ਯੈੱਸ ਪੰਜਾਬ
ਚੰਡੀਗੜ੍ਹ, 23 ਅਪ੍ਰੈਲ, 2022:
ਸ਼੍ਰੋਮਣੀ ਅਕਾਲੀ ਦਲ ਨੇ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਸਰਕਾਰ ਨੁੰ ਅਪੀਲ ਕੀਤੀ ਹੈ ਕਿ ਉਹ ਸੂਬੇ ਵਿਚ ਜੁਗਾੜ ਰੇਹੜੀ ’ਤੇ ਪਾਬੰਦੀ ਦੇ ਆਪਣੇ ਹੁਕਮ ਵਾਪਸ ਲਵੇ ਕਿਉਂਕਿ ਇਸ ਫੈਸਲੇ ਨਾਲ ਹਜ਼ਾਰਾਂ ਲੋਕ ਬੇਰੋਜ਼ਗਾਰ ਹੋ ਜਾਣਗੇ।
ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਜੁਗਾੜ ਰੇਹੜੀ ’ਤੇ ਪਾਬੰਦੀ ਦੇ ਫੈਸਲੇਨਾਲ ਉਹਨਾਂ ਹਜ਼ਾਰਾਂ ਲੋਕਾਂ ਨੂੰ ਵੱਡਾ ਝਟਕਾ ਲੱਗਾ ਹੈ ਜਿਹਨਾਂ ਨੇ ਸਵੈ ਰੋਜ਼ਗਾਰ ਲਈ ਤਰੀਕੇ ਅਪਣਾਏ ਹੋਏ ਹਨ। ਉਹਨਾਂ ਕਿਹਾ ਕਿ ਅਜਿਹੇ ਲੋਕ ਸਬਜ਼ੀਆਂ ਵੇਚਦੇ ਹਨ, ਸ਼ਹਿਰਾਂ ਵਿਚ ਕੂੜਾ ਇਕੱਠਾ ਕਰਦੇ ਹਨ ਤੇ ਆਪ ਬਣਾਈ ਸਹੂਲਤ ਵੱਖ ਵੱਖ ਵਸਤਾਂ ਇਕ ਥਾਂ ਤੋਂ ਦੂਜੀ ਥਾਂ ਲਿਜਾਉਣ ਲਈ ਵਰਤੇ ਰਹੇ ਹਨ। ਉਹਨਾਂ ਕਿਹਾ ਕਿ ਸਰਕਾਰ ਦੇ ਫੈਸਲੇ ਨਾਲ ਅਜਿਹੇ ਲੋਕਾਂ ਨੂੰ ਸਿੱਧੀ ਮਾਰ ਪਵੇਗੀ ਤੇ ਹਜ਼ਾਰਾਂ ਲੋਕ ਬੇਰੋਜ਼ਗਾਰ ਹੋ ਜਾਣਗੇ।
ਅਕਾਲੀ ਆਗੂ ਨੇ ਕਿਹਾ ਕਿ ਅਜਿਹੇ ਨਿਯਮ ਲਾਗੂ ਕਰਨ ਦੇ ਹੁਕਮ ਜਾਰੀ ਕਰਨ ਤੋਂ ਪਹਿਲਾਂ ਸਰਕਾਰ ਨੂੰ ਜ਼ਮੀਨੀ ਹਕੀਕਤ ਦਾ ਪਤਾ ਲਾਉਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਬਿਨਾਂ ਜ਼ਮੀਨੀ ਹਕੀਕਤ ਦਾ ਪਤਾ ਕੀਤਿਆਂ ਅਜਿਹੇ ਹੁਕਮ ਜਾਰੀ ਕਰਨੇ ਸਿਹਤਮੰਦ ਪ੍ਰਸ਼ਾਸਨ ਦੀ ਨਿਸ਼ਾਨੀ ਨਹੀਂ ਹੈ।
ਉਹਨਾਂ ਕਿਹਾ ਕਿ ਜੁਗਾੜ ਰੇਹੜੀ ’ਤੇ ਪਾਬੰਦੀ ਦੇ ਹੁਕਮ ਜਾਰੀ ਕਰਨ ਤੋਂ ਪਹਿਲਾਂ ਭਗਵੰਤ ਮਾਨ ਸਰਕਾਰ ਨੂੰ ਇਹ ਸਾਧਨ ਵਰਤ ਰਹੇ ਲੋਕਾਂ ਵਾਸਤੇ ਰੋਜ਼ਗਾਰ ਦੇ ਬਦਲਵੇਂ ਮੌਕੇ ਪੈਦਾ ਕਰਨੇ ਚਾਹੀਦੇ ਸਨ। ਉਹਨ ਾਂ ਕਿਹਾ ਕਿ ਸਰਕਾਰ ਬੁਨਿਆਦੀ ਮੁਸ਼ਕਿਲ ਦਾ ਅਧਿਐਨ ਕਰਨ ਵਿਚ ਪੂਰੀ ਤਰ੍ਹਾਂ ਨਾਕਾਮ ਰਹੀ ਹੈ ਤੇ ਇਸਨੇ ਇਹਨਾਂ ਹੁਕਮਾਂ ਦੇ ਪੈਣ ਵਾਲੇ ਪ੍ਰਭਾਵ ਜਾਣੇ ਬਗੈਰ ਹੀ ਹੁਕਮ ਜਾਰੀ ਕਰ ਦਿੱਤੇ ਹਨ।
ਡਾ. ਚੀਮਾ ਨੇ ਮੁੱਖ ਮੰਤਰੀ ਨੂੰ ਅਪੀਲ ਕੀਤੀ ਕਿ ਜੁਗਾੜ ਰੇਹੜੀਆਂ ’ਤੇ ਪਾਬੰਦੀ ਦੇ ਇਹ ਹੁਕਮ ਤੁਰੰਤ ਵਾਪਸ ਲਏ ਜਾਣ। ਉਹਨਾਂ ਕਿਹਾ ਕਿ ਇਸ ਫੈਸਲੇ ਨਾਲ ਇਕ ਵਾਰ ਫਿਰ ਤੋਂ ਸਾਬਤ ਹੋ ਗਿਆ ਹੈ ਕਿ ਸਰਕਾਰ ਦਾ ਪ੍ਰਸ਼ਾਸਨ ’ਤੇ ਕੋਈ ਕੰਟਰੋਲ ਨਹੀਂ ਹੈ। ਉਹਨਾਂ ਕਿਹਾ ਕਿ ਚੰਗਾ ਹੁੰਦਾ ਜੇਕਰ ਮੁੱਖ ਮੰਤਰੀ ਇਹ ਹੁਕਮ ਲਾਗੂ ਕਰਨ ਦਾ ਫੈਸਲਾ ਲੈਣ ਤੋਂ ਪਹਿਲਾਂ ਜ਼ਮੀਨੀ ਹਕੀਕਤ ਬਾਰੇ ਫੀਡਬੈਕ ਲੈ ਲੈਂਦੇ।
ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