ਯੈੱਸ ਪੰਜਾਬ
ਚੰਡੀਗੜ੍ਹ, 21 ਦਸੰਬਰ, 2021 (ਦਲਜੀਤ ਕੌਰ ਭਵਾਨੀਗੜ੍ਹ)
ਸ਼ੁਰੂ ‘ਚ ਅੜੀਅਲ ਮੋਦੀ ਸਰਕਾਰ ਵਾਂਗ ਹੀ ਪੰਜਾਬ ਦੀ ਚੰਨੀ ਸਰਕਾਰ ਦੁਆਰਾ ਧਾਰੇ ਅੜੀਖੋਰ ਵਤੀਰੇ ਵਿਰੁੱਧ ਮੰਨੀਆਂ ਹੋਈਆਂ ਮੰਗਾਂ ਤੇ ਪਿਛਲੇ ਚੋਣ ਵਾਅਦੇ ਲਾਗੂ ਕਰਵਾਉਣ ਲਈ ਅਤੇ ਹੋਰ ਭਖਦੇ ਮਸਲੇ ਹੱਲ ਕਰਵਾਉਣ ਲਈ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਵੱਲੋਂ ਅੱਜ 13 ਜ਼ਿਲ੍ਹਿਆਂ ‘ਚ ਡੀ ਸੀ ਦਫ਼ਤਰਾਂ ਅੱਗੇ ਅਤੇ 2 ਜ਼ਿਲ੍ਹਿਆਂ ਵਿੱਚ ਐੱਸ ਡੀ ਐੱਮ ਦਫ਼ਤਰਾਂ ਅੱਗੇ ਕੱਲ੍ਹ ਸ਼ੁਰੂ ਕੀਤੇ ਗਏ ਪੰਜ ਰੋਜ਼ਾ ਵਿਸ਼ਾਲ ਧਰਨੇ ਅੱਜ ਮੁਕੰਮਲ ਘਿਰਾਓ ਵਿੱਚ ਬਦਲ ਦਿੱਤੇ ਗਏ।
ਜਥੇਬੰਦੀ ਵੱਲੋਂ ਜਾਰੀ ਕੀਤੇ ਗਏ ਪ੍ਰੈੱਸ ਨੋਟ ਰਾਹੀਂ ਇਹ ਜਾਣਕਾਰੀ ਦਿੰਦੇ ਹੋਏ ਸੂਬਾ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਦੱਸਿਆ ਕਿ ਸਾਰੇ ਥਾਂਵਾਂ ‘ਤੇ ਭਾਰੀ ਗਿਣਤੀ ‘ਚ ਔਰਤਾਂ ਤੇ ਨੌਜਵਾਨਾਂ ਸਮੇਤ ਹਜ਼ਾਰਾਂ ਦੀ ਗਿਣਤੀ ਵਿੱਚ ਕਿਸਾਨ ਮਜ਼ਦੂਰ ਘਿਰਾਓ ਵਿੱਚ ਸ਼ਾਮਲ ਹਨ। ਬਹੁਤੀਆਂ ਥਾਂਵਾਂ ‘ਤੇ ਹਮਾਇਤੀ ਹਿੱਸੇ ਖੇਤ ਮਜ਼ਦੂਰ, ਮੁਲਾਜ਼ਮ ਵਿਦਿਆਰਥੀ ਨੌਜਵਾਨ ਜਮਹੂਰੀ ਹੱਕਾਂ ਦੇ ਘੁਲਾਟੀਏ ਵੀ ਸ਼ਾਮਲ ਹਨ। ਦਫਤਰੀ ਸਮੇਂ ਦੀ ਸਮਾਪਤੀ ਮੌਕੇ ਸਿਰਫ਼ ਔਰਤ ਮੁਲਾਜ਼ਮਾਂ ਜਾਂ ਗੰਭੀਰ ਰੋਗੀਆਂ ਨੂੰ ਹੀ ਜਾਣ ਦਿੱਤਾ ਗਿਆ।
