ਮਹਾਰਾਜਾ ਰਣਜੀਤ ਸਿੰਘ ਐਵਾਰਡ ਲੈਣ ਵਾਲੇ ਖਿਡਾਰੀ ਨੂੰ ਡਿਪਟੀ ਕਮਿਸ਼ਨਰ ਨੇ ਕੀਤਾ 1 ਲੱਖ ਰੁਪਏ ਦੇਣ ਦਾ ਐਲਾਨ

ਹੁਸ਼ਿਆਰਪੁਰ, 17 ਜੁਲਾਈ, 2019 –
ਪੰਜਾਬ ਸਰਕਾਰ ਵਲੋਂ ਜਿਨ੍ਹਾਂ 101 ਉਘੇ ਖਿਡਾਰੀਆਂ ਨੂੰ ਮਹਾਰਾਜਾ ਰਣਜੀਤ ਸਿੰਘ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ, ਉਨ੍ਹਾਂ ਵਿਚ ਇਕ ਖਿਡਾਰੀ ਹੁਸ਼ਿਆਰਪੁਰ ਜ਼ਿਲ੍ਹੇ ਨਾਲ ਸਬੰਧਿਤ ਹੈ, ਜਿਸਨੇ ਇਹ ਉਪਲਬੱਧੀ ਹਾਸਲ ਕਰਕੇ ਪੂਰੇ ਜ਼ਿਲ੍ਹੇ ਦਾ ਨਾਂਅ ਰੌਸ਼ਨ ਕੀਤਾ ਹੈ। ਅੱਜ ਡਿਪਟੀ ਕਮਿਸ਼ਨਰ ਸ਼੍ਰੀਮਤੀ ਈਸ਼ਾ ਕਾਲੀਆ ਨੇ ਐਵਾਰਡ ਪ੍ਰਾਪਤ ਕਰਨ ਵਾਲੇ ਕੈਕਿੰਗ ਅਤੇ ਕੈਨੋਇੰਗ (ਕਿਸ਼ਤੀ ਦੌੜ) ਦੇ ਖਿਡਾਰੀ ਸ਼੍ਰੀ ਵਰਿੰਦਰ ਸਿੰਘ ਨਾਲ ਜ਼ਿਲ੍ਹਾਂ ਪ੍ਰਬੰਧਕੀ ਕੰਪਲੈਕਸ ਵਿਖੇ ਮੁਲਾਕਾਤ ਕਰਕੇ ਜਿੱਥੇ ਵਧਾਈ ਦਿੱਤੀ, ਉਥੇ ਹੋਰ ਨਵੀਆਂ ਪੁਲਾਂਘਾ ਪੁੱਟਣ ਲਈ ਸ਼ੁੱਭਕਾਮਨਾਵਾਂ ਵੀ ਦਿੱਤੀਆਂ।

ਇਸ ਮੌਕੇ ਜ਼ਿਲ੍ਹਾਂ ਖੇਡ ਅਫ਼ਸਰ ਸ਼੍ਰੀ ਗੁਰਪ੍ਰੀਤ ਸਿੰਘ ਅਤੇ ਜ਼ਿਲ੍ਹਾਂ ਲੋਕ ਸੰਪਰਕ ਅਫ਼ਸਰ ਸ਼੍ਰੀ ਹਾਕਮ ਥਾਪਰ ਵੀ ਮੌਜੂਦ ਸਨ। ਜ਼ਿਕਰਯੋਗ ਹੈ ਕਿ ਬੀਤੇ ਦਿਨ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ 101 ਉੱਘੇ ਖਿਡਾਰੀਆਂ ਨੂੰ ਮਹਾਰਾਜਾ ਰਣਜੀਤ ਸਿੰਘ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ।

ਡਿਪਟੀ ਕਮਿਸ਼ਨਰ-ਕਮ-ਪ੍ਰਧਾਨ ਜ਼ਿਲ੍ਹਾਂ ਓਲਪਿੰਕ ਐਸੋਸੀਏਸ਼ਨ ਸ਼੍ਰੀਮਤੀ ਈਸ਼ਾ ਕਾਲੀਆ ਨੇ ਹੋਣਹਾਰ ਖਿਡਾਰੀ ਨੂੰ ਐਸੋਸੀਏਸ਼ਨ ਵਲੋਂ ਇਕ ਲੱਖ ਰੁਪਏ ਦੇਣ ਦਾ ਐਲਾਨ ਵੀ ਕੀਤਾ। ਉਨ੍ਹਾਂ ਖਿਡਾਰੀ ਦੀ ਹੌਸਲਾ ਅਫਜਾਈ ਕਰਦਿਆਂ ਕਿਹਾ ਕਿ ਕਿਸੇ ਵੀ ਤਰਾਂ ਦੀ ਮਦਦ ਲਈ ਜ਼ਿਲ੍ਹਾਂ ਪ੍ਰਸਾਸ਼ਨ ਨਾਲ ਸੰਪਰਕ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਦ੍ਰਿੜ ਇਛਾ ਸ਼ਕਤੀ ਅਤੇ ਸਖਤ ਮਿਹਨਤ ਨਾਲ ਕੋਈ ਵੀ ਮੰਜ਼ਿਲ ਸਰ ਕੀਤੀ ਜਾ ਸਕਦੀ ਹੈ, ਇਸ ਲਈ ਜ਼ਿਲ੍ਹੇ ਦੇ ਨੌਜਵਾਨ ਪੜਾਈ ਦੇ ਨਾਲ-ਨਾਲ ਖੇਡਾਂ ਵਿਚ ਵੀ ਰੁਚੀ ਦਿਖਾਉਣ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਖੇਡਾਂ ਨੂੰ ਪ੍ਰਫੁੱਲਤ ਕੀਤਾ ਜਾ ਰਿਹਾ ਹੈ ਅਤੇ ਖਿਡਾਰੀਆਂ ਦੀ ਹੌਸਲਾ ਅਫਜ਼ਾਈ ਅਤੇ ਬਣਦਾ ਮਾਣ-ਸਤਿਕਾਰ ਦੇਣ ਲਈ ਹੀ ਮਹਾਰਾਜਾ ਰਣਜੀਤ ਸਿੰਘ ਐਵਾਰਡ ਸ਼ੁਰੂ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਉੱਘੇ ਖਿਡਾਰੀਆਂ ਨੂੰ ਦਿੱਤਾ ਗਿਆ ਐਵਾਰਡ ਨਵੇਂ ਖਿਡਾਰੀਆਂ ਨੂੰ ਖੇਡਾਂ ਵਿੱਚ ਵਧੀਆ ਕਾਰਗੁਜ਼ਾਰੀ ਦਿਖਾਉਣ ਲਈ ਪ੍ਰੇਰਿਤ ਕਰੇਗਾ। ਉਨ੍ਹਾਂ ਕਿਹਾ ਕਿ ਇਸ ਐਵਾਰਡ ਵਿੱਚ 2 ਲੱਖ ਰੁਪਏ ਨਗਦ, ਇੱਕ ਬਲੇਜਰ, ਇਕ ਸਕਰੋਲ ਅਤੇ ਮਹਾਰਾਜਾ ਰਣਜੀਤ ਸਿੰਘ ਟਰਾਫੀ ਸ਼ਾਮਿਲ ਹੈ।

