੇ ਕੇਂਦਰੀ ਮੰਤਰੀ ਸ੍ਰੀ ਸੋਮ ਪ੍ਰਕਾਸ਼ ਨੂੰ ਸਨਮਾਨਿਤ ਕੀਤਾ। ਸਟੇਜ਼ ਚਲਾਉਣ ਦੀ ਸੇਵਾ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਵੱਲੋਂ ਨਿਭਾਈ ਗਈ।

ਇਸ ਮੌਕੇ ਰਾਜ ਸਭਾ ਮੈਂਬਰ ਸ. ਬਲਵਿੰਦਰ ਸਿੰਘ ਭੂੰਦੜ, ਸੀਨੀਅਰ ਆਗੂ ਜਥੇਦਾਰ ਤੋਤਾ ਸਿੰਘ, ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ, ਸ. ਬਿਕਰਮ ਸਿੰਘ ਮਜੀਠੀਆ, ਸ. ਦਲਜੀਤ ਸਿੰਘ ਚੀਮਾ, ਸ. ਦਰਬਾਰਾ ਸਿੰਘ ਗੁਰੂ, ਸ. ਮਹੇਸ਼ਇੰਦਰ ਸਿੰਘ ਗਰੇਵਾਲ, ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਰਘੂਜੀਤ ਸਿੰਘ ਵਿਰਕ, ਜਨਰਲ ਸਕੱਤਰ ਸ. ਗੁਰਬਚਨ ਸਿੰਘ ਕਰਮੂੰਵਾਲਾ, ਸ. ਬਿੱਕਰ ਸਿੰਘ ਚੰਨੂ, ਸ. ਜਗਮੀਤ ਸਿੰਘ ਬਰਾੜ, ਸ. ਸਿਕੰਦਰ ਸਿੰਘ ਮਲੂਕਾ, ਸ. ਗੁਲਜ਼ਾਰ ਸਿੰਘ ਰਣੀਕੇ, ਭਾਈ ਮਨਜੀਤ ਸਿੰਘ, ਸ. ਅਮਰੀਕ ਸਿੰਘ ਕੋਟਸ਼ਮੀਰ, ਬਾਬਾ ਗੁਰਮੀਤ ਸਿੰਘ ਤ੍ਰਿਲੋਕੇਵਾਲਾ, ਸ. ਖੁਸ਼ਵਿੰਦਰ ਸਿੰਘ ਭਾਟੀਆ, ਸ. ਜਰਨੈਲ ਸਿੰਘ ਕਰਤਾਰਪੁਰ, ਸ. ਅਮਰੀਕ ਸਿੰਘ ਵਿਛੋਆ, ਭਾਈ ਅਮਰਜੀਤ ਸਿੰਘ ਚਾਵਲਾ, ਭਾਈ ਗੁਰਚਰਨ ਸਿੰਘ ਗਰੇਵਾਲ, ਸ. ਦਿਆਲ ਸਿੰਘ ਕੋਲਿਆਂਵਾਲੀ, ਭਾਈ ਰਾਮ ਸਿੰਘ, ਸ. ਅਵਤਾਰ ਸਿੰਘ ਵਣਵਾਲਾ, ਸ. ਸਰਵਨ ਸਿੰਘ ਕੁਲਾਰ, ਸ. ਜਰਨੈਲ ਸਿੰਘ ਡੋਗਰਾਂਵਾਲਾ, ਬੀਬੀ ਗੁਰਪ੍ਰੀਤ ਕੌਰ ਰੂਹੀ, ਸ. ਬਲਦੇਵ ਸਿੰਘ ਚੂੰਘਾ, ਭਾਈ ਰਾਜਿੰਦਰ ਸਿੰਘ ਮਹਿਤਾ, ਸ. ਹਰਜਾਪ ਸਿੰਘ, ਸ. ਬਾਵਾ ਸਿੰਘ ਗੁਮਾਨਪੁਰਾ, ਸ. ਬਲਜੀਤ ਸਿੰਘ ਜਲਾਲਉਸਮਾ, ਸ. ਦਲਜੀਤ ਸਿੰਘ ਭਿੰਡਰ, ਸ. ਅਲਵਿੰਦਰਪਾਲ ਸਿੰਘ ਪੱਖੋਕੇ, ਸ. ਕੁਲਵੰਤ ਸਿੰਘ ਮੰਨਣ, ਸ. ਗੁਰਿੰਦਰਪਾਲ ਸਿੰਘ ਗੋਰਾ, ਸ. ਸਤਵਿੰਦਰ ਸਿੰਘ ਟੌਹੜਾ, ਸ. ਸੁਖਵਰਸ਼ ਸਿੰਘ ਪੰਨੂ, ਸ. ਰਤਨ ਸਿੰਘ ਜੱਫਰਵਾਲ, ਸ. ਸੁਰਜੀਤ ਸਿੰਘ ਭਿੱਟੇਵਡ, ਸ. ਨਵਤੇਜ ਸਿੰਘ ਕਾਉਣੀ, ਸ. ਸੱਜਣ ਸਿੰਘ ਬੱਜੂਮਾਨ, ਸ. ਗੁਰਨਾਮ ਸਿੰਘ ਜੱਸਲ, ਸਕੱਤਰ ਸ. ਮਹਿੰਦਰ ਸਿੰਘ ਆਹਲੀ, ਸ. ਅਵਤਾਰ ਸਿੰਘ ਸੈਂਪਲਾ ਆਦਿ ਮੌਜੂਦ ਸਨ।

