ਤਰਨ ਤਾਰਨ ਵਿੱਚ ਸਰਕਾਰੀਆਂ ਨੇ ਨਿਭਾਈ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ

 •  
 •  
 •  
 •  
 •  
 •  
 •  
 •  
 •  
 •  
 •  
 •  
 •  
 •  
 •  
 •  

ਤਰਨ ਤਾਰਨ, 15 ਅਗਸਤ, 2020 –
ਦੇਸ਼ ਦੀ ਅਜ਼ਾਦੀ ਦਾ 74ਵਾਂ ਅਜ਼ਾਦੀ ਦਿਹਾੜਾ ਅੱਜ ਪੁਲਿਸ ਲਾਈਨ ਗਰਾਊਂਡ ਤਰਨ ਤਾਰਨ ਵਿਖੇ ਰਾਸ਼ਟਰੀ ਜਜ਼ਬੇ ਅਤੇ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਕਰਵਾਏ ਗਏ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਮੁੱਖ ਮਹਿਮਾਨ, ਕੈਬਨਿਟ ਮੰਤਰੀ ਪੰਜਾਬ ਸ੍ਰੀ ਸੁਖਬਿੰਦਰ ਸਿੰਘ ਸਰਕਾਰੀਆਂ ਨੇ ਨਿਭਾਈ। ਕੌਮੀ ਤਰਾਨੇ ਦੀ ਧੁੰਨ ਦੇ ਚਲਦਿਆਂ ਜਦੋਂ ਮੁੱਖ ਮਹਿਮਾਨ ਨੇ ਕੌਮੀ ਝੰਡਾ ਲਹਿਰਾਇਆ ਤਾਂ ਪੰਜਾਬ ਪੁਲਿਸ ਦੇ ਜਵਾਨਾਂ ਨੇ ਸਤਿਕਾਰ ਵਜੋਂ ਸਲਾਮੀ ਭੇਟ ਕੀਤੀ।

ਆਜ਼ਾਦੀ ਦਿਹਾੜੇ ਨੂੰ ਸਮਰਪਿਤ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਸੰਸਦ ਮੈਂਬਰ ਸ੍ਰੀ ਜਸਬੀਰ ਸਿੰਘ ਗਿੱਲ (ਡਿੰਪਾ), ਹਲਕਾ ਵਿਧਾਇਕ ਖਡੂਰ ਸਾਹਿਬ ਸ੍ਰੀ ਰਮਨਜੀਤ ਸਿੰਘ ਸਿੱਕੀ, ਹਲਕਾ ਵਿਧਾਇਕ ਪੱਟੀ ਸ੍ਰੀ ਹਰਮਿੰਦਰ ਸਿੰਘ ਗਿੱਲ ਨੇ ਵਿਸ਼ੇਸ ਤੌਰ ‘ਤੇ ਸ਼ਿਰਕਤ ਕੀਤੀ। ਇਸ ਮੌਕੇ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ, ਐੱਸ. ਐੱਸ. ਪੀ. ਸ੍ਰੀ ਧਰੂਮਨ ਐੱਚ. ਨਿੰਬਲੇ, ਜ਼ਿਲ੍ਹਾ ਤੇ ਸੈਸ਼ਨ ਜੱਜ ਸ਼੍ਰੀਮਤੀ ਹਰਪ੍ਰੀਤ ਕੌਰ ਰੰਧਾਵਾ ਤੋਂ ਇਲਾਵਾ ਹੋਰ ਪਤਵੰਤੇ ਵੀ ਹਾਜ਼ਰ ਸਨ।

