ਡੀ.ਸੀ., ਸੀ.ਪੀ. ਅਤੇ ਐਸ.ਐਸ.ਪੀ. ਦੀ ਅਗਵਾਈ ’ਚ ਜ਼ਿਲ੍ਹਾ ਵਾਸੀਆਂ ਨੇ ਚੁੱਕੀ ਜਲੰਧਰ ਨੂੰ ਨਸ਼ਾ ਮੁਕਤ ਬਨਾਉਣ ਦੀ ਸਹੁੰ

ਜਲੰਧਰ, 26 ਜੂਨ, 2019 –

ਡਿਪਟੀ ਕਮਿਸ਼ਨਰ ਜਲੰਧਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ, ਪੁਲਿਸ ਕਮਿਸ਼ਨਰ ਸ੍ਰੀ ਗੁਰਪ੍ਰੀਤ ਸਿੰਘ ਭੁੱਲਰ ਅਤੇ ਐਸ.ਐਸ.ਪੀ.ਸ੍ਰੀ ਨਵਜੋਤ ਸਿੰਘ ਮਾਹਲ ਦੀ ਅਗਵਾਈ ਵਿੱਚ ਸੈਂਕੜੇ ਜ਼ਿਲ੍ਹਾ ਵਾਸੀਆਂ ਵਲੋਂ ਇਕੋ ਸੁਰ ਵਿੱਚ ਜਲੰਧਰ ਨੂੰ ਮੁਕੰਮਲ ਤੌਰ ’ਤੇ ਨਸ਼ਾ ਮੁਕਤ ਬਣਾਉਣ ਲਈ ਜਿੰਮੇਵਾਰ ਨਾਗਰਿਕ ਵਜੋਂ ਸਹੁੰ ਚੁੱਕੀ ਗਈ।

ਜ਼ਿਲ੍ਹਾ ਰੈਡ ਕਰਾਸ ਭਵਨ ਜਲੰਧਰ ਵਿਖੇ ਕੌਮਾਂਤਰੀ ਨਸ਼ਾ ਵਿਰੋਧੀ ਤੇ ਤਸਕਰੀ ਦਿਵਸ ਨੂੰ ਸਮਰਪਿਤ ਪ੍ਰਭਾਵਸ਼ਾਲੀ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਡਿਪਟੀ ਕਮਿਸ਼ਨਰ, ਪੁਲਿਸ ਕਮਿਸ਼ਨਰ ਅ ਤੇ ਐਸ.ਐਸ.ਪੀ.ਵਲੋਂ ਸੈਂਕੜਾ ਜ਼ਿਲ੍ਹਾ ਵਾਸੀਆਂ ਨੂੰ ਸਹੁੰ ਚੁਕਾਈ ਗਈ। ਇਸ ਮੌਕੇ ਜ਼ਿਲ੍ਹਾ ਵਾਸੀਆਂ ਵਲੋਂ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਜਲੰਧਰ ਨੂੰ ਨਸ਼ਾ ਮੁਕਤ ਬਣਾਉਣ ਲਈ ਕੀਤੇ ਜਾਂਦੇ ਹਰ ਉਪਰਾਲੇ ਵਿੱਚ ਪੂਰਨ ਸਹਿਯੋਗ ਦਾ ਭਰੋਸਾ ਦਿੱਤਾ ਗਿਆ।

ਇਸ ਮੌਕੇ ਵਲੰਟੀਅਰਾਂ ਨੇ ਕਿਹਾ ਕਿ ਨਸ਼ਿਆਂ ’ਤੇ ਨਿਰਭਰ ਲੋਕਾਂ ਨੂੰ ਨਸ਼ਿਆਂ ਦੀ ਦਲਦਲ ਵਿਚੋਂ ਕੱਢ ਕੇ ਮੁੱਖ ਧਾਰਾ ਵਿੱਚ ਲਿਆਉਣ ਲਈ ਹਰ ਸੰਜੀਦਾ ਯਤਨ ਕੀਤਾ ਜਾਵੇਗਾ ਤਾਂ ਜੋ ਉਹ ਵੀ ਸੂਬੇ ਦੀ ਆਰਥਿਕ ਤੇ ਸਮਾਜਿਕ ਤਰੱਕੀ ਵਿੱਚ ਭਾਗੀਦਾਰ ਬਣ ਸਕਣ।

