ਨਕੋਦਰ ’ਚ ਕੁਰਾਨ ਸ਼ਰੀਫ਼ ਦੀ ਬੇਅਦਬੀ ਦੀ ਘਟਨਾ ਕੋਝੀ ਅਤੇ ਘਿਨੌਣੀ ਹਰਕਤ: ਅਕਾਲੀ ਦਲ

ਚੰਡੀਗੜ੍ਹ, 20 ਜੁਲਾਈ, 2019:

ਸ਼੍ਰੋਮਣੀ ਅਕਾਲੀ ਦਲ ਨੇ ਅੱਜ ਸੂਬੇ ਅੰਦਰ ਬੇਅਦਬੀ ਦੀਆਂ ਘਟਨਾਵਾਂ ਨੂੰ ਨੱਥ ਪਾਉਣ ਵਿਚ ਬੁਰੀ ਤਰ੍ਹਾਂ ਅਸਫਲ ਰਹਿਣ ਲਈ ਕਾਂਗਰਸ ਸਰਕਾਰ ਨੂੰ ਕਰੜੇ ਹੱਥੀਂ ਲਿਆ ਹੈ।

ਇਸ ਦੇ ਨਾਲ ਹੀ ਪਾਰਟੀ ਨਕੋਦਰ ਦੇ ਇੱਕ ਪਿੰਡ ਵਿਚ ਪਵਿੱਤਰ ਕੁਰਾਨ ਸ਼ਰੀਫ ਦੀ ਕੀਤੀ ਬੇਅਦਬੀ ਦੀ ਸਖ਼ਤ ਨਿਖੇਧੀ ਕਰਦਿਆਂ ਇਸ ਨੂੰ ਸ਼ਰਾਰਤੀ ਤੱਤਾਂ ਵੱਲੋਂ ਸੂਬੇ ਦੀ ਸ਼ਾਂਤੀ ਅਤੇ ਭਾਈਚਾਰਕ ਸਾਂਝ ਭੰਗ ਕਰਨ ਲਈ ਕੀਤੀ ਇੱਕ ਕੋਝੀ ਅਤੇ ਘਿਨੌਣੀ ਹਰਕਤ ਕਰਾਰ ਦਿੱਤਾ ਹੈ।

ਇੱਥੇ ਇੱਕ ਪ੍ਰੈਸ ਬਿਆਨ ਜਾਰੀ ਕਰਦਿਆਂ ਸੀਨੀਅਰ ਆਗੂ ਅਤੇ ਸਾਂਸਦ ਸਰਦਾਰ ਬਲਵਿੰਦਰ ਸਿੰਘ ਭੂੰਦੜ ਨੇ ਕਿਹਾ ਕਿ ਬੜੇ ਹੀ ਦੁੱਖ ਦੀ ਗੱਲ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਦਿੱਤੇ ਵੱਡੇ ਭਰੋਸਿਆਂ ਦੇ ਬਾਵਜੂਦ ਪਿਛਲੇ ਦੋ ਸਾਲਾਂ ਦੀ ਕਾਂਗਰਸੀ ਹਕੂਮਤ ਦੌਰਾਨ ਬੇਅਦਬੀ ਦੀਆਂ ਘਟਨਾਵਾਂ ਵਿਚ ਵੱਡਾ ਵਾਧਾ ਹੋਇਆ ਹੈ।

ਅਮਰਿੰਦਰ ਨੇ ਵਾਅਦਾ ਕੀਤਾ ਸੀ ਕਿ ਕਾਂਗਰਸ ਦੇ ਸੱਤਾ ਵਿਚ ਆਉਣ ਮਗਰੋਂ ਕੋਈ ਬੇਅਦਬੀ ਦੀ ਘਟਨਾ ਵਾਪਰਨ ਨਹੀਂ ਦਿੱਤੀ ਜਾਵੇਗੀ। ਉਹਨਾਂ ਕਿਹਾ ਕਿ ਨਕੋਦਰ ਦੇ ਪਿੰਡ ਖਾਨਪੁਰ ਟਾਂਡਾ ਵਿਖੇ ਵਾਪਰੀ ਬੇਅਦਬੀ ਦੀ ਤਾਜ਼ਾ ਘਟਨਾ, ਜਿਸ ਵਿਚ ਸ਼ਰਾਰਤੀਆਂ ਵੱਲੋਂ ਪਵਿੱਤਰ ਕੁਰਾਨ ਸ਼ਰੀਫ ਨੂੰ ਜਲਾਇਆ ਗਿਆ ਹੈ, ਇੱਕ ਬੇਹੱਦ ਨਿੰਦਣਯੋਗ ਹਰਕਤ ਹੈ।

