ਪੰਜਾਬ ਸਰਕਾਰ ਲੋਕਾਂ ਨੂੰ ਚੰਗੀਆਂ ਸੇਵਾਵਾਂ ਮੁਹਈਆਂ ਕਰਵਾਉਣ ਲਈ ਵਚਨਬੱਧ ਵਿਧਾਇਕ ਰਮਿੰਦਰ ਆਵਲਾ

ਜਲਾਲਾਬਾਦ/ਫਾਜ਼ਿਲਕਾ, 6 ਫਰਵਰੀ, 2020:
ਜ਼ਿਲ੍ਹਾ ਫਾਜ਼ਿਲਕਾ ਅੰਦਰ ਲੋਕ ਸੁਵਿਧਾਵਾਂ ਨੂੰ ਹੋਰ ਵਧੇਰੇ ਬਿਹਤਰ ਬਣਾਉਣ ਅਤੇ ਸਰਕਾਰ ਦੇ ਦਿਸ਼ਾਂ ਨਿਰਦੇਸ਼ਾਂ ਤਹਿਤ ਹਰੇਕ ਕੰਮ ਨੂੰ ਪਾਰਦਰਸ਼ੀ ਢੰਗ ਨਾਲ ਲਾਗੂ ਕਰਵਾਉਣ ਦੇ ਮੰਤਵ ਤਹਿਤ ਡਿਪਟੀ ਕਮਿਸ਼ਨਰ ਸ੍ਰੀ ਅਰਵਿੰਦ ਪਾਲ ਸਿੰਘ ਸੰਧੂ ਨੇ ਅੱਜ ਸਥਾਨਕ ਨਗਰ ਕੌਂਸਲ ਜਲਾਲਾਬਾਦ ਦੇ ਮੀਟਿੰਗ ਹਾਲ ਵਿਖੇ ਸਬ ਡਵੀਜ਼ਨ ਜਲਾਲਾਬਾਦ ਦੇ ਅਧਿਕਾਰੀਆਂ ਨਾਲ ਅਹਿਮ ਮੀਟਿੰਗ ਕੀਤੀ।

ਵਿਧਾਇਕ ਰਮਿੰਦਰ ਆਵਲਾ ਨੇ ਡਿਪਟੀ ਕਮਿਸ਼ਨਰ ਸ. ਸੰਧੂ ਨੂੰ ਅਹੁੱਦਾ ਸੰਭਾਲਣ ਤੋਂ ਬਾਅਦ ਪਹਿਲੀ ਵਾਰ ਹਲਕਾ ਜਲਾਲਾਬਾਦ ਵਿਖੇ ਆਉਣ ’ਤੇ ਜੀ ਆਇਆਂ ਨੂੰ ਆਖਿਆ। ਸ੍ਰੀ ਆਵਲਾ ਨੇ ਹਲਕੇ ਦੇ ਲੋਕਾਂ ਨੂੰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ ਸੇਵਾਵਾਂ ’ਤੇ ਸੰਤੁਸ਼ਟੀ ਪ੍ਰਗਟ ਕੀਤੀ। ਉਨ੍ਹਾਂ ਕਿਹਾ ਕਿ ਭਵਿੱਖ ਵਿੱਚ ਹਲਕਾ ਜਲਾਲਾਬਾਦ ਨੂੰ ਉਚਾਈਆਂ ’ਤੇ ਲਿਜਾਉਣ ਲਈ ਹੋਰ ਯੋਜਨਾਵਾਂ ਉਲੀਕੀਆਂ ਜਾਣਗੀਆਂ।

ਮੀਟਿੰਗ ਦੌਰਾਨ ਸ. ਸੰਧੂ ਨੇ ਸਮੂਹ ਵਿਭਾਗੀ ਅਧਿਕਾਰੀਆਂ ਨੂੰ ਆਪਣੇ ਕੰਮ ਦੀ ਕਾਰਜ਼ਕੁਸ਼ਲਤਾ ਪਹਿਲਾ ਤੋਂ ਹੋਰ ਵਧੇਰੇ ਵਧੀਆਂ ਬਣਾਉਣ ’ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਦੀਆਂ ਯੌਜਨਾਵਾਂ ਅਤੇ ਭਲਾਈ ਸਕੀਮਾਂ ਨੂੰ ਲੋੜਵੰਦਾਂ ਤੱਕ ਪੁੱਜਦਾ ਕਰਨਾ ਹਰੇਕ ਅਧਿਕਾਰੀ ਦੀ ਜਿੰਮੇਵਾਰੀ ਹੈ, ਤਾਂ ਜੋ ਕੋਈ ਲੋੜਵੰਦ ਸਰਕਾਰ ਦੀਆਂ ਫਲੈਗਸ਼ਿਪ ਸਕੀਮਾਂ ਦਾ ਲਾਹਾ ਲੈਣ ਤੋਂ ਵਾਂਝਾਂ ਨਾ ਰਹਿ ਜਾਵੇ।

ਉਨ੍ਹਾਂ ਵੱਖ-ਵੱਖ ਵਿਭਾਗੀ ਅਧਿਕਾਰੀਆਂ ਤੋਂ ਸਬ ਡਵੀਜ਼ਨ ਪੱਧਰ ’ਤੇ ਚਲ ਰਹੇ ਵਿਕਾਸ ਕਾਰਜ਼ਾਂ ਦਾ ਜਾਇਜ਼ਾ ਲਿਆ ਅਤੇ ਸਮਾਂ ਰਹਿੰਦੇ ਸਮੁੱਚੇ ਕੰਮਾਂ ਨੂੰ ਮੁਕੰਮਲ ਕਰਨ ਦੇ ਆਦੇਸ ਦਿੱਤੇ। ਉਨ੍ਹਾਂ ਸਮੂਹ ਵਿਭਾਗੀ ਅਧਿਕਾਰੀਆਂ ਨਾਲ ਗੱਲਬਾਤ ਕਰਨ ਤੋਂ ਬਾਅਦ ਲੋਕ ਸਰਕਾਰੀ ਦਫ਼ਤਰਾਂ ਦੇ ਕੰਮਕਾਜ਼ ’ਤੇ ਸੰਤੁਸ਼ਟੀ ਪ੍ਰਗਟਾਈ ਅਤੇ ਭਵਿੱਖ ਅੰਦਰ ਹੋਰ ਵਧੇਰੇ ਵਧੀਆਂ ਕੰਮ ਕਰਨ ਲਈ ਸੁਭਕਾਮਨਾਵਾਂ ਦਿੱਤੀਆ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿ) ਨਵਲ ਰਾਮ, ਐਸ.ਡੀ.ਐਮ. ਜਲਾਲਾਬਾਦ ਕੇਸ਼ਵ ਗੋਇਲ, ਗੁਰਲਾਲ ਸਿੰਘ ਸੰਧੂ, ਡੀ.ਐਸ.ਪੀ. ਜਸਪਾਲ ਸਿੰਘ ਢਿੱਲੋਂ, ਨਾਇਬ ਤਹਿਸੀਲਦਾਰ ਬਲਦੇਵ ਸਿੰਘ, ਕਾਰਜ ਸਾਧਕ ਅਫ਼ਸਰ ਨਰਿੰਦਰ ਕੁਮਾਰ, ਸੀਨੀਅਰ ਮੈਡੀਕਲ ਅਫ਼ਸਰ ਹਰਦੇਵ ਸਿੰਘ, ਡੀ.ਐਫ.ਐਸ.ਓ ਡਾ. ਵੰਦਨਾ ਕੰਬੋਜ ਤੋਂ ਇਲਾਵਾ ਹੋਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।

Yes Punjab - Top Stories