ਇਸ ਮੌਕੇ ਆਪਣੇ ਸੰਦੇਸ਼ ਵਿੱਚ ਮੁੱਖ ਮਹਿਮਾਨ, ਕੈਬਨਿਟ ਮੰਤਰੀ ਸ੍ਰੀ ਸੁਖਬਿੰਦਰ ਸਿੰਘ ਸਰਕਾਰੀਆਂ ਨੇ ਸਮੂਹ ਤਰਨ ਤਾਰਨ ਨਿਵਾਸੀਆਂ ਨੂੰ 74ਵੇਂ ਅਜ਼ਾਦੀ ਦਿਹਾੜੇ ਦੀ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਆਜ਼ਾਦੀ ਘੁਲਾਟੀਆ ਵੱਲੋਂ ਚਲਾਏ ਸੰਘਰਸ਼ ਸਦਕਾ ਹੀ ਕਰੀਬ ਪੌਣੀ ਸਦੀ ਪਹਿਲਾਂ ਅਸੀਂ ਗੁਲਾਮੀ ਦੀਆਂ ਜੰਜ਼ੀਰਾਂ ਨੂੰ ਤੋੜਿਆ ਸੀ। ਉਨ੍ਹਾਂ ਕਿਹਾ ਕਿ ਅਜ਼ਾਦੀ ਦੇ ਇਸ ਸੰਘਰਸ਼ ਵਿੱਚ 80 ਫੀਸਦੀ ਤੋਂ ਵੱਧ ਕੁਰਬਾਨੀਆਂ ਪੰਜਾਬੀਆਂ ਨੇ ਦਿੱਤੀਆਂ।

ਪੰਜਾਬ ਦੀ ਧਰਤੀ ਤੋਂ ਬੱਬਰ ਅਕਾਲੀ, ਗਦਰ ਲਹਿਰ ਤੇ ਪੱਗੜੀ ਸੰਭਾਲ ਜਿਹੀਆਂ ਲਹਿਰਾਂ ਚੱਲੀਆਂ। ਉਨ੍ਹਾਂ ਕਿਹਾ ਕਿ ਸ਼ਹੀਦੇ ਆਜ਼ਮ ਸਰਦਾਰ ਭਗਤ ਸਿੰਘ, ਸਰਦਾਰ ਕਰਤਾਰ ਸਿੰਘ ਸਰਾਭਾ, ਸ਼ਹੀਦ ਮਦਨ ਲਾਲ ਢੀਂਗਰਾ, ਲਾਲਾ ਲਾਜਪਤਰਾਏ, ਸ਼ਹੀਦ ਊਧਮ ਸਿੰਘ ਜਿਹੇ ਆਜ਼ਾਦੀ ਘੁਲਾਟੀਆ ਦੀ ਕੁਰਬਾਨੀ ਸਦਕਾ ਹੀ ਅਸੀਂ ਆਜ਼ਾਦ ਫਿਜ਼ਾ ਵਿੱਚ ਸਾਹ ਲੈਣ ਦੇ ਯੋਗ ਹੋਏ ਹਾਂ।

ਉਹਨਾਂ ਕਿਹਾ ਕਿ ਮੌਜੂਦਾ ਸਮੇਂ ਅਸੀਂ ਆਜ਼ਾਦ ਭਾਰਤ ਦੇ ਸਭ ਤੋਂ ਮੁਸ਼ਕਲ ਅਤੇ ਚੁਣੌਤੀ ਪੂਰਨ ਸਮੇਂ ਵਿੱਚੋਂ ਗੁਜ਼ਰ ਰਹੇ ਹਾਂ ਜਦੋਂ ਕੋਰੋਨਾ ਮਹਾਂਮਾਰੀ ਨੇ ਸਾਡੇ ਸੂਬੇ ਅਤੇ ਦੇਸ਼ ਸਮੇਤ ਪੂਰੀ ਦੁਨੀਆਂ ਨੂੰ ਆਪਣੀ ਗ੍ਰਿਫਤ ਵਿੱਚ ਲਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਇਸ ਮਹਾਂਮਾਰੀ ਕਾਰਨ ਹੀ ਅਸੀਂ ਅੱਜ ਆਜ਼ਾਦੀ ਦਿਵਸ ਦੇ ਜਸ਼ਨ ਵੀ ਕੋਵਿਡ ਸਬੰਧੀ ਜਾਰੀ ਸਿਹਤ ਸਲਾਹਕਾਰੀਆਂ ਦੀ ਪਾਲਣਾ ਕਰਦੇ ਹੋਏ ਸਾਦੇ ਢੰਗ ਨਾਲ ਮਨਾ ਰਹੇ ਹਾਂ।

