ਪੰਜਵਾਂ ਮੈਗਾ ਰੋਜ਼ਗਾਰ ਮੇਲਾ: ਪਹਿਲੇ ਪੜਾਅ ਵਿੱਚ 30 ਹਜ਼ਾਰ ਬੇਰੋਜ਼ਗਾਰ ਨੌਜਵਾਨਾਂ ਨੂੰ ਨੌਕਰੀਆਂ ਦੇ ਮੌਕੇ ਮੁਹੱਈਆ ਕੀਤੇ: ਬਲਬੀਰ ਸਿੰਘ ਸਿੱਧੂ

ਚੰਡੀਗੜ, 20 ਸਤੰਬਰ, 2019 –
ਪੰਜਾਬ ਸਰਕਾਰ ਨੇ ਆਪਣੇ ਮੁੱਖ ਪ੍ਰੋਗਰਾਮ ‘ਘਰ ਘਰ ਰੋਜ਼ਗਾਰ’ ਸਕੀਮ ਤਹਿਤ 9 ਸਤੰਬਰ ਤੋਂ ਸੂਬੇ ਭਰ ਵਿੱਚ ਸ਼ੁਰੂ ਹੋਏ ਪੰਜਵੇਂ ਮੈਗਾ ਰੋਜ਼ਗਾਰ ਮੇਲੇ ਦੇ ਪਹਿਲੇ ਪੜਾਅ ਵਿੱਚ 30 ਹਜ਼ਾਰ ਤੋਂ ਵੱਧ ਬੇਰੋਜ਼ਗਾਰ ਨੌਜਵਾਨਾਂ ਨੂੰ ਨੌਕਰੀਆਂ ਦੇ ਮੌਕੇ ਮੁਹੱਈਆ ਕੀਤੇ ਹਨ। ਰੋਜ਼ਗਾਰ ਮੇਲਿਆਂ ਦੇ ਇਸ ਪੰਜਵੇਂ ਪੜਾਅ ਦੌਰਾਨ ਕੁੱਲ 2.10 ਲੱਖ ਨੌਕਰੀਆਂ ਮੁਹੱਈਆ ਕੀਤੀਆਂ ਜਾਣਗੀਆਂ। ਇਹ ਖੁਲਾਸਾ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਅਤੇ ਕਿਰਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਇੱਥੇ ਚੰਡੀਗੜ ਗਰੁੱਪ ਆਫ਼ ਕਾਲਜਿਜ਼, ਲਾਂਡਰਾਂ ਵਿਖੇ ‘ਮੈਗਾ ਜੌਬ ਤੇ ਸੈਲਫ ਇੰਪਲਾਇਮੈਂਟ ਮੇਲੇ’ ਦਾ ਉਦਘਾਟਨ ਕਰਦਿਆਂ ਕੀਤਾ।

ਉਦਘਾਟਨੀ ਸੈਸ਼ਨ ਮਗਰੋਂ ਸ. ਸਿੱਧੂ ਨੇ 500 ਵਿਦਿਆਰਥੀਆਂ ਨੂੰ ਨਿਯੁਕਤੀ ਪੱਤਰ ਸੌਂਪੇ। ਇਸ ਦੌਰਾਨ ਵਿਦਿਆਰਥੀਆਂ ਨੂੰ ਸਾਲਾਨਾ 10 ਲੱਖ ਤੋਂ 30 ਲੱਖ ਰੁਪਏ ਤੱਕ ਦੇ ਪੈਕੇਜ ਉਤੇ ਨੌਕਰੀਆਂ ਦੀ ਪੇਸ਼ਕਸ਼ ਹੋਈ। ਆਪਣੇ ਉਦਘਾਟਨੀ ਭਾਸ਼ਣ ਵਿੱਚ ਉਨਾਂ ਕਿਹਾ ਕਿ ਪੰਜਾਬ ਸਰਕਾਰ ਦੂਰਅੰਦੇਸ਼ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਬੇਰੋਜ਼ਗਾਰਾਂ ਨੂੰ ਨੌਕਰੀਆਂ ਦੇਣ ਦਾ ਆਪਣਾ ਵਾਅਦਾ ਪੂਰਾ ਕਰ ਰਹੀ ਹੈ ਅਤੇ ਹੁਣ ਤੱਕ ਨੌਂ ਲੱਖ ਬੇਰੋਜ਼ਗਾਰਾਂ ਨੂੰ ਇਨਾਂ ਰੋਜ਼ਗਾਰ ਮੇਲਿਆਂ ਜ਼ਰੀਏ ਨੌਕਰੀਆਂ ਮੁਹੱਈਆ ਕੀਤੀਆਂ ਗਈਆਂ ਹਨ। ਉਨਾਂ ਕਿਹਾ ਕਿ ਸੀ.ਜੀ.ਸੀ. ਲਾਂਡਰਾਂ, ਐਸ.ਏ.ਐਸ. ਨਗਰ ਵਿੱਚ ਦੋ ਦਿਨਾਂ ਤੱਕ ਲੱਗਣ ਵਾਲੇ ਇਸ ਰੋਜ਼ਗਾਰ ਮੇਲੇ ਦੌਰਾਨ ਛੇ ਹਜ਼ਾਰ ਨੌਜਵਾਨਾਂ ਨੂੰ ਨੌਕਰੀਆਂ ਦੇ ਮੌਕੇ ਮੁਹੱਈਆ ਕੀਤੇ ਜਾਣਗੇ।