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਕੌਮ ਦੇ ਨਾਂ ਸੰਦੇਸ਼
ਅਜੋਕੇ ਵਿਸ਼ਵ ਹਾਲਾਤਾਂ ਦੇ ਮੱਦੇਨਜ਼ਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਫਲਸਫੇ ਤੋਂ ਸੇਧ ਲਵੇ ਸਿੱਖ ਕੌਮ-ਗਿਆਨੀ ਹਰਪ੍ਰੀਤ ਸਿੰਘ
ਗੁਰੂ ਨਾਨਕ ਸਟੇਡੀਅਮ ਵਿਖੇ ਮੁੱਖ ਸਮਾਗਮ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਿੱਖ ਪੰਥ ਦੇ ਨਾਂ ਸੰਦੇਸ਼ ਦਿੰਦਿਆਂ ਸਿੱਖ ਪੰਥ ਦੇ ਅਜੋਕੇ ਹਾਲਾਤਾਂ, ਵਿਸ਼ਵ ਸਰੋਕਾਰਾਂ ਅਤੇ ਵਿਸ਼ਵ ਪ੍ਰਸੰਗ ਦੇ ਵਿਚ ਸਿੱਖ ਫਲਸਫੇ ਦੀ ਅਹਿਮੀਅਤ ਨੂੰ ਉਭਾਰਿਆ।

ਗਿਆਨੀ ਹਰਪ੍ਰੀਤ ਸਿੰਘ ਨੇ ਆਪਣੇ ਸੰਦੇਸ਼ ਦੀ ਸ਼ੁਰੂਆਤ 550 ਸਾਲਾ ਪ੍ਰਕਾਸ਼ ਪੁਰਬ ਦੇ ਮੁਬਾਰਕ ਮੌਕੇ ’ਤੇ ਸ੍ਰੀ ਕਰਤਾਰਪੁਰ ਸਾਹਿਬ ਦਾ ਲ਼ਾਂਘਾ ਖੁੱਲ੍ਹਣ ’ਤੇ ਖੁਸ਼ੀ ਦੇ ਪ੍ਰਗਟਾਵੇ ਨਾਲ ਕਰਦਿਆਂ ਪਿਛਲੇ ਸਾਢੇ ਪੰਜ ਸੌ ਸਾਲਾਂ ਦੌਰਾਨ ਸਿੱਖ ਪੰਥ ਦੇ ਇਤਿਹਾਸਕ ਸਫ਼ਰ ਅਤੇ ਮੌਜੂਦਾ ਦਸ਼ਾ ਦੇ ਮੱਦੇਨਜ਼ਰ ਭਵਿੱਖ ਦੀਆਂ ਸੰਭਾਵਨਾਵਾਂ ਨੂੰ ਤਲਾਸ਼ਣ ਦੀ ਲੋੜ ’ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਸਿੱਖ ਕੌਮ ਨੂੰ ਆਪਣੇ ਭਵਿੱਖ ਬਾਰੇ ਸੇਧ ਲੈਣ ਲਈ ਅਰਧ ਸ਼ਤਾਬਦੀ ਪੁਰਬ ਨੂੰ ਇਕ ਪ੍ਰੇਰਣਾ ਵਜੋਂ ਲੈਣਾ ਚਾਹੀਦਾ ਹੈ।

