ਡਿਪਟੀ ਕਮਿਸ਼ਨਰ ਦਫ਼ਤਰ ਸੰਗਰੂਰ ਅੱਗੇ ਕਿਸਾਨਾਂ ਦਾ ਧਰਨਾ ਨੌਵੇਂ ਦਿਨ ਵੀ ਜਾਰੀ

ਸੰਗਰੂਰ, 28 ਦਸੰਬਰ, 2021 (ਦਲਜੀਤ ਕੌਰ ਭਵਾਨੀਗੜ੍ਹ)
ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਦਾ ਧਰਨਾ ਡੀ ਸੀ ਦਫ਼ਤਰ ਸੰਗਰੂਰ ਵਿਖੇ ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਗੰਢੂਆਂ ਅਤੇ ਜ਼ਿਲ੍ਹਾ ਜਨਰਲ ਸਕੱਤਰ ਦਰਬਾਰਾ ਸਿੰਘ ਛਾਜਲਾ ਦੀ ਅਗਵਾਈ ਹੇਠ ਨੌਵੇਂ ਦਿਨ ਵੀ ਜਾਰੀ ਰਿਹਾ।

ਅੱਜ ਦੀ ਸਟੇਜ ਤੋਂ ਸੂਬੇ ਦੇ ਮੀਤ ਪ੍ਰਧਾਨ ਜਨਕ ਸਿੰਘ ਭੁਟਾਲ ਕਲਾਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਕਾਂਗਰਸ ਦੀ ਸਰਕਾਰ ਨੇ ਜੋ ਕਿਸਾਨਾਂ ਮਜਦੂਰਾਂ ਨਾਲ ਵਾਅਦੇ ਕੀਤੇ ਸਨ। ਉਨ੍ਹਾਂ ਵਿੱਚੋਂ ਇੱਕ ਵੀ ਵਾਅਦਾ ਪੂਰਾ ਨਹੀਂ ਕੀਤਾ। ਲੰਮੇ ਸੰਘਰਸ਼ ਤੋਂ ਬਾਅਦ ਮਾੜੇ ਬੀਜਾਂ ਕਾਰਨ ਗੁਲਾਬੀ ਸੂੰਡੀ ਵੱਲੋਂ ਕਿਸਾਨਾਂ ਦੇ ਨਰਮੇ ਦੇ ਕੀਤੇ ਨੁਕਸਾਨ ਦਾ 17,000 ਰੁਪਏ ਪ੍ਰਤੀ ਏਕੜ ਮੁਆਵਜ਼ਾ ਕਿਸਾਨਾਂ ਅਤੇ 10 ਪ੍ਰਤੀਸ਼ਤ ਹਿੱਸਾ ਮਜ਼ਦੂਰਾਂ ਨੂੰ ਦੇਣਾ ਸਿਰਫ਼ ਐਲਾਨ ਹੀ ਰਿਹਾ। ਉਸ ਨੂੰ ਸਰਕਾਰ ਵੱਲੋਂ ਅਮਲੀਜਾਮਾਂ ਨਹੀਂ ਪਹਿਨਾਇਆ ਗਿਆ।

ਸ਼੍ਰੀ ਜਨਕ ਸਿੰਘ ਭੁਟਾਲ ਨੇ ਕਿਹਾ ਕਿ ਕਾਂਗਰਸ ਨੇ ਸੱਤਾ ‘ਚ ਆਉਣ ਤੋਂ ਪਹਿਲਾਂ ਕਿਸਾਨਾਂ ਦਾ ਸਾਰਾ ਕਰਜਾ ਮੁਆਫ ਕਰਨ, ਘਰ-ਘਰ ਰੁਜ਼ਗਾਰ ਦੇਣ ਦੇਣ ਦਾ ਵਾਅਦਾ ਕੀਤਾ ਸੀ। ਖੁਦਕੁਸ਼ੀ ਪੀੜਤ ਪਰਿਵਾਰਾਂ ਨੂੰ ਤਿੰਨ ਲੱਖ ਦਾ ਮੁਆਵਜ਼ਾ, ਪਰਿਵਾਰ ਦੇ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ, ਪਰਿਵਾਰ ਦਾ ਸਾਰਾ ਸਰਕਾਰੀ ਤੇ ਗੈਰ-ਸਰਕਾਰੀ ਕਰਜ਼ਾ ਮੁਆਫ਼ ਕਰਨ ਦਾ ਵਾਅਦਾ ਵੀ ਕਾਂਗਰਸ ਸਰਕਾਰ ਨੇ ਕੀਤਾ ਸੀ ਪਰ ਮੌਕੇ ਦੀ ਸਰਕਾਰ ਮੰਨੀਆਂ ਹੋਈਆਂ ਮੰਗਾਂ ਵੀ ਲਾਗੂ ਨਹੀਂ ਕਰ ਰਹੀ ਜਿਵੇਂ ਕਿ ਢਾਈ ਏਕੜ ਵਾਲੇ ਕਿਸਾਨਾਂ ਨੂੰ ਟਿਊਬਵੈੱਲ ਕੁਨੈਕਸ਼ਨ ਨਹੀਂ ਦਿੱਤਾ ਗਿਆ ਜਦਕਿ ਕਿਸਾਨਾਂ ਨੇ ਲੱਖਾਂ ਰੁਪਏ ਪਾਵਰਕਾਮ ਮਹਿਕਮੇ ਦੇ ਖਾਤੇ ‘ਚ ਸਮਾਂ ਕਰਵਾ ਰੱਖੇ ਹਨ।

