ਦਿੱਲੀ ਸਰਕਾਰ ਵਾਂਗ ਸ਼ਹੀਦ ਸੈਨਿਕਾਂ ਦੇ ਪਰਿਵਾਰਾਂ ਦੀ ਮਦਦ ਕਰਨ ਸੂਬੇ ਤੇ ਕੇਂਦਰ ਸਰਕਾਰਾਂ: ਪ੍ਰੋ. ਬਲਜਿੰਦਰ ਕੌਰ

ਚੰਡੀਗੜ੍ਹ, 21 ਨਵੰਬਰ, 2019 –
ਆਮ ਆਦਮੀ ਪਾਰਟੀ (ਆਪ) ਪੰਜਾਬ ਦੀ ਮੁੱਖ ਬੁਲਾਰੇ ਅਤੇ ਵਿਧਾਇਕਾ ਪ੍ਰੋ. ਬਲਜਿੰਦਰ ਕੌਰ ਨੇ ਸਿਆਚਿਨ ਗਲੇਸ਼ੀਅਰ ‘ਤੇ ਬਰਫ਼ੀਲੇ ਤੂਫ਼ਾਨ ਦੀ ਚਪੇਟ ‘ਚ ਆ ਕੇ ਸ਼ਹੀਦ ਹੋਏ ਸੈਨਿਕਾਂ ਦੇ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕਰਦੇ ਹੋਏ ਪੰਜਾਬ, ਹਿਮਾਚਲ ਪ੍ਰਦੇਸ ਅਤੇ ਕੇਂਦਰ ਸਰਕਾਰਾਂ ਤੋਂ ਮੰਗ ਕੀਤੀ ਹੈ ਕਿ ਉਹ ਦੇਸ਼ ਦੇ ਨਾਗਰਿਕਾਂ ਅਤੇ ਸਰਹੱਦਾਂ ਦੀ ਰਾਖੀ ਦੌਰਾਨ ਸ਼ਹੀਦ ਹੋਣ ਵਾਲੇ ਸੈਨਿਕਾਂ/ਪੁਲਿਸ ਕਰਮੀਆਂ ਦੇ ਪਰਿਵਾਰਾਂ ਦੀ ਦਿੱਲੀ ਦੀ ਅਰਵਿੰਦ ਕੇਜਰੀਵਾਲ ਸਰਕਾਰ ਵਰਗੀ ਨੀਤੀ ਲਾਗੂ ਕਰਨ।

ਪਾਰਟੀ ਹੈੱਡਕੁਆਟਰ ਤੋਂ ਜਾਰੀ ਬਿਆਨ ਰਾਹੀਂ ਮੀਤ ਹੇਅਰ ਅਤੇ ਪ੍ਰੋ. ਬਲਜਿੰਦਰ ਕੌਰ ਨੇ ਕਿਹਾ ਕਿ ਬੇਸ਼ੱਕ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਪੈਸਿਆਂ ਨਾਲ ਨਹੀਂ ਤੋਲਿਆਂ ਜਾ ਸਕਦਾ, ਪਰੰਤੂ ਸ਼ਹੀਦਾਂ ਦੇ ਪਰਿਵਾਰਾਂ ਨੂੰ ਵਿੱਤੀ ਤੰਗੀਆਂ-ਤਰਸੀਆਂ ਤੋਂ ਬਚਾਏ ਰੱਖਣ ਲਈ ਸਰਕਾਰਾਂ ਨੂੰ ਹੋਰ ਸੰਵੇਦਨਸ਼ੀਲਤਾ ਦਿਖਾਉਣ ਦੀ ਜ਼ਰੂਰਤ ਹੈ।

ਉਨ੍ਹਾਂ ਦਿੱਲੀ ਦੀ ਕੇਜਰੀਵਾਲ ਸਰਕਾਰ ਦੀ ਮਿਸਾਲ ਦਿੰਦਿਆਂ ਕਿਹਾ ਕਿ ਸੈਨਾ, ਅਰਧ ਸੈਨਿਕ ਬਲਾਂ ਅਤੇ ਪੁਲਸ ਨਾਲ ਸੰਬੰਧਿਤ ਜੇਕਰ ਕੋਈ ਜਵਾਨ ਸ਼ਹੀਦ ਜਾਂ ਡਿਊਟੀ ਦੌਰਾਨ ਜਾਨ ਗੁਆ ਲੈਂਦਾ ਹੈ ਤਾਂ ਦਿੱਲੀ ਸਰਕਾਰ ਉਸ ਦੇ ਪਰਿਵਾਰ ਨੂੰ ਤੁਰੰਤ ਇੱਕ ਕਰੋੜ ਰੁਪਏ ਦਾ ਨਕਦ ਚੈੱਕ ਦਿੰਦੀ ਹੈ।