ਉਨ੍ਹਾਂ ਕਿਹਾ ਕਿ ਜਿਵੇਂ ਅਸੀਂ ਸੰਘਰਸ਼ ਕਰਕੇ ਬ੍ਰਿਟਿਸ਼ ਹਕੂਮਤ ਤੋਂ ਮੁਕਤੀ ਪਾਈ, ਉਵੇਂ ਹੀ ਸਾਨੂੰ ਹੁਣ ਕੋਰੋਨਾ ਖਿਲਾਫ ਜੰਗ ਉਤੇ ਵੀ ਫਤਹਿ ਪਾਉਣੀ ਹੈ। ਇਸ ਜੰਗ ਵਿੱਚ ਯੋਗਦਾਨ ਪਾਉਣ ਲਈ ਸਾਨੂੰ ਸੋਸ਼ਲ ਡਿਸਟੈਂਸ, ਮਾਸਕ ਪਹਿਨਣਾ ਆਦਿ ਸਿਹਤ ਸਲਾਹਕਾਰੀਆਂ ਦਾ ਪਾਲਣਾ ਕਰਨਾ ਜ਼ਰੂਰੀ ਹੈ। ਜਦੋਂ ਵੀ ਕਿਸੇ ਵਿਅਕਤੀ ਨੂੰ ਬਿਮਾਰੀ ਦੇ ਲੱਛਣ ਮਹਿਸੂਸ ਹੋਣ ਤਾਂ ਉਸ ਨੂੰ ਤੁਰੰਤ ਆਪਣਾ ਟੈਸਟ ਕਰਵਾ ਕੇ ਇਲਾਜ ਸ਼ੁਰੂ ਕਰਵਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਕੋਰੋਨਾ ਖਿਲਾਫ ਜੰਗ ਵਿੱਚ ਮੋਹਰਲੀ ਕਤਾਰ ਵਿੱਚ ਲੜ ਰਹੇ ਯੋਧਿਆਂ ਨੂੰ ਵੀ ਉਹ ਸਿਜਦਾ ਕਰਦੇ ਹਨ।

ਉਹਨਾਂ ਕਿਹਾ ਕਿ ਸ਼ਹੀਦਾਂ ਦੇ ਵਾਰਸਾਂ ਲਈ ਸਾਡੀ ਸਰਕਾਰ ਨੇ ਸੁਹਿਰਦ ਯਤਨ ਕੀਤੇ ਹਨ। ਸ਼ਹੀਦ ਹੋਏ ਜਵਾਨਾਂ ਦੇ ਪਰਿਵਾਰਕ ਮੈਂਬਰਾਂ ਨੂੰ 50 ਤੋਂ ਜ਼ਿਆਦਾ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ ਅਤੇ ਵਿੱਤੀ ਮਦਦ ਵੀ ਦਿੱਤੀ ਗਈ। 1962, 1965 ਅਤੇ 1971 ਦੀਆਂ ਜੰਗਾਂ ਦੇ ਸ਼ਹੀਦਾਂ ਦੀਆਂ ਵਿਧਵਾਵਾਂ ਲਈ ਮੁਆਵਜ਼ਾ ਜਾਰੀ ਕੀਤਾ। ਇਹ ਮੰਗ ਪਿਛਲੇ 42 ਸਾਲਾਂ ਤੋਂ ਲਮਕ ਰਹੀ ਸੀ।

ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ‘ਪੰਜਾਬ ਸਮਾਰਟ ਕੁਨੈਕਟ ਸਕੀਮ’ ਸ਼ੁਰੂ ਕੀਤੀ ਗਈ ਹੈ, ਜਿਸ ਤਹਿਤ ਸਰਕਾਰੀ ਸਕੂਲਾਂ ਦੇ ਬਾਰਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਸਮਾਰਟ ਫੋਨ ਵੰਡੇ ਗਏ ਹਨ। ਉਨ੍ਹਾਂ ਕਿਹਾ ਕਿ ਨਵੰਬਰ ਮਹੀਨੇ ਤੱਕ 1 ਲੱਖ 74 ਹਜ਼ਾਰ ਸਮਾਰਟ ਫੋਨ ਵੰਡੇ ਜਾਣਗੇ। ਉਨ੍ਹਾਂ ਕਿਹਾ ਕਿ ਸਮਾਰਟ ਫੋਨ ਨਾਲ ਹੁਣ ਗਰੀਬ ਪਰਿਵਾਰਾਂ ਦੇ ਵਿਦਿਆਰਥੀ ਵੀ ਕੋਵਿਡ-19 ਦੇ ਦੌਰ ਵਿੱਚ ਆਨਲਾਈਨ ਸਿੱਖਿਆ ਹਾਸਲ ਕਰ ਸਕਣਗੇ।

ਉਹਨਾਂ ਕਿਹਾ ਕਿ ਨੌਜਵਾਨਾਂ ਲਈ ਇਕ ਹੋਰ ਮਹੱਤਵਪੂਰਨ ਯੋਜਨਾ “ਘਰ-ਘਰ ਰੋਜ਼ਗਾਰ ਯੋਜਨਾ” ਲਿਆਂਦੀ ਗਈ, ਜਿਸ ਤਹਿਤ ਪੰਜਾਬ ਸਰਕਾਰ ਵੱਲੋਂ ਪਿਛਲੇ ਤਿੰਨ ਸਾਲ ਦੇ ਸਮੇਂ ਦੌਰਾਨ ਸਾਢੇ 13 ਲੱਖ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਹੁਣ ਤੱਕ ਸਾਢੇ ਪੰਜ ਲੱਖ ਤੋਂ ਵੱਧ ਕਿਸਾਨਾਂ ਦਾ 4700 ਕਰੋੜ ਰੁਪਏ ਦੇ ਕਰਜ਼ਾ ਮਾਫ ਕੀਤਾ ਗਿਆ ਹੈ।

ਸ੍ਰੀ ਸਰਕਾਰੀ ਨੇ ਕਿਹਾ ਕਿ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਸਾਡੀ ਸਰਕਾਰ ਪੂਰੀ ਸਖਤੀ ਵਰਤ ਰਹੀ ਹੈ। ਮੈਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਇਸ ਬਿਮਾਰੀ ਤੋਂ ਦੂਰ ਰਹਿਣ ਅਤੇ ਆਪਣੇ ਆਸ-ਪਾਸ ਇਕ ਤੰਦਰੁਸਤ ਸਮਾਜ ਦੀ ਸਿਰਜਣਾ ਕਰਨ। ਉਹਨਾਂ ਕਿਹਾ ਕਿ ਜਿਸ ਤਰ੍ਹਾਂ ਪਿਛਲੇ ਦਿਨੀਂ ਜ਼ਹਿਰੀਲੀ ਸ਼ਰਾਬ ਨੇ ਅਣਮੁੱਲੀਆਂ ਜਾਨਾਂ ਲੈ ਲਈਆਂ ਹਨ, ਸਾਡੀ ਸਭ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਨਾਜਾਇਜ਼ ਅਤੇ ਨਕਲੀ ਸ਼ਰਾਬ ਵੇਚਣ ਵਾਲਿਆਂ ਦੀ ਅਸੀਂ ਸਭ ਖੁੱਲ੍ਹ ਕੇ ਮੁਖਾਲਫਤ ਕਰੀਏ ਅਤੇ ਇਨ੍ਹਾਂ ਸਮਾਜ ਵਿਰੋਧੀ ਅਨਸਰਾਂ ਖਿਲਾਫ ਆਵਾਜ਼ ਬੁਲੰਦ ਕਰੀਏ।

