ਪੰਜਾਬ ਦੀਆਂ ਸਾਰੀਆਂ ਜ਼ਿਮਨੀ ਚੋਣਾਂ ਲੜੇਗਾ ‘ਆਮ ਆਦਮੀ ਪਾਰਟੀ’: ਭਗਵੰਤ ਮਾਨ ਨੇ ਕੀਤਾ ਐਲਾਨ

ਚੰਡੀਗੜ੍ਹ, 28 ਅਗਸਤ 2019 –
ਆਮ ਆਦਮੀ ਪਾਰਟੀ (ਆਪ) ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਐਲਾਨ ਕੀਤਾ ਹੈ ਕਿ ਪਾਰਟੀ ਵਿਧਾਨ ਸਭਾ ਦੀਆਂ ਸਾਰੀਆਂ ਲੰਬਿਤ ਜ਼ਿਮਨੀ ਚੋਣਾਂ ਲੜੇਗੀ।

ਪਾਰਟੀ ਹੈੱਡਕੁਆਟਰ ਤੋਂ ਜਾਰੀ ਬਿਆਨ ਰਾਹੀਂ ਭਗਵੰਤ ਮਾਨ ਨੇ ਦੱਸਿਆ ਕਿ ਬੁੱਧਵਾਰ ਸ਼ਾਮੀ ਹੋਈ ਕੋਰ ਕਮੇਟੀ ਕਮੇਟੀ ਦੀ ਬੈਠਕ ਦੌਰਾਨ ਇਹ ਫ਼ੈਸਲਾ ਸਰਬਸੰਮਤੀ ਨਾਲ ਲਿਆ ਗਿਆ ਹੈ।

ਮਾਨ ਨੇ ਦੱਸਿਆ ਕਿ ਦਾਖਾ, ਜਲਾਲਾਬਾਦ, ਫਗਵਾੜਾ ਅਤੇ ਮੁਕੇਰੀਆਂ ਜ਼ਿਮਨੀ ਚੋਣਾਂ ਲਈ ਤਿਆਰੀ ਬੈਠਕਾਂ ਅਤੇ ਉਮੀਦਵਾਰਾਂ ਦੀ ਚੋਣ ਲਈ ਵਿਧਾਇਕਾਂ ਅਤੇ ਸੀਨੀਅਰ ਲੀਡਰਾਂ ‘ਤੇ ਆਧਾਰਿਤ ਕਮੇਟੀਆਂ ਗਠਿਤ ਕਰ ਦਿੱਤੀਆਂ ਹਨ।

ਮਾਨ ਨੇ ਕਿਹਾ ਕਿ ਕੋਰ ਕਮੇਟੀ ‘ਚ ਪਾਰਟੀ ਦੀ ਮਜ਼ਬੂਤੀ, ਹੜ੍ਹਾਂ ਆਵਾਰਾ ਪਸ਼ੂਆਂ-ਕੁੱਤਿਆਂ ਅਤੇ ਨਸ਼ਿਆਂ ਦੀ ਸਮੱਸਿਆਵਾਂ ‘ਤੇ ਵਿਚਾਰ ਚਰਚਾ ਕੀਤੀ। ਬਿਜਲੀ ਮੋਰਚੇ ਦੀ ਸਮੀਖਿਆ ਕੀਤੀ ਗਈ।

ਇਸ ਦੇ ਨਾਲ ਹੀ ਪਾਰਟੀ ‘ਚ ਅਨੁਸ਼ਾਸਨ ‘ਤੇ ਵਿਚਾਰ ਚਰਚਾ ਕੀਤਾ ਅਤੇ ਫ਼ੈਸਲਾ ਲਿਆ ਕਿ ਮੀਡੀਆ, ਸੋਸ਼ਲ ਮੀਡੀਆ ਸਮੇਤ ਹਰ ਪੱਧਰ ‘ਤੇ ਪਾਰਟੀ ਵਿਰੋਧੀ ਗਤੀਵਿਧੀਆਂ ਅਤੇ ਟਿੱਪਣੀਆਂ ਦਾ ਸਖ਼ਤ ਨੋਟਿਸ ਲਿਆ ਜਾਵੇਗਾ।

ਇਸ ਦੇ ਨਾਲ ਹੀ ਲੋਕਾਂ ਵੱਲੋਂ ਨਕਾਰੇ ਗਏ ਸੱਤਾਧਾਰੀ ਧਿਰ ਦੇ ਹਾਰੇ ਹੋਏ ਵਿਧਾਇਕ, ਸੰਸਦ ਮੈਂਬਰ ਜਾਂ ਵਿਧਾਇਕਾਂ ਸੰਸਦਾਂ ਦੀਆਂ ਪਤਨੀਆਂ/ ਪਤੀ ਜਾਂ ਹੋਰ ਰਿਸ਼ਤੇਦਾਰਾਂ ਵੱਲੋਂ ਸਰਕਾਰੀ ਗਰਾਂਟਾਂ ਦੇ ਚੈੱਕ ਵੰਡੇ ਜਾਣ ਦਾ ਸਖ਼ਤ ਵਿਰੋਧ ਕੀਤਾ ਅਤੇ ਇਸ ਵਿਰੁੱਧ ਵੱਡੇ ਪੱਧਰ ‘ਤੇ ਸਰਕਾਰ ਵਿਰੁੱਧ ਬਿਗੁਲ ਵਜਾਉਣ ਦਾ ਐਲਾਨ ਕੀਤਾ। ਕੋਰ ਕਮੇਟੀ ਬੈਠਕ ‘ਚ ਚੇਅਰਮੈਨ ਪ੍ਰਿੰਸੀਪਲ ਬੁੱਧਰਾਮ, ਹਰਪਾਲ ਸਿੰਘ ਚੀਮਾ, ਸਰਬਜੀਤ ਕੌਰ ਮਾਣੂੰਕੇ, ਮਨਜੀਤ ਸਿੰਘ ਬਿਲਾਸਪੁਰ, ਕੁਲਵੰਤ ਸਿੰਘ ਪੰਡੋਰੀ, ਕੁਲਦੀਪ ਸਿੰਘ ਧਾਲੀਵਾਲ, ਦਲਬੀਰ ਸਿੰਘ ਢਿੱਲੋਂ, ਗੁਰਦਿੱਤ ਸਿੰਘ ਸੇਖੋਂ, ਸੁਖਵਿੰਦਰ ਸੁੱਖੀ, ਬਲਜਿੰਦਰ ਸਿੰਘ ਚੌਦਾਂ, ਗੈਰੀ ਵੜਿੰਗ, ਜਮੀਲ ਰਹਿਮਾਨ, ਮਨਜੀਤ ਸਿੰਘ ਸਿੱਧੂ ਸਮੇਤ ਹਰਚੰਦ ਸਿੰਘ ਬਰਸਟ, ਨਰਿੰਦਰ ਸਿੰਘ ਸ਼ੇਰਗਿੱਲ ਮੌਜੂਦ ਸਨ।

Share News / Article

Yes Punjab - TOP STORIES