ਜਲੰਧਰ ’ਚ 15 ਤੋਂ 17 ਅਕਤੂਬਰ ਤੱਕ ਕਰਵਾਏ ਜਾ ਰਹੇ ਡਿਜੀਟਲ ਮਿਊਜ਼ੀਅਮ ਅਤੇ ਲਾਈਟ ਐਂਡ ਸਾਊਂਡ ਸ਼ੋਅ ਲਈ ਤਿਆਰੀਆਂ ਮੁਕੰਮਲ

ਜਲੰਧਰ, 14 ਅਕਤੂਬਰ, 2019:

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਲਾਇਲਪੁਰ ਖਾਲਸਾ ਕਾਲਜ ਜਲੰਧਰ ਵਿਖੇ 15 ਤੋਂ 17 ਅਕਤੂਬਰ ਤੱਕ ਕਰਵਾਏ ਜਾ ਰਹੇ ਡਿਜੀਟਲ ਮਿਊਜੀਅਮ ਅਤੇ ਲਾਈਟ ਐਂਡ ਸਾਊਂਡ ਸ਼ੋਅ ਲਈ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।

ਲਾਇਲਪੁਰ ਖਾਲਸਾ ਕਾਲਜ ਵਿਖੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਅਤੇ ਪੁਲਿਸ ਕਮਿਸ਼ਨਰ ਸ੍ਰੀ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਅਤੇ ਫਲਸਫੇ ਨੂੰ ਡਿਜੀਟਲ ਮਿਊਜ਼ੀਅਮ ਅਤੇ ਲਾਈਟ ਐਂਡ ਸਾਊਂਡ ਸ਼ੋਅ ਰਾਹੀਂ ਦਰਸਾਇਆ ਜਾਵੇਗਾ।

ਉਨ੍ਹਾਂ ਦੱਸਿਆ ਕਿ ਡਿਜੀਟਲ ਮਿਊਜ਼ੀਅਮ ਲਾਇਲਪੁਰ ਖਾਲਸਾ ਕਾਲਜ ਦੀ ਗਰਾਊਂਡ ਵਿਖੇ ਸਥਾਪਿਤ ਕੀਤਾ ਗਿਆ ਹੈ ਜਿਥੇ ਲੋਕ 15 ਤੋਂ 17 ਅਕਤੂਬਰ ਤੱਕ ਸਵੇਰੇ 6.30 ਵਜੇ ਤੋਂ ਸ਼ਾਮ 6 ਵਜੇ ਤੱਕ ਆ ਸਕਦੇ ਹਨ। ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ 16 ਅਤੇ 17 ਅਕਤੂਬਰ ਨੂੰ ਦੋ ਦਿਨਾਂ ਲਈ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ’ਤੇ ਅਧਾਰਿਤ ਲਾਈਟ ਐਂਡ ਸਾਊਂਡ ਸ਼ੋਅ ਕਰਵਾਇਆ ਜਾ ਰਿਹਾ ਹੈ ਜਿਸ ਵਿੱਚ ਲੋਕ ਸ਼ਾਮ 7 ਵਜੇ ਤੋਂ 7.45 ਵਜੇ ਤੱਕ ਅਤੇ ਫਿਰ ਸ਼ਾਮ 8.30 ਵਜੇ ਤੋਂ ਸ਼ਾਮ 9.15 ਵਜੇ ਤੱਕ ਸਿਰਕਤ ਕਰ ਸਕਦੇ ਹਨ।

ਉਨ੍ਹਾਂ ਦੱਸਿਆ ਕਿ ਡਿਜੀਟਲ ਮਿਊਜ਼ੀਅਮ ਲੋਕਾਂ ਲਈ ਤਿੰਨੋ ਦਿਨ ਖੁੱਲਾ ਰਹੇਗਾ ਜਦਕਿ ਲਾਈਟ ਐਂਡ ਸਾਊਂਡ ਸ਼ੋਅ ਰੰਗਦਾਰ ਵਿਜੂਅਲ ਪ੍ਰੈਜੇਂਟੇਸ਼ਨ, ਅਤਿ ਆਧੁਨਿਕ ਲੇਜਰ ਤਕਨੀਕ ਨਾਲ ਦੋ ਦਿਨਾਂ ਲਈ ਲੋਕਾਂ ਲਈ ਖੁੱਲਾ ਰਹੇਗਾ।

ਡਿਪਟੀ ਕਮਿਸ਼ਨਰ ਅਤੇ ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਮੈਂਬਰ ਪਾਰਲੀਮੈਂਟ ਚੌਧਰੀ ਸੰਤੋਖ ਸਿੰਘ 15 ਅਕਤੂਬਰ ਨੂੰ ਸਵੇਰੇ ਇਨਾਂ ਸਮਾਗਮਾਂ ਦਾ ਰਸਮੀ ਤੌਰ ’ਤੇ ਉਦਘਾਟਨ ਕਰਨਗੇ। ਉਨ੍ਹਾਂ ਦੱਸਿਆ ਕਿ ਇਸ ਸਮਾਗਮ ਨੂੰ ਸਫ਼ਲ ਬਣਾਉਣ ਲਈ ਸੀਨੀਅਰ ਅਧਿਕਾਰੀਆਂ ਦੀਆਂ ਵੱਖ-ਵੱਖ ਥਾਵਾਂ ’ਤੇ ਡਿਊਟੀਆਂ ਲਗਾਈਆਂ ਗਈਆਂ ਹਨ ।

