ਪੰਜਾਬ ਸਰਕਾਰ ਨੇ ਸਪੈਸ਼ਲਿਸਟ ਡਾਕਟਰਾਂ ਦੀ ਉਮਰ ਹੱਦ 58 ਸਾਲ ਤੋਂ ਵਧਾ ਕੇ 65 ਸਾਲ ਕੀਤੀ

ਚੰਡੀਗੜ੍ਹ, 20 ਸਤੰਬਰ, 2019 –

ਪੰਜਾਬ ਸਰਕਾਰ ਨੇ ਅੱਜ ਸਪੈਸ਼ਲਿਸਟ ਡਾਕਟਰਾਂ ਦੇ ਸੇਵਾਕਾਲ ਦੀ ਉਮਰ ਹੱਦ 58 ਸਾਲ ਤੋਂ ਵਧਾ ਕੇ 65 ਸਾਲ ਕਰ ਦਿੱਤੀ ਹੈ। ਹੁਣ, ਸਪੈਸ਼ਲਿਸਟ ਡਾਕਟਰ ਆਪਣੀ ਸੇਵਾਮੁਕਤੀ ਦੇ ਸਮੇਂ ਤੋਂ ਬਾਅਦ ਵੀ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵਿੱਚ ਆਪਣੀਆਂ ਸੇਵਾਵਾਂ ਨਿਭਾ ਸਕਣਗੇ।

ਇਸ ਬਾਰੇ ਜਾਣਕਾਰੀ ਦਿੰਦਿਆਂ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਦੱਸਿਆ ਕਿ ਸਰਕਾਰੀ ਹਸਪਤਾਲਾਂ ਵਿੱਚ ਸਪੈਸ਼ਲਿਸਟ ਡਾਕਟਰਾਂ ਦੀ ਕਮੀ ਨੂੰ ਪੂਰਾ ਕਰਨ ਲਈ ਸੂਬਾ ਸਰਕਾਰ ਨੇ ਸਪੈਸ਼ਿਲਸਟ ਡਾਕਟਰਾਂ ਦੀ ਉਮਰ ਹੱਦ ਵਧਾਉਣ ਦਾ ਫੈਸਲਾ ਲਿਆ ਹੈ ਤਾਂ ਜੋ ਲੰਬੇ ਸਮੇਂ ਤੱਕ ਉਹ ਵਿਭਾਗ ਵਿੱਚ ਆਪਣੀਆਂ ਸੇਵਾਵਾਂ ਦੇ ਸਕਣ। ਉਹਨਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲਈ ਸਿਹਤ ਇੱਕ ਤਰਜੀਹੀ ਖੇਤਰ ਹੈ ਅਤੇ ਇਸ ਖੇਤਰ ਦੇ ਵਿਕਾਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

ਸਿਹਤ ਮੰਤਰੀ ਨੇ ਅੱਗੇ ਦੱਸਿਆ ਕਿ ਪ੍ਰੰਬਧਕੀ ਵਿਭਾਗ ਵਲੋਂ 384 ਖਾਲੀ ਅਸਾਮੀਆਂ ’ਤੇ ਰੈਗੂਲਰ ਭਰਤੀ ਕਰਨ ਤੱਕ ਗਾਇਨੀਕੋਲੋਜਿਸਟ, ਸਰਜਨ, ਆਰਥੋਪੈਡਿਸ਼ਿਅਨਜ਼, ਰੇਡੀਓਲੋਜਿਸਟ, ਐਨੇਸਥੀਟਿਸਟਸ ਆਦਿ ਨੂੰ ਕੰਸਲਟੈਂਟ ਤੌਰ ’ਤੇ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਸ਼ੁਰੂ ਵਿੱਚ ਹਰੇਕ ਕੰਸਲਟੈਂਟ ਨੂੰ ਇਕ ਸਾਲ ਦੇ ਸਮੇਂ ਲਈ ਠੇਕਾ ਅਧਾਰ ’ਤੇ ਨਿਯੁਕਤ ਕੀਤਾ ਜਾਵੇਗਾ ਜਿਸ ਵਿੱਚ ਉਹਨਾਂ ਦੀ ਕਾਰਗੁਜ਼ਾਰੀ ਦੇ ਆਧਾਰ ’ਤੇ ਸਾਲ-ਦਰ-ਸਾਲ ਵਾਧਾ ਕੀਤਾ ਜਾਵੇਗਾ। ਉਨ੍ਹਾਂ ਸਪੱਸ਼ਟ ਕਰਦਿਆਂ ਦੱਸਿਆ ਕਿ ਇਹਨਾਂ ਕੰਸਲਟੈਂਟਾਂ ਨੂੰ ਦਿੱਤੀ ਜਾਣ ਵਾਲੀ ਤਨਖਾਹ ਉਹਨਾਂ ਦੇ ਸੇਵਾਕਾਲ ਦੀ ਆਖਰੀ ਤਨਖਾਹ ਵਿੱਚੋਂ ਪੈਨਸ਼ਨ ਦੀ ਰਕਮ ਘਟਾ ਕੇ ਬਚਦੀ ਰਕਮ ਤੋਂ ਜ਼ਿਆਦਾ ਨਹੀਂ ਹੋਵੇਗੀ।

ਉਹਨਾਂ ਦੱਸਿਆ ਕਿ ਇਹ ਕੰਸਲਟੈਂਟ ਸਿਰਫ ਕਲੀਨਿਕਲ ਡਿਊਟੀਆਂ ਨਿਭਾਉਣਗੇ ਅਤੇ ਕਿਸੇ ਵੀ ਕੇਸ ਵਿੱਚ ਉਹਨਾਂ ਨੂੰ ਕੋਈ ਪ੍ਰਸ਼ਾਸਕੀ ਡਿਊਟੀ ਨਹੀਂ ਦਿੱਤੀ ਜਾਵੇਗੀ। ਉਹਨਾਂ ਪ੍ਰਬੰਧਕੀ ਵਿਭਾਗ ਨੂੰ ਭਰਤੀ ਪ੍ਰਕਿਰਿਆ ਦੌਰਾਨ 100 ਫੀਸਦੀ ਪਾਰਦਰਸ਼ਿਤਾ ਬਣਾਏ ਰੱਖਣ, ਮੈਰਿਟ ਦੇ ਆਧਾਰ ’ਤੇ ਨਿਯੁਕਤੀਆਂ ਯਕੀਨੀ ਬਨਾਉਣ ਤੇ ਸਟੇਸ਼ਨ ਅਲਾਟ ਕਰਨ ਦੀ ਹਦਾਇਤ ਵੀ ਦਿੱਤੀ।

ਸ. ਸਿੱਧੂ ਨੇ ਦੱਸਿਆ ਕਿ ਇੱਕ ਸਾਲ ਲਈ ਕੰਸਲਟੈਂਟਾਂ ਦੀ ਨਿਯੁਕਤੀ ਲਈ ਵੱਧ ਤੋਂ ਵੱਧ ਉਮਰ 64 ਸਾਲ ਹੋਵੇਗੀ ਅਤੇ ਕੰਸਲਟੈਂਟ ਦੀ ਉਮਰ 65 ਸਾਲ ਦੀ ਹੋਣ ’ਤੇ ਕਿਸੇ ਵੀ ਹਾਲਾਤ ਵਿੱਚ ਉਸ ਦੀ ਸੇਵਾ ਨੂੰ ਬਰਕਰਾਰ ਨਹੀਂ ਰੱਖਿਆ ਜਾਵੇਗਾ। ਉਹਨਾਂ ਅੱਗੇ ਦੱਸਿਆ ਕਿ ਕੰਸਲਟੈਂਟ ਨੂੰ ਕੰਟਰੈਕਟ ਦੇ ਸਮੇਂ ਦੌਰਾਨ ਪ੍ਰਾਈਵੇਟ ਪ੍ਰੈਕਟਿਸ ਦੀ ਆਗਿਆ ਨਹੀਂ ਦਿੱਤੀ ਜਾਵੇਗੀ। ਉਹਨਾਂ ਦੱਸਿਆ ਕਿ ਕੰਸਲਟੈਂਟ ਦੀ ਭਰਤੀ ਠੇਕਾ ਆਧਾਰ ’ਤੇ ਹੋਵੇਗੀ ਅਤੇ ਵਿੱਤ ਵਿਭਾਗ ਵਲੋਂ ਇਸ ਸਬੰਧੀ ਸਮੇਂ-ਸਮੇਂ ’ਤੇ ਜਾਰੀ ਹਦਾਇਤਾਂ ਅਨੁਸਾਰ ਹੋਰ ਸ਼ਰਤਾਂ ਨੂੰ ਲਾਗੂ ਕੀਤਾ ਜਾਵੇਗਾ।

ਉਹਨਾਂ ਇਹ ਵੀ ਦੱਸਿਆ ਕਿ ਡਾਇਰੈਕਟਰ ਹੈਲਥ ਸਰਵਿਸਿਜ਼ ਵਲੋਂ ਚੋਣ ਪ੍ਰਕਿਰਿਆ ਸਬੰਧੀ ਮਾਪਦੰਡ ਤਿਆਰ ਕੀਤੇ ਜਾਣਗੇ ਅਤੇ ਸਟੇਸ਼ਨਾਂ ਸਮੇਤ ਅਸਾਮੀਆਂ ਦੀ ਜਾਣਕਾਰੀ ਸਿਹਤ ਵਿਭਾਗ ਦੀ ਸਰਕਾਰੀ ਵੈੱਬਸਾਈਟ ’ਤੇ ਦਿੱਤੀ ਜਾਵੇਗੀ।

Share News / Article

YP Headlines