ਡਿਊਟੀ ਦੌਰਾਨ ਸ਼ਹੀਦ ਹੋਏ ਪੁਲਿਸ ਅਧਿਕਾਰੀਆਂ ਦੇ ਕਰਮੀਆਂ ਦੇ ਵਾਰਿਸਾਂ ਲਈ ਨਵੀਂ ਮੁਆਵਜ਼ਾ ਨੀਤੀ ਜਲਦ: ਡੀ.ਜੀ.ਪੀ ਦਿਨਕਰ ਗੁਪਤਾ

ਜਲੰਧਰ, 10 ਅਕਤੂਬਰ 2019:

ਡਾਇਰੈਕਟਰ ਜਨਰਲ ਆਫ਼ ਪੁਲਿਸ ਪੰਜਾਬ ਸ੍ਰੀ ਦਿਨਕਰ ਗੁਪਤਾ ਨੇ ਕਿਹਾ ਕਿ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਕਾਰਵਾਈ ਕਰਦਿਆਂ ਸ਼ਹੀਦ ਹੋਏ ਪੁਲਿਸ ਅਧਿਕਾਰੀਆਂ ਅਤੇ ਕਰਮਚਾਰੀਆਂ ਦੇ ਵਾਰਿਸਾਂ ਨੂੰ ਮੁਆਵਜ਼ਾ ਦੇਣ ਲਈ ਨਵੀਂ ਨੀਤੀ ਨੂੰ ਜਲਦ ਲਾਗੂ ਕੀਤੀ ਜਾਵੇਗੀ।

ਡੀ.ਜੀ.ਪੀ.ਜਿਨਾਂ ਦੇ ਨਾਲ ਪੁਲਿਸ ਕਮਿਸ਼ਨਰ ਜਲੰਧਰ ਸ੍ਰੀ ਗੁਰਪ੍ਰੀਤ ਸਿੰਘ ਭੁੱਲਰ ਵੀ ਮੌਜੂਦ ਸਨ ਵਲੋਂ ਅੱਜ ਹੈਡ ਕਾਂਸਟੇਬਲ ਗੁਰਦੀਪ ਸਿੰਘ ਜੋ ਕਿ 1 ਅਕਤੂਬਰ ਨੂੰ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਦੌਰਾਨ ਸ਼ਹੀਦ ਹੋ ਗਏ ਸਨ ਦੀ ਅੰਤਿਮ ਅਰਦਾਸ ਵਿੱਚ ਸ਼ਾਮਿਲ ਹੋ ਕੇ ਸ਼ਰਧਾ ਦੇ ਫੁੱਲ ਅਰਪਿਤ ਕੀਤੇ ਗਏ।

ਇਸ ਮੌਕੇ ਇੱਕਠ ਨੂੰ ਸੰਬੋਧਨ ਕਰਦਿਆਂ ਡੀ.ਜੀ.ਪੀ.ਨੇ ਕਿਹਾ ਕਿ ਪੰਜਾਬ ਪੁਲਿਸ ਦੁਖੀ ਪਰਿਵਾਰ ਨੂੰ ਹਰ ਸੰਭਵ ਸਹਾਇਤਾ ਪ੍ਰਦਾਨ ਕਰਨ ਲਈ ਵਚਨਬੱਧ ਹੈ ਜਿਨਾਂ ਨੇ ਡਿਊਟੀ ਨਿਭਾਉਂਦਿਆਂ ਆਪਣੇ ਪਿਆਰੇ ਨੂੰ ਗਵਾ ਦਿੱਤਾ ਹੈ।

ਉਨ੍ਹਾਂ ਕਿਹਾ ਕਿ ਨਵੀਂ ਨੀਤੀ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਵਿਚਾਰ ਅਧੀਨ ਹੈ ਅਤੇ ਜਲਦੀ ਹੀ ਇਸ ਨੂੰ ਅੰਤਿਮ ਰੂਪ ਦੇ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੁਲਿਸ ਕਰਮੀਆਂ ਦੀ ਭਲਾਈ ਲਈ ਇਸ ਨੇਕ ਕਾਰਜ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