ਸਿੰਘ ਸਾਹਿਬ ਨੇ ਆਪਣੇ ਸੰਦੇਸ਼ ’ਚ ਅਜੋਕੇ ਸੰਸਾਰ ਹਾਲਾਤਾਂ ਦੀ ਗੱਲ ਕਰਦਿਆਂ ਕਿਹਾ ਕਿ ਅੱਜ ਮਨੁੱਖੀ ਜੀਵਨ ਵਿਚ ਵਿਗਾਸ ਦੀ ਥਾਂ ਵਿਨਾਸ਼ ਭਾਰੂ ਹੁੰਦਾ ਜਾ ਰਿਹਾ ਹੈ, ਜਿਸ ਦੇ ਨਤੀਜੇ ਵਜੋਂ ਕੁਦਰਤ ਦਾ ਵਿਗੜਦਾ ਸੰਤੁਲਨ, ਹਉਮੈਵਾਦੀ ਨਿਜ਼ਾਮ, ਵਪਾਰਕ ਜੰਗ, ਪਦਾਰਥਕ ਪਸਾਰਾ, ਸੱਭਿਆਚਾਰਾਂ ਦਾ ਦਮਨ, ਵਿਸ਼ਵ ਆਰਥਿਕ ਮੰਦੀ ਅਤੇ ਆਲਮੀ ਪ੍ਰਮਾਣੂ ਜੰਗ ਵਰਗੇ ਹਾਲਾਤ ਮਨੁੱਖਤਾ ਨੂੰ ਦਰਪੇਸ਼ ਹਨ।

ਉਨ੍ਹਾਂ ਨੇ ਵਿਆਪਕ ਪ੍ਰਸੰਗ ਵਿਚ ਗੱਲ ਕਰਦਿਆਂ ਕਿਹਾ ਕਿ ਸਿਰਫ ਸਿੱਖ ਕੌਮ ਹੀ ਨਹੀਂ ਅੱਜ ਸਮੁੱਚੇ ਸੰਸਾਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਦਰਸਾਏ ਜੀਵਨ ਮਾਰਗ ਦੀ ਤਾਂਘ ਹੈ। ਸਿੰਘ ਸਾਹਿਬ ਨੇ ਜਾਤ-ਪਾਤ, ਊਚ-ਨੀਚ, ਇਸਤਰੀ ਨਾਲ ਵਿਤਕਰਾ ਅਤੇ ਆਲਮੀ ਤਪਸ਼ ਵਰਗੇ ਮਨੁੱਖਤਾ ਨੂੰ ਦਰਪੇਸ਼ ਸੰਕਟਾਂ ਦੇ ਹੱੱਲ ਲਈ ਗੁਰਮਤਿ ਦੇ ਫਲਸਫੇ ਨੂੰ ਨਵੀਆਂ ਅੰਤਰਦ੍ਰਿਸ਼ਟੀਆਂ ਤੋਂ ਖੋਲ੍ਹਣ ਦੀ ਲੋੜ ਦੱਸੀ।

