ਪੰਜਾਬ ਦੇ ਰਾਜਪਾਲ ਨੇ ਜਸਟਿਸ ਰਵੀ ਸ਼ੰਕਰ ਝਾਅ ਨੂੰ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਨਵੇਂ ਚੀਫ਼ ਜਸਟਿਸ ਵਜੋਂ ਸਹੁੰ ਚੁਕਾਈ

ਚੰਡੀਗੜ, 6 ਅਕਤੂਬਰ, 2019:

ਪੰਜਾਬ ਦੇ ਰਾਜਪਾਲ ਸ੍ਰੀ ਵੀ.ਪੀ. ਸਿੰਘ ਬਦਨੌਰ ਨੇ ਅੱਜ ਜਸਟਿਸ ਰਵੀ ਸ਼ੰਕਰ ਝਾਅ ਨੂੰ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ 35ਵੇਂ ਚੀਫ ਜਸਟਿਸ ਵਜੋਂ ਸਹੁੰ ਚੁੱਕਾਈ। ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਖਾਸ ਤੌਰ ’ਤੇ ਹਾਜ਼ਰ ਸਨ।

ਸਹੁੰ ਚੁੱਕ ਸਮਾਗਮ ਪੰਜਾਬ ਰਾਜ ਭਵਨ ਵਿਖੇ ਆਯੋਜਿਤ ਕੀਤਾ ਗਿਆ ਜਿਸ ਦੀ ਕਾਰਵਾਈ ਪੰਜਾਬ ਕੇ ਮੁੱਖ ਸਕੱਤਰ ਸ੍ਰੀ ਕਰਨ ਅਵਤਾਰ ਸਿੰਘ ਵੱਲੋਂ ਚਲਾਈ ਗਈ।

ਇਸ ਸਮਾਗਮ ਵਿੱਚ ਹਾਈ ਕੋਰਟ ਤੇ ਹੇਠਲੀਆਂ ਅਦਾਲਤਾਂ ਦੇ ਮਾਣਯੋਗ ਜੱਜ ਸਾਹਿਬਾਨ ਤੋਂ ਇਲਾਵਾ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ.ਸਿੰਘ, ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ, ਐਡਵੋਕੇਟ ਜਨਰਲ ਅਤੁਲ ਨੰਦਾ, ਮੁੱਖ ਸੂਚਨਾ ਕਮਿਸ਼ਨਰ ਸੁਰੇਸ਼ ਅਰੋੜਾ ਅਤੇ ਪੰਜਾਬ ਦੇ ਡੀ.ਜੀ.ਪੀ ਦਿਨਕਰ ਗੁਪਤਾ ਵੀ ਸ਼ਾਮਲ ਸਨ।

ਸਮਾਗਮ ਵਿੱਚ ਨਵ-ਨਿਯੁਕਤ ਚੀਫ ਜਸਟਿਸ ਦੇ ਪਰਿਵਾਰਕ ਮੈਂਬਰਾਂ ਤੋਂ ਇਲਾਵਾ ਲੋਕ ਸਭਾ ਮੈਂਬਰ ਡਾ. ਅਮਰ ਸਿੰਘ ਤੇ ਗੁਰਜੀਤ ਸਿੰਘ ਔਜਲਾ, ਵਧੀਕ ਮੁੱਖ ਸਕੱਤਰ (ਖੇਡਾਂ) ਸੰਜੇ ਕੁਮਾਰ, ਪ੍ਰਮੁੱਖ ਸਕੱਤਰ (ਵਿੱਤ) ਅਨਿਰੁਧ ਤਿਵਾੜੀ, ਡੀ.ਜੀ.ਪੀ (ਚੰਡੀਗੜ) ਸੰਜੇ ਬੇਨੀਵਾਲ, ਪੰਜਾਬ ਦੇ ਰਾਜਪਾਲ ਦੇ ਪ੍ਰਮੁੱਖ ਸਕੱਤਰ ਜੇ.ਐਮ. ਬਾਲਾਮੁਰੂਗਮ ਅਤੇ ਚੰਡੀਗੜ ਦੇ ਡਿਪਟੀ ਕਮਿਸ਼ਨਰ ਮਨਦੀਪ ਸਿੰਘ ਬਰਾੜ ਸ਼ਾਮਲ ਹੋਏ। ਇਸ ਮੌਕੇ ਪੰਜਾਬ ਪੁਲਿਸ ਬੈਂਡ ਵਲੋਂ ਰਾਸ਼ਟਰੀ ਗੀਤ ਦੀਆਂ ਧੁਨਾਂ ਵਜਾਈਆਂ ਗਈਆਂ।

