ਪੁਲਵਾਮਾ ਹਮਲੇ ਦੇ ਚਾਰ ਸ਼ਹੀਦਾਂ ਨੂੰ ਵਿੱਤੀ ਸਹਾਇਤਾ ਮੁਹੱਈਆ ਕਰਵਾ ਚੁੱਕੀ ਹੈ ਪੰਜਾਬ ਸਰਕਾਰ

ਚੰਡੀਗੜ੍ਹ, 14 ਫਰਵਰੀ, 2020:
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀਆਂ ਹਦਾਇਤਾਂ ‘ਤੇ ਰੱਖਿਆ ਸੈਨਾਵਾਂ ਭਲਾਈ ਵਿਭਾਗ ਪੁਲਵਾਮਾ ਹਮਲੇ ਦੇ ਚਾਰ ਸ਼ਹੀਦਾਂ ਨੂੰ ਵਿੱਤੀ ਸਹਾਇਤਾ ਮੁਹੱਈਆ ਕਰਵਾ ਚੁੱਕਾ ਹੈ ਜਿਨ੍ਹਾਂ ਨੇ ਪਿਛਲੇ ਸਾਲ ਇਸੇ ਦਿਨ ਦੇਸ਼ ਦੀ ਏਕਤਾ ਅਤੇ ਅਖੰਡਤਾ ਦੀ ਰਾਖੀ ਕਰਦਿਆਂ ਲਾਮਿਸਾਲ ਕੁਰਬਾਨੀ ਦੇ ਦਿੱਤੀ ਸੀ।

ਇਹ ਪ੍ਰਗਟਾਵਾ ਕਰਦਿਆਂ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੇ ਡਾਇਰੈਕਟਰ ਬ੍ਰਿਗੇਡੀਅਰ ਸਤਿੰਦਰ ਸਿੰਘ (ਸੇਵਾ-ਮੁਕਤ) ਨੇ ਦੱਸਿਆ ਕਿ ਸ਼ਹੀਦਾਂ ਦੇ ਪਰਿਵਾਰਕ ਮੈਂਬਰਾਂ ਨੂੰ ਪੰਜਾਬ ਸਰਕਾਰ ਦੀ ਨੀਤੀ ਮੁਤਾਬਕ ਵਿੱਤੀ ਸਹਾਇਤਾ/ਸਰਕਾਰੀ ਨੌਕਰੀ ਮੁਹੱਈਆ ਕਰਵਾਈ ਜਾ ਚੱਕੀ ਹੈ।

ਡਾਇਰੈਕਟਰ ਨੇ ਦੱਸਿਆ ਕਿ ਜ਼ਿਲ੍ਹਾ ਤਰਨ ਤਾਰਨ ਤੋਂ ਸ਼ਹੀਦ ਕਾਂਸਟੇਬਲ ਸੁਖਜਿੰਦਰ ਸਿੰਘ ਅਤੇ ਜ਼ਿਲ੍ਹਾ ਮੋਗਾ ਤੋਂ ਹੈੱਡ ਕਾਂਸਟੇਬਲ ਜੈਮਲ ਸਿੰਘ ਦੀਆਂ ਵਿਧਵਾਵਾਂ ਨੂੰ ਕ੍ਰਮਵਾਰ 10-10 ਲੱਖ ਰੁਪਏ ਦੀ ਵਿੱਤੀ ਸਹਾਇਤਾ ਤੋਂ ਇਲਾਵਾ ਸ਼ਹੀਦਾਂ ਦੇ ਮਾਪਿਆਂ ਨੂੰ ਦੋ-ਦੋ ਲੱਖ ਰੁਪਏ ਦੀ ਇਮਦਾਦ ਦਿੱਤੀ ਗਈ ਹੈ। ਦੋਵਾਂ ਪਰਿਵਾਰਾਂ ਨੂੰ ਭਰੋਸਾ ਦਿੱਤਾ ਗਿਆ ਕਿ ਜਿਸ ਵੇਲੇ ਇਨ੍ਹਾਂ ਸ਼ਹੀਦਾਂ ਦੇ ਛੋਟੇ ਬੱਚੇ ਵੱਡੇ ਹੋ ਜਾਣਗੇ ਤਾਂ ਉਨ੍ਹਾਂ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇਗੀ।