ਸ਼੍ਰੀਮਤੀ ਈਸ਼ਾ ਕਾਲੀਆ ਨੇ ਇਸ ਖਿਡਾਰੀ ਦੇ ਮਹਾਰਾਜਾ ਰਣਜੀਤ ਸਿੰਘ ਐਵਾਰਡ ਤੱਕ ਪਹੁੰਚਣ ਲਈ ਤੈਅ ਕੀਤੇ ਸੰਘਰਸ਼ਮਈ ਦੌਰ ਬਾਰੇ ਵੀ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਕਿਹਾ ਕਿ ਮੰਜ਼ਿਲ ਤੱਕ ਪਹੁੰਚਣ ਲਈ ਧੀਰਜ, ਇਕਾਗਰਤਾ ਅਤੇ ਜਜ਼ਬੇ ਅੱਗੇ ਕੋਈ ਮੁਸ਼ਕਿਲ ਜ਼ਿਆਦਾ ਦੇਰ ਟਿਕ ਨਹੀਂ ਸਕਦੀ।

2011 ਤੋਂ 2018 ਤੱਕ ਕੈਕਿੰਗ ਅਤੇ ਕੈਨੋਇੰਗ (ਕਿਸ਼ਤੀ ਦੌੜ) ਵਿਚ 9 ਸੋਨੇ, 9 ਚਾਂਦੀ ਅਤੇ 11 ਕਾਂਸੇ ਦੇ ਤਮਗੇ ਜਿੱਤਣ ਵਾਲੇ ਕੇਂਦਰੀ ਰਿਜ਼ਰਵ ਪੁਲਿਸ ਦੇ 28 ਸਾਲਾ ਜਵਾਨ ਵਰਿੰਦਰ ਸਿੰਘ ਨੇ ਦੱਸਿਆ ਕਿ ਉਹ ਮੁਕੇਰੀਆਂ ਸਬ-ਡਵੀਜ਼ਨ ਅਧੀਨ ਪੈਂਦੇ ਪਿੰਡ ਦੇਪੁਰ ਦਾ ਵਸਨੀਕ ਹੈ। ਉਸਨੇ ਦੱਸਿਆ ਪਰਿਵਾਰ ਦੀ ਆਰਥਿਕ ਹਾਲਤ ਠੀਕ ਨਾ ਹੋਣ ਦੇ ਬਾਵਜੂਦ ਉਸਨੇ ਸਖਤ ਮਿਹਨਤ ਕਰਨੀ ਨਹੀਂ ਛੱਡੀ, ਜਿਸਦੀ ਬਦੌਲਤ ਅੱਜ ਉਸਦਾ ਪਰਿਵਾਰ ਬਹੁਤ ਖੁਸ਼ ਹੈ।

ਉਸਨੇ ਕਿਹਾ ਕਿ ਉਹ ਕੈਕਿੰਗ ਅਤੇ ਕੈਨੋਇੰਗ (ਕਿਸ਼ਤੀ ਦੌੜ) ਵਿਚ ਅੰਤਰਰਾਸ਼ਟਰੀ ਪੱਧਰ ‘ਤੇ ਏਸ਼ੀਅਨ ਚੈਂਪੀਅਨਸ਼ਿਪ ਖੇਡ ਚੁੱਕਾ ਹੈ। ਇਸ ਤੋਂ ਇਲਾਵਾ ਡਰੈਗਨ ਨੈਸ਼ਨਲ ਚੈਂਪੀਅਨਸ਼ਿਪ ਤੋਂ ਇਲਾਵਾ ਆਲ ਇੰਡੀਆ ਯੂਨੀਵਰਸਿਟੀ ਵਿਚ ਮੱਲਾਂ ਮਾਰ ਚੁੱਕਾ ਹੈ।

Share News / Article

Yes Punjab - TOP STORIES