ਅੰਮ੍ਰਿਤਸਰ, 27 ਜੂਨ, 2019 –
ਰੋਜ਼ੀ ਰੋਟੀ ਕਮਾਉਣ ਤੇ ਪਰਿਵਾਰ ਨੂੰ ਕਰਜ਼ਾ-ਮੁਕਤ ਕਰਨ ਦੇ ਸੁਪਨੇ ਲੈ ਕੇ ਦੁਬਈ ਗਏ 47 ਸਾਲਾ ਸੁਰਜੀਤ ਕੁਮਾਰ ਪੁੱਤਰ ਗੁਰਦਿਆਲ ਸਿੰਘ ਦੀ ਮ੍ਰਿਤਕ ਦੇਹ ਅੱਜ ਸਰਬੱਤ ਦਾ ਭਲਾ ਟਰੱਸਟ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਤੇ ਉੱਘੇ ਸਮਾਜ ਸੇਵਕ ਡਾ: ਐਸ.ਪੀ. ਸਿੰਘ ਓਬਰਾਏ ਦੇ ਯਤਨਾਂ ਨਾਲ ਸ਼੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਪੁੱਜੀ।
ਹੁਸ਼ਿਆਰਪੁਰ ਸ਼ਹਿਰ ਨਾਲ ਸੰਬੰਧਿਤ ਮ੍ਰਿਤਕ ਸੁਰਜੀਤ ਕੁਮਾਰ ਅਜੇ ਫਰਵਰੀ ਮਹੀਨੇ ‘ਚ ਹੀ ਆਪਣੀ ਛੁੱਟੀ ਕੱਟ ਕੇ ਵਾਪਸ ਦੁਬਈ ਗਿਆ ਸੀ ਕਿ ਅਚਾਨਕ ਬੀਤੀ 15 ਮਈ ਨੂੰ ਉਹ ਭੇਦਭਰੇ ਹਲਾਤਾਂ ‘ਚ ਓਹ ਲਾਪਤਾ ਹੋ ਗਿਆ ਅਤੇ 21ਮਈ ਨੂੰ ਰੇਤ ਦੇ ਟਿੱਬਿਆਂ ਤੋਂ ਉਸ ਦੀ ਲਾਸ਼ ਬਹੁਤ ਹੀ ਬੁਰੀ ਹਾਲਤ ‘ਚ ਮਿਲੀ ਸੀ।
ਜਦ ਭਾਰਤ ਰਹਿੰਦੇ ਉਸਦੇ ਪਰਿਵਾਰਿਕ ਮੈਂਬਰਾਂ ਨੂੰ ਸੁਰਜੀਤ ਕੁਮਾਰ ਦੇ ਨਾਲ ਕੰਮ ਕਰਦੇ ਉਸ ਦੇ ਸਾਥੀਆਂ ਤੋਂ ਉਸ ਦੀ ਮੌਤ ਦੇ ਮਿਲੇ ਸੁਨੇਹੇ ਤੋਂ ਆਪਣੇ ਤੇ ਟੁੱਟੇ ਇਸ ਕਹਿਰ ਦਾ ਪਤਾ ਲੱਗਾ ਤਾਂ ਉਨ੍ਹਾਂ ਨੇ ਆਪਣੀ ਪਤਲੀ ਆਰਥਿਕ ਹਾਲਤ ਤੇ ਉਸ ਦਾ ਮ੍ਰਿਤਕ ਸਰੀਰ ਵਾਪਸ ਲਿਆਉਣ ਦੀ ਅਾਪਣੀ ਬੇਵਸੀ ਦਾ ਹਵਾਲਾ ਦਿੰਦਿਆਂ ਟਰੱਸਟ ਦੀ ਹੁਸ਼ਿਆਰਪੁਰ ਜ਼ਿਲ੍ਹਾ ਇਕਾਈ ਦੇ ਪ੍ਰਧਾਨ ਆਗਿਆਪਾਲ ਸਿੰਘ ਰਾਹੀਂ ਟਰੱਸਟ ਦੇ ਸਰਪ੍ਰਸਤ ਡਾ: ਓਬਰਾਏ ਨਾਲ ਸੰਪਰਕ ਕਰਕੇ ਸੁਰਜੀਤ ਕੁਮਾਰ ਦੀ ਮ੍ਰਿਤਕ ਦੇਹ ਭਾਰਤ ਭੇਜਣ ਦੀ ਅਰਜੋਈ ਕੀਤੀ ਸੀ, ਜਿਸਤੇ ਕਾਰਵਾਈ ਕਰਦਿਆਂ ਡਾ: ਓਬਰਾਏ ਤੇ ਉਨ੍ਹਾਂ ਦੀ ਟੀਮ ਨੇ ਦੁਬਈ ਅੰਦਰ ਸਾਰੀ ਜਰੂਰੀ ਕਾਗਜ਼ੀ ਕਾਰਵਾਈ ਮੁਕੰਮਲ ਕਰਵਾ ਅੱਜ ਮ੍ਰਿਤਕ ਦੇਹ ਨੂੰ ਵਤਨ ਭੇਜਿਆ।