ਉਨ੍ਹਾਂ ਕਿਹਾ ਕਿ ਪੰਜਾਬ ਦੇ ਨੌਜਵਾਨ ਨਿੱਤ ਨਸ਼ੇ ਦੇ ਦੈਂਤ ਵੱਲੋਂ ਨਿਗਲੇ ਜਾ ਰਹੇ ਹਨ। ਹਰ ਰੋਜ਼ ਨੌਜਵਾਨਾਂ ਦੇ ਸਿਵੇ ਬਲ਼ ਰਹੇ ਹਨ ਪਰ ਹਾਕਮ ਨਸ਼ੇ ਵੇਚਣ ਵਾਲਿਆਂ ਦੇ ਭਾਈਵਾਲ ਬਣੇ ਬੈਠੇ ਹਨ। ਕਿਸਾਨਾਂ ਨੂੰ 360 ਰੁਪਏ ਪ੍ਰਤੀ ਕੁਇੰਟਲ ਗੰਨੇ ਦਾ ਭਾਅ ਦਿੱਤਾ ਗਿਆ ਪਰ ਅਜੇ ਤੱਕ ਸੂਬੇ ਦੇ ਕਿਸੇ ਵੀ ਕਿਸਾਨ ਨੂੰ ਇਹ ਰਕਮ ਦੀ ਅਦਾਇਗੀ ਨਹੀਂ ਹੋਈ।

ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਲੋਕ ਮਾਰੂ ਨੀਤੀਆਂ ਲੋਕਾਂ ‘ਤੇ ਲਾਗੂ ਕੀਤੀਆਂ ਜਾ ਰਹੀਆਂ ਹਨ। ਚੋਣਾਂ ਦਾ ਸਮਾਂ ਨਜਦੀਕ ਆਉਂਦਾ ਵੇਖ ਸਿਆਸੀ ਪਾਰਟੀਆਂ ਤੇ ਉਨ੍ਹਾਂ ਦੇ ਲੀਡਰ ਆਮ ਲੋਕਾਂ ਨੂੰ ਵੋਟਾਂ ਲਈ ਭਰਮਾ ਰਹੇ ਹਨ। ਪਰ ਪੰਜਾਬ ਦੇ ਫੌਰੀ ਮੁੱਦਿਆਂ ਦੇ ਹੱਲ ਲਈ ਕੋਈ ਪਾਰਟੀ ਗੱਲ ਨਹੀਂ ਕਰ ਰਹੀ। ਕਿਸਾਨ ਆਗੂਆਂ ਨੇ ਕਿਹਾ ਕਿ ਜੇਕਰ ਪੰਜਾਬ ਸਰਕਾਰ ਮੰਨੀਆ ਹੋਈਆਂ ਮੰਗਾਂ ਲਾਗੂ ਨਹੀਂ ਕਰਦੀ ਤਾਂ ਕਿਸਾਨ ਸੰਘਰਸ਼ ਨੂੰ ਹੋਰ ਤੇਜ਼ ਕਰਨਗੇ।

ਆਗੂਆਂ ਨੇ ਕਿਹਾ ਕਿ ਕਿਸਾਨਾਂ ਦੀ ਮੰਗ ਹੈ ਕਿ ਸੰਘਰਸ਼ੀਲ ਕਿਸਾਨਾਂ ‘ਤੇ ਸੰਘਰਸ਼ ਦੌਰਾਨ ਕੀਤੇ ਗਏ ਪਰਚੇ ਸੂਬਾ ਸਰਕਾਰ ਫੌਰਨ ਰੱਦ ਕਰੇ। ਬੇਰੁਜ਼ਗਾਰ ਅਧਿਆਪਕਾਂ ‘ਤੇ ਡਾਂਗਾ ਮਾਰਨ ਵਾਲੇ ਅਫਸਰ ਨੂੰ ਫੌਰਨ ਬਰਖਾਸਤ ਕੀਤਾ ਜਾਵੇ।

ਇਸ ਮੌਕੇ ਕਿਸਾਨ ਆਗੂ ਕਿਰਪਾਲ ਸਿੰਘ ਧੂਰੀ, ਹਰਪਾਲ ਸਿੰਘ ਪੇਧਨੀ, ਬਲਬੀਰ ਸਿੰਘ ਕੌਹਰੀਆਂ, ਜਸਵੰਤ ਸਿੰਘ ਤੋਲਾਵਾਲ, ਰਿੰਕੂ ਮੂਣਕ, ਸੂਬਾ ਸੰਗਤਪੁਰਾ, ਨਿਰਮਲ ਸਿੰਘ ਮਲੇਰਕੋਟਲਾ, ਸ਼ੇਰ ਸਿੰਘ ਅਹਿਮਦਗੜ੍ਹ, ਕੇਵਲ ਸਿੰਘ ਅਮਰਗੜ੍ਹ, ਦਰਸ਼ਨ ਸਿੰਘ ਸ਼ਾਦੀਹਰੀ, ਗੋਬਿੰਦਰ ਸਿੰਘ ਮੰਗਵਾਲ, ਮਨਜੀਤ ਘਰਾਚੋਂ, ਹਰਬੰਸ ਸਿੰਘ ਲੱਡਾ ਆਦਿ ਆਗੂ ਹਾਜ਼ਰ ਸਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