ਠਾਠਾਂ ਮਾਰਦੇ ਇਕੱਠਾਂ ਨੂੰ ਸੰਬੋਧਨ ਕਰਨ ਵਾਲੇ ਮੁੱਖ ਬੁਲਾਰਿਆਂ ਵਿੱਚ ਜਥੇਬੰਦੀ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ, ਖੁਦ ਸ੍ਰੀ ਕੋਕਰੀ ਕਲਾਂ, ਸੀਨੀਅਰ ਮੀਤ ਪ੍ਰਧਾਨ ਝੰਡਾ ਸਿੰਘ ਜੇਠੂਕੇ, ਸ਼ਿੰਗਾਰਾ ਸਿੰਘ ਮਾਨ, ਹਰਦੀਪ ਸਿੰਘ ਟੱਲੇਵਾਲ,ਜਨਕ ਸਿੰਘ ਭੁਟਾਲ, ਜਗਤਾਰ ਸਿੰਘ ਕਾਲਾਝਾੜ, ਹਰਿੰਦਰ ਕੌਰ ਬਿੰਦੂ, ਕਮਲਜੀਤ ਕੌਰ ਬਰਨਾਲਾ, ਪਰਮਜੀਤ ਕੌਰ ਪਿੱਥੋ ਸਮੇਤ 15 ਜ਼ਿਲ੍ਹਿਆਂ ਦੇ ਪ੍ਰਧਾਨ ਸਕੱਤਰ ਤੇ ਮੁੱਖ ਆਗੂ ਸ਼ਾਮਲ ਸਨ।
ਬੁਲਾਰਿਆਂ ਵੱਲੋਂ ਮੁੱਖ ਮੰਤਰੀ ਸ੍ਰੀ ਚਰਨਜੀਤ ਸਿੰਘ ਚੰਨੀ ਦੁਆਰਾ ਜਥੇਬੰਦੀ ਨੂੰ 16 ਦਸੰਬਰ ਦਾ ਸਮਾਂ ਗੱਲਬਾਤ ਲਈ ਦੇ ਕੇ ਇਸ ਤੋਂ ਮੁੱਕਰਨ ਅਤੇ ਅਜੇ ਤੱਕ ਵੀ ਗੱਲਬਾਤ ਦਾ ਅਗਲਾ ਸਮਾਂ ਨਾ ਦੇਣ ਦੀ ਸਖ਼ਤ ਨਿੰਦਾ ਕੀਤੀ ਗਈ।
ਬੁਲਾਰਿਆਂ ਵੱਲੋਂ ਗੁਲਾਬੀ ਸੁੰਡੀ ਨਾਲ ਹੋਈ ਨਰਮੇ ਦੀ ਤਬਾਹੀ ਅਤੇ ਗੜੇਮਾਰੀ ਨਾਲ ਝੋਨੇ ਤੇ ਹੋਰ ਫ਼ਸਲਾਂ ਦੀ ਤਬਾਹੀ ਦਾ ਮੁਆਵਜ਼ਾ ਕਾਸ਼ਤਕਾਰ ਕਿਸਾਨਾਂ ਨੂੰ 17000 ਰੁਪਏ ਪ੍ਰਤੀ ਏਕੜ ਤੇ ਇਸਦਾ 10% ਵੱਖਰਾ ਖੇਤ ਮਜ਼ਦੂਰਾਂ ਨੂੰ ਤੁਰੰਤ ਅਦਾ ਕਰਨ ਦੀ ਮੰਗ ਕੀਤੀ ਗਈ। ਪੰਜਾਬ ਸਰਕਾਰ ਵੱਲੋਂ ਵਧਾ ਕੇ ਐਲਾਨਿਆ ਗਿਆ ਗੰਨੇ ਦਾ ਰੇਟ 360 ਰੁਪਏ ਪ੍ਰਤੀ ਕੁਇੰਟਲ ਦੀ ਪਰਚੀ ਕਿਸਾਨਾਂ ਨੂੰ ਹਰੇਕ ਖੰਡ ਮਿੱਲ ਵੱਲੋਂ ਦੇਣ ਦੀ ਗਰੰਟੀ ਕਰੋ। ਖੁਦਕੁਸ਼ੀ ਪੀੜਤ ਕਿਸਾਨਾਂ ਮਜ਼ਦੂਰਾਂ ਦੇ ਪ੍ਰਵਾਰਾਂ ਨੂੰ 3-3 ਲੱਖ ਰੁਪਏ ਦੀ ਆਰਥਿਕ ਸਹਾਇਤਾ, 1-1 ਜੀਅ ਨੂੰ ਸਰਕਾਰੀ ਨੌਕਰੀ ਤੁਰੰਤ ਦਿਓ ਤੇ ਕਰਜ਼ੇ ਖ਼ਤਮ ਕਰੋ।