ਉਨ੍ਹਾਂ ਪੰਜਾਬੀਆਂ ਵਿਚ ਮਾਂ ਬੋਲੀ ਪ੍ਰਤੀ ਬੇਮੁਖਤਾਈ ਦੇ ਰੁਝਾਨ ਬਾਰੇ ਚਿੰਤਾ ਪ੍ਰਗਟ ਕਰਦਿਆਂ ਸਮੁੱਚੇ ਪੰਜਾਬੀ ਭਾਈਚਾਰੇ ਨੂੰ ਅਪੀਲ ਕੀਤੀ ਕਿ ਹਰ ਪੰਜਾਬੀ ਆਪਣੇ ਘਰ ਨੂੰ ਪੰਜਾਬੀ ਬੋਲੀ ਦੀ ਟਕਸਾਲ ਬਣਾਵੇ।

ਉਨ੍ਹਾਂ ਸਮੁੱਚੀ ਸਿੱਖ ਕੌਮ ਨੂੰ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਸਾਜੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਪ੍ਰਸਤੀ ਹੇਠ ਇਕੱਤਰ ਹੋ ਕੇ ਸਾਂਝੀਵਾਲਤਾ ’ਤੇ ਅਧਾਰਤਿ ਪਵਿੱਤਰ ਨਿਯਮਾਂ ਵਾਲਾ ਇਕ ਅਜਿਹਾ ਰਾਜਨੀਤਕ ਤੇ ਸਮਾਜਿਕ ਪ੍ਰਬੰਧ ਸਾਹਮਣੇ ਲਿਆਉਣ ਦੀ ਲੋੜ ਵੀ ਦੱਸੀ, ਜਿਸ ਤੋਂ ਸਮੁੱਚਾ ਵਿਸ਼ਵ ਭਾਈਚਾਰਾ ਅਤੇ ਦੇਸ਼ ਅਗਵਾਈ ਹਾਸਲ ਕਰ ਸਕਣ।

ਇਸ ਦੌਰਾਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਖ਼ਾਲਸਾ, ਸ਼੍ਰੋਮਣੀ ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ, ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ, ਬਾਬਾ ਸੇਵਾ ਸਿੰਘ ਕਾਰਸੇਵਾ ਖਡੂਰ ਸਾਹਿਬ, ਭਾਈ ਬਲਜਿੰਦਰ ਸਿੰਘ ਰਾੜਾ ਸਾਹਿਬ, ਮਹੰਤ ਸ੍ਰੀ ਰਘੂਮੁਨੀ ਉਦਾਸੀਨ ਆਦਿ ਨੇ ਵੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਅਤੇ ਸਿੱਖਿਆਵਾਂ ਸਬੰਧੀ ਆਪਣੇ ਵਿਚਾਰ ਸਾਂਝੇ ਕੀਤੇ।

ਇਸ ਮੌਕੇ ਧਾਰਮਿਕ ਸ਼ਖ਼ਸੀਅਤਾਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਸਨਮਾਨਿਤ ਵੀ ਕੀਤਾ ਗਿਆ। ਇਸ ਤੋਂ ਪਹਿਲਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਸਤਿੰਦਰਬੀਰ ਸਿੰਘ ਤੇ ਭਾਈ ਰਾਇ ਸਿੰਘ ਦੇ ਜਥਿਆਂ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਾਵਨ ਬਾਣੀ ਦਾ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ। ਪੰਥ ਪ੍ਰਸਿੱਧ ਕਥਾਵਾਚਕ ਭਾਈ ਪਿੰਦਰਪਾਲ ਸਿੰਘ ਨੇ ਵੀ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾਈ।