ਡਿਪਟੀ ਕਮਿਸ਼ਨ+ ਅਤੇ ਪੁਲਿਸ ਕਮਿਸ਼ਨਰ ਨੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਜਿਨਾਂ ਵਿੱਚ ਪੁਲਿਸ, ਸਿਹਤ, ਸਿੱਖਿਆ, ਵਾਟਰ ਸਪਲਾਈ ਅਤੇ ਸੈਨੀਟੇਸ਼ਨ, ਪਾਵਰਕਾਮ, ਪੀ.ਡਬਲਿਊ ਡੀ. (ਬੀ.ਐਂਡ ਆਰ.), ਨਗਰ ਨਿਗਮ, ਫਾਇਰ ਬ੍ਰਿਗੇਡ ਅਤੇ ਹੋਰ ਵਿਭਾਗ ਸ਼ਾਮਿਲ ਨੂੰ ਨੂੰ ਜਰੂਰੀ ਪ੍ਰਬੰਧਾਂ ਨੂੰ ਸਮੇਂ ਸਿਰ ਮੁਕੰਮਲ ਕਰਨ ਦੀਆਂ ਹਦਾਇਤਾਂ ਕੀਤੀਆਂ ਗਈਆਂ ਹਨ।

ਉਨ੍ਹਾਂ ਕਿਹਾ ਕਿ ਇਨਾਂ ਸਮਾਗਮਾਂ ਵਿਚ ਸਿਰਕਤ ਕਰਨ ਵਾਲੇ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਕੋਈ ਮੁਸ਼ਕਿਲ ਪੇਸ਼ ਨਹੀਂ ਆਉਣੀ ਚਾਹੀਦੀ ਤਾਂ ਕਿ ਉਹ ਅਤਿ ਆਧੁਨਿਕ ਤਕਨੀਕ ਰਾਹੀਂ ਕਰਵਾਏ ਜਾ ਰਹੇ ਧਾਰਮਿਕ ਪ੍ਰੋਗਰਾਮ ਦਾ ਆਨੰਦ ਮਾਣ ਸਕਣ। ਉਨ੍ਹਾਂ ਕਿਹਾ ਕਿ ਇਸ ਕੰਮ ਵਿੱਚ ਕਿਸੇ ਪ੍ਰਕਾਰ ਦੀ ਅਣਗਹਿਲੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਉਨ੍ਹਾਂ ਲੋਕਾਂ ਨੂੰ ਸੱਦਾ ਦਿੱਤਾ ਕਿ ਉਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਉਤਸਵ ਸਬੰਧੀ ਕਰਵਾਏ ਜਾ ਰਹੇ ਇਨਾਂ ਸਮਾਗਮਾਂ ਵਿੱਚ ਪਰਿਵਾਰਾਂ ਸਮੇਤ ਸ਼ਿਰਕਤ ਕਰਨ। ਉਨ੍ਹਾਂ ਕਿਹਾ ਕਿ ਇਨਾਂ ਸਮਾਗਮਾਂ ਵਿੱਚ ਦਾਖਲਾ ਬਿਲਕੁਲ ਮੁਫ਼ਤ ਹੈ ਅਤੇ ਲੋਕਾਂ ਲਈ ਹਰ ਸਹੂਲਤ ਦੇ ਪ੍ਰਬੰਧ ਕੀਤੇ ਜਾ ਚੁੱਕੇ ਹਨ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਜਸਬੀਰ ਸਿੰਘ, ਉਪ ਮੰਡਲ ਮੈਜਿਸਟਰ ਜਲੰਧਰ-1 ਜੈ ਇੰਦਰ ਸਿੰਘ, ਡਿਪਟੀ ਕਮਿਸ਼ਨਰ ਪੁਲਿਸ ਗੁਰਮੀਤ ਸਿੰਘ, ਵਧੀਕ ਡਿਪਟੀ ਕਮਿਸ਼ਨਰ ਪੁਲਿਸ ਡੀ ਸੁਧਰਵਿਜੀ ਅਤੇ ਪੀ.ਐਸ.ਭੰਡਾਲ, ਲੋਕ ਨਿਰਮਾਣ ਵਿਭਾਗ ਤੋਂ ਇੰਜੀ.ਬੀ.ਐਸ.ਤੁਲੀ, ਸਹਾਇਕ ਸਿਵਲ ਸਰਜਨ ਡਾ.ਗੁਰਮੀਤ ਕੌਰ ਦੁੱਗਲ, ਏ.ਸੀ.ਪੀ. ਬੀ.ਆਈ.ਐਸ.ਕਾਹਲੋਂ, ਏ.ਸੀ.ਪੀ.ਐਚ.ਐਸ.ਵਾਲੀਆ, ਕਾਲਜ ਪ੍ਰਿੰਸੀਪਲ ਗੁਰਪਿੰਦਰ ਸਿੰਘ ਸਮਰਾ ਅਤੇ ਹੋਰ ਹਾਜ਼ਰ ਸਨ।

Share News / Article

Yes Punjab - TOP STORIES