ਡਾ. ਰਾਜ ਕੁਮਾਰ ਵੇਰਕਾ ਵੱਲੋਂ ਔਟਿਜ਼ਮ ਅਤੇ ਨਿਊਰੋ-ਡਿਵੈਲਪਮੈਂਟ ਡਿਸਆਰਡਰਜ਼ ਸਬੰਧੀ ਸੈਂਟਰ ਆਫ਼ ਐਕਸੀਲੈਂਸ ਦਾ ਉਦਘਾਟਨ

ਯੈੱਸ ਪੰਜਾਬ
ਚੰਡੀਗੜ੍ਹ/ਐਸ.ਏ.ਐਸ.ਨਗਰ, 15 ਦਸੰਬਰ, 2021 –
ਪੰਜਾਬ ਦੇ ਮੈਡੀਕਲ ਸਿੱਖਿਆ ਅਤੇ ਖੋਜ ਮੰਤਰੀ ਡਾ. ਰਾਜ ਕੁਮਾਰ ਵੇਰਕਾ ਨੇ ਅੱਜ ਸੈਕਟਰ 79, ਐਸ.ਏ.ਐਸ. ਨਗਰ (ਮੋਹਾਲੀ) ਵਿਖੇ ਔਟਿਜ਼ਮ ਅਤੇ ਨਿਊਰੋ-ਡਿਵੈਲਪਮੈਂਟਲ ਡਿਸਆਰਡਰਜ਼ ਸਬੰਧੀ ਸੈਂਟਰ ਆਫ਼ ਐਕਸੀਲੈਂਸ ਦਾ ਉਦਘਾਟਨ ਕੀਤਾ। ਉਦਘਾਟਨੀ ਸਮਾਰੋਹ ਤੋਂ ਬਾਅਦ ਕੈਬਨਿਟ ਮੰਤਰੀ ਡਾ. ਰਾਜ ਕੁਮਾਰ ਵੇਰਕਾ ਨੇ ਕਿਹਾ ਕਿ ਇਹ ਕੇਂਦਰ ਪੰਜਾਬ ਵਿੱਚ ਆਪਣੀ ਕਿਸਮ ਦੀ ਪਹਿਲੀ ਸੰਸਥਾ ਹੈ ਅਤੇ ਇਹ ਭਾਰਤ ਵਿੱਚ ਔਟਿਜ਼ਮ ਅਤੇ ਹੋਰ ਨਿਊਰੋ-ਵਿਕਾਸ ਸੰਬੰਧੀ ਵਿਕਾਰਾਂ ਵਾਲੇ ਵਿਅਕਤੀਆਂ ਲਈ ਵਿਆਪਕ, ਏਕੀਕ੍ਰਿਤ ਅਤੇ ਜਵਾਬਦੇਹੀ ਸੇਵਾਵਾਂ ਪ੍ਰਦਾਨ ਕਰੇਗਾ।

ਡਾ. ਰਾਜ ਕੁਮਾਰ ਵੇਰਕਾ ਨੇ ਦੱਸਿਆ ਕਿ ਇਸ ਕੇਂਦਰ ਦਾ ਉਦੇਸ਼ ਕਲੀਨਿਕਲ ਸੇਵਾਵਾਂ, ਮਾਪਿਆਂ ਦੀ ਸਿਖਲਾਈ ਲਈ ਰਿਹਾਇਸ਼ੀ ਸਹੂਲਤਾਂ ਅਤੇ ਬੱਚਿਆਂ ਲਈ ਸਕੂਲ ਮੁਹੱਈਆ ਕਰਵਾਉਣਾ ਵੀ ਹੈ। ਉਹਨਾਂ ਅੱਗੇ ਦੱਸਿਆ ਕਿ ਕੇਂਦਰ ਵਿੱਚ ਇੱਕ ਬਹੁ-ਅਨੁਸ਼ਾਸਨੀ ਮਾਹਿਰਾਂ ਦੀ ਟੀਮ ਵੀ ਉਪਲਬਧ ਹੋਵੇਗੀ ਜਿਸ ਵਿੱਚ ਬਾਲ ਰੋਗ ਵਿਗਿਆਨੀ, ਮਨੋਵਿਗਿਆਨੀ, ਕਿੱਤਾਮੁਖੀ ਅਤੇ ਫ਼ਿਜੀਕਲ ਥੈਰੇਪਿਸਟ ਸ਼ਾਮਲ ਹੋਣਗੇ।

