ਦਰਬਾਰ ਸਾਹਿਬ ਵਿਖ਼ੇ ਬੇਅਦਬੀ ਕਰਨ ਦਾ ਯਤਨ ਨਿੰਦਣਯੋਗ, ਪੰਜਾਬ ਸਰਕਾਰ ਘਟਨਾ ਪਿਛਲੀ ਸਾਜ਼ਿਸ਼ ਨੂੰ ਬੇਨਕਾਬ ਕਰੇ: ਮਨਜਿੰਦਰ ਸਿੰਘ ਸਿਰਸਾ

ਯੈੱਸ ਪੰਜਾਬ
ਨਵੀਂ ਦਿੱਲੀ, 18 ਦਸੰਬਰ, 2021 –
ਭਾਜਪਾ ਦੇ ਸਿੱਖ ਨੇਤਾ ਸਰਦਾਰ ਮਨਜਿੰਦਰ ਸਿੰਘ ਸਿਰਸਾ ਨੇ ਅੱਜ ਅੰਮ੍ਰਿਤਸਰ ਵਿਚ ਸ੍ਰੀ ਦਰਬਾਰ ਸਾਹਿਬ ਅੰਦਰ ਬੇਅਦਬੀ ਕਰਨ ਦਾ ਯਤਨ ਕਰਨ ਦੀ ਘਟਨਾ ਦੀ ਜ਼ੋਰਦਾਰ ਨਿਖੇਧੀ ਕੀਤੀ ਅਤੇ ਪੰਜਾਬ ਸਰਕਾਰ ਨੂੰ ਆਖਿਆ ਕਿ ਉਹ ਇਸ ਘਟਨਾ ਪਿਛਲੀ ਸਾਜ਼ਿਸ਼ ਬੇਨਕਾਬ ਕਰੇ।

ਇਥੇ ਜਾਰੀ ਕੀਤੇ ਇਕ ਸਖ਼ਤ ਸ਼ਬਦਾਂ ਵਾਲੇ ਬਿਆਨ ਵਿਚ ਸਰਦਾਰ ਸਿਰਸਾ ਨੇ ਕਿਹਾ ਕਿ ਇਸ ਘਟਨਾ ਨੇ ਸਾਰੀ ਦੁਨੀਆਂ ਨੂੰ ਹਿਲਾ ਕੇ ਰੱਖ ਦਿੱਤਾ ਹੈ ਕਿਉਂਕਿ ਕਦੇ ਵੀ ਇਤਿਹਾਸ ਵਿਚ ਸ੍ਰੀ ਦਰਬਾਰ ਸਾਹਿਬ ਅੰਦਰ ਅਜਿਹਾ ਯਤਨ ਨਹੀਂ ਕੀਤਾ ਗਿਆ। ਉਹਨਾਂ ਕਿਹਾ ਕਿ ਕਾਂਗਰਸ ਸਰਕਾਰ ਵੱਲੋਂ ਬੇਅਦਬੀ ਕੇਸ ਹੱਲ ਕਰਨ ਵਿਚ ਅਸਫਲ ਰਹਿਣ ਕਾਰਨ ਅਜਿਹੀਆਂ ਘਟਨਾਵਾਂ ਲਗਾਤਾਰ ਵਾਪਰ ਰਹੀਆਂ ਹਨ।

ਉਹਨਾਂ ਕਿਹਾ ਕਿ ਇਹ ਵੀ ਪਤਾ ਲਗਾਇਆ ਜਾਣਾ ਚਾਹੀਦਾ ਹੈ ਕਿ ਜਦੋਂ ਚੋਣਾਂ ਨੇੜੇ ਹੁੰਦੀਆਂ ਹਨ ਤਾਂ ਅਜਿਹੀਆਂ ਘਟਨਾਵਾਂ ਉਦੋਂ ਹੀ ਕਿਉਂ ਵਾਪਰਦੀਆਂ ਹਨ ? ਉਹਨਾਂ ਕਿਹਾ ਕਿ ਕਾਂਗਰਸ ਦੇ ਇਤਿਹਾਸ ਕਾਰਨ ਸਿੱਖ ਉਸ ਵੱਲ ਉਂਗਲ ਚੁੱਕਣ ਲਈ ਮਜਬੂਰ ਹੋ ਜਾਂਦੇ ਹਨ।

ਸਰਦਾਰ ਸਿਰਸਾ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਆਖਿਆ ਕਿ ਉਹ ਆਪਣੇ ਪੱਧਰ ‘ਤੇ ਘਟਨਾ ਦੀ ਜਾਂਚ ਕਰੇ। ਉਹਨਾਂ ਕਿਹਾ ਕਿ ਸਾਰੇ ਸੀ ਸੀ ਟੀ ਵੀ ਕੈਮਰੇ ਚੈਕ ਕੀਤੇ ਜਾਣੇ ਚਾਹੀਦੇ ਹਨ ਕਿ ਇਹ ਵਿਅਕਤੀ ਕਿਸਦੇ ਨਾਲ ਅਤੇ ਕਿਵੇਂ ਸ੍ਰੀ ਦਰਬਾਰ ਸਾਹਿਬ ਅੰਦਰ ਦਾਖਲ ਹੋਇਆ ਤੇ ਜਦੋਂ ਇਹ ਸ੍ਰੀ ਦਰਬਾਰ ਸਾਹਿਬ ਵਿਚ ਮੁੱਖ ਥਾਂ ‘ਤੇ ਦਾਖਲ ਹੋਣ ਲੱਗਾ ਤਾਂ ਕੀ ਇਸਦੇ ਨਾਲ ਆਏ ਲੋਕ ਇਸਨੂੰ ਛੱਡ ਕੇ ਚਲੇ ਗਏ।

ਉਹਨਾਂ ਕਿਹਾ ਕਿ ਕਾਂਗਰਸ ਪਾਰਟੀ ਦਾ ਇਤਿਹਾਸ ਦੱਸਦਾ ਹੈ ਕਿ ਉਹ ਬੇਅਦਬੀ ਮਾਮਲੇ ਵਿਚ ਕਾਰਵਾਈ ਨਹੀਂ ਕਰੇਗੀ, ਇਸ ਲਈ ਭਾਰਤ ਸਰਕਾਰ ਇਸ ਘਟਨਾ ਪਿੱਛੇ ਸਾਜ਼ਿਸ਼ ਦਾ ਪਤਾ ਲਾਉਣ ਲਈ ਸ਼੍ਰੋਮਣੀ ਕਮੇਟੀ ਨੂੰ ਹਰ ਸਹਿਯੋਗ ਦੇਵੇਗੀ। ਉਹਨਾਂ ਕਿਹਾ ਕਿ ਇਸ ਘਟਨਾ ਦੀ ਸਖ਼ਤ ਤੋਂ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਜਾਣੀ ਚਾਹੀਦੀ ਹੈ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