ਡਾ: ਨਰਿੰਦਰ ਭਾਰਗਵ ਨੇ ਮਾਨਸਾ ਦੇ ਐਸ.ਐਸ.ਪੀ. ਵਜੋਂ ਅਹੁਦਾ ਸੰਭਾਲਿਆ, ਨਸ਼ਾ ਤਸਕਰਾਂ ਖਿਲਾਫ਼ ਸਖ਼ਤ ਕਾਰਵਾਈ ਦੇ ਸੰਕੇਤ

ਮਾਨਸਾ, 19 ਜੁਲਾਈ, 2019 –

ਮਾਨਸਾ ਜ਼ਿਲ੍ਹੇ ਵਿੱਚ ਡਾ. ਨਰਿੰਦਰ ਭਾਰਗਵ ਨੇ ਬਤੌਰ ਐਸ.ਐਸ.ਪੀ. ਅੱਜ ਆਪਣਾ ਅਹੁਦਾ ਸੰਭਾਲ ਲਿਆ ਹੈ। ਇਸ ਤੋਂ ਪਹਿਲਾਂ ਵੀ ਡਾ. ਭਾਰਗਵ ਸਾਲ 2012-13 ਦੌਰਾਨ ਮਾਨਸਾ ਜ਼ਿਲ੍ਹੇ ਵਿੱਚ ਬਤੌਰ ਐਸ.ਐਸ.ਪੀ. ਆਪਣੀਆਂ ਸੇਵਾਵਾਂ ਨਿਭਾਅ ਚੁੱਕੇ ਹਨ।

ਮਾਨਸਾ ਵਿਖੇ ਅੱਜ ਆਪਣਾ ਅਹੁਦਾ ਸੰਭਾਲਣ ਤੋਂ ਪਹਿਲਾਂ ਡਾ. ਭਾਰਗਵ ਬਤੌਰ ਐਸ.ਐਸ.ਪੀ. ਹੁਸ਼ਿਆਰਪੁਰ, ਜਲੰਧਰ ਰੂਰਲ, ਫਾਜ਼ਿਲਕਾ ਅਤੇ ਕਮਾਂਡੈਂਟ 3 ਆਈ.ਆਰ.ਬੀ. ਲੁਧਿਆਣਾ ਤੇ ਕਮਾਂਡੈਂਟ 7 ਆਈ.ਆਰ.ਬੀ. ਕਪੂਰਥਲਾ ਵਿਖੇ ਆਪਣੀਆਂ ਸੇਵਾਵਾਂ ਨਿਭਾਅ ਚੁੱਕੇ ਹਨ। ਇਸ ਤੋਂ ਇਲਾਵਾ ਉਹ ਡੀ.ਸੀ.ਪੀ. ਲੁਧਿਆਣਾ ਵੀ ਤਾਇਨਾਤ ਰਹੇ ਹਨ।

ਆਪਣਾ ਅਹੁਦਾ ਸੰਭਾਲਦਿਆਂ ਹੀ ਡਾ. ਨਰਿੰਦਰ ਭਾਰਗਵ ਨੇ ਜ਼ਿਲ੍ਹੇ ਦੇ ਸਮੂਹ ਪੁਲਿਸ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਅਤੇ ਹਦਾਇਤਾਂ ਕੀਤੀਆਂ ਕਿ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਨਸ਼ਾ ਵਿਰੋਧੀ ਮੁਹਿੰਮ ਤਹਿਤ ਨਸ਼ੇ ਦੇ ਤਸਕਰਾਂ ਨੂੰ ਕਿਸੇ ਵੀ ਕੀਮਤ ‘ਤੇ ਬਖ਼ਸ਼ਿਆ ਨਹੀਂ ਜਾਵੇਗੀ ਅਤੇ ਨਾ ਹੀ ਜ਼ਿਲ੍ਹੇ ਅੰਦਰ ਕਿਸੇ ਵੀ ਤਰ੍ਹਾਂ ਦੇ ਸ਼ਰਾਰਤੀ ਅਨਸਰ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਉਨ੍ਹਾਂ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਜੇਕਰ ਉਨ੍ਹਾਂ ਦੇ ਆਸ-ਪਾਸ ਕੋਈ ਨਸ਼ਾ ਤਸਕਰ ਜਾਂ ਕੋਈ ਹੋਰ ਸ਼ੱਕੀ ਅਨਸਰ ਦਿਖਾਈ ਦਿੰਦਾ ਹੈ, ਤਾਂ ਉਸਦੀ ਸੂਚਨਾ ਤੁਰੰਤ ਜ਼ਿਲ੍ਹਾ ਪੁਲਿਸ ਨੂੰ ਦਿੱਤੀ ਜਾਵੇ, ਤਾਂ ਜੋ ਸਮਾਂ ਰਹਿੰਦਿਆਂ ਹੀ ਅਜਿਹੇ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਸ਼ਾਂਤਮਈ ਅਤੇ ਸਾਫ਼-ਸੁਥਰੇ ਸਮਾਜ ਦੀ ਸਿਰਜਣਾ ਵਿੱਚ ਲੋਕਾਂ ਦਾ ਸਹਿਯੋਗ ਬਹੁਤ ਜ਼ਰੂਰੀ ਹੈ।

Share News / Article

Yes Punjab - TOP STORIES