ਨਾਗਰਿਕ ਸੇਵਾਵਾਂ ਦੇਣ ’ਚ ਸੂਬੇ ’ਚ ਮੋਹਰੀ ਰਿਹਾ ਜ਼ਿਲ੍ਹਾ ਹੁਸ਼ਿਆਰਪੁਰ: ਅਪਨੀਤ ਰਿਆਤ

ਯੈੱਸ ਪੰਜਾਬ
ਹੁਸ਼ਿਆਰਪੁਰ, 15 ਦਸੰਬਰ, 2021 –
ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਦੱਸਿਆ ਕਿ ਲੋਕਾਂ ਨੂੰ ਬੇਹਤਰ ਨਾਗਰਿਕ ਸੇਵਾਵਾਂ ਦੇਣ ਵਿਚ ਜ਼ਿਲ੍ਹੇ ਦੇ ਸੇਵਾ ਕੇਂਦਰਾਂ ਨੇ ਸੂਬੇ ਵਿਚ ਆਪਣੀ ਵਿਸ਼ੇਸ਼ ਪਹਿਚਾਣ ਬਣਾਈ ਹੈ। ਜਿਸ ਦਾ ਨਤੀਜਾ ਹੈ ਕਿ ਅੱਜ ਜ਼ਿਲ੍ਹਾ 0.13 ਪ੍ਰਤੀਸ਼ਤ ਪੈਡੈਂਸੀ ਨਾਲ ਪੂਰੇ ਸੂਬੇ ਵਿਚ ਮੋਹਰੀ ਹੈ। ਉਨ੍ਹਾਂ ਕਿਹਾ ਕਿ ਵੱਖ-ਵੱਖ ਚੁਨੌਤੀਆਂ ਦੇ ਬਾਵਜੂਦ ਜ਼ਿਲ੍ਹੇ ਦੇ 25 ਸੇਵਾ ਕੇਂਦਰਾਂ ਵਿਚ ਲੋਕਾਂ ਨੂੰ 372 ਤਰ੍ਹਾਂ ਦੀਆਂ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕੋਵਿਡ ਦੇ ਮੁਸ਼ਕਲ ਸਮੇਂ ਵਿਚ ਜ਼ਿਲ੍ਹੇ ਦੇ ਸਮੂਹ ਸੇਵਾ ਕੇਂਦਰਾਂ ਨੇ ਸ਼ਲਾਘਾਯੋਗ ਕੰਮ ਕਰਦੇ ਹੋਏ ਲੋਕਾਂ ਨੂੰ ਸਹੀ ਸਮੇਂ ’ਤੇ ਨਾਗਰਿਕ ਸੇਵਾਵਾਂ ਮੁਹੱਈਆ ਕਰਵਾਈਆਂ ਹਨ। ਉਨ੍ਹਾਂ ਕਿਹਾ ਕਿ 14 ਦਸੰਬਰ 2020 ਤੋਂ ਲੈ ਕੇ 14 ਦਸੰਬਰ ਤੱਕ ਜ਼ਿਲ੍ਹੇ ਵਿਚ ਕੁੱਲ 315826 ਬਿਨੈ ਪੱਤਰ ਪ੍ਰਾਪਤ ਹੋਏ, ਜਿਸ ਵਿਚ ਕੇਵਲ 423 ਬਿਨੈ ਪੱਤਰ ਬਕਾਇਆ ਹੈ, ਜਿਸ ਨਾਲ ਜ਼ਿਲ੍ਹੇ ਦੇ ਸੇਵਾ ਕੇਂਦਰਾਂ ਵਿਚ ਬਿਨੈ ਪੱਤਰਾਂ ਦੀ ਪੈਡੈਂਸੀ ਦਰ ਕੇਵਲ 0.13 ਪ੍ਰਤੀਸ਼ਤ ਹੈ।