ਇਸ ਮੌਕੇ ਆਪਣੇ ਸੰਬੋਧ ਵਿੱਚ ਡਿਪਟੀ ਕਮਿਸ਼ਨਰ, ਪੁਲਿਸ ਕਮਿਸ਼ਨਰ ਅਤੇ ਐਸ.ਐਸ.ਪੀ.ਨੇ ਲੋਕਾਂ ਨੂੰ ਅਪੀਲ ਕੀਤੀ ਕਿ ਨਸ਼ਿਆਂ ਖਿਲਾਫ਼ ਜੰਗ ਨੂੰ ਉਦੋਂ ਤੱਕ ਜਾਰੀ ਰੱਖਿਆ ਜਾਵੇ ਜਦੋਂ ਤੱਕ ਜ਼ਿਲ੍ਹੇ ਵਿਚੋਂ ਨਸ਼ੇ ਦੇ ਇਕ ਇਕ ਕਤਰੇ ਨੂੰ ਮਿਟਾਇਆ ਨਹੀਂ ਜਾਂਦਾ। ਪੰਜਾਬ ਸਰਕਾਰ ਵਲੋਂ ਨਸ਼ਿਆਂ ਦੇ ਖਾਤਮੇ ਲਈ ਸ਼ੁਰੂ ਕੀਤੇ ਗਏ ਇਸ ਨੇਕ ਮਿਸ਼ਨ ਲਈ ਲੋਕਾਂ ਤੋਂ ਪੂਰਨ ਸਹਿਯੋਗ ਦੀ ਮੰਗ ਕਰਦਿਆਂ ਉਨ੍ਹਾਂ ਕਿਹਾ ਕਿ ਇਸ ਮੁਹਿੰਮ ਦਾ ਇਕੋ ਇਕ ਮੰਤਵ ਨਸ਼ਿਆਂ ਨੂੰ ਜ਼ਿਲ੍ਹੇ ਵਿਚੋਂ ਪੂਰੀ ਤਰ੍ਹਾਂ ਖਤਮ ਕਰਨਾ ਹੈ।

ਉਨ੍ਹਾਂ ਕਿਹਾ ਅਜਿਹੇ ਨੇਕ ਕਾਰਜ ਵਿੱਚ ਲੋਕਾਂ ਦੇ ਸਹਿਯੋਗ ਨਾਲ ਹੀ ਸਫ਼ਲਤਾ ਹਾਸਿਲ ਕੀਤੀ ਜਾ ਸਕਦੀ ਹੈ।

ਡਿਪਟੀ ਕਮਿਸ਼ਨਰ, ਪੁਲਿਸ ਕਮਿਸ਼ਨਰ ਅਤੇ ਐਸ.ਐਸ.ਪੀ. ਨੇ ਨਸ਼ਿਆਂ ਦੇ ਨਿਰਭਰ ਲੋਕਾਂ ਅਤੇ ਉਨਾਂ ਦੇ ਮਾਪਿਆਂ ਨੂੰ ਵੀ ਅਪੀਲ ਕੀਤੀ ਕਿ ਸਮਾਜ ਪ੍ਰਤੀ ਆਪਣੀ ਸਮਾਜਿਕ ਜਿੰਮੇਵਾਰੀ ਨੂੰ ਸਮਝਦਿਆਂ ਨਸ਼ਿਆਂ ਦੇ ਕਲੰਕ ਨੂੰ ਉਤਾਰਨ ਲਈ ਇਲਾਜ ਲਈ ਅੱਗੇ ਆਉਣ।

