ਪਤੀ, ਪਤਨੀ ਆਪੋ ਆਪਣੀ ਜ਼ਿੰਮੇਵਾਰੀ ਸਮਝਣ – ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੇ ਕੀਤੀ 65 ਕੇਸਾਂ ਦੀ ਸੁਣਵਾਈ

ਯੈੱਸ ਪੰਜਾਬ
ਅੰਮ੍ਰਿਤਸਰ, 13 ਦਸੰਬਰ, 2021 –
ਔਰਤਾਂ ਦੇ ਹਿੱਤਾਂ ਦੀ ਰਾਖੀ ਲਈ ਪੰਜਾਬ ਰਾਜ ਮਹਿਲਾ ਕਮਿਸ਼ਨ ਪੂਰੀ ਤਰ੍ਹਾਂ ਯਤਨਸ਼ੀਲ ਹੈ ਅਤੇ ਕਮਿਸ਼ਨ ਵੱਲੋਂ ਹਫਤੇ ਦੇ ਸੱਤੇ ਦਿਨ ਪੀੜਤ ਔਰਤਾਂ ਦੀਆਂ ਸ਼ਿਕਾਇਤਾਂ ਨੂੰ ਸੁਣਿਆ ਜਾ ਰਿਹਾ ਹੈ ਅਤੇ ਉਸ ਉਪਰ ਬਣਦੀ ਕਾਰਵਾਈ ਵੀ ਅਮਲ ਵਿੱਚ ਲਿਆਂਦੀ ਜਾ ਰਹੀ ਹੈ।

ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਸ੍ਰੀਮਤੀ ਮੁਨੀਸ਼ਾ ਗੁਲਾਟੀ ਨੇ ਪੁਲਿਸ ਲਾਈਨ ਵਿਖੇ ਲੱਗੀ ਲੋਕ ਅਦਾਲਤ ਦੌਰਾਨ ਪਠਾਨਕੋਟ, ਗੁਰਦਾਸਪੁਰ, ਬਟਾਲਾ, ਤਰਨਤਾਰਨ ਅਤੇ ਅੰਮ੍ਰਿਤਸਰ ਦਿਹਾਤੀ ਦੇ 65 ਕੇਸਾਂ ਦੀ ਸੁਣਵਾਈ ਦੌਰਾਨ ਕੀਤਾ। ਚੇਅਰਪਰਸਨ ਨੇ ਦੱਸਿਆ ਕਿ ਅੱਜ ਦੇ ਰੀਵਿਊ ਕੇਸਾਂ ਦੌਰਾਨ ਪੁਲਿਸ ਨੂੰ ਸਖਤ ਹਦਾਇਤਾਂ ਦਿੱਤੀਆਂ ਗਈਆਂ ਹਨ ਕਿ ਸਾਰੇ ਕੇਸਾਂ ਦੀ 15 ਦਿਨ ਦੇ ਅੰਦਰ ਅੰਦਰ ਕਾਰਵਾਈ ਕਰਕੇ ਕਮਿਸ਼ਨ ਨੂੰ ਰਿਪੋਰਟ ਕਰਨ।

ਸ੍ਰੀਮਤੀ ਮੁਨੀਸ਼ਾ ਗੁਲਾਟੀ ਨੇ ਕਿਹਾ ਕਿ ਪਤੀ ਪਤਨੀ ਇਕ ਦੂਜੇ ਦੇ ਪੂਰਕ ਹਨ ਅਤੇ ਦੋਹਾਂ ਨੂੰ ਇਕ ਦੂਜੇ ਦੀ ਜਿੰਮੇਵਾਰੀ ਨੂੰ ਸਮਝਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਮਾਜ ਦਾ ਤਾਣਾ-ਬਾਣਾ ਤਾਂ ਹੀ ਠੀਕ ਰਹਿ ਸਕਦਾ ਹੈ ਜੇਕਰ ਪਤੀ ਪਤਨੀ ਆਪਣੀਆਂ ਪਰਿਵਾਰਵਕ ਜਿੰਮੇਵਾਰੀਆਂ ਪੂਰੀਆਂ ਤਨਦੇਹੀ ਨਾਲ ਨਿਭਾਉਣ।

ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਹਰ ਰਿਸ਼ਤੇ ਦਾ ਸਨਮਾਨ ਹੋਣਾ ਚਾਹੀਦਾ ਹੈ ਅਤੇ ਲੋਕਾਂ ਨੂੰ ਕੰਟਰੈਕਟ ਵਿਆਹ ਤੋਂ ਬਚਣ ਦੀ ਅਪੀਲ ਵੀ ਕੀਤੀ। ਪੱਤਰਕਾਰਾਂ ਦੇ ਸਵਾਲਾਂ ਦੇ ਜਵਾਬ ਵਿੱਚ ਮੈਡਮ ਗੁਲਾਟੀ ਨੇ ਕਿਹਾ ਕਿ ਔਰਤਾਂ ਦੇ ਹਿੱਤਾਂ ਦੀ ਰਾਖੀ ਲਈ ਫਾਸਟ ਟਰੈਕ ਕੋਰਟ ਹੋਣੇ ਚਾਹੀਦੇ ਹਨ ਤਾਂ ਜੋ ਔਰਤਾਂ ਨੂੰ ਜਲਦ ਇਨਸਾਫ ਮਿਲ ਸਕੇ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਕਮਿਸ਼ਨ ਪ੍ਰਤੀ ਸੰਜਮ ਰੱਖਣਾ ਚਾਹੀਦਾ ਹੈ।

ਉਨ੍ਹਾਂ ਕਿਹਾ ਕਿ ਇਨਸਾਫ ਵਿੱਚ ਦੇਰੀ ਹੋ ਸਕਦੀ ਹੈ ਪਰ ਹਰ ਕਿਸੇ ਨੂੰ ਨਿਆਂ ਜਰੂਰ ਮਿਲੇਗਾ। ਇਸ ਮੌਕੇ ਸ੍ਰੀ ਵਿਜੈ ਕੁਮਾਰ ਡਿਪਟੀ ਡਾਇਰੈਕਟਰ ਤੋਂ ਇਲਾਵਾ ਪੁਲਿਸ ਅਧਿਕਾਰੀ ਵੀ ਹਾਜਰ ਸਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