ਸ. ਸਿੱਧੂ ਨੇ ਦੱਸਿਆ ਕਿ ਪੰਜਵੇਂ ਰੋਜ਼ਗਾਰ ਮੇਲੇ ਦੇ ਪਹਿਲੇ ਪੜਾਅ ਵਿੱਚ 10 ਹਜ਼ਾਰ ਵਿਦਿਆਰਥੀਆਂ ਨੇ ਖ਼ੁਦ ਨੂੰ ਸਵੈ ਰੋਜ਼ਗਾਰ ਸਕੀਮ ਅਧੀਨ ਰਜਿਸਟਰਡ ਕੀਤਾ ਹੈ ਅਤੇ ਪੰਜਾਬ ਸਰਕਾਰ ਇਨਾਂ ਵਿਦਿਆਰਥੀਆਂ ਨੂੰ ਆਪਣੇ ਉੱਦਮ ਸ਼ੁਰੂ ਕਰਨ ਲਈ ਕਰਜ਼ਾ ਦਿਵਾਉਣ ਵਿੱਚ ਸਹਿਯੋਗ ਦੇਵੇਗੀ। ਉਨਾਂ ਕਿਹਾ ਕਿ ਇਸ ਤੋਂ ਇਲਾਵਾ 2500 ਵਿਦਿਆਰਥੀਆਂ ਨੇ ਹੁਨਰ ਵਿਕਾਸ ਸਿਖਲਾਈ ਲਈ ਨਾਂ ਦਰਜ ਕਰਵਾਇਆ ਹੈ। ਇਨਾਂ ਵਿਦਿਆਰਥੀਆਂ ਨੂੰ ਹੁਨਰ ਵਿਕਾਸ ਮਿਸ਼ਨ ਅਧੀਨ ਮੁਫ਼ਤ ਸਿਖਲਾਈ ਦਿਵਾਈ ਜਾਵੇਗੀ।

ਸਿਹਤ ਮੰਤਰੀ ਨੇ ਕਿਹਾ ਕਿ 21 ਸਤੰਬਰ, 2019 ਤੋਂ ਸ਼ੁਰੂ ਹੋਣ ਵਾਲੇ ਪੰਜਵੇਂ ਮੈਗਾ ਰੋਜ਼ਗਾਰ ਮੇਲੇ ਦੇ ਦੂਜੇ ਪੜਾਅ ਦੌਰਾਨ ਪੰਜਾਬ ਸਰਕਾਰ ਸੂਬੇ ਭਰ ਦੀਆਂ 74 ਥਾਵਾਂ ਉਤੇ ਰੋਜ਼ਗਾਰ ਮੇਲੇ ਲਗਾਏਗੀ। ਉਨਾਂ ਦੱਸਿਆ ਕਿ 30 ਸਤੰਬਰ, 2019 ਤੱਕ 2.10 ਲੱਖ ਨੌਕਰੀਆਂ ਦੇਣ ਦਾ ਟੀਚਾ ਹਾਸਲ ਕੀਤਾ ਜਾਵੇਗਾ।