ਪੰਜਾਬ ਦੇ ਲੋਕਾਂ ਦੀ ਪੂਰੀ ਲਗਨ ਨਾਲ ਸੇਵਾ ਕਰਨ ਦੀ ਪੁਰਾਤਨ ਰਵਾਇਤ ਨੂੰ ਯਾਦ ਕਰਦਿਆਂ ਡੀ.ਜੀ.ਪੀ. ਨੇ ਕਿਹਾ ਕਿ ਹੁਣ ਤੱਕ 1800 ਪੁਲਿਸ ਕਰਮੀਆਂ ਵਲੋਂ ਮਾਤ ਭੂਮੀ ਦੀ ਸੇਵਾ ਲਈ ਅਪਣੀਆਂ ਜਾਨਾਂ ਵਾਰੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਅੱਤਵਾਦ ਦੇ ਕਾਲੇ ਦਿਨਾਂ ਤੋਂ ਇਲਾਵਾ ਜਦੋਂ ਵੀ ਲੋੜ ਪਈ ਹੈ ਪੰਜਾਬ ਪੁਲਿਸ ਨੇ ਅਪਣੀ ਡਿਊਟੀ ਬਹੁਤ ਹੀ ਲਗਨ ਤੇ ਕੁਸ਼ਲਤਾ ਨਾਲ ਨਿਭਾਈ ਹੈ।

ਸ਼ਹੀਦ ਗੁਰਦੀਪ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਉਨ੍ਹਾਂ ਕਿਹਾ ਕਿ ਸ਼ਹੀਦ ਵਲੋਂ ਸਮਾਜ ਵਿਰੋਧੀ ਤੱਤਾਂ ਖਿਲਾਫ਼ ਆਪਣੀ ਡਿਊਟੀ ਨੂੰ ਬਹੁਤ ਹੀ ਦਲੇਰਾਨਾ ਢੰਗ ਨਾਲ ਨਿਭਾਇਆ ਗਿਆ । ਉਨ੍ਹਾਂ ਕਿਹਾ ਕਿ ਇਸ ਘਿਨੌਣੇ ਜੁਰਮ ਵਿੱਚ ਲਿਪਤ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਦੋਸ਼ੀਆਂ ਖਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਇਸ ਦੁੱਖ ਦੀ ਘੜੀ ਵਿੱਚ ਪਰਿਵਾਰ ਨੂੰ ਹਰ ਸੰਭਵ ਮਦਦ ਤੇ ਸਹਿਯੋਗ ਦਾ ਭਰੋਸਾ ਵੀ ਦਿੱਤਾ।

ਇਸ ਮੌਕੇ ਅਪਣੇ ਸੰਬੋਧਨ ਵਿੱਚ ਲੋਕ ਸਭਾ ਮੈਂਬਰ ਚੌਧਰੀ ਸੰਤੋਖ ਸਿੰਘ ਨੇ ਸ਼ਹੀਦ ਨੂੰ ਸਰਧਾ ਦੇ ਫੁੱਲ ਭੇਟ ਕਰਦਿਆਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸੂਬਾ ਸਰਕਾਰ ਇਸ ਦੁੱਖ ਦੀ ਘੜੀ ਵਿੱਚ ਪਰਿਵਾਰ ਨੂੰ ਹਰ ਸੰਭਵ ਮਦਦ ਦੇਣ ਲਈ ਵਚਨਬੱਧ ਹੈ।

ਇਸ ਮੌਕੇ ਸ਼ਹੀਦ ਨੂੰ ਸਰਧਾਂਜ਼ਲੀ ਭੇਟ ਕਰਦਿਆਂ ਵਿਧਾਇਕ ਜਲੰਧਰ ਪੱਛਮੀ ਸ੍ਰੀ ਸੁਸ਼ੀਲ ਕੁਮਾਰ ਰਿੰਕੂ ਨੇ ਕਿਹਾ ਕਿ ਇਸ ਦੁੱਖ ਸਮੇਂ ਪਰਿਵਾਰ ਨੂੰ ਮਦਦ ਪਹੁੰਚਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