ਉਨ੍ਹਾਂ ਦੱਸਿਆ ਕਿ ਸੇਵਾ ਕੇਂਦਰਾਂ ਵਿਚ ਬਿਨੈ ਪੱਤਰਾਂ ਨੂੰ ਇਕ ਸਿਸਟਮ ਰਾਹੀਂ ਪਾਰਦਰਸ਼ਤਾ ਐਕਟ-2018 ਤਹਿਤ ਸਮੇਂਬੱਧ ਤਰੀਕੇ ਨਾਲ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸਾਰੇ 25 ਸੇਵਾ ਕੇਂਦਰਾਂ ਵਿਚ ਨਾਗਰਿਕਾਂ ਦੀ ਸੁਵਿਧਾ ਅਤੇ ਕੋਵਿਡ ਦੇ ਮੱਦੇਨਜ਼ਰ ਜ਼ਰੂਰੀ ਪ੍ਰਬੰਧ ਅਮਲ ਵਿਚ ਲਿਆਂਦੇ ਗਏ ਹਨ।

ਅਪਨੀਤ ਰਿਆਤ ਨੇ ਦੱਸਿਆ ਕਿ ਲੋਕਾਂ ਵਲੋਂ ਸੇਵਾ ਕੇਂਦਰਾਂ ਵਿਚ ਜ਼ਿਆਦਾਤਰ ਪ੍ਰਾਪਤ ਸੇਵਾਵਾਂ ਸਮਾਜਿਕ ਸੁਰੱਖਿਆ, ਖੇਤੀਬਾੜੀ, ਸਿਹਤ, ਗ੍ਰਹਿ, ਸਥਾਨਕ ਸਰਕਾਰਾਂ, ਮਾਲ, ਕਿਰਤ, ਟਰਾਂਸਪੋਰਟ, ਗ੍ਰਾਮੀਣ ਵਿਕਾਸ ਵਿਭਾਗ, ਸਾਂਝ ਕੇਂਦਰਾਂ ਅਤੇ ਆਧਾਰ ਕਾਰਡ ਵਿਚ ਸੋਧ ਨਾਲ ਸਬੰਧਤ ਹਨ। ਇਨ੍ਹਾਂ ਵਿਚ ਵਧੇਰੇ ਸੇਵਾਵਾਂ ਰਿਹਾਇਸ਼ੀ ਸਰਟੀਫਿਕੇਟ, ਜਨਮ ਸਰਟੀਫਿਕੇਟ, ਬੁਢਾਪਾ ਪੈਨਸ਼ਨ ਅਤੇ ਆਧਾਰ ਕਾਰਡ ਨਾਲ ਸਬੰਧਤ ਹਨ।

ਉਨ੍ਹਾਂ ਦੱਸਿਆ ਕਿ ਪ੍ਰਸ਼ਾਸਨ ਵਲੋਂ ਇਨ੍ਹਾਂ ਸੇਵਾਵਾਂ ਦੀ ਡਿਲੀਵਰੀ ਨੂੰ ਯਕੀਨੀ ਬਨਾਉਣ ਲਈ ਪ੍ਰੀ-ਬੁਕਿੰਗ ਸਲਾਟ ਸੁਵਿਧਾਵਾਂ ਵੀ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਸਾਰੇ ਸੇਵਾ ਕੇਂਦਰਾਂ ਵਿਚ ਕੋਵਿਡ ਨਿਯਮਾਂ ਦੀ ਪਾਲਣਾ ਕਰਦੇ ਹੋਏ ਜ਼ਰੂਰੀ ਨਾਗਰਿਕ ਸੇਵਾਵਾਂ ਬਿਨ੍ਹਾਂ ਕਿਸੇ ਦੇਰੀ ਅਤੇ ਪਾਰਦਰਸ਼ੀ ਤਰੀਕੇ ਨਾਲ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਵਿਸ਼ਵਾਸ਼ ਦੁਆਇਆ ਕਿ ਭਵਿੱਖ ਵਿਚ ਵੀ ਜ਼ਿਲ੍ਹੇ ਦੇ ਲੋਕਾਂ ਨੂੰ ਇਸ ਤਰ੍ਹਾਂ ਨਿਰਵਿਘਨ ਨਾਗਰਿਕ ਸੇਵਾਵਾਂ ਪ੍ਰਦਾਨ ਕੀਤੀਆਂ ਜਾਂਦੀਆਂ ਰਹਿਣਗੀਆਂ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