ਉਨ੍ਹਾਂ ਕਿਹਾ ਕਿ ਡੈਪੋ ਪ੍ਰੋਗਰਾਮ ਦਾ ਮੁੱਖ ਮੰਤਵ ਨਸ਼ਿਆਂ ਦੇ ਆਦੀ ਲੋਕਾਂ ਨੂੰ ਸਹੀ ਇਲਾਜ ਲਈ ਪੇ੍ਰਰਿਤ ਕਰਨਾ ਹੈ ਤਾਂ ਜੋ ਉਹ ਵੀ ਹੋਰਾਂ ਦੀ ਤਰਾਂ ਵਧੀਆ ਜਿੰਦਗੀ ਬਤੀਤ ਕਰਕੇ ਸੂਬੇ ਦੇ ਆਥਿਤ ਤੇ ਸਮਾਜਿਕ ਵਿਕਾਸ ਵਿੱਚ ਸਰਗਰਮ ਭੂਮਿਕਾ ਨਿਭਾਉਣ ਦੇ ਯੋਗ ਬਣ ਸਕਣ। ਉਨ੍ਹਾਂ ਕਿਹਾ ਕਿ ਪੰਜਾਬੀਆਂ ਨੂੰ ਹਰ ਭੈੜੀ ਤੋਂ ਭੈੜੀ ਸਥਿਤੀ ਨਾਲ ਪੂਰੀ ਦਲੇਰੀ ਤੋ ਸੂਝ-ਬੂਝ ਨਾਲ ਨਜਿੱਠਣ ਦੀ ਬਖ਼ਸ਼ਿਸ ਪ੍ਰਾਪਤ ਹੈ ਅਤੇ ਹੁਣ ਸਮਾਂ ਆ ਗਿਆ ਕਿ ਜਲੰਧਰ ਨੂੰ ਪੂਰਨ ਤੌਰ ’ਤੇ ਨਸ਼ਾ ਮੁਕਤ ਬਣਾਉਣ ਲਈ ਰੱਲ ਕੇ ਹੰਭਲਾ ਮਾਰਿਆ ਜਾਵੇ।

ਡਿਪਟੀ ਕਮਿਸ਼ਨਰ , ਪੁਲਿਸ ਕਮਿਸ਼ਨਰ ਅਤੇ ਐਸ.ਐਸ.ਪੀ.ਨੇ ਅੱਗੇ ਕਿਹਾ ਕਿ ਨਸ਼ਿਆਂ ’ਤੇ ਨਿਰਭਰ ਲੋਕ ਕੋਈ ਜਰਾਇਮ ਪੇਸ਼ਾ ਮੁਜਰਮ ਨਹੀਂ ਹਨ ,ਉਨਾਂ ਨੂੰ ਸਿਰਫ਼ ਅਜਿਹੀਆਂ ਪਹਿਲ ਕਦਮੀਆਂ ਰਾਹੀਂ ਮੁੱਖ ਧਾਰਾ ਵਿੱਚ ਲਿਆਉਣ ਦੀ ਜਰੂਰਤ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਸਪਲਾਈ ਲਾਈਨ ਨੂੰ ਪਹਿਲਾਂ ਹੀ ਕੱਟਿਆ ਜਾ ਚੁੱਕਾ ਹੈ ਪਰ ਵਿਸ਼ਵ ਵਿੱਚ ਇਹ ਪਹਿਲੀ ਵਾਰ ਹੋ ਰਿਹਾ ਹੈ ਕਿ ਡੈਪੋ ਅਤੇ ਬਡੀ ਪ੍ਰੋਗਰਾਮ ਰਾਹੀਂ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਪ੍ਰਤੀ ਜਾਗਰੂਕ ਕਰਕੇ ਨਸ਼ਿਆਂ ਦੀ ਮੰਗ ਨੂੰ ਖ਼ਤਮ ਕੀਤਾ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਇਨਾਂ ਪ੍ਰੋਗਰਾਮਾਂ ਰਾਹੀਂ ਨਸ਼ਿਆਂ ਦੇ ਆਦੀ ਲੋਕਾਂ ਅਤੇ ਉਨਾਂ ਦੇ ਪਰਿਵਾਰਾਂ ਨੂੰ ਨਸ਼ਾ ਛੁਡਾਊ ਸੈਂਟਰਾਂ ਵਲੋਂ ਦਿੱਤੀ ਜਾ ਰਹੀ ਇਲਾਜ ਅਤੇ ਕਾਊਂਸਲਿੰਗ ਦੀ ਸੁਵਿਧਾ ਤੋਂ ਜਾਣੂੰ ਕਰਵਾਉਣ ਤੋਂ ਇਲਾਵਾ ਪੰਜਾਬ ਸਰਕਾਰ ਨੂੰ ਇਸ ਮੁੱਦੇ ’ਤੇ ਫੀਡ ਬੈਕ ਵੀ ਭੇਜੀ ਜਾ ਰਹੀ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਨਸ਼ਿਆਂ ਖਿਲਾਫ਼ ਜਾਗਰੂਕਤਾ ਪੈਦਾ ਕਰਨ ਲਈ ਹਰ ਮੁਹੱਲਾ,ਵਾਰਡ ਅਤੇ ਪਿੰਡ ਵਿੱਚ 18 ਸਾਲ ਤੋਂ ਵੱਧ ਉਮਰ ਦੇ ਨੌਜਵਾਨਾਂ ਦੀ ਫੌਜ ਤਿਆਰ ਕਰਨ ਦਾ ਵੀ ਨਿਸ਼ਚਾ ਕੀਤਾ ਗਿਆ ਹੈ। ਇਸ ਮੌਕੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗਾਖਲ ਦੇ ਵਿਦਿਆਰਥੀਆਂ ਵਲੋਂ ਲੋਕਾਂ ਨੂੰ ਨਸ਼ਿਆਂ ਪ੍ਰਤੀ ਨਾਟਕ ਅਤੇ ਹੋਰ ਸਭਿਆਚਾਰਕ ਵੰਨਗੀਆਂ ਰਾਹੀਂ ਜਾਗਰੂਕ ਕੀਤਾ ਗਿਆ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਜਸਬੀਰ ਸਿੰਘ, ਡਿਪਟੀ ਕਮਿਸ਼ਨਰ ਪੁਲਿਸ ਗੁਰਮੀਤ ਸਿੰਘ, ਸਿਵਲ ਸਰਜਨ ਡਾ.ਗੁਰਿੰਦਰ ਚਾਵਲਾ ਅਤੇ ਡਾ.ਅਮਨ ਸੂਦ ਵਲੋਂ ਵੀ ਸੰਬੋਧਨ ਕੀਤਾ ਗਿਆ।