ਇਸ ਮੌਕੇ ਕੈਬਨਿਟ ਮੰਤਰੀ ਦੇ ਨਾਲ ਵਿਧਾਇਕ ਬਲਵਿੰਦਰ ਸਿੰਘ ਲਾਡੀ, ਸਕੱਤਰ ਮੈਡੀਕਲ ਸਿੱਖਿਆ ਅਤੇ ਖੋਜ ਸ੍ਰੀ ਅਲੋਕ ਸ਼ੇਖਰ ਆਈ.ਏ.ਐਸ., ਡਾਇਰੈਕਟਰ ਡਾ. ਅਵਨੀਸ਼ ਕੁਮਾਰ ਅਤੇ ਮੈਡੀਕਲ ਸਿੱਖਿਆ ਵਿਭਾਗ ਦੇ ਸੰਯੁਕਤ ਡਾਇਰੈਕਟਰ ਡਾ. ਅਕਾਸ਼ ਦੀਪ ਅਗਰਵਾਲ ਵੀ ਹਾਜ਼ਰ ਸਨ।

ਡਾ. ਰਾਜ ਕੁਮਾਰ ਵੇਰਕਾ ਨੇ ਦੱਸਿਆ ਕਿ ਮੋਹਾਲੀ ਦੇ ਨਵੇਂ ਡਾ. ਬੀ.ਆਰ.ਅੰਬੇਦਕਰ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਿਜ਼ ਨੂੰ ਇਸ ਸੈਂਟਰ ਦੇ ਪ੍ਰਬੰਧ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ ਅਤੇ ਬੱਚਿਆਂ ਦੀ ਵਿਸ਼ੇਸ਼ ਦੇਖਭਾਲ ਕਰਨ ਲਈ ਡਾਇਰੈਕਟਰ ਪ੍ਰਿੰਸੀਪਲ ਡਾ. ਭਵਨੀਤ ਭਾਰਤੀ ਨੂੰ ਵਿਸ਼ੇਸ਼ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਤਾਂ ਜੋ ਔਟਿਜ਼ਮ ਅਤੇ ਦਿਮਾਗ ਦੇ ਵਿਕਾਸ ਸਬੰਧੀ ਹੋਰ ਵਿਕਾਰਾਂ ਵਾਲੇ ਬੱਚਿਆਂ ਦੀ ਵਿਸ਼ੇਸ਼ ਦੇਖਭਾਲ ਕੀਤੀ ਜਾ ਸਕੇ।

ਮੰਤਰੀ ਨੇ ਕੇਂਦਰ ਵਿੱਚ ਮੌਜੂਦ ਮਰੀਜ਼ਾਂ ਅਤੇ ਸਟਾਫ਼ ਮੈਂਬਰਾਂ ਨਾਲ ਗੱਲਬਾਤ ਵੀ ਕੀਤੀ ਅਤੇ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਭਵਿੱਖ ਵਿੱਚ ਸਫ਼ਲ ਆਪ੍ਰੇਸ਼ਨਾਂ ਲਈ ਕੇਂਦਰ ਨੂੰ ਹਰ ਸੰਭਵ ਸਹਾਇਤਾ ਦਿੱਤੀ ਜਾਵੇ। ਉਨ੍ਹਾਂ ਵਿਭਾਗ ਦੇ ਅਧਿਕਾਰੀਆਂ ਨੂੰ ਕੇਂਦਰ ਵਿਖੇ ਵਾਧੂ ਲੋੜਾਂ ਸਬੰਧੀ ਰਿਪੋਰਟ ਤਿਆਰ ਕਰਨ ਦੇ ਵੀ ਨਿਰਦੇਸ਼ ਦਿੱਤੇ ਅਤੇ ਜਲਦੀ ਹੀ ਸਾਰੀਆਂ ਜ਼ਰੂਰਤਾਂ ਨੂੰ ਪੂਰਾ ਕਰਨ ਦਾ ਭਰੋਸਾ ਦਿੱਤਾ।

ਡਾ. ਵੇਰਕਾ ਨੇ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਮਾਜ ਦੇ ਸਾਰੇ ਵਰਗਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਉਹਨਾਂ ਦੇ ਸੁਪਨਿਆਂ ਨੂੰ ਅਮਲੀ ਜਾਮਾ ਪਹਿਨਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