ਇਸ ਮੌਕੇ ਬਾਬਾ ਸੁਬੇਗ ਸਿੰਘ, ਬਾਬਾ ਗੁਰਨਾਮ ਸਿੰਘ, ਬਾਬਾ ਦਲਜੀਤ ਸਿੰਘ ਸ਼ਿਕਾਗੋ, ਬਾਬਾ ਕਸ਼ਮੀਰ ਸਿੰਘ ਭੁਰੀਵਾਲੇ, ਬਾਬਾ ਅਵਤਾਰ ਸਿੰਘ ਸੁਰਸਿੰਘ, ਬਾਬਾ ਮੇਜਰ ਸਿੰਘ, ਬਾਬਾ ਜਗਜੀਤ ਸਿੰਘ ਬੜੂ ਸਾਹਿਬ, ਬਾਬਾ ਬੁੱਧ ਸਿੰਘ ਨਿੱਕੇਘੁੰਮਣ, ਭਾਈ ਸੁਖਦੇਵ ਸਿੰਘ ਦਮਦਮੀ ਟਕਸਾਲ, ਗਿਆਨੀ ਹਰਦੀਪ ਸਿੰਘ, ਬਾਬਾ ਗੱਜਣ ਸਿੰਘ, ਬੀਬੀ ਜਸਪ੍ਰੀਤ ਕੌਰ ਮਾਹਿਲਪੁਰ, ਬਾਬਾ ਸੁਖਦੇਵ ਸਿੰਘ ਭੁਚੋਕਲਾਂ, ਬਾਬਾ ਲੱਖਾ ਸਿੰਘ, ਬਾਬਾ ਖੁਸ਼ਹਾਲ ਸਿੰਘ, ਬਾਬਾ ਸੁਖਵਿੰਦਰ ਸਿੰਘ ਭੂਰੀਵਾਲੇ, ਸੁਖਦੇਵ ਸਿੰਘ ਭੁਰਾਕੋਹਨਾ, ਸ. ਪਰਜਜੀਤ ਸਿੰਘ ਸਰੋਆ, ਸ. ਪ੍ਰਤਾਪ ਸਿੰਘ, ਸ. ਬਲਵਿੰਦਰ ਸਿੰਘ ਕਾਹਲਵਾਂ, ਸ. ਹਰਜੀਤ ਸਿੰਘ ਲਾਲੂਘੁੰਮਣ, ਸ. ਗੁਰਿੰਦਰ ਸਿੰਘ ਮਥਰੇਵਾਲ ਆਦਿ ਮੌਜੂਦ ਸਨ।

ਰਾਸ਼ਟਰਪਤੀ ਸ੍ਰੀ ਕੋਵਿੰਦ ਗੁਰਦੁਆਰਾ ਸ੍ਰੀ ਬੇਰ ਸਾਹਿਬ ਨਤਮਸਤਕ ਹੋਏ
550ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਦੌਰਾਨ ਸੁਲਤਾਨਲੋਧੀ ਵਿਖੇ ਪੁੱੱਜੇ ਭਾਰਤ ਦੇ ਰਾਸ਼ਟਰਪਤੀ ਸ੍ਰੀ ਰਾਮਨਾਥ ਕੋਵਿੰਦ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਾਵਨ ਇਤਿਹਾਸਕ ਅਸਥਾਨ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ।

ਇਸ ਮੌਕੇ ਉਨ੍ਹਾਂ ਦੀ ਧਰਮਪਤਨੀ ਸ੍ਰੀਮਤੀ ਸੁਮਿਤਰਾ ਕੋਵਿੰਦ, ਪੰਜਾਬ ਦੇ ਰਾਜਪਾਲ ਵੀ.ਪੀ. ਸਿੰਘ ਬਦਨੌਰ, ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਮੇਤ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਵੀ ਉਨ੍ਹਾਂ ਦੇ ਨਾਲ ਸਨ। ਉਹ ਸਮਾਗਮ ਵਿਚ ਸ਼ਾਮਲ ਹੋਣ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਵਿਖੇ ਪੁੱੱਜੇ, ਜਿਥੇ ਉਨ੍ਹਾਂ ਨੂੰ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਗੁਰੂ ਬਖ਼ਸ਼ਿਸ ਸਿਰੋਪਾਓ ਦੇ ਕੇ ਨਿਵਾਜਿਆ।

