ਪਰਮਿੰਦਰ ਸਿੰਘ ਢੀਂਡਸਾ ਵੱਲੋਂ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਵਿਖੇ ਵਾਪਰੀ ਬੇਅਦਬੀ ਦੀ ਘਟਨਾ ਦੀ ਪੁਰਜ਼ੋਰ ਸ਼ਬਦਾਂ ਵਿੱਚ ਨਿਖੇਧੀ

ਯੈੱਸ ਪੰਜਾਬ
ਚੰਡੀਗੜ੍ਹ, 18 ਦਸੰਬਰ, 2021:
ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਸੀਨੀਅਰ ਆਗੂ, ਵਿਧਾਇਕ ਅਤੇ ਸਾਬਕਾ ਵਿੱਤ ਮੰਤਰੀ ਸ: ਪਰਮਿੰਦਰ ਸਿੰਘ ਢੀਂਡਸਾ ਨੇ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਵਿਖੇ ਵਾਪਰੀ ਬੇਅਦਬੀ ਦੀ ਘਟਨਾ ਦੀ ਪੁਰਜ਼ੋਰ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ।

ਸ: ਢੀਂਡਸਾ ਨੇ ਕਿਹਾ ਕਿ ਇਸ ਤੋਂ ਪਹਿਲਾਂ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਵਾਪਰੀਆਂ ਘਟਨਾਵਾਂ ਵਿੱਚ ਸਿੱਖਾਂ ਨੂੰ ਇਨਸਾਫ਼ ਨਹੀ ਮਿਲਿਆ ਹੈ ਅਤੇ ਤਾਜ਼ਾ ਵਾਪਰੀ ਇਸ ਘਟਨਾ ਨਾਲ ਇੱਕ ਵਾਰੀ ਫਿ਼ਰ ਸਿੱਖ ਕੌਮ ਦੇ ਹਿਰਦੇ ਵਲੂੰਦਰੇ ਗਏ ਹਨ। ਸ: ਢੀਂਡਸਾ ਨੇ ਘਟਨਾ ਦੀ ਨਿਰਪੱਖ ਜਾਂਚ ਦੀ ਮੰਗ ਕਰਦਿਆਂ ਇਸ ਦੇ ਸਾਜੀਸ਼ਕਾਰਾਂ ਵਿਰੁੱਧ ਸਖ਼ਤ ਤੋਂ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ।

ਉਨ੍ਹਾਂ ਕਿਹਾ ਕਿ ਬੇਅਦਬੀ ਦੀ ਇਹ ਘਟਨਾ ਇੱਕ ਡੂੰਘੀ ਸਾਜਿਸ਼ ਹੈ। ਇਸ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੋਂ ਇਲਾਵਾ ਸਰਕਾਰੀ ਸੁਤੰਤਰ ਜਾਂਚ ਏਜੰਸੀ ਵੱਲੋਂ ਵੀ ਇਸ ਦੀ ਜਾਂਚ ਕਰਵਾਉਣੀ ਚਾਹੀਦੀ ਹੈ ਤਾਂ ਜੋ ਇਸ ਦੇ ਪਿੱਛੇ ਸਾਜੀਸ਼ ਰਚਣ ਵਾਲਿਆਂ ਦੀ ਪਛਾਣ ਹੋ ਸਕੇ ਅਤੇ ਉਨ੍ਹਾਂ ਨੂੰ ਸਖ਼ਤ ਸਜ਼ਾ ਦਿਵਾਈ ਜਾ ਸਕੇ।

ਸ: ਢੀਂਡਸਾ ਨੇ ਇਹ ਵੀ ਕਿਹਾ ਕਿਉਂਕਿ ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਨੇੜੇ ਆ ਚੁੱਕੀਆਂ ਹਨ ਇਸ ਕਰਕੇ ਸੂਬੇ ਦਾ ਸ਼ਾਂਤਮਈ ਮਾਹੌਲ ਖ਼ਰਾਬ ਕਰਨ ਲਈ ਸਮਾਜ ਵਿਰੋਧੀ ਤੱਤਾਂ ਵੱਲੋਂ ਅਜਿਹੀ ਕੋਝੀਆਂ ਸ਼ਰਾਰਤਾਂ ਕੀਤੀਆਂ ਜਾ ਰਹੀਆਂ ਹਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