ਜਿਕਰਯੋਗ ਹੈ ਕਿ ਪਿਛਲੇ ਮਹੀਨੇ ਪਦਉੱਨਤੀ ਉਪਰੰਤ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਚੀਫ ਜਸਟਿਸ ਸ੍ਰੀ ਕ੍ਰਿਸ਼ਨਾ ਮੁਰਾਰੀ ਦੀ ਨਿਯੁਕਤੀ ਸੁਪਰੀਮ ਕੋਰਟ ਵਿੱਚ ਹੋ ਗਈ ਸੀ ਜਿਸ ਉਪਰੰਤ ਇਸ ਅਸਾਮੀ ਨੂੰ ਭਰਨ ਲਈ ਭਾਰਤ ਦੇ ਰਾਸ਼ਟਰਪਤੀ ਨੇ ਜਸਟਿਸ ਰਵੀ ਸ਼ੰਕਰ ਝਾਅ ਦੀ ਬਤੌਰ ਚੀਫ ਜਸਟਿਸ, ਪੰਜਾਬ ਤੇ ਹਰਿਆਣਾ ਹਾਈ ਕੋਰਟ ਵਜੋਂ ਨਿਯੁਕਤੀ ਲਈ ਨੋਟੀਫਿਕੇਸ਼ਨ ਕੀਤਾ ਸੀ। ਮੌਜੂਦਾ ਸਮੇਂ ਜਸਟਿਸ ਰਾਜੀਵ ਸ਼ਰਮਾ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਐਕਟਿੰਗ ਚੀਫ ਜਸਟਿਸ ਵਜੋਂ ਕਾਰਜਭਾਰ ਸੰਭਾਲ ਰਹੇ ਸਨ।

ਜਸਟਿਸ ਰਵੀ ਸ਼ੰਕਰ ਝਾਅ ਮੌਜੂਦਾ ਨਿਯੁਕਤੀ ਤੋਂ ਪਹਿਲਾਂ ਮੱਧ ਪ੍ਰਦੇਸ਼ ਹਾਈ ਕੋਰਟ ਵਿੱਚ ਇਸ ਸਾਲ ਜੂਨ ਮਹੀਨੇ ਤੋਂ ਐਕਟਿੰਗ ਚੀਫ ਜਸਟਿਸ ਵਜੋਂ ਕੰਮ ਕਰ ਰਹੇ ਸਨ। ਮੱਧ ਪ੍ਰਦੇਸ਼ ਹਾਈ ਕੋਰਟ ਵਿੱਚ ਸਤੰਬਰ 1986 ਵਿੱਚ ਵਕਾਲਤ ਦਾ ਪੇਸ਼ਾ ਸ਼ੁਰੂ ਕਰਨ ਵਾਲੇ 58 ਸਾਲਾ ਜਸਟਿਸ ਝਾਅ ਨੇ ਸਾਲ 2007 ਵਿੱਚ ਬਤੌਰ ਹਾਈਕੋਰਟ ਜੱਜ ਪਦਉੱਨਤ ਹੋਣ ਤੋਂ ਪਹਿਲਾਂ ਜਬਲਪੁਰ ਵਿਖੇ ਹਾਈ ਕੋਰਟ ਵਿੱਚ ਸਿਵਲ, ਦੀਵਾਨੀ ਤੇ ਸੰਵਿਧਾਨਕ ਕੇਸਾਂ ਦੀ ਵਕਾਲਤ ਕੀਤੀ ਸੀ।