ਜਲੰਧਰ, 15 ਜੁਲਾਈ, 2019 –
ਜਲੰਧਰ ਵਿਕਾਸ ਅਥਾਰਟੀ ਵਲੋਂ ਗੈਰ ਕਾਨੂੰਨੀ ਕਲੋਨੀਆਂ ਅਤੇ ਨਜਾਇਜ਼ ਕਬਜ਼ਿਆਂ ਖਿਲਾਫ਼ ਸ਼ਖਤ ਕਾਰਵਾਈ ਕਰਦਿਆਂ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਨੇੜੇ 19 ਗੈਰ ਕਾਨੁੰਨੀ ਇਮਾਰਤੀ ਢਾਹੀਆਂ ਗਈਆਂ।
ਮੁੱਖ ਪ੍ਰਸ਼ਾਸਕ ਜਲੰਧਰ ਵਿਕਾਸ ਅਥਾਰਟੀ ਸ੍ਰੀ ਜਤਿੰਦਰ ਜ਼ੋਰਵਾਲ ਦੀਆਂ ਹਦਾਇਤਾਂ ’ਤੇ ਵਿਸ਼ੇਸ਼ ਟੀਮ ਵਲੋਂ ਕਾਨੂੰਨ ਦੀ ਉਲੰਘਣਾ ਕਰਨ ਵਾਲਿਆਂ ਨੂੰ ਨੋਟਿਸ ਦੇਣ ਉਪਰੰਤ ਪਿੰਡ ਚਹੇੜੂ ਤੇ ਮਹੇੜੂ ਅਤੇ ਹੋਰ ਥਾਵਾਂ ’ਤੇ ਗੈਰ ਕਾਨੂੰਨੀ ਇਮਾਰਤਾਂ ਨੂੰ ਢਾਹਿਆ ਗਿਆ। ਇਸ ਮੌਕੇ ਵੱਡੀ ਗਿਣਤੀ ਵਿੱਚ ਪੁਲਿਸ ਫੋਰਸ ਬਲਾਂ ਨੂੰ ਤਾਇਨਾਤ ਕੀਤਾ ਗਿਆ।
ਮੁੱਖ ਪ੍ਰਸ਼ਾਸਕ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਗੈਰ ਕਾਨੂੰਨੀ ਇਮਾਰਤਾਂ ਉਸਾਰਨ ਦੀ ਇਜ਼ਾਜ਼ਤ ਨਹੀਂ ਦਿੱਤੀ ਜਾਵੇਗੀ। ਉਨ੍ਹਾ ਕਿਹਾ ਕਿ ਜਲੰਧਰ ਵਿਕਾਸ ਅਥਾਰਟੀ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ’ਤੇ ਗੈਰ ਕਾਨੂੰਨੀ ਕਲੌਨੀਆਂ ਅਤੇ ਇਮਾਰਤਾਂ ’ਤੇ ਸਖ਼ਤ ਨਜ਼ਰ ਰੱਖੀ ਜਾ ਰਹੀ ਹੈ ਅਤੇ ਅਜਹਿੀਆਂ ਇਮਾਰਤਾਂ ਤੇ ਕਲੋਨੀਆਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਮੁੱਖ ਪ੍ਰਸ਼ਾਸਕ ਨੇ ਅੱਗੇ ਦੱਸਿਆ ਕਿ ਜਲੰਧਰ ਵਿਕਾਸ ਅਥਾਰਟੀ ਵਲੋਂ ਪਹਿਲਾਂ ਹੀ ਕਾਨੂੰਨ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਲਈ ਰੈਗੂਲੇਟਰੀ ਅਥਾਰਟੀ ਦਾ ਗਠਨ ਕੀਤਾ ਜਾ ਚੁੱਕਾ ਹੈ। ਉਨ੍ਹਾਂ ਕਿਹਾ ਕਿ ਗੈਰ ਕਾਨੂੰਨੀ ਕਲੋਨੀਆਂ ਅਤੇ ਇਮਾਰਤਾਂ ਸਬੰਧੀ ਲਿਖਤੀ ਜਾਂ ਟੈਲੀਫੋਨ ’ਤੇ ਸ਼ਿਕਾਇਤਾਂ ਪ੍ਰਾਪਤ ਕਰਨ ਲਈ ਸ਼ਿਕਾਇਤ ਸੈਲ ਦਾ ਵੀ ਗਠਨ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਰੈਗੂਲੇਟਰੀ ਅਥਾਰਟੀ ਵਲੋਂ ਕਾਨੂੰਨ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਅਸਰਦਾਰ ਢੰਗ ਨਾਲ ਕਾਰਵਾਈ ਨੂੰ ਯਕੀਨੀ ਬਣਾਉਣ ਵੱਖ-ਵੱਖ ਅਧਿਕਾਰੀਆਂ ਨੂੰ ਤਾਇਨਾਤ ਕੀਤਾ ਗਿਆ ਹੈ । ਉਨ੍ਹਾਂ ਕਿਹਾ ਕਿ ਕਾਨੂੰਨ ਦੀ ਉਲੰਘਣਾ ਕਰਨ ’ਤੇ ਪਾਏ ਜਾਣ ਵਾਲਿਆਂ ਖਿਲਾਫ਼ ਜਲਦ ਐਫ.ਆਈ.ਆਰ. ਦਰਜ ਕੀਤੀ ਜਾਵੇਗੀ।