ਉਨ੍ਹਾਂ ਕਿਹਾ ਕਿ ਬੀਤੇ ਦਿਨ ਸਿਆਚਿਨ ‘ਚ ਸ਼ਹੀਦ ਹੋਣ ਵਾਲੇ 4 ਸੈਨਿਕਾਂ ‘ਚ ਤਿੰਨ ਮਨਿੰਦਰ ਸਿੰਘ, ਵੀਰਪਾਲ ਸਿੰਘ ਅਤੇ ਡਿੰਪਲ ਕੁਮਾਰ ਪੰਜਾਬ ਨਾਲ ਅਤੇ ਮਨੀਸ਼ ਕੁਮਾਰ ਹਿਮਾਚਲ ਪ੍ਰਦੇਸ਼ ਨਾਲ ਸੰਬੰਧਿਤ ਹਨ।

‘ਆਪ’ ਵਿਧਾਇਕਾਂ ਨੇ ਕੈਪਟਨ ਅਮਰਿੰਦਰ ਸਿੰਘ ਸਰਕਾਰ ਅਤੇ ਹਿਮਾਚਲ ਪ੍ਰਦੇਸ਼ ਦੀ ਜੈ ਰਾਮ ਠਾਕੁਰ ਦੀ ਸਰਕਾਰ ਕੋਲੋਂ ਮੰਗ ਕੀਤੀ ਹੈ ਕਿ ਉਹ ਸ਼ਹੀਦ ਸੈਨਿਕਾਂ ਦੇ ਪਰਿਵਾਰਾਂ ਨੂੰ ਬਾਕੀ ਸਹੂਲਤਾਂ ਅਤੇ ਪਰਿਵਾਰ ਦੇ ਇੱਕ ਯੋਗ ਮੈਂਬਰ ਨੂੰ ਸਰਕਾਰੀ ਨੌਕਰੀ ਦੇਣ ਦੇ ਨਾਲ-ਨਾਲ ਦਿੱਲੀ ਸਰਕਾਰ ਵਾਂਗ ਇੱਕ ਕਰੋੜ ਰੁਪਏ ਦਾ ਚੈੱਕ ਉਨ੍ਹਾਂ ਦੀ ਅੰਤਿਮ ਅਰਦਾਸ ਤੋਂ ਪਹਿਲਾਂ-ਪਹਿਲਾਂ ਦਿੱਤੇ ਜਾਣਾ ਯਕੀਨੀ ਬਣਾਉਣ।

ਪ੍ਰੋ. ਬਲਜਿੰਦਰ ਕੌਰ ਅਤੇ ਮੀਤ ਹੇਅਰ ਨੇ ਪਿਛਲੇ ਸਾਲ 10 ਮਾਰਚ 2018 ਨੂੰ ਇਸੇ ਤਰਾਂ ਬਰਫ਼ ਦੀਆਂ ਢਿੱਗਾਂ ਡਿੱਗਣ ਕਾਰਨ ਸ਼ਹੀਦ ਹੋ ਬਠਿੰਡਾ ਲੋਕ ਸਭਾ ਹਲਕੇ ਦੇ ਪਿੰਡ ਚੱਕ ਭਾਈ ਕੇ (ਬੁਢਲਾਡਾ) ਦੇ ਹੌਲਦਾਰ ਸੁਖਵਿੰਦਰ ਸਿੰਘ ਦਾ ਪਰਿਵਾਰ ਅੱਜ ਤੱਕ ਸਰਕਾਰੀ ਮਦਦ ਅਤੇ ਨੌਕਰੀ ਹਾਸਲ ਕਰਨ ਲਈ ਦਰ ਦਰ ਦੀਆਂ ਠੋਕਰਾਂ ਖਾ ਰਿਹਾ ਹੈ। ਸ਼ਹੀਦ ਦੀ ਵਿਧਵਾ ਪਤਨੀ ਕਰਮਜੀਤ ਕੌਰ ਵੱਲੋਂ ਨੌਕਰੀ ਲਈ ਦਿੱਤੀਆਂ ਅਰਜ਼ੀਆਂ ਠੰਢੇ ਬਸਤੇ ‘ਚ ਪਈਆਂ ਹਨ।

ਮੀਤ ਹੇਅਰ ਨੇ ਦੱਸਿਆ ਕਿ ਸਥਾਨਕ ‘ਆਪ’ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਨੇ ਇਹ ਮਾਮਲਾ ਮੁੱਖ ਮੰਤਰੀ ਦਫ਼ਤਰ ਤੋਂ ਲੈ ਕੇ ਸਥਾਨਕ ਪ੍ਰਸ਼ਾਸਨ ਤੱਕ ਵਾਰ-ਵਾਰ ਉਠਾਇਆ ਪਰੰਤੂ ਅਜੇ ਤੱਕ ਕੋਈ ਕਾਰਵਾਈ ਨਹੀਂ ਹੋਈ, ਜੋ ਨਾ ਕੇਵਲ ਸ਼ਹੀਦਾਂ ਦਾ ਅਪਮਾਨ ਹੈ, ਬਲਕਿ ਕੈਪਟਨ ਅਮਰਿੰਦਰ ਸਿੰਘ ਸਰਕਾਰ ਦੇ ਮੱਥੇ ‘ਤੇ ਕਲੰਕ ਹੈ।

Share News / Article

Yes Punjab - TOP STORIES