ਮੋਦੀ ਸਰਕਾਰ ਨੂੰ ਜੇ.ਈ.ਈ. ਅਤੇ ਨੀਟ ਪ੍ਰੀਖ਼ਿਆਵਾਂ ਦੇਣ ਵਾਲੇ ਨੌਜਵਾਨਾਂ ਦੀਆਂ ਜਾਨਾਂ ਦਾ ਕੋਈ ਫ਼ਿਕਰ ਨਹੀਂ: ਬਰਿੰਦਰ ਢਿੱਲੋਂ

ਚੰਡੀਗਡ਼੍ਹ, ਅਗਸਤ 27, 2020 –

ਪੰਜਾਬ ਯੂਥ ਕਾਂਗਰਸ ਨੇ ਸੂਬਾ ਪ੍ਰਧਾਨ ਬਰਿੰਦਰ ਸਿੰਘ ਢਿੱਲੋਂ ਦੀ ਅਗਵਾਈ ਹੇਠ ਅੱਜ ਸੂਬੇ ਭਰ ਦੇ ਡਿਪਟੀ ਕਮਿਸ਼ਨਰਾ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਾਮ ਤੇ ਮੈਮੋਰੰਡਮ ਦੇ ਕੇ ਸਰਕਾਰ ਵੱਲੋ ਸਤੰਬਰ ਮਹੀਨੇ ਵਿੱਚ ਜੇਈਈ ਅਤੇ ਨੀਟ ਦੀਆਂ ਪ੍ਰੀਖਿਆਵਾਂ ਲੈਣ ਦਾ ਵਿਰੋਧ ਦਰਜ ਕਰਵਾਇਆ। ਕਰੋਨਾ ਮਹਾਂਮਾਰੀ ਦੇ ਦੌਰ ਵਿੱਚ ਇਨ੍ਹਾਂ ਪ੍ਰੀਖਿਆਵਾਂ ਵਿੱਚ ਸ਼ਾਮਲ ਹੋਣ ਵਾਲੇ ਨੌਜਵਾਨਾਂ ਦੀ ਜਾਨ ਨਾਲ ਖਿਲਵਾੜ ਕਰਨ ਦਾ ਵਿਰੋਧ ਕਰਦਿਆਂ ਢਿੱਲੋਂ ਨੇ ਕਿਹਾ ਕਿ ਨਰਿੰਦਰ ਮੋਦੀ ਦੀ ਸਰਕਾਰ ਨੌਜਵਾਨਾਂ ਦੀਆਂ ਜਾਨਾਂ ਨੂੰ ਲੈ ਕੇ ਗੰਭੀਰ ਨਹੀਂ ਹੈ।

ਇਸ ਮੌਕੇ ਬੋਲਦਿਆਂ ਢਿੱਲੋਂ ਨੇ ਕਿਹਾ ਕਿ ਇੱਕ ਪਾਸੇ ਤਾਂ ਪੂਰੇ ਵਿਸ਼ਵ ਦੀਆਂ ਸਰਕਾਰਾਂ ਇਸ ਮਹਾਂਮਾਰੀ ਤੋਂ ਬਚਾਅ ਲਈ ਲੋਕਾਂ ਨੂੰ ਘਰਾਂ ਵਿੱਚ ਰਹਿ ਕੇ ਆਪਣੇ ਕਾਰਜ ਕਰਨ ਦੀ ਸਲਾਹ ਦੇ ਰਹੇ ਹਨ ਅਤੇ ਦੂਸਰੇ ਪਾਸੇ ਮੋਦੀ ਸਰਕਾਰ ਬੱਚਿਆਂ ‘ਤੇ ਪ੍ਰੀਖਿਆਵਾਂ ਥੋਪ ਰਹੀ ਹੈ। ਉਨ੍ਹਾਂ ਕਿਹਾ ਕਿ ਯੂਥ ਕਾਂਗਰਸ ਦੇਸ਼ ਭਰ ਵਿੱਚ ਪ੍ਰੀਖਿਆਵਾਂ ਦਾ ਵਿਰੋਧ ਕਰਨ ਵਾਲੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨਾਲ ਖੜੀ ਹੈ।