ਉਹਨਾਂ ਕਿਹਾ ਕਿ ਸਾਡੀ ਸਰਕਾਰ ਨੇ ਬਿਨਾਂ ਕੋਈ ਸਮਾਂ ਖਰਾਬ ਕੀਤੇ ਪੂਰੇ ਪੰਜਾਬ ਵਿਚ ਅਜਿਹੇ ਗਲਤ ਅਨਸਰਾਂ ਖਿਲਾਫ ਮੁਹਿੰਮ ਚਲਾ ਕੇ ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ। ਲੱਖਾਂ ਲੀਟਰ ਲਾਹਣ ਨਸ਼ਟ ਕੀਤੀ ਤੇ ਨਸ਼ੀਲੇ ਕੈਮੀਕਲ ਫੜ੍ਹੇ। ਇਸ ਦੇ ਨਾਲ-ਨਾਲ ਸਾਡੀ ਸਰਕਾਰ ਨੇ 92 ਪੀੜਤ ਪਰਿਵਾਰਾਂ ਦੀ ਵੀ ਬਾਂਹ ਫੜ੍ਹੀ ਹੈ। ਖੁਦ ਮੁੱਖ ਮੰਤਰੀ ਸਾਬ੍ਹ ਨੇ ਇਨ੍ਹਾਂ ਪਰਿਵਾਰਾਂ ਦੀ ਸਾਰ ਲਈ ਅਤੇ 4 ਕਰੋੜ 60 ਲੱਖ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ। ਸਾਡੀ ਸਰਕਾਰ ਬਣਨ ਦੇ ਪਹਿਲੇ ਦਿਨ ਤੋਂ ਹੀ ਅਸੀਂ ਨਸ਼ਾ ਸੌਦਾਗਰਾਂ ਦਾ ਲੱਕ ਤੋੜਨ ਵਿਚ ਲੱਗੇ ਹੋਏ ਹਾਂ। ਨਸ਼ਿਆਂ ਖਿਲਾਫ ਸਾਨੂੰ ਸਾਰਿਆਂ ਨੂੰ ਇੱਕਜੁਟ ਹੋਣਾ ਪਵੇਗਾ।

ਅਖੀਰ ਵਿਚ ਇੱਕ ਵਾਰ ਫਿਰ ਆਜ਼ਾਦੀ ਦਿਵਸ ਦੀਆਂ ਸ਼ੁਭਕਾਮਨਾਵਾਂ ਦਿੰਦੇ ਹੋਏ ਮੁੱਖ ਮਹਿਮਾਨ ਨੇ ਸਮੂਹ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਾਰੇ ਰਲ ਕੇ ਕੋਰੋਨਾ ਖਿਲਾਫ ਜੰਗ ਵਿੱਚ ਆਪਣਾ ਸਾਥ ਦੇਣ ਤਾਂ ਇਸ ਮਹਾਂਮਾਰੀ ਉੱਪਰ ਫ਼ਤਹਿ ਹਾਸਲ ਕੀਤੀ ਜਾ ਸਕੇ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ੍ਰੀ ਜਗਵਿੰਦਰਜੀਤ ਸਿੰਘ ਗਰੇਵਾਲ, ਐੱਸ. ਡੀ. ਐੱਮ. ਤਰਨ ਤਾਰਨ ਸ੍ਰੀ ਰਜਨੀਸ਼ ਅਰੋੜਾ, ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਸ੍ਰੀ ਜਗਤਾਰ ਸਿੰਘ ਬੁਰਜ, ਮੈਂਬਰ ਜ਼ਿਲ੍ਹਾ ਪ੍ਰੀਸ਼ਦ ਰਾਜਬੀਰ ਸਿੰਘ ਭੁੱਲਰ ਅਤੇ ਸੀਨੀਅਰ ਕਾਂਗਰਸੀ ਆਗੂ ਡਾ. ਸੰਦੀਪ ਅਗਨੀਹੋਤਰੀ ਤੋਂ ਇਲਾਵਾ ਹੋਰ ਸਖਸ਼ੀਅਤਾਂ ਵੀ ਹਾਜ਼ਰ ਸਨ।


ਸਾਡਾ ਫ਼ੇਸਬੁੱਕ ਪੇਜ ਲਾਈਕ ਕਰਨ ਲਈ ਕਲਿੱਕ ਕਰੋ


 


 •  
 •  
 •  
 •  
 •  
 •  
 •  
 •  
 •  
 •  
 •  
 •  
 •  
 •  
 •  
 •