5 ਏਕੜ ਤੱਕ ਮਾਲਕੀ ਵਾਲੇ ਸਾਰੇ ਕਿਸਾਨਾਂ ਦੇ 2 ਲੱਖ ਰੁਪਏ ਤੱਕ ਦੇ ਕਰਜ਼ੇ ਤੁਰੰਤ ਮਾਫ਼ ਕਰੋ। ਅੰਦੋਲਨਕਾਰੀ ਕਿਸਾਨਾਂ ਸਿਰ ਮੜ੍ਹੇ ਸਾਰੇ ਪੁਲਿਸ ਕੇਸ ਤੁਰੰਤ ਰੱਦ ਕਰੋ ਅਤੇ ਸ਼ਹੀਦ ਹੋ ਚੁੱਕੇ ਪੰਜਾਬ ਦੇ ਸੈਂਕੜੇ ਕਿਸਾਨਾਂ ਮਜ਼ਦੂਰਾਂ ਦੇ ਵਾਰਸ ਸਾਰੇ ਪਰਵਾਰਾਂ ਨੂੰ 5-5 ਲੱਖ ਦੀ ਆਰਥਿਕ ਸਹਾਇਤਾ, 1-1 ਜੀਅ ਨੂੰ ਪੱਕੀ ਸਰਕਾਰੀ ਨੌਕਰੀ ਤੁਰੰਤ ਦਿਓ ਅਤੇ ਸਮੁੱਚੇ ਕਰਜ਼ੇ ਖ਼ਤਮ ਕਰੋ। ਪਾਵਰਕੌਮ ਵੱਲੋਂ ਢਾਈ ਏਕੜ ਤੱਕ ਮਾਲਕੀ ਵਾਲੇ ਸਾਰੇ ਕਿਸਾਨਾਂ ਨੂੰ ਪਹਿਲ ਦੇ ਆਧਾਰ ‘ਤੇ ਐਲਾਨ ਕੀਤੇ ਖੇਤੀ ਟਿਊਬਵੈੱਲ ਕੁਨੈਕਸ਼ਨ ਤੁਰੰਤ ਜਾਰੀ ਕਰਨ ਦੀਆਂ ਭਖਦੀਆਂ ਮੰਗਾਂ ਉੱਤੇ ਬਰਾਬਰ ਜ਼ੋਰ ਦਿੱਤਾ ਗਿਆ।
ਇਸਤੋਂ ਇਲਾਵਾ ਅੰਦੋਲਨਕਾਰੀ ਬੇਰੁਜ਼ਗਾਰ ਟੀਚਰਾਂ ਉੱਤੇ ਮਾਨਸਾ ਵਿਖੇ ਮੁੱਖ ਮੰਤਰੀ ਦੀ ਹਾਜ਼ਰੀ ਵਿੱਚ ਕੀਤੇ ਗਏ ਅੰਨ੍ਹੇਵਾਹ ਲਾਠੀਚਾਰਜ ਦੇ ਮੁਜਰਮ ਡੀ ਐੱਸ ਪੀ ਖਿਲਾਫ਼ ਬਣਦਾ ਕੇਸ ਦਰਜ ਕਰਕੇ ਉਸਨੂੰ ਜੇਲ੍ਹ ਭੇਜਣ, ਅਤੇ ਵੱਖ-ਵੱਖ ਅੰਦੋਲਨਾਂ ਵਿੱਚ ਸ਼ਹੀਦ ਹੋਏ ਬੇਰੁਜ਼ਗਾਰਾਂ/ਮੁਲਾਜ਼ਮਾਂ ਦੇ ਵਾਰਸਾਂ ਨੂੰ ਢੁੱਕਵਾਂ ਮੁਆਵਜ਼ਾ ਤੇ ਪੱਕੀ ਸਰਕਾਰੀ ਨੌਕਰੀ ਦੇਣ ਦੀ ਮੰਗ ਕੀਤੀ ਗਈ। ਯੂਰੀਆ ਖਾਦ ਦੀ ਕਿੱਲਤ ਦੂਰ ਕਰਨ ਅਤੇ ਟੌਲ ਪਲਾਜ਼ਾ ਦੇ ਰੇਟਾਂ ਵਿੱਚ ਕੀਤਾ ਗਿਆ ਹਰ ਕਿਸਮ ਦਾ ਵਾਧਾ ਰੱਦ ਕਰਨ ਅਤੇ ਇਨ੍ਹਾਂ ਦੇ ਮੁਲਾਜ਼ਮਾਂ ਨੂੰ ਬਣਦੀਆਂ ਬਕਾਇਆ ਤਨਖਾਹਾਂ ਦੇ ਕੇ ਬਹਾਲ ਕਰਨ ਦੇ ਮਸਲੇ ਫੌਰੀ ਹੱਲ ਕਰਨ ਦੀਆਂ ਮੰਗਾਂ ਵੀ ਮੌਜੂਦਾ ਅੰਦੋਲਨ ਦੀਆਂ ਮੰਗਾਂ ਉੱਤੇ ਵੀ ਬਰਾਬਰ ਜ਼ੋਰ ਦਿੱਤਾ ਗਿਆ ।
