ਜਸਪਾਲ ਸਿੰਘ ਢਿੱਲੋਂ ਪੰਜਾਬ ਅਧੀਨ ਸੇਵਾਵਾਂ ਚੋਣ ਬੋਰਡ ਦੇ ਮੈਂਬਰ ਨਿਯੁਕਤ

ਚੰਡੀਗੜ੍ਹ, ਸਤੰਬਰ 7, 2019 –

ਸ਼੍ਰੀ ਜਸਪਾਲ ਸਿੰਘ ਢਿੱਲੋਂ ਨੂੰ ਪੰਜਾਬ ਸਰਕਾਰ ਵੱਲੋਂ ਪੰਜਾਬ ਅਧੀਨ ਸੇਵਾਵਾਂ ਚੋਣ ਬੋਰਡ ਦੇ ਮੈਂਬਰ ਨਿਯੁਕਤ ਕੀਤਾ ਗਿਆ ਹੈ। ਇਸ ਸਬੰਧੀ ਲੋੜੀਂਦੇ ਹੁਕਮ ਸਰਕਾਰ ਵੱਲੋਂ ਜਾਰੀ ਕਰ ਦਿੱਤੇ ਗਏ ਹਨ।

ਢਿੱਲੋਂ ਮੌਜੂਦਾ ਸਮੇਂ ਵਿੱਚ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਬਤੌਰ ਮੀਡੀਆ ਇੰਚਾਰਜ ਵਜੋਂ ਅਤੇ ਪੰਜਾਬ ਕਾਂਗਰਸ ਦੇ ਐਨਆਰਆਈ ਵਿੰਗ ਦੇ ਇੰਚਾਰਜ ਵਜੋਂ ਵੀ ਸੇਵਾ ਨਿਭਾ ਰਹੇ ਹਨ। ਉਨ੍ਹਾਂ ਨੇ ਸਾਲ 2013 ਵਿੱਚ ਭਾਰਤ ਸਰਕਾਰ ਦੇ ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਅਧੀਨ ਫਿਲਮ ਸੈਂਸਰ ਬੋਰਡ ਵਿਚ ਬਤੌਰ ਮੈਂਬਰ ਵਜੋਂ ਵੀ ਸੇਵਾ ਨਿਭਾਈ ਹੈ।

ਜਸਪਾਲ ਢਿੱਲੋਂ ਪਿਛਲੇ ਦੋ ਦਹਾਕੇ ਤੋਂ ਵੱਧ ਸਮੇਂ ਤੋਂ ਕਾਂਗਰਸ ਪਾਰਟੀ ਨਾਲ ਜੁੜੇ ਰਹੇ ਅਤੇ ਵਿਦਿਆਰਥੀ ਜੀਵਨ ਤੋਂ ਹੀ ਉਨ੍ਹਾਂ ਨੇ ਐਨਐਸਯੂਆਈ ਦੀਆਂ ਗਤੀਵਿਧੀਆਂ ਵਿੱਚ ਸਰਗਰਮੀ ਨਾਲ ਭਾਗ ਲੈਣਾ ਸ਼ੁਰੂ ਕਰ ਦਿੱਤਾ ਸੀ। ਮਗਰੋਂ ਉਨ੍ਹਾਂ ਨੇ ਪੰਜਾਬ ਯੂਥ ਕਾਂਗਰਸ ਵਿੱਚ ਵੀ ਸਰਗਰਮ ਭੂਮਿਕਾ ਨਿਭਾਈ।

ਸਾਲ 2009 ਤੋਂ ਉਹ ਕੈਪਟਨ ਅਮਰਿੰਦਰ ਸਿੰਘ ਨਾਲ ਜੁੜੇ ਹੋਏ ਹਨ ਅਤੇ ਉਦੋਂ ਤੋਂ ਲੈ ਕੇ ਹੁਣ ਤੱਕ ਉਨ੍ਹਾਂ ਦੀ ਮੀਡੀਆ ਟੀਮ ਦਾ ਹਿੱਸਾ ਵੀ ਰਹੇ।

ਢਿੱਲੋਂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਉਨ੍ਹਾਂ ਤੇ ਵਿਸ਼ਵਾਸ ਜਤਾਉਣ ਲਈ ਤਹਿ ਦਿਲੋਂ ਧੰਨਵਾਦ ਕਰਦਿਆਂ ਕਿਹਾ ਕਿ ਉਹ ਮੁੱਖ ਮੰਤਰੀ ਵਲੋਂ ਉਨ੍ਹਾਂ ਨੂੰ ਸੌਂਪੀ ਗਈ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ, ਇਮਾਨਦਾਰੀ ਅਤੇ ਕਾਬਲੀਅਤ ਨਾਲ ਨਿਭਾਉਣਗੇ।

Share News / Article

Yes Punjab - TOP STORIES