ਜ਼ਿਲ੍ਹਾ ਗੁਰਦਾਸਪੁਰ ਤੋਂ ਸ਼ਹੀਦ ਕਾਂਸਟੇਬਲ ਮਨਿੰਦਰ ਸਿੰਘ ਦੇ ਕੇਸ ਵਿੱਚ ਉਸ ਦੇ ਮਾਪਿਆਂ ਨੂੰ 10 ਲੱਖ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾ ਚੁੱਕੀ ਹੈ ਕਿਉਂ ਜੋ ਉਸ ਦਾ ਵਿਆਹ ਨਹੀਂ ਹੋਇਆ ਸੀ। ਉਸ ਦਾ ਭਰਾ ਜੋ ਪਹਿਲਾਂ ਸੀ.ਆਰ.ਪੀ.ਐਫ. ਵਿੱਚ ਸੀ ਤੇ ਹੁਣ ਅਸਤੀਫਾ ਦੇ ਚੁੱਕਾ ਹੈ, ਨੂੰ ਛੇਤੀ ਹੀ ਪੰਜਾਬ ਪੁਲੀਸ ਵਿੱਚ ਨੌਕਰੀ ਦਿੱਤੀ ਜਾਵੇਗੀ।

ਇਸੇ ਤਰ੍ਹਾਂ ਰੂਪਨਗਰ ਜ਼ਿਲ੍ਹੇ ਤੋਂ ਸ਼ਹੀਦ ਕਾਂਸਟੇਬਲ ਕੁਲਵਿੰਦਰ ਸਿੰਘ ਦੇ ਮਾਪਿਆਂ ਨੂੰ ਵੀ 10 ਲੱਖ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾ ਚੁੱਕੀ ਹੈ ਕਿਉਂਕਿ ਉਸ ਦਾ ਵੀ ਵਿਆਹ ਨਹੀਂ ਸੀ ਹੋਇਆ। ਉਹ ਮਾਪਿਆਂ ਦਾ ਇਕਲੌਤਾ ਪੁੱਤਰ ਹੋਣ ਕਰਕੇ ਉਸ ਦੇ ਅਗਲੇ ਵਾਰਸ ਨੂੰ ਨੌਕਰੀ ਵੀ ਨਹੀਂ ਦਿੱਤੀ ਜਾ ਸਕਦੀ।

ਇਸ ਤੋਂ ਇਲਾਵਾ ਉਸ ਦੇ ਮਾਪਿਆਂ ਲਈ 10,000 ਰੁਪਏ ਮਹੀਨਾ ਪੈਨਸ਼ਨ ਤੈਅ ਕੀਤੀ ਗਈ ਹੈ। ਉਸ ਦੇ ਮਾਪਿਆਂ ਦੀ ਨਿੱਜੀ ਬੇਨਤੀ ‘ਤੇ ਸੂਬਾ ਸਰਕਾਰ ਨੇ ਸ਼ਹੀਦ ਦੇ ਜੱਦੀ ਪਿੰਡ ਤੋਂ ਮੁੱਖ ਮਾਰਗ ਤੱਕ ਸੜਕ ਚੌੜੀ ਕਰਨ ਲਈ 2 ਕਰੋੜ ਰੁਪਏ ਨੂੰ ਪਹਿਲਾਂ ਹੀ ਪ੍ਰਵਾਨਗੀ ਦਿੱਤੀ ਹੋਈ ਹੈ।

ਇਸ ਤੋਂ ਇਲਾਵਾ ਉਸ ਦੇ ਮਾਪਿਆਂ ਦੀ ਇੱਛਾ ਮੁਤਾਬਕ ਪਿੰਡ ਵਿੱਚ ਪਾਰਕ ਬਣਾਉਣ ਲਈ 2.5 ਲੱਖ ਰੁਪਏ ਵੀ ਮਨਜ਼ੂਰ ਕੀਤੇ ਜਾ ਚੁੱਕੇ ਹਨ। ਇਸ ਤੋਂ ਇਲਾਵਾ ਉਸ ਦੇ ਮਾਪਿਆਂ ਦੀ ਇੱਛਾ ‘ਤੇ ਸਰਕਾਰੀ ਹਾਈ ਸਕੂਲ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਲਈ 1.30 ਲੱਖ ਰੁਪਏ ਦੀ ਰਾਸ਼ੀ ਪ੍ਰਵਾਨ ਕੀਤੀ ਗਈ ਹੈ।

Share News / Article

YP Headlines

Loading...