ਲੋਕਾਂ ਦਾ ਪੁਲਿਸ ਪ੍ਰਸਾਸ਼ਨ ਵਿਚ ਭਰੋਸਾ ਬਹਾਲ ਕਰਨ ਲਈ ਦੋਸ਼ੀਆਂ ਦੀ ਤੁਰੰਤ ਗਿਰਫਤਾਰੀ ਦੀ ਮੰਗ ਕਰਦਿਆਂ ਸਰਦਾਰ ਭੂੰਦੜ ਨੇ ਕਿਹਾ ਕਿ ਕਿੰਨੀ ਅਜੀਬ ਗੱਲ ਹੈ ਕਿ ਬੇਅਦਬੀ ਦੀ ਘਟਨਾ ਵਾਪਰਨ ਤੋਂ ਦੋ ਹਫਤੇ ਬਾਅਦ ਵੀ ਪੁਲਿਸ ਨੇ ਅਜੇ ਤੀਕ ਕੋਈ ਗਿਰਫਤਾਰੀ ਨਹੀਂ ਕੀਤੀ ਹੈ। ਉਹਨਾਂ ਕਿਹਾ ਕਿ ਬੇਅਦਬੀ ਦੇ ਸਾਰੇ ਕੇਸਾਂ ਦੀ ਜਾਂਚ ਨੂੰ ਪ੍ਰਮੁੱਖਤਾ ਦਿੱਤੀ ਜਾਣੀ ਚਾਹੀਦੀ ਹੈ, ਕਿਉਂਕਿ ਇਹ ਬੇਹੱਦ ਸੰਵੇਦਨਸ਼ੀਲ ਹੁੰਦੇ ਹਨ ਅਤੇ ਇਹਨਾਂ ਸਦਕਾ ਪੀੜਤ ਭਾਈਚਾਰੇ ਅੰਦਰ ਗੁੱਸਾ ਅਤੇ ਬੇਚੈਨੀ ਪੈਦਾ ਹੋ ਸਕਦੀ ਹੈ।

ਬੇਅਦਬੀ ਦੇ ਕੇਸਾਂ ਨਾਲ ਸਖ਼ਤੀ ਨਾਲ ਨਜਿੱਠਣ ਦੀ ਥਾਂ ਇਹਨਾਂ ਉਤੇ ਸਿਆਸਤ ਕਰਨ ਲਈ ਕਾਂਗਰਸ ਸਰਕਾਰ ਉੱਤੇ ਨਿਸ਼ਾਨਾ ਸਾਧਦਿਆਂ ਸਰਦਾਰ ਭੂੰਦੜ ਨੇ ਕਿਹਾ ਕਿ ਜੇਕਰ ਕਾਂਗਰਸ ਸਰਕਾਰ ਨੇ ਬੇਅਦਬੀ ਦੀਆਂ ਘਟਨਾਵਾਂ ਨੂੰ ਨੱਥ ਪਾਉਣ ਪ੍ਰਤੀ ਥੋੜ੍ਹੀ ਜਿਹੀ ਵੀ ਸੰਜੀਦਗੀ ਵਿਖਾਈ ਹੁੰਦੀ ਤਾਂ ਇਹ ਮੰਦਭਾਗਾ ਰੁਝਾਣ ਬਹੁਤ ਦੇਰ ਦਾ ਖ਼ਤਮ ਹੋ ਜਾਣਾ ਸੀ।

ਉਹਨਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਅਤੇ ਉਸ ਦੇ ਕੈਬਨਿਟ ਸਾਥੀ ਸਿਰਫ ਸਿਆਸੀ ਫਾਇਦਿਆਂ ਲਈ ਬੇਅਦਬੀ ਦੇ ਮੁੱਦੇ ਦਾ ਇਸਤੇਮਾਲ ਕਰਨ ਲਈ ਜਾਣੇ ਜਾਂਦੇ ਹਨ। ਉਹ ਕਾਂਗਰਸ ਦੇ ਦੋ ਸਾਲ ਤੋਂ ਵੱਧ ਦੇ ਮਾੜੇ ਸਾਸ਼ਨ ਦੌਰਾਨ ਝੂਠੀਆਂ ਅਤੇ ਈਰਖਾਪੂਰਨ ਅਫਵਾਹਾਂ ਫੈਲਾ ਕੇ ਅਕਾਲੀ ਦਲ ਦੀ ਲੀਡਰਸ਼ਿਪ ਨੂੰ ਨਿਸ਼ਾਨਾ ਬਣਾਉਣ ਦੀ ਕੋਸ਼ਿਸ਼ ਕਰ ਰਹੇ ਹਨ, ਪਰ ਉਹਨਾਂ ਨੂੰ ਕਾਮਯਾਬੀ ਨਹੀਂ ਮਿਲੀ ਹੈ।

ਉਹਨਾਂ ਕਿਹਾ ਕਿ ਕਾਂਗਰਸ ਸਰਕਾਰ ਨੂੰ ਅਜਿਹੇ ਸੰਵੇਦਨਸ਼ੀਲ ਮੁੱਦਿਆਂ ਉਤੇ ਸਿਆਸਤ ਖੇਡਣ ਤੋਂ ਗੁਰੇਜ਼ ਕਰਨਾ ਚਾਹੀਦਾ ਹੈ, ਜਿਹੜੇ ਲੋਕਾਂ ਅਤੇ ਸਮਾਜ ਨੂੰ ਨੁਕਸਾਨ ਪਹੁੰਚਾ ਸਕਦੇ ਹਨ।

Share News / Article

Yes Punjab - TOP STORIES