ਉਨ੍ਹਾਂ ਕਿਹਾ ਕਿ ਸ਼ਹੀਦ ਗੁਰਦੀਪ ਸਿੰਘ ਵਲੋਂ ਦਿੱਤੀ ਗਈ ਸ਼ਹਾਦਤ ਨੂੰ ਸਾਰਿਆਂ ਵਲੋਂ ਹਮੇਸਾਂ ਯਾਦ ਰੱਖਿਆ ਜਾਵੇਗਾ। ਸ੍ਰੀ ਰਿੰਕੂ ਨੇ ਕਿਹਾ ਕਿ ਸ਼ਹੀਦ ਨੇ ਮਾਤ ਭੂਮੀ ਦੀ ਸੇਵਾ ਦਾ ਜਜਬਾ ਆਪਣੇ ਪਿਤਾ ਸ੍ਰੀ ਜਗਜੀਤ ਸਿੰਘ ਪਾਸੋਂ ਲਿਆ ਹੈ ਜੋ ਕਿ ਪੈਰਾ ਮਿਲਟਰੀ ਫੋਰਸ ਤੋਂ ਬਤੌਰ ਸਬ ਇੰਸਪੈਕਟਰ ਸੇਵਾ ਮੁਕਤ ਹੋਏ ਹਨ।

ਇਸ ਮੌਕੇ ਡੀ.ਜੀ.ਪੀ., ਲੋਕ ਸਭਾ ਮੈਂਬਰ, ਵਿਧਾਇਕ, ਪੁਲਿਸ ਕਮਿਸ਼ਨਰ ਅਤੇ ਹੋਰਨਾਂ ਵਲੋਂ ਸ਼ਹੀਦ ਦੇ ਪਰਿਵਾਰਕ ਮੈਂਬਰਾਂ ਪਿਤਾ ਜਗਜੀਤ ਸਿੰਘ, ਮਾਤਾ ਕੁਸ਼ੱਲਿਆ ਦੇਵੀ ਅਤੇ ਪਤਨੀ ਨਵਨੀਤ ਕੌਰ ਨਾਲ ਦੁੱਖ ਸਾਂਝਾ ਕੀਤਾ ਗਿਆ।

ਇਸ ਮੌਕੇ ਵਿਧਾਇਕ ਬਲਵਿੰਦਰ ਸਿੰਘ ਲਾਡੀ, ਡੀ.ਜੀ.ਪੀ.(ਰਿਟਾ.) ਮਹਿਲ ਸਿੰਘ ਭੁੱਲਰ, ਆਈ.ਜੀ. ਆਰ.ਕੇ.ਜੈਸਵਾਲ, ਡਿਪਟੀ ਕਮਿਸ਼ਨਰ ਪੁਲਿਸ ਗੁਰਮੀਤ ਸਿੰਘ, ਨਰੇਸ਼ ਡੋਗਰਾ ਅਤੇ ਅਰੁਣ ਸੈਣੀ, ਵਧੀਕ ਡਿਪਟੀ ਕਮਿਸ਼ਨਰ ਪੁਲਿਸ ਡੀ.ਸੁਧਰਵਿਜੀ ਅਤੇ ਪੀ.ਐਸ.ਭੰਡਾਲ ਤੋਂ ਇਲਾਵਾ ਹੋਰ ਵੀ ਹਾਜ਼ਰ ਸਨ।

ਇਸ ਨੂੰ ਵੀ ਪੜ੍ਹੋ:
ਮੁੱਦਾ ਦਰਬਾਰ ਸਾਹਿਬ ਦੀ ਨਕਲ ਦਾ – ਚਿੱਠੀ ਲਿਖ਼ ਬਾਵੇ ਨੇ ਪਾਈ ਭਾਈ ਲੌਂਗੋਵਾਲ ਨੂੰ – ਐੱਚ.ਐੱਸ.ਬਾਵਾ – ਇੱਥੇ ਕਲਿੱਕ ਕਰੋ

Share News / Article

Yes Punjab - TOP STORIES