ਮੰਤਰੀ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਉਨਾਂ ਦੀ ਸਿੱਖਿਆ ਤੇ ਹੁਨਰ ਦੇ ਹਿਸਾਬ ਨਾਲ ਪੈਕੇਜ ਮੁਹੱਈਆ ਕੀਤੇ ਗਏ ਹਨ। ਉਨਾਂ ਕਿਹਾ ਕਿ ਇਨਾਂ ਰੋਜ਼ਗਾਰ ਮੇਲਿਆਂ ਦੌਰਾਨ ਸਕੂਲੀ ਪੜਾਈ ਵਿਚਾਲੇ ਛੱਡਣ ਵਾਲਿਆਂ ਨੂੰ ਵੀ ਨੌਕਰੀਆਂ ਦਿਵਾਈਆਂ ਗਈਆਂ ਹਨ। ਸਿਹਤ ਮੰਤਰੀ ਨੇ ਅੱਗੇ ਕਿਹਾ ਕਿ ਆਈ.ਟੀ. ਸਿਟੀ ਮੁਹਾਲੀ ਭਾਰਤ ਭਰ ਵਿੱਚੋਂ ਨੌਕਰੀਆਂ ਮੁਹੱਈਆ ਕਰਵਾਉਣ ਵਿੱਚ ਸਭ ਤੋਂ ਵੱਡੇ ਖੇਤਰ ਵਜੋਂ ਉੱਭਰੇਗੀ ਕਿਉਂਕਿ ਇੱਥੇ ਬਹੁਤ ਸਾਰੀਆਂ ਬਹੁਕੌਮੀ ਕੰਪਨੀਆਂ ਆਪਣਾ ਕਿਆਮ ਕਰ ਰਹੀਆਂ ਹਨ। ਉਨਾਂ ਇਹ ਵੀ ਕਿਹਾ ਕਿ ਯੂਨੀਵਰਸਿਟੀਆਂ ਸਣੇ ਕਈ ਕੌਮਾਂਤਰੀ ਪੱਧਰ ਦੀਆਂ ਸਿੱਖਿਆ ਸੰਸਥਾਵਾਂ ਵੀ ਆਈ.ਟੀ. ਸਿਟੀ, ਮੁਹਾਲੀ ਦਾ ਰੁਖ਼ ਕਰ ਰਹੀਆਂ ਹਨ।

ਇਸ ਤੋਂ ਪਹਿਲਾਂ ਸੀ.ਜੀ.ਸੀ. ਲਾਂਡਰਾਂ ਦੇ ਚੇਅਰਮੈਨ ਸ੍ਰੀ ਸਤਨਾਮ ਸਿੰਘ ਸੰਧੂ ਨੇ ਕੈਬਨਿਟ ਮੰਤਰੀ ਸ. ਬਲਬੀਰ ਸਿੰਘ ਸਿੱਧੂ ਦਾ ਸਵਾਗਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਦੇ ਸਹਿਯੋਗ ਨਾਲ ਉਨਾਂ ਦੀ ਸੰਸਥਾ ਨੇ ਕੌਮਾਂਤਰੀ ਪੱਧਰ ਉਤੇ ਨਾਮਣਾ ਖੱਟਿਆ ਹੈ ਅਤੇ ਵਿਦਿਆਰਥੀਆਂ ਨੂੰ ਨੌਕਰੀਆਂ ਮੁਹੱਈਆ ਕਰਵਾਉਣ ਲਈ ਆਪਣੇ ਰੋਜ਼ਗਾਰ ਮੇਲੇ ਵਿੱਚ 637 ਕੰਪਨੀਆਂ ਨੂੰ ਬੁਲਾ ਕੇ 6000 ਵਿਦਿਆਰਥੀਆਂ ਨੂੰ ਰੋਜ਼ਗਾਰ ਮੁਹੱਈਆ ਕੀਤਾ ਅਤੇ ‘ਲਿਮਕਾ ਬੁੱਕ ਆਫ ਰਿਕਾਰਡਜ਼’ ਵਿੱਚ ਨਾਮ ਦਰਜ ਕਰਵਾਇਆ ਹੈ।

ਇਸ ਪ੍ਰੋਗਰਾਮ ਦੌਰਾਨ ਡਿਪਟੀ ਕਮਿਸ਼ਨਰ ਸ੍ਰੀ ਗਿਰੀਸ਼ ਦਿਆਲਨ, ਸੀ.ਜੀ.ਸੀ. ਗਰੁੱਪ ਦੇ ਪ੍ਰਧਾਨ ਰਛਪਾਲ ਸਿੰਘ ਧਾਲੀਵਾਲ ਅਤੇ ਐਸ.ਡੀ.ਐਮ. ਮੁਹਾਲੀ ਜਗਦੀਪ ਸਹਿਗਲ ਹਾਜ਼ਰ ਸਨ।

Share News / Article

Yes Punjab - TOP STORIES