ਇਸ ਮੌਕੇ ਜਥੇਦਾਰ ਤੋਤਾ ਸਿੰਘ, ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਸ. ਬਲਵਿੰਦਰ ਸਿੰਘ ਭੂੰਦੜ, ਬੀਬੀ ਜਗੀਰ ਕੌਰ, ਸ. ਸਿਕੰਦਰ ਸਿੰਘ ਮਲੂਕਾ, ਸ. ਪ੍ਰਮਿੰਦਰ ਸਿੰਘ ਢੀਂਡਸਾ, ਸ. ਹਰਿੰਦਰਪਾਲ ਸਿੰਘ ਚੰਦੂਮਾਜਰਾ, ਸ. ਜਰਨੈਲ ਸਿੰਘ ਡੋਗਰਾਵਾਲਾ, ਬੀਬੀ ਗੁਰਪ੍ਰੀਤ ਕੌਰ ਰੂਹੀ, ਸ. ਸਰਵਨ ਸਿੰਘ ਕੁਲਾਰ, ਸਕੱਤਰ ਸ. ਮਹਿੰਦਰ ਸਿੰਘ ਆਹਲੀ, ਸ. ਓ.ਪੀ. ਸੋਨੀ, ਸ. ਨਵਤੇਜ ਸਿੰਘ ਚੀਮਾ, ਸ. ਹਰਮਿੰਦਰ ਸਿੰਘ ਗਿੱਲ, ਰਾਣਾ ਗੁਰਜੀਤ ਸਿੰਘ, ਡਾ. ਧਰਮਵੀਰ ਗਾਂਧੀ, ਸ. ਸੁਖਪਾਲ ਸਿੰਘ ਭੁੱਲਰ, ਬੀਬੀ ਰਜਿੰਦਰ ਕੌਰ ਭੱਠਲ, ਸ. ਕੁਲਵਿੰਦਰ ਸਿੰਘ ਰਮਦਾਸ ਮੀਤ ਸਕੱਤਰ, ਮੈਨੇਜਰ ਸ. ਸਤਨਾਮ ਸਿੰਘ ਰਿਆੜ ਆਦਿ ਮੌਜੂਦ ਸਨ।

ਸ਼ਾਬਕਾ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਤੇ ਰਾਜਿਸਥਾਨ ਦੇ ਮੁੱਖ ਮੰਤਰੀ ਸ੍ਰੀ ਅਸ਼ੋਕ ਗਹਿਲੋਤ ਨੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਮੱਥਾ ਟੇਕਿਆ
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਸ. ਪ੍ਰਕਾਸ਼ ਸਿੰਘ ਬਾਦਲ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਮੱਥਾ ਟੇਕਿਆ ਅਤੇ ਅਰਦਾਸ ਕੀਤੀ। ਉਨ੍ਹਾਂ ਕੜਾਹ ਪ੍ਰਸ਼ਾਦ ਦੀ ਦੇਗ ਵੀ ਕਰਵਾਈ।

ਇਸੇ ਦੌਰਾਨ ਅੱਜ ਰਾਜਿਸਥਾਨ ਦੇ ਮੁੱਖ ਮੰਤਰੀ ਸ੍ਰੀ ਅਸ਼ੋਕ ਗਹਿਲੋਤ ਨੇ ਵੀ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਰਧਾ ਪ੍ਰਗਟਾਈ। ਇਸ ਦੌਰਾਨ ਸ. ਪ੍ਰਕਾਸ਼ ਸਿੰਘ ਬਾਦਲ ਸ੍ਰੀ ਅਸੋਕ ਗਹਿਲੋਤ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿਰੋਪਾਓ ਦੇ ਕੇ ਸਨਮਾਨ ਦਿੱਤਾ ਗਿਆ।

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION