ਭਗਵੰਤ ਮਾਨ ਨੇ 30 ਸਤੰਬਰ ਨੂੰ ਸੰਗਰੂਰ ‘ਚ ਬੁਲਾਈ ਸ਼ੈਲਰ ਮਾਲਕਾਂ ਦੀ ਬੈਠਕ

ਚੰਡੀਗੜ੍ਹ, 27 ਸਤੰਬਰ 2019:
ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਝੋਨੇ ਦੇ ਸੀਜ਼ਨ ਲਈ ਚੁਣੌਤੀ ਬਣ ਕੇ ਖੜੀਆਂ ਬਹੁਭਾਂਤੀ ਸਮੱਸਿਆਵਾਂ ਦੇ ਮੱਦੇਨਜ਼ਰ ਐਤਵਾਰ 30 ਸਤੰਬਰ ਨੂੰ ਪੰਜਾਬ ਭਰ ਦੇ ਸ਼ੈਲਰ ਮਾਲਕਾਂ ਦੀ ਸੰਗਰੂਰ ਵਿਖੇ ਬੈਠਕ ਬੁਲਾਈ ਹੈ।

ਪਾਰਟੀ ਹੈੱਡਕੁਆਟਰ ਤੋਂ ਜਾਰੀ ਬਿਆਨ ਰਾਹੀਂ ਭਗਵੰਤ ਮਾਨ ਅਤੇ ਵਪਾਰ ਵਿੰਗ ਦੀ ਸੂਬਾ ਪ੍ਰਧਾਨ ਨੀਨਾ ਮਿੱਤਲ ਨੇ ਦੱਸਿਆ ਕਿ ਝੋਨੇ ਦਾ ਸੀਜ਼ਨ ਸ਼ੁਰੂ ਹੋ ਗਿਆ ਹੈ ਪਰੰਤੂ ਸੂਬਾ ਅਤੇ ਕੇਂਦਰ ਸਰਕਾਰਾਂ ਦੀਆਂ ਤਿਆਰੀਆਂ ਬੇਹੱਦ ਢਿੱਲੀਆਂ ਹਨ। ਜਿਸ ਕਾਰਨ ਕਿਸਾਨਾਂ ਦੀ ਮੰਡੀਆਂ ‘ਚ ਖੱਜਲ-ਖ਼ੁਆਰੀ ਦੀਆਂ ਸੰਭਾਵਨਾਵਾਂ ਪੈਦਾ ਹੋ ਗਈਆਂ ਹਨ।

ਭਗਵੰਤ ਮਾਨ ਨੇ ਕਿਹਾ ਕਿ ਕਿਸਾਨ ਵਿਰੋਧੀ ਨੀਤੀਆਂ ਕਾਰਨ ਕੇਂਦਰ ਅਤੇ ਸੂਬਾ ਸਰਕਾਰਾਂ ਨੇ ਕਿਸਾਨ ਅਤੇ ਖੇਤ ਮਜ਼ਦੂਰ ਤਾਂ ਪਹਿਲਾਂ ਹੀ ਕਰਜ਼ੇ ਨਾਲ ਦੱਬ ਦਿੱਤੇ ਹਨ, ਹੁਣ ਝੋਨੇ ਦੇ ਸੀਜ਼ਨ ਦੌਰਾਨ ਰੀੜ੍ਹ ਦੀ ਹੱਡੀ ਮੰਨੇ ਜਾਂਦੇ ਸ਼ੈਲਰ ਉਦਯੋਗ, ਆੜ੍ਹਤੀ, ਲੇਬਰ ਅਤੇ ਟਰਾਂਸਪੋਰਟਰ ਵੀ ਕੇਂਦਰ ਅਤੇ ਸੂਬਾ ਸਰਕਾਰਾਂ ਦੀਆਂ ਮਾਰੂ ਨੀਤੀਆਂ ਕਾਰਨ ਤ੍ਰਾਹ-ਤ੍ਰਾਹ ਕਰ ਰਹੇ ਹਨ।

ਖਰੀਦ ਦਾ ਬਾਈਕਾਟ ਕਰਨ ਤੱਕ ਦੀਆਂ ਚੇਤਾਵਨੀਆਂ ਦੇ ਰਹੇ ਹਨ, ਪਰੰਤੂ ਸਰਕਾਰਾਂ ਸੁੱਤੀਆਂ ਪਈਆਂ ਹਨ। ਭਗਵੰਤ ਮਾਨ ਨੇ ਕਿਹਾ ਕਿ ਭ੍ਰਿਸ਼ਟਾਚਾਰ ‘ਚ ਡੁੱਬ ਕੇ ਲੋਕ ‘ਤੇ ਮਾਰੂ ਨੀਤੀਆਂ ਥੋਪ ਰਹੀਆਂ ਸੂਬਾ ਅਤੇ ਕੇਂਦਰ ਸਰਕਾਰਾਂ ਨੂੰ ਹਲੂਣਾ ਦੇਣ ਲਈ ਲੋਕਾਂ ਨੂੰ ਇੱਕਜੁੱਟ ਹੋਣਾ ਪਵੇਗਾ।

ਵਪਾਰ ਵਿੰਗ ਦੀ ਸੂਬਾ ਪ੍ਰਧਾਨ ਨੀਨਾ ਮਿੱਤਲ ਨੇ ਸਮੂਹ ਸ਼ੈਲਰ ਮਾਲਕਾਂ ਨੂੰ 30 ਸਤੰਬਰ ਸ਼ੈਲਰ ਉਦਯੋਗ ਨਾਲ ਸੰਬੰਧਿਤ ਸੰਗਰੂਰ ‘ਚ ਬੁਲਾਈ ਬੈਠਕ ਲਈ ਪੰਜਾਬ ਦੇ ਸਾਰੇ ਸ਼ੈਲਰ ਮਾਲਕਾਂ ਨੂੰ ਖੁੱਲ੍ਹਾ ਸੱਦਾ ਦਿੰਦੇ ਹੋਏ ਕਿਹਾ ਕਿ ਸੁੱਤੀਆਂ ਪਈਆਂ ਸਰਕਾਰਾਂ ਨੂੰ ਜਗਾਉਣ ਲਈ ਇੱਕਜੁੱਟ ਹੰਭਲੇ ਮਾਰਨੇ ਪੈਣਗੇ। ਇਸ ਲਈ ਸਾਰੇ ਸ਼ੈਲਰ ਮਾਲਕ ਹੁੰਮ-ਹੁੰਮਾ ਕੇ ਪੁੱਜਣ।

ਨੀਨਾ ਮਿੱਤਲ ਨੇ ਦੱਸਿਆ ਕਿ ਭਗਵੰਤ ਮਾਨ ਨੇ ਸ਼ੈਲਰ ਮਾਲਕਾਂ ਨਾਲ ਜੁੜੀਆਂ ਸਮੱਸਿਆਵਾਂ ਨੂੰ ਕੇਂਦਰੀ ਖ਼ੁਰਾਕ ਤੇ ਜਨ ਸਪਲਾਈ ਮੰਤਰਾਲੇ ਕੋਲ ਵੀ ਉਠਾ ਚੁੱਕੇ ਹਨ।

ਇਸ ਨੂੰ ਵੀ ਪੜ੍ਹੋ:
ਚਿੱਠੀ ਲਿਖ਼ ਬਾਵੇ ਨੇ ਪਾਈ ਮਰਜਾਣੇ ਮਾਨ ਨੂੰ – ਐੱਚ.ਐੱਸ.ਬਾਵਾ – ਇੱਥੇ ਕਲਿੱਕ ਕਰੋ

Share News / Article

YP Headlines