ਪਿਛਲੇ ਚੋਣ ਵਾਅਦੇ ਤੁਰੰਤ ਲਾਗੂ ਕਰਨ ਦੀਆ ਮੰਗਾਂ ਵਿੱਚ ਮੁੱਖ ਤੌਰ ‘ਤੇ ਕਰਜ਼ਾਗ੍ਰਸਤ ਕਿਸਾਨਾਂ ਤੇ ਖੇਤ ਮਜ਼ਦੂਰਾਂ ਸਿਰ ਚੜ੍ਹੇ ਸਮੁੱਚੇ ਕਰਜ਼ੇ ਤੁਰੰਤ ਖ਼ਤਮ ਕਰਨ ਅਤੇ ਪੰਜਾਬ ਵਿੱਚੋਂ ਚਿੱਟੇ ਵਰਗੇ ਮਾਰੂ ਨਸ਼ਿਆਂ ਦਾ ਸ਼ਰੇਆਮ ਚਲਦਾ ਗੈਰ ਕਾਨੂੰਨੀ ਤੇ ਸਮਾਜ ਵਿਰੋਧੀ ਕਾਰੋਬਾਰ ਤੁਰੰਤ ਬੰਦ ਕਰਨ ਅਤੇ ਇਸ ਕਾਲ਼ੇ ਧੰਦੇ ਦੇ ਸਰਪ੍ਰਸਤ ਰਾਜਨੀਤਕ ਆਗੂਆਂ ਸਮੇਤ ਉੱਚ ਅਧਿਕਾਰੀਆਂ ਨੂੰ ਸਖ਼ਤ ਸਜ਼ਾਵਾਂ ਦੇਣ ਦੇ ਵਾਅਦੇ ਸ਼ਾਮਲ ਹਨ।
ਸਾਰੇ ਬੁਲਾਰਿਆਂ ਵੱਲੋਂ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੱਤੀ ਗਈ ਕਿ ਕਿਸਾਨਾਂ ਮਜ਼ਦੂਰਾਂ ਦੇ ਇਹ ਜਾਇਜ਼ ਤੇ ਹੱਕੀ ਮਸਲੇ ਤੁਰੰਤ ਹੱਲ ਨਾ ਕਰਨ ਦੀ ਸੂਰਤ ਵਿੱਚ 24 ਦਸੰਬਰ ਨੂੰ ਅੰਦੋਲਨ ਹੋਰ ਤੇਜ਼ ਕਰਨ ਦਾ ਫੈਸਲਾ ਕੀਤਾ ਜਾਵੇਗਾ।
ਉਨ੍ਹਾਂ ਨੇ ਕਿਸਾਨਾਂ ਮਜ਼ਦੂਰਾਂ ਦੀ ਏਕਤਾ ਨੂੰ ਆਪੋ-ਆਪਣੇ ਚੋਣ ਇਕੱਠਾਂ ਰਾਹੀਂ ਚੀਰਾ ਦੇ ਕੇ ਅੰਗਰੇਜ਼ਾਂ ਵਾਲੀ ਪਾੜੋ ਤੇ ਰਾਜ ਕਰੋ ਨੀਤੀ ਤੋਂ ਪੂਰੀ ਤਰ੍ਹਾਂ ਸੁਚੇਤ ਰਹਿੰਦੇ ਹੋਏ ਵੋਟ ਪਾਰਟੀਆਂ ਦੀਆਂ ਚੋਣ ਰੈਲੀਆਂ ਤੋਂ ਪਾਸੇ ਰਹਿਣ ਦਾ ਸੱਦਾ ਵੀ ਦਿੱਤਾ। ਆਪਣੀ ਏਕਤਾ ਹੋਰ ਮਜ਼ਬੂਤ ਕਰਦਿਆਂ ਸੰਘਰਸ਼ ਲਾਮਬੰਦੀਆਂ ਨੂੰ ਹੋਰ ਵਿਸ਼ਾਲ ਕਰਨ ਉੱਤੇ ਜ਼ੋਰ ਦਿੱਤਾ।
ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