ਢਿੱਲੋਂ ਨੇ ਕਿਹਾ ਕਿ ਨੌਜਵਾਨ ਕਿਸੇ ਵੀ ਦੇਸ਼ ਦਾ ਵਡਮੁੱਲਾ ਧਨ ਹੁੰਦੇ ਹਨ ਅਤੇ ਉਨ੍ਹਾਂ ਦੀ ਸੁਰੱਖਿਆ ਕਰਨਾ ਸਰਕਾਰ ਦਾ ਫ਼ਰਜ਼ ਹੈ ਪਰੰਤੂ ਨਰਿੰਦਰ ਮੋਦੀ ਆਪਣੀ ਜਿੱਤ ਲਈ ਇਨ੍ਹਾਂ ਨੌਜਵਾਨਾਂ ਦੀ ਜਾਨ ਨਾਲ ਖੇਡਣ ਤੋਂ ਵੀ ਗੁਰੇਜ਼ ਨਹੀਂ ਕਰ ਰਹੇ। ਉਨ੍ਹਾਂ ਕਿਹਾ ਕਿ ਪੰਜਾਬ ਸਮੇਤ ਸਾਰੇ ਸੂਬਿਆਂ ਦੇ ਸਰਕਾਰਾਂ ਨੇ ਸਕੂਲ ਅਤੇ ਕਾਲਜ ਬੰਦ ਕੀਤੇ ਹੋਏ ਹਨ ਪ੍ਰੰਤੂ ਅਜਿਹੇ ਸਮੇਂ ਵਿੱਚ ਕੇਂਦਰ ਸਰਕਾਰ ਪ੍ਰੀਖਿਆਵਾਂ ਲੈਣ ਜਾ ਰਹੀ ਹੈ ਜੋ ਕਿ ਅਤਿ ਮੰਦਭਾਗਾ ਹੈ।

ਢਿੱਲੋਂ ਨੇ ਇਲਜ਼ਾਮ ਲਗਾਉਂਦਿਆਂ ਕਿਹਾ ਕਿ ਕੇਂਦਰ ਸਰਕਾਰ ਨੇ ਹੁਣ ਤੱਕ ਇਨ੍ਹਾਂ ਪੇਪਰਾਂ ਨੂੰ ਸਹੀ ਤਰੀਕੇ ਨਾਲ ਨੇਪਰੇ ਚਾੜ੍ਹਨ ਲਈ ਕੋਈ ਵੀ ਪ੍ਰਬੰਧ ਨਹੀਂ ਕੀਤਾ।

ਢਿੱਲੋਂ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਜੀ ਨੇ ਵਿਦਿਆਰਥੀਆਂ ਦੀ ਮੁਸ਼ਕਿਲ ਨੂੰ ਸਮਝਦੇ ਹੋਏ ਸ਼੍ਰੀਮਤੀ ਸੋਨੀਆ ਗਾਂਧੀ ਨਾਲ ਹੋਈ ਮੀਟਿੰਗ ਦੇ ਦੌਰਾਨ ਕਿਹਾ ਹੈ ਕਿ ਸਰਕਾਰ ਛੇਤੀ ਹੀ ਸੁਪਰੀਮ ਕੋਰਟ ਵਿੱਚ ਸਮੀਖਿਆ ਪਟੀਸ਼ਨ ਦਾਖ਼ਲ ਕਰੇਗੀ।

ਉਨ੍ਹਾਂ ਕਿਹਾ ਕਿ ਯੂਥ ਕਾਂਗਰਸ ਵਿਦਿਆਰਥੀਆਂ ਦੀਆਂ ਮੰਗਾਂ ਨੂੰ ਲੈ ਕੇ ਹਮੇਸ਼ਾ ਆਪਣੀ ਆਵਾਜ਼ ਉਠਾਉਂਦੀ ਰਹੇਗੀ ਅਤੇ ਜੇਕਰ ਮੋਦੀ ਸਰਕਾਰ ਨੇ ਆਪਣਾ ਇਹ ਫੈਸਲਾ ਵਾਪਸ ਨਾ ਲਿਆ ਤਾਂ ਵਿਰੋਧ ਨੂੰ ਹੋਰ ਤੇਜ਼ ਕੀਤਾ ਜਾਵੇਗਾ।

Yes Punjab Gall Punjab Di


ਸਾਡਾ ਫ਼ੇਸਬੁੱਕ ਪੇਜ ਲਾਈਕ ਕਰਨ ਲਈ ਕਲਿੱਕ ਕਰੋ