ਇਸ ਮੌਕੇ ਉਪ ਮੰਡਲ ਮੈਜਿਸਟਰੇਟ ਸ਼ਾਇਰੀ ਮਲਹੋਤਰਾ, ਵਧੀਕ ਡਿਪਟੀ ਕਮਿਸ਼ਨਰ ਪੁਲਿਸ ਸਚਿਨ ਗੁਪਤਾ, ਸਹਾਇਕ ਕਮਿਸ਼ਨਰ ਪੁਲਿਸ ਬਿਮਲ ਕਾਂਤ, ਜ਼ਿਲ੍ਹਾ ਸਿੱਖਿਆ ਅਫ਼ਸਰ ਹਰਵਿੰਦਰ ਪਾਲ ਸਿੰਘ, ਜ਼ਿਲ੍ਹਾ ਖੇਡ ਅਫ਼ਸਰ ਬਲਵਿੰਦਰ ਸਿੰਘ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਅਮਰਜੀਤ ਸਿੰਘ ਭੁੱਲਰ, ਜ਼ਿਲ੍ਹਾ ਗਾਈਡੈਂਸ ਕਾਊਂਸਲਰ ਸੁਰਜੀਤ ਲਾਲ, ਜਗਦੀਸ਼ ਕੁਮਾਰ, ਪ੍ਰੋ.ਮਿੱਡਾ, ਸਾਬਕਾ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਕੈਪਟਨ ਇੰਦਰਜੀਤ ਸਿੰਘ ਧਾਮੀ, ਸਮਾਜ ਸੇਵਿਕਾ ਡਾ.ਸ਼ੁਸ਼ਮਾ ਚਾਵਲਾ, ਰੰਜਨਾ ਬਾਂਸਲ ਅਤੇ ਪਰਮਿੰਦਰ ਬੇਰੀ, ਸਕੱਤਰ ਰੈਡ ਕਰਾਸ ਪਰਮਜੀਤ ਸਿੰਘ, ਕੋਚ ਹਰਜਿੰਦਰ ਸਿੰਘ, ਵਰੁਣ ਕੁਮਾਰ, ਪਰਮਜੀਤ ਪੰਮੀ, ਜਸਪ੍ਰੀਤ ਸਿੰਘ, ਆਨੰਦ ਕਾਂਤਾ, ਆਨੰਦ ਤਿਵਾੜੀ, ਯੁੱਧਵਿੰਦਰ ਸਿੰਘ, ਗੁਰਪ੍ਰੀਤ ਸਿੰਘ ਬਾਜਵਾ ਅਤੇ ਅਨੂਪ ਕੁਮਾਰ, ਕੁਲਵਿੰਦਰ ਗਾਖਲ ਅਤੇ ਹੋਰ ਵੀ ਹਾਜ਼ਰ ਸਨ।

Yes Punjab - Top Stories