ਮਲੇਰਕੋਟਲਾ ਦੇ ਦਫ਼ਤਰਾਂ ਦੀ ਅਚਨਚੇਤ ਚੈਕਿੰਗ ਦੌਰਾਨ 37 ਅਧਿਕਾਰੀ ਤੇ ਕਰਮਚਾਰੀ ਗੈਰ ਹਾਜ਼ਰ ਪਾਏ ਗਏ, ਕਾਰਨ ਦੱਸੋ ਨੋਟਿਸ ਜਾਰੀ: ਡੀ.ਸੀ. ਮਾਧਵੀ ਕਟਾਰੀਆ

ਯੈੱਸ ਪੰਜਾਬ
ਮਲੇਰਕੋਟਲਾ, 17 ਦਸੰਬਰ, 2021 –
ਡਿਪਟੀ ਕਮਿਸ਼ਨਰ ਮਲੇਰਕੋਟਲਾ ਸ੍ਰੀਮਤੀ ਮਾਧਵੀ ਕਟਾਰੀਆ ਦੇ ਦਿਸ਼ਾ ਨਿਰਦੇਸ਼ਾ ਤਹਿਤ ਸਵੇਰ 9 ਵਜੇ ਮਲੇਰਕੋਟਲਾ ਵਿਖੇ ਸਥਾਪਿਤ ਵੱਖ ਵੱਖ ਦਫ਼ਤਰਾਂ ਦੀ ਚੈਕਿੰਗ ਕਰਵਾਈ ਗਈ । ਚੈਕਿੰਗ ਦੌਰਾਨ ਵੱਖ ਵੱਖ ਦਫ਼ਤਰਾਂ ਦੇ 37 ਅਧਿਕਾਰੀ ਅਤੇ ਕਰਮਚਾਰੀ ਗੈਰ ਹਾਜ਼ਰ ਪਾਏ ਗਏ ਅਤੇ ਉਨ੍ਹਾਂ ਸਾਰਿਆਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਗਏ ਹਨ।

ਡਿਪਟੀ ਕਮਿਸ਼ਨਰ ਸ੍ਰੀਮਤੀ ਮਾਧਵੀ ਕਟਾਰੀਆ ਨੇ ਜ਼ਿਲ੍ਹਾ ਮਲੇਰਕੋਟਲਾ ਦੇ ਸਮੂਹ ਦਫ਼ਤਰਾਂ ‘ਚ ਸਟਾਫ਼ ਦੀ ਸਮੇਂ ਸਿਰ ਹਾਜ਼ਰੀ ਨੂੰ ਯਕੀਨੀ ਬਣਾਉਣ ਦੀ ਹਦਾਇਤ ਕਰਦਿਆ ਕਿਹਾ ਕਿ ਸਰਕਾਰੀ ਦਫ਼ਤਰਾਂ ‘ਚੋਂ ਦੂਰ-ਦੁਰਾਡੇ ਤੋਂ ਮੁਸ਼ਕਲਾਂ ਦਾ ਸਾਹਮਣਾ ਕਰਦੇ ਹੋਏ ਲੋਕ ਦਫਤਰਾਂ ਵਿੱਚ ਪੁਜਦੇ ਹਨ ਪਰ ਉਨ੍ਹਾਂ ਦੀ ਸਮੱਸਿਆ ਦਾ ਹੱਲ ਕਰਨ ਵਾਲੇ ਅਧਿਕਾਰੀਆਂ/ਕਰਮਚਾਰੀਆਂ ਨੂੰ ਨਾਦਾਰਦ (ਗੈਰ ਹਾਜ਼ਰ) ਦੇਖਦੇ ਹਨ ਤਾਂ ਉਨ੍ਹਾਂ ਦੀ ਪ੍ਰੇਸ਼ਾਨੀ ਹੋਰ ਵੀ ਵਧ ਜਾਂਦੀ ਹੈ। ਉਨ੍ਹਾਂ ਨੇ ਜ਼ਿਲ੍ਹੇ ਦੇ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਵੀ ਆਪਣੀ ਰੁਟੀਨ ਨੂੰ ਠੀਕ ਕਰਦੇ ਹੋਏ, ਸਮੇਂ ਸਿਰ ਦਫ਼ਤਰ ‘ਚ ਆਉਣਾ ਯਕੀਨੀ ਬਣਾਉਣ ਲਈ ਕਿਹਾ ।

ਉਨ੍ਹਾਂ ਕਿਹਾ ਕਿ ਆਮ ਲੋਕਾਂ ਦੀ ਸਹੂਲਤ ਨੂੰ ਮੁੱਖ ਰੱਖਦੇ ਹੋਏ ਅਤੇ ਸਾਫ਼-ਸੁਥਰਾ ਤੇ ਪਾਰਦਰਸ਼ੀ ਪ੍ਰਸ਼ਾਸਨ ਮੁਹੱਈਆ ਕਰਵਾਉਣ ਲਈ ਦਫ਼ਤਰਾਂ ‘ਚ ਅਧਿਕਾਰੀਆਂ ਤੇ ਕਰਮਚਾਰੀਆਂ ਦਾ ਸਮੇਂ ਸਿਰ ਆਉਣਾ, ਦਫ਼ਤਰੀ ਸਮੇਂ ਦੌਰਾਨ ਆਪਣੀ ਹਾਜ਼ਰੀ ਅਤੇ ਦਫ਼ਤਰੀ ਸਮੇਂ ਦੀ ਸੰਪੂਰਨਤਾ ਉਪਰੰਤ ਦਫ਼ਤਰ ਤੋਂ ਜਾਣ ਨੂੰ ਯਕੀਨੀ ਬਣਾਉਣ । ਉਨ੍ਹਾਂ ਕਿਹਾ ਕਿ ਆਉਂਦੇ ਦਿਨਾਂ ‘ਚ ਜ਼ਿਲ੍ਹੇ ‘ਚ ਅਚਨਚੇਤ ਚੈਕਿੰਗ ਫਿਰ ਕੀਤੀ ਜਾਵੇਗੀ । ਚੈਕਿੰਗ ਦੌਰਾਨ ਗ਼ੈਰ ਹਾਜ਼ਰ ਪਾਏ ਗਏ ਸਟਾਫ਼ ਵਿਰੁੱਧ ਅਨੁਸ਼ਾਸਨਿਕ ਕਾਰਵਾਈ ਕੀਤੀ ਜਾਵੇਗੀ ।

ਡਿਪਟੀ ਕਮਿਸ਼ਨਰ ਨੇ ਸਬ ਡਵੀਜ਼ਨ ਮੈਜਿਸਟਰੇਟਾਂ ਅਤੇ ਸਮੂਹ ਦਫ਼ਤਰਾਂ ਦੇ ਮੁਖੀਆਂ ਨੂੰ ਨਿਰਦੇਸ਼ ਦਿੱਤੇ ਕਿ ਆਪਣੇ ਅਧੀਨ ਕੰਮ ਕਰਦੇ ਸਟਾਫ਼ ਦੀ ਦਫ਼ਤਰੀ ਸਮੇਂ ਅਧੀਨ ਹਾਜ਼ਰੀ ਨੂੰ ਯਕੀਨੀ ਬਣਾਉਣ ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