ਜਲੰਧਰ, 8 ਜੁਲਾਈ, 2019 –
ਮੈਡੀਕਲ ਸਿੱਖਿਆ ਮੰਤਰੀ ਪੰਜਾਬ ਸ੍ਰੀ ਓ.ਪੀ.ਸੋਨੀ ਨੇ ਕਿਹਾ ਕਿ ਕੈਬਨਿਟ ਸਬ ਕਮੇਟੀ ਵਲੋਂ ਮੈਡੀਕਲ ਸਿੱਖਿਆ ਪ੍ਰਦਾਨ ਕਰਨ ਲਈ ਪ੍ਰਾਈਵੇਟ ਮੈਡੀਕਲ ਕਾਲਜਾਂ ਦੀਆਂ ਫੀਸਾਂ ਨੂੰ ਤਰਕਸੰਗਤ ਬਣਾਇਆ ਜਾਵੇਗਾ।
ਅੱਜ ਇਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰੀ ਓ.ਪੀ.ਸੋਨੀ ਨੇ ਪ੍ਰਾਈਵੇਟ ਮੈਡੀਕਲ ਕਾਲਜਾਂ ਵਲੋਂ ਫੀਸ ਵਧਾਏ ਜਾਣ ’ਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਫੀਸਾਂ ਦੇ ਮਸਲੇ ਨੂੰ ਜਲਦ ਨਿਪਟਾ ਲਿਆ ਜਾਵੇਗਾ।
ਉਨ੍ਹਾਂ ਕਿਹਾ ਕਿ ਪ੍ਰਾਈਵੇਟ ਮੈਡੀਕਲ ਕਾਲਜਾਂ ਦੀਆਂ ਫੀਸਾਂ ਨੂੰ ਤਰਕਸੰਗਤ ਬਣਾ ਕੇ ਰਾਜ ਦੇ ਵਿਦਿਆਰਥੀਆਂ ਨੂੰ ਮੈਡੀਕਲ ਸਿੱਖਿਆ ਪ੍ਰਦਾਨ ਕਰਨ ਨੂੰ ਯਕੀਨੀ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸੂਬਾ ਸਰਕਾਰ ਰਾਜ ਵਿੱਚ ਵਿਦਿਆਰਥੀਆਂ ਨੂੰ ਵਾਜਬ ਫੀਸਾਂ ਤੇ ਮਿਆਰੀ ਮੈਡੀਕਲ ਸਿੱਖਿਆ ਪ੍ਰਦਾਨ ਕਰਨ ਲਈ ਵਚਨਬੱਧ ਹੈ।
ਇਕ ਹੋਰ ਸਵਾਲ ਦਾ ਜਵਾਬ ਦਿੰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿਚੋਂ ਨਸ਼ਿਆਂ ਦੀ ਲਾਹਨਤ ਨੂੰ ਜੜ੍ਹੋਂ ਖ਼ਤਮ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਆਉਣ ਵਾਲੀ ਪੀੜ੍ਹੀ ਨੂੰ ਨਸ਼ਿਆਂ ਦੀ ਦਲਦਲ ਵਿਚੋਂ ਕੱਢਣ ਲਈ ਪਹਿਲਾਂ ਹੀ ਵਿਸ਼ੇਸ਼ ਮੁਹਿੰਮ ਚਲਾਈ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਆਉਣ ਵਾਲੇ ਦਿਨਾਂ ਵਿੱਚ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।
ਇਕ ਹੋਰ ਸਵਾਲ ਦਾ ਜਵਾਬ ਦਿੰਦਿਆਂ ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ‘ਘਰ-ਘਰ ਰੋਜ਼ਗਾਰ’ ਸਕੀਮ ਤਹਿਤ ਅਨੇਕਾਂ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਇਆ ਗਿਆ ਹੈ ਅਤੇ ਇਸੇ ਮੰਤਵ ਨੂੰ ਪੂਰਾ ਕਰਨ ਲਈ ਬੇਰੋਜ਼ਗਾਰ ਨੌਜਵਾਨਾਂ ਲਈ ਰੋਜਗਾਰ ਦੇ ਨਵੇਂ ਰਾਸਤੇ ਖੋਲ੍ਹਣ ਲਈ ਹਰੇਕ ਜ਼ਿਲ੍ਹਾ ਪੱਧਰ ’ਤੇ ਜ਼ਿਲ੍ਹਾ ਰੋਜ਼ਗਾਰ ਬਿਊਰੋ ਦਾ ਗਠਨ ਕੀਤਾ ਗਿਆ ਹੈ।
ਉਨ੍ਹਾਂ ਕਿਹਾ ਕਿ ਸਰਕਾਰੀ ਖੇਤਰ ਵਿੱਚ ਭਰਤੀ ਪ੍ਰਕਿਰਿਆ ਪਹਿਲਾਂ ਹੀ ਜਾਰੀ ਕੀਤੀ ਜਾ ਚੁੱਕੀ ਹੈ ਅਤੇ ਸਾਰੇ ਵਿਭਾਗਾਂ ਨੂੰ ਖਾਲੀ ਅਸਾਮੀਆਂ ਸਬੰਧੀ ਸੂਚੀਆਂ ਮੁਹੱਈਆ ਕਰਵਾਉਣ ਦੀਆਂ ਹਦਾਇਤਾਂ ਕੀਤੀਆਂ ਗਈਆਂ ਹਨ ਤਾਂ ਜੋ ਇਨਾਂ ਨੂੰ ਪਾਰਦਰਸ਼ੀ ਢੰਗ ਨਾਲ ਪੁਰ ਕੀਤਾ ਜਾ ਸਕੇ।
ਇਸ ਮੌਕੇ ਵਿਧਾਇਕ ਸ੍ਰ.ਪਰਗਟ ਸਿੰਘ, ਸ੍ਰੀ ਰਜਿੰਦਰ ਬੇਰੀ, ਸ੍ਰੀ ਅਵਤਾਰ ਸਿੰਘ ਬਾਵਾ ਹੈਨਰੀ ਅਤੇ ਸ੍ਰੀ ਹਰਦੇਵ ਸਿੰਘ ਲਾਡੀਸ਼ੇਰੋਵਾਲੀਆ, ਮੇਅਰ ਸ੍ਰੀ ਜਗਦੀਸ਼ ਰਾਜ ਰਾਜਾ, ਸਾਬਕਾ ਜ਼ਿਲ੍ਹਾ ਕਾਂਗਰਸ ਪ੍ਰਧਾਨ ਸ੍ਰੀ ਦਲਜੀਤ ਸਿੰਘ ਆਹਲੂਵਾਲੀਆ, ਨਗਰ ਨਿਗਮ ਜਲੰਧਰ ਕਮਿਸ਼ਨਰ ਸ੍ਰੀ ਦੀਪਰਵਾ ਲਾਕੜਾ, ਐਸ.ਐਸ.ਪੀ. ਨਵਜੋਤ ਸਿੰਘ ਮਾਹਲ, ਡਿਪਟੀ ਕਮਿਸ਼ਨਰ ਪੁਲਿਸ ਸ੍ਰੀ ਗੁਰਮੀਤ ਸਿੰਘ ਅਤੇ ਹੋਰ ਵੀ ਹਾਜ਼ਰ ਸਨ।