ਹਵਾਈ ਅੱਡੇ ਤੇ ਮ੍ਰਿਤਕ ਦੇ ਪਰਿਵਾਰਿਕ ਮੈਂਬਰਾਂ ਨਾਲ ਦੁੱਖ ਸਾਂਝਾ ਕਰਨ ਪੁੱਜੇ ਟਰੱਸਟ ਦੇ ਸੇਵਾਦਾਰ ਮਨਪ੍ਰੀਤ ਸਿੰਘ ਸੰਧੂ,ਨਵਜੀਤ ਸਿੰਘ ਘਈ, ਸਿਸ਼ਪਾਲ ਸਿੰਘ ਲਾਡੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਉਕਤ ਮ੍ਰਿਤਕ ਲੜਕੇ ਸਮੇਤ ਟਰੱਸਟ ਵਲੋਂ ਹੁਣ ਤੱਕ 120 ਬਦਨਸੀਬ ਨੌਜੁਆਨ ਮੁੰਡੇ ਕੁੜੀਆਂ ਦੇ ਮ੍ਰਿਤਕ ਸਰੀਰ ਉਨ੍ਹਾਂ ਦੇ ਵਾਰਸਾਂ ਤੱਕ ਪਹੁੰਚਾਏ ਜਾ ਚੁੱਕੇ ਹਨ।ਜਦ ਕਿ ਪਿਛਲੇ 12 ਦਿਨਾਂ ਅੰਦਰ ਹੀ ਟਰੱਸਟ ਵੱਲੋਂ 4 ਨੌਜਵਾਨਾਂ ਦੇ ਮਿ੍ਤਕ ਸਰੀਰ ਲਿਆਂਦੇ ਗਏ ਹਨ। ਸੁਰਜੀਤ ਕੁਮਾਰ ਦੀ ਮ੍ਰਿਤਕ ਦੇਹ ਨੂੰ ਭਾਰਤ ਭੇਜਣ ‘ਚ ਭਾਰਤੀ ਦੂਤਾਵਾਸ ਤੋਂ ਇਲਾਵਾ ਸ. ਓਬਰਾਏ ਦੇ ਨਿੱਜੀ ਸਕੱਤਰ ਬਲਦੀਪ ਸਿੰਘ ਚਾਹਲ ਨੇ ਵੀ ਜਿਕਰਯੋਗ ਭੂਮਿਕਾ ਨਿਭਾਈ ਹੈ।
ਇਸੇ ਦੌਰਾਨ ਦੁਬਈ ਤੋਂ ਮ੍ਰਿਤਕ ਦੇਹ ਲੈ ਕੇ ਆਏ ਮ੍ਰਿਤਕ ਦੇ ਦੋਸਤ ਹੁਸਨ ਲਾਲ ਤੋਂ ਇਲਾਵਾ ਭਤੀਜੇ ਆਕਾਸ਼ਦੀਪ, ਸਾਲਾ ਵਿਜੇ ਕੁਮਾਰ, ਭਰਾ ਰਵਿੰਦਰ ਸਿੰਘ ਤੇ ਦੇਵਰਾਜ ਆਦਿ ਪਰਿਵਾਰਕ ਮੈਂਬਰਾਂ ਨੇ ਆਦਿ ਨੇ ਸ. ਓਬਰਾਏ ਦਾ ਧੰਨਵਾਦ ਕਰਦਿਆਂ ਕਿਹਾ ਕਿ ਅਸੀਂ ਪਹਿਲੀ ਵਾਰ ਅਜਿਹਾ ਇਨਸਾਨ ਦੇਖਿਆ ਹੈ ਜੋ ਬਿਨ੍ਹਾਂ ਕਿਸੇ ਸਵਾਰਥ ਦੇ ਲੋੜਵੰਦਾਂ ਦੀ ਵੱਡੀ ਤੋਂ ਵੱਡੀ ਮਦਦ ਕਰਨ ਲਈ ਹਮੇਸ਼ਾਂ ਤਿਆਰ ਰਹਿੰਦੇ ਹਨ।
ਉਨ੍ਹਾਂ ਨਮ ਅੱਖਾਂ ਨਾਲ ਕਿਹਾ ਕਿ ਉਨ੍ਹਾਂ ਦਾ ਪਰਿਵਾਰ ਡਾ: ਓਬਰਾਏ ਦੇ ਇਸ ਪਰਉਪਕਾਰ ਲਈ ਸਾਰੀ ਜਿੰਦਗੀ ਰਿਣੀ ਰਹੇਗਾ ਕਿਉਂਕਿ ਉਨ੍ਹਾਂ ਦੀ ਬਦੌਲਤ ਹੀ ਸੁਰਜੀਤ ਕੁਮਾਰ ਦੀਆਂ ਅੰਤਿਮ ਰਸਮਾਂ ਉਸ ਦੇ ਜੱਦੀ ਸ਼ਹਿਰ ਹੁਸ਼ਿਆਰਪੁਰ ਵਿਖੇ ਹੋਣੀਆਂ ਸੰਭਵ ਹੋ ਸਕੀਆਂ ਹਨ।
ਦੱਸਣਯੋਗ ਹੈ ਕਿ ਸੁਰਜੀਤ ਕੁਮਾਰ ਦੀ ਮ੍ਰਿਤਕ ਦੇਹ ਬਹੁਤ ਜਿਆਦਾ ਖਰਾਬ ਹਾਲਤ ‘ਚ ਹੋਣ ਕਾਰਨ ਉਸ ਦਾ ਅੰਤਿਮ ਸੰਸਕਾਰ ਬਕਸੇ ਸਮੇਤ ਹੀ ਕੀਤਾ ਜਾਣਾ ਹੈ,ਜਿਸ ਕਾਰਨ ਉਸ ਦੇ ਪਰਿਵਾਰਕ ਮੈਂਬਰ ਆਖ਼ਰੀ ਵਾਰ ਉਸ ਦਾ ਚਿਹਰਾ ਵੀ ਸ਼ਾਇਦ ਨਹੀਂ ਵੇਖ ਸਕਣਗੇ।