ਦਿੱਲੀ ਕਮੇਟੀ ਵੱਲੋਂ ਪੱਤਰਕਾਰ ਲਾਰਡ ਇੰਦਰਜੀਤ ਸਿੰਘ ਦਾ ਨਿਰਾਦਰ ਕਰਨ ਲਈ ਬੀਬੀਸੀ ਦੀ ਸਖ਼ਤ ਨਿਖੇਧੀ

ਚੰਡੀਗੜ੍ਹ, 05 ਅਕਤੂਬਰ, 2019:

ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਸਰਦਾਰ ਮਨਜਿੰਦਰ ਸਿੰਘ ਸਿਰਸਾ ਨੇ ਪੱਤਰਕਾਰ ਲਾਰਡ ਇੰਦਰਜੀਤ ਸਿੰਘ ਦਾ ਨਿਰਾਦਰ ਕਰਨ ਲਈ ਬੀਬੀਸੀ ਚੈਨਲ ਦੀ ਸਖ਼ਤ ਨਿਖੇਧੀ ਕਰਦਿਆਂ ਕਿਹਾ ਹੈ ਕਿ ਪੱਤਰਕਾਰ ਨੂੰ ਸ੍ਰੀ ਗੁਰੂ ਤੇਗ ਬਹਾਦਰ ਜੀ ਉੱਤੇ ਇੱਕ ਪ੍ਰੋਗਰਾਮ ਪੇਸ਼ ਕਰਨ ਤੋਂ ਰੋਕ ਕੇ ਚੈਨਲ ਨੇ ਪੂਰੀ ਦੁਨੀਆਂ ਵਿਚ ਰਹਿੰਦੇ ਸਿੱਖਾਂ ਦੀਆਂ ਭਾਵਨਾਵਾਂ ਨੂੰ ਸੱਟ ਮਾਰੀ ਹੈ।

ਇੱਥੇ ਇੱਕ ਪ੍ਰੈਸ ਬਿਆਨ ਜਾਰੀ ਕਰਦਿਆਂ ਸਰਦਾਰ ਸਿਰਸਾ ਨੇ ਕਿਹਾ ਕਿ ਇੰਦਰਜੀਤ ਸਿੰਘ ਨੂੰ ਪ੍ਰੋਗਰਾਮ ਪੇਸ਼ ਕਰਨ ਤੋਂ ਰੋਕ ਕੇ ਬੀਬੀਸੀ ਨਾ ਇਤਿਹਾਸ ਬਦਲ ਸਕਦਾ ਹੈ ਅਤੇ ਨਾ ਹੀ ਸੱਚਾਈ। ਉਹਨਾਂ ਕਿਹਾ ਕਿ ਉਲਟਾ ਇਸ ਨਾਲ ਉਹਨਾਂ ਦੇ ਆਪਣੇ ਨਿੱਜੀ ਫਾਇਦੇ ਲਈ ਇਤਿਹਾਸ ਨੂੰ ਤੋੜਣ ਮਰੋੜਣ ਦੇ ਏਜੰਡੇ ਦੀ ਪੋਲ੍ਹ ਖੁੱਲਦੀ ਹੈ।

ਦਿੱਲੀ ਕਮੇਟੀ ਦੇ ਪ੍ਰਧਾਨ ਨੇ ਕਿਹਾ ਕਿ ਪੱਤਰਕਾਰ ਲਾਰਡ ਇੰਦਰਜੀਤ ਸਿੰਘ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਕਹਾਣੀ ਵਿਖਾਉਣਾ ਚਾਹੁੰਦਾ ਸੀ ਕਿ ਕਿਸ ਤਰ੍ਹਾਂ ਉਹ ਮੁਸਲਮਾਨ ਹਾਕਮਾਂ ਦੇ ਅੱਤਿਆਚਾਰਾਂ ਅਤੇ ਜਬਰੀ ਧਰਮ ਪਰਿਵਰਤਨ ਵਿਰੁੱਧ ਲੜੇ ਸਨ।

ਉਹਨਾਂ ਕਿਹਾ ਕਿ ਇਸ ਕੇਸ ਵਿਚ ਬੀਬੀਸੀ ਦੀ ਹਰਕਤ ਨੇ ਇਸ ਦੀ ਭਰੋਸੇਯੋਗਤਾ ਅਤੇ ਨਿਰਪੱਖਤਾ ਦੀ ਪੋਲ੍ਹ ਖੋਲ੍ਹ ਦਿੱਤੀ ਹੈ। ਉਹਨਾਂ ਕਿਹਾ ਕਿ ਬੀਬੀਸੀ ਦੀ ਇਸ ਕਾਰਵਾਈ ਨੇ ਉਸ ਸਮੇਂ ਦੁਨੀਆਂ ਭਰ ਵਿਚ ਰਹਿੰਦੇ ਕਰੋੜਾਂ ਸਿੱਖਾਂ ਦੀਆਂ ਭਾਵਨਾਵਾਂ ਨੂੰ ਸੱਟ ਮਾਰੀ ਹੈ, ਜਦੋਂ ਪੂਰੀ ਦੁਨੀਆਂ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਵੱਲੋਂ ਦਿੱਤੇ ਮਨੁੱਖਤਾ ਦੇ ਸੰਦੇਸ਼ ਦਾ ਪ੍ਰਚਾਰ ਕੀਤਾ ਜਾ ਰਿਹਾ ਹੈ।

ਸਰਦਾਰ ਸਿਰਸਾ ਨੇ ਕਿਹਾ ਕਿ ਇਸ ਕਾਰਵਾਈ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਹੋਣੀ ਚਾਹੀਦੀ ਹੈ ਅਤੇ ਸਿੱਖ ਮੰਗ ਕਰਦੇ ਹਨ ਕਿ ਮੀਡੀਆ ਹਾਊਸ ਤੁਰੰਤ ਲਾਰਡ ਸਿੰਘ ਕੋਲੋਂ ਮੁਆਫੀ ਮੰਗੇ ਨਹੀਂ ਤਾਂ ਸਾਰੇ ਸਿੱਖ ਭਾਈਚਾਰੇ ਵੱਲੋਂ ਇਸ ਚੈਨਲ ਦਾ ਮੁਕੰਮਲ ਬਾਈਕਾਟ ਕਰ ਦਿੱਤਾ ਜਾਵੇਗਾ।

Share News / Article

Yes Punjab - TOP STORIES